Wednesday, 22 April 2026

*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਪੁਲਿਸ ਨੂੰ 508 ਐਮਰਜੈਂਸੀ ਰਿਸਪਾਂਸ ਵਹੀਕਲ ਸੌਂਪੇ*

*ਇਹ ਵਾਹਨ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤੇ ਜਾਣਗੇ; 112 ਡਾਇਲ ਕਰਨ 'ਤੇ ਤੁਰੰਤ ਸਹਾਇਤਾ ਯਕੀਨੀ ਬਣਾਉਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਸਾਰੇ ਵਾਹਨ ਮੋਬਾਈਲ ਡਾਟਾ ਟਰਮੀਨਲ, ਸਮਾਰਟਫੋਨ, ਡੈਸ਼ ਕੈਮਰੇ, ਵਾਇਰਲੈੱਸ ਸਿਸਟਮ ਅਤੇ ਜੀਪੀਐਸ ਟਰੈਕਰਾਂ ਨਾਲ ਲੈਸ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਟਾਟਾ ਸਟੀਲ ਵੱਲੋਂ ਪੰਜਾਬ ਵਿੱਚ ਆਪਣਾ ਦੂਜਾ ਸਭ ਤੋਂ ਵੱਡਾ ਪਲਾਂਟ ਸਥਾਪਤ ਕਰਨਾ ਮਜ਼ਬੂਤ ਕਾਨੂੰਨ ਵਿਵਸਥਾ ਦਾ ਪ੍ਰਤੱਖ ਪ੍ਰਮਾਣ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*4 ਸਾਲਾਂ ਵਿੱਚ ਅਸੀਂ ਪੁਲਿਸ ਵਾਹਨਾਂ 'ਤੇ 327.70 ਕਰੋੜ ਰੁਪਏ ਖਰਚੇ ਜਦੋਂ ਕਿ 'ਕੈਪਟਨ ਸਰਕਾਰ' ਨੇ 92.52 ਕਰੋੜ ਅਤੇ ਅਕਾਲੀ ਦਲ ਨੇ 160 ਕਰੋੜ ਰੁਪਏ ਖਰਚੇ ਸਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੁਲਿਸ ਦੇ ਆਧੁਨਿਕੀਕਰਨ ਨੇ ਨਾ ਸਿਰਫ਼ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕੀਤਾ ਹੈ ਸਗੋਂ ਨਸ਼ਾ ਤਸਕਰਾਂ 'ਤੇ ਵੀ ਸ਼ਿਕੰਜਾ ਕੱਸਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਸੰਗਰੂਰ, 31 ਮਾਰਚ-

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਭਰ ਵਿੱਚ ਜ਼ਮੀਨੀ ਪੱਧਰ 'ਤੇ ਪੁਲਿਸਿੰਗ ਨੂੰ ਮਜ਼ਬੂਤ ਕਰਨ ਲਈ ਸੰਗਰੂਰ ਵਿੱਚ 508 ਐਮਰਜੈਂਸੀ ਰਿਸਪਾਂਸ ਵਹੀਕਲ (ਈਵੀਆਰ) ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਣ ਅਮਰੀਕਾ ਅਤੇ ਯੂਰਪ ਵਰਗੇ ਵਿਕਸਤ ਦੇਸ਼ਾਂ ਵਾਂਗ ਮਹਿਜ਼ ਛੇ ਮਿੰਟਾਂ ਵਿੱਚ ਪੁਲਿਸ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਉੱਨਤ ਤਕਨਾਲੋਜੀ ਨਾਲ ਲੈਸ ਇਹ ਵਾਹਨ ਡਾਇਲ-112 ਅਧੀਨ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤੇ ਗਏ ਹਨ ਜੋ ਐਮਰਜੈਂਸੀ ਹਾਲਾਤਾਂ ਦੌਰਾਨ ਤੁਰੰਤ ਸਹਾਇਤਾ ਯਕੀਨੀ ਬਣਾਉਣਗੇ। ਇਹ ਤੁਰੰਤ, ਤਕਨਾਲੋਜੀ-ਅਧਾਰਤ ਕਾਨੂੰਨ ਲਾਗੂਕਰਨ ਦੀ ਦਿਸ਼ਾ ਵੱਲ ਇਕ ਅਹਿਮ ਪੁਲਾਂਘ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਚਾਰ ਸਾਲਾਂ ਦੌਰਾਨ ਪੁਲਿਸ ਵਾਹਨਾਂ ਲਈ 327.70 ਕਰੋੜ ਰੁਪਏ ਦਾ ਨਿਵੇਸ਼ ਕੀਤਾ ਗਿਆ ਹੈ ਜਿਸ ਨਾਲ ਨਾ ਸਿਰਫ ਫੋਰਸ ਦੇ ਆਧੁਨਿਕੀਕਰਨ ਨਾਲ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕੀਤਾ ਗਿਆ ਹੈ ਸਗੋਂ ਨਸ਼ਾ ਤਸਕਰਾਂ 'ਤੇ ਵੀ ਨਕੇਲ ਕਸੀ ਗਈ ਹੈ। ਬਿਹਤਰ ਸੁਰੱਖਿਆ ਨਿਵੇਸ਼ਕਾਂ ਦੇ ਵਿਸ਼ਵਾਸ ਵਿੱਚ ਵੀ ਵਾਧਾ ਕਰਦੀ ਹੈ ਜੋ ਟਾਟਾ ਸਟੀਲ ਵੱਲੋਂ ਪੰਜਾਬ ਵਿੱਚ ਆਪਣਾ ਦੂਜਾ ਸਭ ਤੋਂ ਵੱਡੇ ਪਲਾਂਟ ਸਥਾਪਤ ਕਰਨ ਲਈ ਕੀਤੇ ਜਾ ਰਹੇ ਵੱਡੇ ਨਿਵੇਸ਼ਾਂ ਤੋਂ ਸਪੱਸ਼ਟ ਹੁੰਦਾ ਹੈ।

ਸੰਗਰੂਰ ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਕਿਹਾ, “ਪੰਜਾਬ ਵਿੱਚੋਂ ਨਸ਼ਿਆਂ ਦੇ ਖ਼ਤਰੇ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਆਖਰੀ ਵਾਰ ਵਜੋਂ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਲੋਕਾਂ ਦਾ ਸਮਾਜਿਕ ਬਾਈਕਾਟ ਕਰਨਾ ਜ਼ਰੂਰੀ ਹੈ।” ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਪੀੜ੍ਹੀਆਂ ਨੂੰ ਬਰਬਾਦ ਕੀਤਾ ਹੈ ਉਨ੍ਹਾਂ ਨਾਲ ਬਿਲਕੁਲ ਵੀ ਨਰਮੀ ਨਹੀਂ ਵਰਤਣੀ ਚਾਹੀਦੀ। ਉਨ੍ਹਾਂ ਕਿਹਾ, “ਅਜਿਹੇ ਤੱਤਾਂ ਨੂੰ ਸਬਕ ਸਿਖਾਇਆ ਜਾਣਾ ਚਾਹੀਦਾ ਹੈ ਅਤੇ ਇਹਨਾਂ ਦਾ ਸਮਾਜਿਕ ਬਾਈਕਾਟ ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢਣ ਲਈ ਅਹਿਮ ਭੂਮਿਕਾ ਨਿਭਾਏਗਾ।”

ਸਰਕਾਰ ਦੀ ਸਖ਼ਤ ਕਾਰਵਾਈ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ, “ਪੰਜਾਬ ਸਰਕਾਰ ਨੇ ਪਹਿਲਾਂ ਹੀ ਨਸ਼ਿਆਂ ਦੇ ਵਪਾਰ ਵਿਰੁੱਧ ਸ਼ਿਕੰਜਾ ਕੱਸ ਦਿੱਤਾ ਹੈ ਅਤੇ ਅਜਿਹੇ ਮਾਮਲਿਆਂ ਵਿੱਚ ਸਜ਼ਾ ਦਰ 87 ਫੀਸਦ ਤੱਕ ਪਹੁੰਚ ਗਈ ਹੈ ਜੋ ਕਿ ਕਿਸੇ ਵੀ ਹੋਰ ਸੂਬੇ ਨਾਲੋਂ ਕਿਤੇ ਵੱਧ ਹੈ।” ਉਨ੍ਹਾਂ ਕਿਹਾ, “ਯੁੱਧ ਨਸ਼ਿਆਂ ਵਿਰੁੱਧ ਪੰਜਾਬ ਵਿੱਚ ਨਸ਼ਿਆਂ ਦੇ ਨੈੱਟਵਰਕ ਵਿਰੁੱਧ ਕੀਤੀ ਗਈ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ ਸਾਬਤ ਹੋ ਰਹੀ ਹੈ ਜਿਸ ਤਹਿਤ ਸਪਲਾਈ ਚੇਨ ਤੋੜ ਕੇ ਅਤੇ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਸੁੱਟ ਕੇ ਇਸ ਗੈਰ-ਕਾਨੂੰਨੀ ਵਪਾਰ ਦੀ ਰੀੜ੍ਹ ਦੀ ਹੱਡੀ ਤੋੜ ਦਿੱਤੀ ਗਈ ਹੈ।”

ਲੋਕ ਲਹਿਰ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, "ਨਸ਼ਿਆਂ ਵਿਰੁੱਧ ਇਸ ਯੁੱਧ ਨੂੰ ਜਨਤਕ ਸਮਰਥਨ ਨਾਲ ਲੋਕ ਲਹਿਰ ਵਿੱਚ ਬਦਲਣ ਲਈ ਇੱਕ ਵਿਆਪਕ ਅਤੇ ਬਹੁ-ਪੱਖੀ ਰਣਨੀਤੀ ਤਿਆਰ ਕੀਤੀ ਗਈ ਹੈ।" ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਉਲਟ, ਮੌਜੂਦਾ ਸਰਕਾਰ ਨੇ ਤਸਕਰਾਂ ਨੂੰ ਸੂਬੇ ਵਿੱਚ ਪੈਰ ਪਸਾਰਨ ਦੀ ਇਜਾਜ਼ਤ ਦੇਣ ਦੀ ਬਜਾਏ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਇਆ ਹੈ। ਉਨ੍ਹਾਂ ਕਿਹਾ, "ਸਾਡੀ ਲੜਾਈ ਪੰਜਾਬ ਦੀ ਨੌਜਵਾਨ ਪੀੜ੍ਹੀ ਦੀ ਰੱਖਿਆ ਲਈ ਹੈ ਅਤੇ ਇਹ ਨਿਰੰਤਰ ਜਾਰੀ ਰਹੇਗੀ।"

'ਨਸ਼ਾ ਅੱਤਵਾਦ' ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪੰਜਾਬ ਪੁਲਿਸ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਸਰਗਰਮੀ ਨਾਲ ਮੁਕਾਬਲਾ ਕਰ ਰਹੀ ਹੈ ਅਤੇ ਦੁਸ਼ਮਣ ਤਾਕਤਾਂ ਦਾ ਸਖ਼ਤ ਮੁਕਾਬਲਾ ਕਰਦੇ ਹੋਏ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾ ਰਹੀ ਹੈ।"

ਉਨ੍ਹਾਂ ਪ੍ਰਬੰਧਕੀ ਸੁਧਾਰਾਂ 'ਤੇ ਚਾਨਣਾ ਪਾਉਂਦਿਆਂ ਕਿਹਾ, "ਪਹਿਲੀ ਵਾਰ ਜ਼ਮੀਨੀ ਪੱਧਰ ਤੱਕ ਪਹੁੰਚ ਅਪਣਾਈ ਗਈ ਹੈ ਜਿਸ ਤਹਿਤ ਹੁਣ ਸਿਰਫ਼ ਸੀਨੀਅਰ ਅਧਿਕਾਰੀਆਂ ਦੀ ਬਜਾਏ ਜ਼ਮੀਨੀ ਪੱਧਰ 'ਤੇ ਐਸਐਚਓਜ਼ ਨੂੰ ਵਾਹਨ ਪ੍ਰਦਾਨ ਕੀਤੇ ਜਾ ਰਹੇ ਹਨ।"

ਕਾਨੂੰਨ ਵਿਵਸਥਾ ਨੂੰ ਆਰਥਿਕ ਵਿਸ਼ਵਾਸ ਨਾਲ ਜੋੜਦਿਆਂ ਉਨ੍ਹਾਂ ਕਿਹਾ, "ਕਾਨੂੰਨ ਵਿਵਸਥਾ ਦਾ ਮੁਲਾਂਕਣ ਕਰਨ ਦਾ ਸਭ ਤੋਂ ਵਧੀਆ ਮਾਪਦੰਡ ਸੂਬੇ ਵਿੱਚ ਕੀਤਾ ਜਾਣ ਵਾਲਾ ਨਿਵੇਸ਼ ਹੈ ਅਤੇ ਟਾਟਾ ਸਟੀਲ ਵੱਲੋਂ ਪੰਜਾਬ ਵਿੱਚ ਆਪਣਾ ਦੂਜਾ ਸਭ ਤੋਂ ਵੱਡਾ ਪਲਾਂਟ ਸਥਾਪਤ ਕੀਤਾ ਗਿਆ ਜੋ ਸੂਬੇ ਦੀ ਬਿਹਤਰ ਕਾਨੂੰਨ ਵਿਵਸਥਾ ਦਾ ਪ੍ਰਤੱਖ ਪ੍ਰਮਾਣ ਹੈ।" ਉਨ੍ਹਾਂ ਅੱਗੇ ਕਿਹਾ, "ਪੰਜਾਬ ਸਭ ਤੋਂ ਸੁਰੱਖਿਅਤ ਥਾਵਾਂ ਵਿੱਚੋਂ ਇੱਕ ਹੈ ਅਤੇ ਇਸਦਾ ਸਿਹਰਾ ਪੰਜਾਬ ਪੁਲਿਸ ਨੂੰ ਜਾਂਦਾ ਹੈ ਜਿਸਨੇ ਫੋਰਸ ਅਤੇ ਲੋਕਾਂ ਦਰਮਿਆਨ ਪਾੜੇ ਨੂੰ ਪੂਰਿਆ ਹੈ।"

ਸੜਕ ਸੁਰੱਖਿਆ ਵਿੱਚ ਕੀਤੇ ਸੁਧਾਰਾਂ 'ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ, “ਪੰਜਾਬ ਸਰਕਾਰ ਨੇ ਹਾਈਵੇਅ 'ਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਕੀਮਤੀ ਜਾਨਾਂ ਬਚਾਉਣ ਲਈ ਦੇਸ਼ ਦੀ ਪਹਿਲੀ ਸਮਰਪਿਤ ਸੜਕ ਸੁਰਖੀਆ ਫੋਰਸ ਸ਼ੁਰੂ ਕੀਤੀ ਹੈ।” ਉਨ੍ਹਾਂ ਕਿਹਾ, “1,597 ਸਿਖਲਾਈ ਪ੍ਰਾਪਤ ਕਰਮਚਾਰੀਆਂ ਅਤੇ 144 ਆਧੁਨਿਕ ਵਾਹਨਾਂ ਦੇ ਨਾਲ ਇਸ ਫੋਰਸ ਨੇ ਆਪਣੀ ਸ਼ੁਰੂਆਤ ਤੋਂ ਬਾਅਦ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਵਿੱਚ 48 ਫੀਸਦ ਦੀ ਕਮੀ ਲਿਆਂਦੀ ਹੈ।” ਉਨ੍ਹਾਂ ਕਿਹਾ, “4,200 ਕਿਲੋਮੀਟਰ ਦੁਰਘਟਨਾ-ਪ੍ਰਭਾਵਿਤ ਹਾਈਵੇਅ 'ਤੇ ਤਾਇਨਾਤ, ਇਹ ਫੋਰਸ ਨਾ ਸਿਰਫ਼ ਗਸ਼ਤ ਕਰਦੀ ਹੈ ਬਲਕਿ ਉਲੰਘਣਾਵਾਂ ਵਿਰੁੱਧ ਰੋਕਥਾਮ ਵਜੋਂ ਵੀ ਕੰਮ ਕਰਦੀ ਹੈ। ਇਸ ਪਹਿਲ ਦੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਵੀ ਸ਼ਲਾਘਾ ਕੀਤੀ ਹੈ।”

ਪੁਲਿਸ ਦੇ ਆਧੁਨਿਕੀਕਰਨ ਬਾਰੇ ਗੱਲ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ, ਐਮਰਜੈਂਸੀ ਰਿਸਪਾਂਸ ਵਾਹਨ ਪਹਿਲਕਦਮੀ ਤਹਿਤ 508 ਨਵੀਆਂ ਬੋਲੇਰੋ ਗੱਡੀਆਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਜਾ ਰਿਹਾ ਹੈ ਅਤੇ ਡਾਇਲ-112 ਤਹਿਤ ਜਨਤਕ ਸੇਵਾ ਲਈ ਸਮਰਪਿਤ ਹਨ।” ਉਨ੍ਹਾਂ ਕਿਹਾ, “ਇਹ ਵਾਹਨ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤੇ ਜਾਣਗੇ ਜੋ ਨਾਗਰਿਕਾਂ ਨੂੰ ਤੁਰੰਤ ਸਹਾਇਤਾ ਯਕੀਨੀ ਬਣਾਉਣਗੇ।”

ਉਨ੍ਹਾਂ ਅੱਗੇ ਕਿਹਾ ਕਿ ਇਸ ਨਾਲ ਡਾਇਲ-112 ਫਲੀਟ ਵਿੱਚ ਵਾਹਨਾਂ ਦੀ ਗਿਣਤੀ ਵਧ ਕੇ 764 ਹੋ ਗਈ ਹਨ, ਜੋ ਸਾਰੇ ਜੀਪੀਐਸ ਟਰੈਕਰਸ, ਡੈਸ਼ ਕੈਮਰੇ ਅਤੇ ਮੋਬਾਈਲ ਡਾਟਾ ਸਿਸਟਮ ਸਮੇਤ ਅਤਿ-ਆਧੁਨਿਕ ਤਕਨਾਲੋਜੀਆਂ ਨਾਲ ਲੈਸ ਹਨ। ਬਿਹਤਰ ਕੁਸ਼ਲਤਾ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਡਾਇਲ-112 'ਤੇ ਰੋਜ਼ਾਨਾ 15,000 ਕਾਲਾਂ ਪ੍ਰਾਪਤ ਹੁੰਦੀਆਂ ਹਨ, ਜਿਨ੍ਹਾਂ ਵਿੱਚੋਂ ਲਗਭਗ 1,500 ਕਾਲਾਂ ਲਈ ਸਹਾਇਤਾ ਵਜੋਂ ਤੁਰੰਤ ਵਾਹਨ ਭੇਜੇ ਜਾਂਦੇ ਹਨ ਅਤੇ ਪ੍ਰਕਿਰਿਆ ਸਮਾਂ 30-45 ਮਿੰਟਾਂ ਤੋਂ ਘਟਾ ਕੇ ਸਿਰਫ਼ 13-14 ਮਿੰਟ ਰਹਿ ਗਿਆ ਹੈ।

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੁਲਿਸ ਭਲਾਈ ਲਈ ਬਹੁਤ ਘੱਟ ਫੰਡ ਅਲਾਟ ਕੀਤੇ ਸਨ ਜਦੋਂ ਕਿ ਮੌਜੂਦਾ ਸਰਕਾਰ ਨੇ ਸਿਰਫ਼ ਚਾਰ ਸਾਲਾਂ ਵਿੱਚ 327.69 ਕਰੋੜ ਰੁਪਏ ਦਾ ਨਿਵੇਸ਼ ਕਰਕੇ ਸਾਲ 2022 ਤੋਂ ਹੁਣ ਤੱਕ 2,904 ਨਵੇਂ ਵਾਹਨ ਖਰੀਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਮੌਜੂਦਾ ਸਮੇਂ ਪੰਜਾਬ ਦੇ ਹਰ ਪੁਲਿਸ ਸਟੇਸ਼ਨ ਕੋਲ ਘੱਟੋ-ਘੱਟ ਇੱਕ ਨਵਾਂ ਵਾਹਨ ਹੈ।

ਵਿਸ਼ੇਸ਼ ਯੂਨਿਟਾਂ ਨੂੰ ਹੋਰ ਮਜ਼ਬੂਤ ਕਰਨ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਏਐਨਟੀਐਫ ਲਈ 22 ਮਹਿੰਦਰਾ ਸਕਾਰਪੀਓ ਵਾਹਨ ਖਰੀਦਣ ਦੇ ਨਾਲ- ਨਾਲ ਗਤੀਸ਼ੀਲਤਾ ਅਤੇ ਔਰਤਾਂ ਦੀ ਸੁਰੱਖਿਆ ਲਈ ਇਲੈਕਟ੍ਰਿਕ ਸਕੂਟਰ ਵੀ ਖਰੀਦੇ ਗਏ ਹਨ। ਉਨ੍ਹਾਂ ਅੱਗੇ ਐਲਾਨ ਕੀਤਾ ਕਿ ਸਾਲ 2026-27 ਵਿੱਚ ਹੋਰ ਵਾਹਨ ਖਰੀਦ ਲਈ 11.45 ਕਰੋੜ ਰੁਪਏ ਵੀ ਅਲਾਟ ਕੀਤੇ ਗਏ ਹਨ।

ਪੰਜਾਬ ਵਿੱਚ ਸੁਰੱਖਿਆ ਬਾਰੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਅੱਤਵਾਦ ਦੇ ਔਖੇ ਪੜਾਵਾਂ ਵਿੱਚੋਂ ਲੰਘਿਆ ਹੈ, ਪਰ ਪੁਲਿਸ ਕਰਮਚਾਰੀਆਂ ਨੇ ਆਪਣੀਆਂ ਕੁਰਬਾਨੀਆਂ ਦੇ ਕੇ ਸੂਬੇ ਵਿੱਚ ਸ਼ਾਂਤੀ ਬਹਾਲ ਕਰਨ ਵਿੱਚ ਆਪਣਾ ਅਹਿਮ ਯੋਗਦਾਨ ਪਾਇਆ ਅਤੇ ਅੱਜ ਸੂਬੇ ਨੂੰ ਇਸ ਦੀ ਸ਼ਾਂਤੀ ਲਈ ਜਾਣਿਆ ਜਾਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰਹੱਦੀ ਰਾਜ ਵਜੋਂ ਦਰਪੇਸ਼ ਚੁਣੌਤੀਆਂ ਦੇ ਬਾਵਜੂਦ, ਪੰਜਾਬ ਪੁਲਿਸ ਪੂਰੀ ਵਚਨਬੱਧਤਾ ਨਾਲ ਆਪਣੀ ਡਿਊਟੀ ਨਿਭਾ ਰਹੀ ਹੈ।

ਭਵਿੱਖ ਦੇ ਸੁਧਾਰਾਂ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਜਲਦ ਹੀ ਪੰਜਾਬ ਪੁਲਿਸ ਦੀ ਕੁਸ਼ਲਤਾ ਵਧਾਉਣ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਕਰੇਗੀ, ਜੋ ਸੂਬੇ ਨੂੰ ਦੇਸ਼ ਵਿੱਚ ਇੱਕ ਮੋਹਰੀ ਫੋਰਸ ਬਣਾਏਗਾ ਅਤੇ ਵਿਗਿਆਨਕ ਤਰੀਕਿਆਂ ਰਾਹੀਂ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰੇਗਾ।

ਮੁੱਖ ਮੰਤਰੀ ਨੇ ਕਿਸਾਨ ਭਲਾਈ ਬਾਰੇ ਗੱਲ ਕਰਦਿਆਂ ਕਿਹਾ ਕਿ ਸਰਕਾਰ ਖੇਤੀਬਾੜੀ ਵਾਲੀ ਜ਼ਮੀਨ ਵਿੱਚੋਂ ਲੰਘਦੀਆਂ ਹਾਈ-ਟੈਂਸ਼ਨ ਤਾਰਾਂ ਨੂੰ ਜ਼ਮੀਨਦੋਜ਼ ਕਰਨ ਦੀ ਸੰਭਾਵਨਾ ਦੀ ਪੜਚੋਲ ਕਰ ਰਹੀ ਹੈ, ਜਿਸ ਨਾਲ ਕਿਸਾਨਾਂ ਅਤੇ ਉਨ੍ਹਾਂ ਦੀਆਂ ਫਸਲਾਂ ਲਈ ਜੋਖਮ ਘੱਟ ਜਾਣਗੇ।”

ਭਰਤੀ ਬਾਰੇ ਉਨ੍ਹਾਂ ਕਿਹਾ ਕਿ ਸਾਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ ਪੁਲਿਸ ਵਿੱਚ 12,197 ਭਰਤੀਆਂ ਕੀਤੀਆਂ ਗਈਆਂ ਹਨ ਅਤੇ ਹੋਰ ਭਰਤੀ ਪ੍ਰਕਿਰਿਆਵਾਂ ਚੱਲ ਰਹੀਆਂ ਹਨ, ਜਿਸ ਸਬੰਧੀ ਮਾਰਚ 2026 ਵਿੱਚ 1,746 ਕਾਂਸਟੇਬਲ ਅਤੇ 3,298 ਨਵੇਂ ਅਹੁਦੇ ਸ਼ਾਮਲ ਕਰਨ ਲਈ ਇਸ਼ਤਿਹਾਰ ਜਾਰੀ ਕੀਤਾ ਜਾ ਚੁੱਕਾ ਹੈ।

ਪਾਰਦਰਸ਼ੀ ਸ਼ਾਸਨ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਵੱਲੋਂ ਦਿੱਤੇ ਟੈਕਸ ਦੇ ਪੈਸੇ ਨੂੰ ਵਿਕਾਸ ਕਾਰਜਾਂ 'ਤੇ ਪੂਰੀ ਸਮਝਦਾਰੀ ਨਾਲ ਖਰਚ ਕੀਤਾ ਜਾ ਰਿਹਾ ਹੈ ਅਤੇ ਸੂਬਾ ਵਾਸੀਆਂ ਲਈ ਸਿੱਖਿਆ, ਸਿਹਤ ਸੰਭਾਲ, ਬੁਨਿਆਦੀ ਢਾਂਚੇ ਅਤੇ ਭਲਾਈ ਸਕੀਮਾਂ ਵਿੱਚ ਲਾਭ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ 90 ਫ਼ੀਸਦ ਘਰਾਂ ਨੂੰ ਮੁਫ਼ਤ ਬਿਜਲੀ, ਭ੍ਰਿਸ਼ਟਾਚਾਰ ਤੋਂ ਬਿਨਾਂ 65,000 ਤੋਂ ਵੱਧ ਸਰਕਾਰੀ ਨੌਕਰੀਆਂ, ਬਿਹਤਰ ਸੜਕਾਂ ਅਤੇ ਟੋਲ ਪਲਾਜ਼ਾ ਬੰਦ ਕਰਕੇ ਰੋਜ਼ਾਨਾ 70 ਲੱਖ ਰੁਪਏ ਦੀ ਬੱਚਤ ਇਮਾਨਦਾਰ ਸ਼ਾਸਨ ਪ੍ਰਤੀ ਸਾਡੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਉਨ੍ਹਾਂ ਕਿਹਾ ਕਿ ਦੂਜੀਆਂ ਸਿਆਸੀ ਪਾਰਟੀਆਂ ਸਿਰਫ਼ ਸੱਤਾ ਹਥਿਆਉਣ 'ਤੇ ਧਿਆਨ ਦਿੰਦੀਆਂ ਹਨ, ਉੱਥੇ ਹੀ ਸਾਡੀ ਸਰਕਾਰ ਸਿੱਖਿਆ, ਸਿਹਤ, ਬਿਜਲੀ ਅਤੇ ਖੇਤੀਬਾੜੀ ਖੇਤਰ ‘ਤੇ ਵਿਸ਼ੇਸ਼ ਧਿਆਨ ਦੇ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਲੋਕਾਂ ਨੇ ਮੌਕਾਪ੍ਰਸਤ ਰਾਜਨੀਤੀ ਨੂੰ ਛੱਡ ਕੇ ਇੱਕ ਅਜਿਹੀ ਸਰਕਾਰ ਚੁਣੀ ਹੈ ਜੋ ਉਨ੍ਹਾਂ ਲਈ ਕੰਮ ਕਰਦੀ ਹੈ।

ਵਿਰੋਧੀ ਲੀਡਰਸ਼ਿਪ 'ਤੇ ਨਿਸ਼ਾਨਾ ਸਾਧਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੁਝ ਆਗੂ ਲੋਕਾਂ ਨੂੰ ਜੁਮਲਿਆਂ ਵਿੱਚ ਫਸਾ ਕੇ ਸੱਤਾ ਵਿੱਚ ਵਾਪਸ ਆਉਣ ਦੇ ਸੁਪਨੇ ਦੇਖ ਰਹੇ ਹਨ, ਪਰ ਲੋਕ ਉਨ੍ਹਾਂ ਦੇ ਟਰੈਕ ਰਿਕਾਰਡ ਤੋਂ ਪੂਰੀ ਤਰ੍ਹਾਂ ਜਾਣੂ ਹਨ। ਉਨ੍ਹਾਂ ਅੱਗੇ ਕਿਹਾ ਕਿ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੇ ਵੀ ਕਦੇ ਸੁਖਬੀਰ ਸਿੰਘ ਬਾਦਲ ਨੂੰ ਸਮੁੱਚੀ ਲੀਡਰਸ਼ਿਪ ਦੀਆਂ ਜ਼ਿੰਮੇਵਾਰੀਆਂ ਨਹੀਂ ਸੌਂਪੀਆਂ ਸਨ।

ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਬਰਿੰਦਰ ਗੋਇਲ ਦੇ ਨਾਲ ਡੀ.ਜੀ.ਪੀ. ਜਨਰਲ ਗੌਰਵ ਯਾਦਵ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।

ਚੰਡੀਗੜ੍ਹ : ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਨੇ ਸ੍ਰੀਮਤੀ ਰੀਨਾ ਗੁਪਤਾ ਦੀ ਪ੍ਰਧਾਨਗੀ ਹੇਠ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ, ਚੰਡੀਗੜ੍ਹ ਵਿਖੇ ਨਵੇਂ ਠੋਸ ਰਹਿੰਦ-ਖੂੰਹਦ ਪ੍ਰਬੰਧਨ (ਐਸਡਬਲਯੂਐਮ) ਨਿਯਮ, 2026 ਬਾਰੇ ਵਿਆਪਕ ਸਿਖਲਾਈ ਪ੍ਰੋਗਰਾਮ ਕਰਵਾਇਆ।

ਇਸ ਪਹਿਲ ਦਾ ਉਦੇਸ਼ ਜਾਗਰੂਕਤਾ ਪੈਦਾ ਕਰਨਾ ਅਤੇ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਵੱਲੋਂ ਸੋਧੇ ਗਏ ਨਿਯਮਾਂ ਦੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂਕਰਨ ਨੂੰ ਯਕੀਨੀ ਬਣਾਉਣਾ ਸੀ।

ਨਵੇਂ ਨੋਟੀਫਾਈ ਕੀਤੇ ਐਸਡਬਲਯੂਐਮ ਨਿਯਮ, 2026 ਤਹਿਤ 2016 ਦੇ ਢਾਂਚੇ ਵਿੱਚ ਕੀਤੇ ਅਹਿਮ ਅੱਪਡੇਟ ਕੀਤੇ ਗਏ ਹਨ ਅਤੇ ਇਹ 1 ਅਪ੍ਰੈਲ, 2026 ਤੋਂ ਲਾਗੂ ਹੋਣਗੇ। ਸੋਧੇ ਹੋਏ ਨਿਯਮਾਂ ਤਹਿਤ ਵਿਗਿਆਨਕ ਢੰਗ ਨਾਲ ਰਹਿੰਦ-ਖੂੰਹਦ ਪ੍ਰਬੰਧਨ, ਸਰੋਤਾਂ 'ਤੇ ਹੀ ਕੂੜੇ ਨੂੰ ਵੱਖ-ਵੱਖ ਕਰਨ ਅਤੇ ਭਾਈਵਾਲਾਂ ਦੀ ਜਵਾਬਦੇਹੀ ਵਿੱਚ ਵਾਧਾ ਕਰਨ 'ਤੇ ਜ਼ੋਰ ਦਿੱਤਾ ਗਿਆ ਹੈ। ਇਸ ਸਿਖਲਾਈ ਪ੍ਰੋਗਰਾਮ ਵਿੱਚ 268 ਅਧਿਕਾਰੀ ਸ਼ਾਮਲ ਹੋਏ, ਜਿਨ੍ਹਾਂ ਵਿੱਚ ਸ਼ਹਿਰੀ ਸਥਾਨਕ ਇਕਾਈਆਂ (ਯੂਐਲਬੀਜ਼) ਦੇ ਕਾਰਜਕਾਰੀ ਅਧਿਕਾਰੀ, ਐਸਡਬਲਯੂਐਮ ਨੋਡਲ ਅਫਸਰ, ਪ੍ਰੋਗਰਾਮ ਕੋਆਰਡੀਨੇਟਰ, ਸਮਰੱਥਾ ਨਿਰਮਾਣ ਮਾਹਿਰ ਅਤੇ ਪੀਪੀਸੀਬੀ ਦੇ ਅਧਿਕਾਰੀ ਸ਼ਾਮਲ ਸਨ। ਸੈਸ਼ਨ ਦੌਰਾਨ ਭੂਮਿਕਾਵਾਂ, ਜ਼ਿੰਮੇਵਾਰੀਆਂ ਅਤੇ ਨਵੇਂ ਰੈਗੂਲੇਟਰੀ ਨਿਯਮਾਂ ਅਧੀਨ ਲੋੜੀਂਦੇ ਲਾਗੂਕਰਨ ਢਾਂਚੇ ਬਾਰੇ ਜਾਣਕਾਰੀ ਦਿੱਤੀ ਗਈ।

ਥਾਪਰ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ (ਟੀਆਈਈਟੀ) ਦੇ ਊਰਜਾ ਅਤੇ ਵਾਤਾਵਰਣ ਵਿਭਾਗ ਦੇ ਸਹਾਇਕ ਪ੍ਰੋਫੈਸਰ ਡਾ. ਧਮੋਧਰਨ ਕੇ. ਨੇ ਦੋ ਘੰਟੇ ਦੇ ਸੈਸ਼ਨ ਦਾ ਸੰਚਾਲਨ ਕੀਤਾ ਜਿਸ ਵਿੱਚ ਉਨ੍ਹਾਂ ਨੇ ਮੁੱਖ ਪ੍ਰਬੰਧਾਂ, 2016 ਦੇ ਨਿਯਮਾਂ ਵਿੱਚ ਢਾਂਚਾਗਤ ਤਬਦੀਲੀਆਂ ਅਤੇ ਲਾਗੂਕਰਨ ਸਬੰਧੀ ਵਿਹਾਰਕ ਚੁਣੌਤੀਆਂ ਬਾਰੇ ਚਰਚਾ ਕੀਤੀ। ਇਸ ਤੋਂ ਇਲਾਵਾ, ਪੀਪੀਸੀਬੀ ਦੇ ਸਹਾਇਕ ਵਾਤਾਵਰਣ ਇੰਜੀਨੀਅਰ ਸ੍ਰੀ ਅਕਸ਼ਿਤ ਕਪਿਲ ਨੇ ਇੱਕ ਸੈਸ਼ਨ ਦੌਰਾਨ ਸੋਧੇ ਗਏ ਨਿਯਮਾਂ ਬਾਰੇ ਸੰਖੇਪ ਜਾਣਕਾਰੀ ਦਿੱਤੀ, ਜਿਸ ਵਿੱਚ ਖੇਤਰੀ ਪੱਧਰ 'ਤੇ ਲਾਗੂਕਰਨ ਸਬੰਧੀ ਵੱਡੀਆਂ ਤਬਦੀਲੀਆਂ ਅਤੇ ਉਨ੍ਹਾਂ ਦੇ ਪ੍ਰਭਾਵਾਂ ਨੂੰ ਉਜਾਗਰ ਕੀਤਾ ਗਿਆ।

ਇਹ ਪ੍ਰੋਗਰਾਮ ਵਿਭਾਗਾਂ ਦੀ ਸਮਰੱਥਾ ਵਿੱਚ ਵਾਧਾ ਕਰਨ ਅਤੇ ਲਾਗੂਕਰਨ ਦੀ ਮਿਤੀ ਤੋਂ ਪਹਿਲਾਂ ਸਾਰੀਆਂ ਤਿਆਰੀ ਨੂੰ ਯਕੀਨੀ ਬਣਾਉਣ ਦੇ ਵਿਆਪਕ ਯਤਨ ਦਾ ਹਿੱਸਾ ਹੈ। ਵੱਖ-ਵੱਖ ਪੱਧਰ 'ਤੇ ਅਧਿਕਾਰੀਆਂ ਨੂੰ ਇਕਜੁੱਟ ਕਰਕੇ, ਪੀਪੀਸੀਬੀ ਦਾ ਉਦੇਸ਼ ਰੈਗੂਲੇਟਰੀ ਢਾਂਚੇ ਬਾਰੇ ਵਿਆਪਕ ਸੂਝ ਪੈਦਾ ਕਰਨਾ ਅਤੇ ਸੂਬੇ ਭਰ ਵਿੱਚ ਇਸ ਦੇ ਸੁਚਾਰੂ ਲਾਗੂਕਰਨ ਨੂੰ ਯਕੀਨੀ ਬਣਾਉਣਾ ਹੈ।

ਇਸ ਵਰਕਸ਼ਾਪ ਦੇ ਅੰਤ ਵਿੱਚ ਆਪਸੀ ਵਿਚਾਰ-ਚਰਚਾ ਕੀਤੀ ਗਈ ਜਿਸ ਵਿੱਚ ਭਾਗੀਦਾਰਾਂ ਨੇ ਮਾਹਿਰਾਂ ਨਾਲ ਅਮਲ ਸਬੰਧੀ ਚੁਣੌਤੀਆਂ ਨੂੰ ਸਪੱਸ਼ਟ ਕੀਤਾ ਅਤੇ ਜ਼ਮੀਨੀ ਅਨੁਭਵ ਸਾਂਝੇ ਕੀਤੇ। ਇਸ ਵਰਕਸ਼ਾਪ ਨਾਲ ਪੰਜਾਬ ਵਿੱਚ ਠੋਸ ਰਹਿੰਦ-ਖੂੰਹਦ ਪ੍ਰਬੰਧਨ ਅਭਿਆਸਾਂ ਵਿੱਚ ਸੁਧਾਰ ਪ੍ਰਤੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕੀਤਾ ਗਿਆ।

ਮੰਡੀ ਗੋਬਿੰਦਗੜ੍ਹ, 31 ਮਾਰਚ: ਦੇਸ਼ ਭਗਤ ਯੂਨੀਵਰਸਿਟੀ, ਸਕੂਲ ਆਫ਼ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਵੱਲੋਂ ‘ਹੁਨਰ ਤੋਂ ਸਟਾਰਟਅੱਪ ਤੱਕ: ਪ੍ਰਾਹੁਣਚਾਰੀ ਵਿੱਚ ਨਵੀਨਤਾ ਅਤੇ ਉੱਦਮੀ ਮਾਰਗ’ ਵਿਸ਼ੇ ’ਤੇ ਇੱਕ ਰੋਜ਼ਾ ਅੰਤਰਰਾਸ਼ਟਰੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ।
ਇਸ ਸੈਮੀਨਾਰ ਦਾ ਉਦੇਸ਼ ਪ੍ਰਾਹੁਣਚਾਰੀ ਉਦਯੋਗ ਵਿੱਚ ਨਵੀਨਤਾ-ਅਧਾਰਿਤ ਉੱਦਮਤਾ ਅਤੇ ਹੁਨਰ ਵਿਕਾਸ ਬਾਰੇ ਸੂਝ ਪ੍ਰਦਾਨ ਕਰਨਾ ਸੀ।
ਇਸ ਸੈਮੀਨਾਰ ਦਾ ਮੁੱਖ ਭਾਸ਼ਣ ਡਾ. ਵਰਿੰਦਰ ਸਿੰਘ ਰਾਣਾ, ਡਿਪਟੀ ਡਾਇਰੈਕਟਰ-ਰਿਸਰਚ ਅਤੇ ਸਿਟੀ ਯੂਨੀਵਰਸਿਟੀ ਅਜਮਾਨ, ਸੰਯੁਕਤ ਅਰਬ ਅਮੀਰਾਤ ਵਿਖੇ ਹੋਸਪਿਟੈਲਿਟੀ ਅਤੇ ਹੋਟਲ ਮੈਨੇਜਮੈਂਟ ਵਿਭਾਗ ਦੁਆਰਾ ਦਿੱਤਾ ਗਿਆ।
ਆਪਣੇ ਸੈਸ਼ਨ ਵਿੱਚ, ਡਾ. ਰਾਣਾ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਕਿਵੇਂ ਹੋਸਪਿਟੈਲਿਟੀ ਪੇਸ਼ੇਵਰ ਆਪਣੇ ਤਕਨੀਕੀ ਹੁਨਰ ਨੂੰ ਸਫਲ ਉੱਦਮੀ ਉੱਦਮਾਂ ਵਿੱਚ ਬਦਲ ਸਕਦੇ ਹਨ। ਉਨ੍ਹਾਂ ਨੇ ਅੱਜ ਦੇ ਮੁਕਾਬਲੇ ਵਾਲੇ ਹੋਸਪਿਟੈਲਿਟੀ ਲੈਂਡਸਕੇਪ ਵਿੱਚ ਟਿਕਾਊ ਸਟਾਰਟਅੱਪ ਬਣਾਉਣ ਵਿੱਚ ਨਵੀਨਤਾ, ਰਚਨਾਤਮਕਤਾ, ਅਨੁਕੂਲਤਾ ਅਤੇ ਰਣਨੀਤਕ ਸੋਚ ਦੇ ਵਧ ਰਹੇ ਮਹੱਤਵ ਨੂੰ ਉਜਾਗਰ ਕੀਤਾ।
ਇਸ ਸੈਮੀਨਾਰ ਵਿੱਚ ਮਾਣਯੋਗ ਚਾਂਸਲਰ ਡਾ. ਜ਼ੋਰਾ ਸਿੰਘ ਅਤੇ ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ ਨੇ ਸ਼ਿਰਕਤ ਕੀਤੀ, ਜਿਨ੍ਹਾਂ ਨੇ ਵਿਭਾਗ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਨੂੰ ਉੱਦਮਤਾ ਅਤੇ ਨਵੀਨਤਾ ਦੀ ਪੜਚੋਲ ਕਰਨ ਲਈ ਪ੍ਰੇਰਿਤ ਕੀਤਾ।
ਇਹ ਸਮਾਗਮ ਡਾ. ਅਮਨ ਸ਼ਰਮਾ ਦੀ ਅਗਵਾਈ ਹੇਠ, ਡਾ. ਰੁਪਿੰਦਰ ਕੌਰ, ਗੁਰਕਿਰਨ ਸਿੰਘ, ਨਿਵੇਦਿਤਾ ਅਤੇ ਸ੍ਰਿਸ਼ਟੀ ਸਮੇਤ ਪ੍ਰਬੰਧਕ ਟੀਮ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ।
ਇਹ ਸੈਮੀਨਾਰ ਵਿਦਿਆਰਥੀਆਂ, ਫੈਕਲਟੀ ਮੈਂਬਰਾਂ ਅਤੇ ਉਭਰਦੇ ਉੱਦਮੀਆਂ ਲਈ ਬਹੁਤ ਜਾਣਕਾਰੀ ਭਰਪੂਰ ਅਤੇ ਪ੍ਰਭਾਵਸ਼ਾਲੀ ਸਾਬਤ ਹੋਇਆ।

ਸਨੌਰ (ਪਟਿਆਲਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਦੇ ਸਨੌਰ ਹਲਕੇ ਵਿੱਚ ਵਿਆਪਕ ਬੁਨਿਆਦੀ ਢਾਂਚੇ ਅਤੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਕੇ ਪੰਜਾਬ ਦੇ ਵਿਕਾਸ ਵਿੱਚ ਜ਼ਮੀਨੀ ਪੱਧਰ 'ਤੇ ਤੇਜ਼ੀ ਲਿਆਂਦੀ। ਇਸ ਮੌਕੇ ਉਨ੍ਹਾਂ ਨੇ 87 ਕਰੋੜ ਰੁਪਏ ਦੇ ਸੜਕ ਨਵੀਨੀਕਰਨ ਕਾਰਜਾਂ ਦੇ ਨਾਲ-ਨਾਲ 27 ਕਰੋੜ ਰੁਪਏ ਦੇ ਨਹਿਰੀ ਲਾਈਨਿੰਗ ਪ੍ਰਾਜੈਕਟਾਂ ਦਾ ਐਲਾਨ ਕੀਤਾ ਜਿਸ ਨਾਲ 83 ਪਿੰਡਾਂ ਵਿੱਚ 40,066 ਏਕੜ ਰਕਬੇ ਨੂੰ ਸਿੰਚਾਈ ਲਈ ਪਾਣੀ ਮਿਲੇਗਾ।

ਪਿਛਲੀਆਂ ਸਰਕਾਰਾਂ ਦੇ ਮੁਕਾਬਲੇ ਮੌਜੂਦਾ ਸਮੇਂ ਦੇ ਮਿਸਾਲੀ ਬਦਲਾਅ 'ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਭ੍ਰਿਸ਼ਟਾਚਾਰ ਕਾਰਨ ਥੋੜੇ ਹੀ ਦਿਨਾਂ ਵਿੱਚ ਸੜਕਾਂ ਦੀ ਹਾਲਤ ਖਸਤਾ ਹੋ ਜਾਦੀ ਸੀ ਪਰ ਪੰਜਾਬ ਸਰਕਾਰ ਵੱਲੋਂ ਠੇਕੇਦਾਰਾਂ ਲਈ ਸੜਕਾਂ ਦੇ ਪੰਜ ਸਾਲਾਂ ਦੇ ਲਾਜ਼ਮੀ ਰੱਖ-ਰਖਾਅ ਸਬੰਧੀ ਧਾਰਾ ਲਾਗੂ ਕੀਤੀ ਗਈ ਹੈ ਜਿਸ ਨਾਲ ਜਵਾਬਦੇਹੀ ਵਿੱਚ ਵਾਧਾ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ 'ਆਪ' ਸਰਕਾਰ ਨੇ ਨਾ ਸਿਰਫ਼ ਸਿੰਚਾਈ ਅਧੀਨ ਰਕਬਾ ਪਹਿਲਾਂ 21,050 ਏਕੜ ਤੋਂ ਵਧਾ ਦਿੱਤਾ ਹੈ, ਸਗੋਂ ਕਾਨੂੰਨੀ ਲੜਾਈ ਰਾਹੀਂ ਹਰਿਆਣਾ ਨੂੰ ਦਿੱਤੇ ਜਾਂਦੇ ਭਾਖੜਾ ਨਹਿਰ ਦੇ ਪਾਣੀ ਦਾ ਪੰਜਾਬ ਦਾ 25 ਫੀਸਦ ਹਿੱਸਾ ਵੀ ਪ੍ਰਾਪਤ ਕੀਤਾ ਤਾਂ ਜੋ ਕਿਸਾਨਾਂ ਨੂੰ ਉਨ੍ਹਾਂ ਦਾ ਹੱਕ ਮਿਲ ਸਕੇ।

ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦੀ ਬੇਮਿਸਾਲ ਤਰੱਕੀ ਨੂੰ ਦੇਖ ਕੇ ਰਵਾਇਤੀ ਪਾਰਟੀਆਂ ਆਪਣਾ ਮਾਨਸਿਕ ਸੰਤੁਲਨ ਗੁਆ ਚੁੱਕੀਆਂ ਹਨ। ਅੱਜ, ਪੰਜਾਬ ਦੇ ਵਿਕਾਸ ਦੀ ਗੱਡੀ ਮੁੜ ਲੀਹਾਂ 'ਤੇ ਆ ਗਈ ਹੈ ਅਤੇ ਹਰ ਗੁਜ਼ਰਦੇ ਦਿਨ ਨਾਲ ਇਹ ਗਤੀ ਹੋਰ ਤੇਜ਼ ਹੋ ਰਹੀ ਹੈ। ਵਿਰੋਧੀ ਪਾਰਟੀਆਂ ਨੂੰ ਇਹ ਗੱਲ ਹਜ਼ਮ ਨਹੀਂ ਆ ਰਹੀ, ਜਿਸ ਕਾਰਨ ਉਹ ਰੋਜ਼ਾਨਾ ਬੇਬੁਨਿਆਦ ਅਤੇ ਤਰਕਹੀਣ ਬਿਆਨ ਜਾਰੀ ਕਰ ਰਹੀਆਂ ਹਨ। ਇਹ ਵਿਰੋਧੀ ਪਾਰਟੀਆਂ ਵਿੱਚ ਨਿਰਾਸ਼ਾ ਨੂੰ ਦਰਸਾਉਂਦਾ ਹੈ ਜੋ ਸੂਬੇ ਦੇ ਵਿਕਾਸ ਅਤੇ ਇਸਦੇ ਲੋਕਾਂ ਦੀ ਖੁਸ਼ਹਾਲੀ ਤੋਂ ਈਰਖਾ ਕਰਦੀਆਂ ਹਨ।”

ਸਨੌਰ ਹਲਕੇ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਅੱਜ ਸਨੌਰ ਹਲਕੇ ਵਿੱਚ 49.60 ਕਰੋੜ ਰੁਪਏ ਦੀ ਲਾਗਤ ਨਾਲ ਕਈ ਨਵੀਆਂ ਲਿੰਕ ਸੜਕਾਂ ਬਣਾਈਆਂ ਜਾਣਗੀਆਂ ਅਤੇ ਕੁਝ ਮੌਜੂਦਾ ਸੜਕਾਂ ਨੂੰ ਨਵਾਂ ਰੂਪ ਦਿੱਤਾ ਜਾਵੇਗਾ। ਲੋਕ ਜਲਦ ਹੀ ਆਪਣੇ ਪਿੰਡਾਂ ਨੂੰ ਜਾਣ ਵਾਲੀਆਂ ਸੜਕਾਂ ਵਿੱਚ ਪ੍ਰਤੱਖ ਬਦਲਾਅ ਦੇਖਣਗੇ। ਮੁੱਖ ਪਟਿਆਲਾ-ਪਿਹੋਵਾ ਸੜਕ ਨੂੰ ਨਵਾਂ ਰੂਪ ਦਿੱਤਾ ਜਾਵੇਗਾ ਅਤੇ ਦਿੱਲੀ ਜਾਣ ਵਾਲੀ ਆਵਾਜਾਈ ਨੂੰ ਆਸਾਨ ਬਣਾਉਣ ਲਈ ਜਲਦ ਹੀ ਇਸ ਨੂੰ ਚਾਰ-ਮਾਰਗੀ ਕੀਤਾ ਜਾਵੇਗਾ।”

ਜਵਾਬਦੇਹੀ ਵਿੱਚ ਵਾਧਾ ਕਰਨ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਸੜਕਾਂ ਹੁਣ ਘਟੀਆ ਦਰਜੇ ਦੀਆਂ ਨਹੀਂ ਹੋਣਗੀਆਂ ਕਿਉਂਕਿ ਹੁਣ ਸੜਕਾਂ ਦੇ ਰੱਖ-ਰਖਾਅ ਸਬੰਧੀ ਪੰਜ ਸਾਲ ਦੀ ਜ਼ਿੰਮੇਵਾਰੀ ਠੇਕੇਦਾਰਾਂ ਕੋਲ ਹੈ ਅਤੇ ਕਿਸੇ ਵੀ ਨੁਕਸਾਨ ਦੇ ਨਤੀਜੇ ਵਜੋਂ ਭੁਗਤਾਨ ਰੋਕਿਆ ਜਾ ਸਕਦਾ ਹੈ, ਬਲੈਕਲਿਸਟ ਕੀਤਾ ਜਾ ਸਕਦਾ ਹੈ ਅਤੇ ਭਵਿੱਖ ਵਿੱਚ ਕੋਈ ਵੀ ਠੇਕਾ ਨਾ ਦੇਣ ਦੇ ਨਾਲ ਨਾਲ ਹੋਰ ਨਤੀਜੇ ਭੁਗਤਣੇ ਪੈ ਸਕਦੇ ਹਨ।"

ਸੜਕੀ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਪੱਧਰ 'ਤੇ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ, "ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਇਤਿਹਾਸ ਦਾ ਸਭ ਤੋਂ ਵੱਡਾ ਸੜਕ ਨਿਰਮਾਣ ਕਾਰਜ ਸ਼ੁਰੂ ਕੀਤਾ ਗਿਆ ਹੈ ਜਿਸ ਤਹਿਤ ਕੁੱਲ 16,209 ਕਰੋੜ ਰੁਪਏ ਦੀ ਲਾਗਤ ਨਾਲ 44,920 ਕਿਲੋਮੀਟਰ ਸੜਕਾਂ ਬਣਾਉਣ ਦਾ ਟੀਚਾ ਮਿੱਥਿਆ ਗਿਆ ਹੈ।"

ਉਨ੍ਹਾਂ ਕਿਹਾ, “ਇਹ ਸਾਰੀਆਂ ਸੜਕਾਂ ਪੰਜ ਸਾਲਾਂ ਦੇ ਰੱਖ-ਰਖਾਅ ਦੀ ਧਾਰਾ ਅਧੀਨ ਬਣਾਈਆਂ ਜਾਣਗੀਆਂ ਜਿਸ ਨਾਲ ਵਿਸ਼ਵ ਪੱਧਰੀ ਸੜਕ ਸੁਰੱਖਿਆ ਦੇ ਨਾਲ-ਨਾਲ ਉੱਚ ਗੁਣਵੱਤਾ ਨੂੰ ਯਕੀਨੀ ਬਣਾਇਆ ਜਾਵੇਗਾ। ਇਸ ਕਦਮ ਦਾ ਉਦੇਸ਼ ਸੂਬੇ ਵਿੱਚ ਬਿਹਤਰ ਆਵਾਜਾਈ ਸਹੂਲਤਾਂ ਪ੍ਰਦਾਨ ਕਰਨਾ ਅਤੇ ਪੇਂਡੂ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਣਾ ਹੈ ਜਿਸ ਨਾਲ ਆਮ ਲੋਕਾਂ ਨੂੰ ਵੱਡਾ ਲਾਭ ਹੋਵੇਗਾ।”

ਪਾਣੀ ਦੀ ਸੰਭਾਲ ਅਤੇ ਸਿੰਚਾਈ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ, “ਪਾਣੀ ਦੇ ਰਾਖੇ ਹੋਣ ਦਾ ਦਾਅਵਾ ਕਰਨ ਵਾਲਿਆਂ ਨੇ ਕਦੇ ਵੀ ਪਾਣੀ ਦੀ ਸੰਭਾਲ ਵੱਲ ਧਿਆਨ ਨਹੀਂ ਦਿੱਤਾ ਜਦੋਂ ਕਿ ਪੰਜਾਬ ਸਰਕਾਰ ਵੱਲੋਂ ਪਾਣੀ ਦੀ ਹਰ ਬੂੰਦ ਦੀ ਬੱਚਤ ਵੱਲ ਵਿਸ਼ੇਸ਼ ਧਿਆਨ ਦਿੱਤਾ ਰਿਹਾ ਹੈ।”

ਉਨ੍ਹਾਂ ਕਿਹਾ, “ਸੂਬੇ ਵਿੱਚ 6900 ਕਿਲੋਮੀਟਰ ਲੰਬੇ 18349 ਖਾਲਿਆਂ ਨੂੰ ਬਹਾਲ ਕੀਤਾ ਗਿਆ ਹੈ ਤਾਂ ਜੋ ਸੂਬੇ ਦੇ ਦੂਰ-ਦਰਾਡੇ ਦੇ ਹਿੱਸਿਆਂ ਵਿੱਚ ਪਾਣੀ ਮੁਹੱਈਆ ਕਰਵਾਇਆ ਜਾ ਸਕੇ ਜਿਸ ਨਾਲ ਕਿਸਾਨਾਂ ਨੂੰ ਵੱਡਾ ਲਾਭ ਹੋਇਆ ਹੈ। ਸਾਡੀ ਸਰਕਾਰ ਨੇ ਨਹਿਰੀ ਪ੍ਰਣਾਲੀ ਨੂੰ ਮੁੜ ਸੁਰਜੀਤ ਕਰਨ ਲਈ 6500 ਕਰੋੜ ਰੁਪਏ ਖਰਚ ਕੀਤੇ ਹਨ ਤਾਂ ਜੋ ਸੂਬੇ ਦੇ ਹਰ ਖੇਤਰ ਤੱਕ ਪਾਣੀ ਪਹੁੰਚ ਸਕੇ, ਅਤੇ ਪਹਿਲੀ ਵਾਰ ਸੂਬੇ ਦੇ 1444 ਪਿੰਡਾਂ ਨੂੰ ਨਹਿਰੀ ਪਾਣੀ ਮਿਲਿਆ ਹੈ।”

ਸਿੱਖਿਆ ਖੇਤਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ, “ਪੰਜਾਬ ਨੇ ਨੈਸ਼ਨਲ ਐਚੀਵਮੈਂਟ ਸਰਵੇ-2024 ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਇਹ ਸਾਰੇ ਪੰਜਾਬੀਆਂ ਲਈ ਬੇਹੱਦ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਇਸ ਸਰਵੇਖਣ ਵਿੱਚ ਸੂਬੇ ਨੇ ਕੇਰਲਾ ਨੂੰ ਵੀ ਪਛਾੜ ਦਿੱਤਾ ਹੈ।”

ਉਨ੍ਹਾਂ ਕਿਹਾ, “ਪਿਛਲੇ ਕੁਝ ਸਾਲਾਂ ਦੌਰਾਨ 740 ਵਿਦਿਆਰਥੀਆਂ ਨੇ ਜੇਈਈ ਪ੍ਰੀਖਿਆ ਅਤੇ 1,284 ਨੇ ਨੀਟ ਪ੍ਰੀਖਿਆ ਪਾਸ ਕੀਤੀ ਹੈ ਅਤੇ 118 ਸਕੂਲ ਆਫ਼ ਐਮੀਨੈਂਸ ਖੋਲ੍ਹੇ ਜਾ ਰਹੇ ਹਨ ਜਿਨ੍ਹਾਂ ਵਿੱਚੋਂ 60 ਪਹਿਲਾਂ ਹੀ ਕਾਰਜਸ਼ੀਲ ਹੋ ਚੁੱਕੇ ਹਨ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਸਕੂਲ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਯੋਗਤਾਵਾਂ ਅਤੇ ਰੁਚੀਆਂ ਦੇ ਅਨੁਸਾਰ ਸਿੱਖਿਆ ਪ੍ਰਦਾਨ ਕਰਕੇ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਮਦਦ ਕਰ ਰਹੇ ਹਨ।” ਉਨ੍ਹਾਂ ਅੱਗੇ ਕਿਹਾ, “ਪਹਿਲੀ ਵਾਰ, 24 ਲੱਖ ਮਾਪਿਆਂ ਨੇ ਮੈਗਾ ਪੀਟੀਐਮ ਵਿੱਚ ਹਿੱਸਾ ਲਿਆ ਹੈ।”

ਸਿੱਖਿਆ ਸੁਧਾਰਾਂ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੈਡੀਕਲ ਅਤੇ ਨਾਨ-ਮੈਡੀਕਲ ਸਮੇਤ ਸਾਰੀਆਂ ਸਟ੍ਰੀਮ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ।” ਉਨ੍ਹਾਂ ਅੱਗੇ ਕਿਹਾ, “ਵਿਦਿਆਰਥੀਆਂ ਨੂੰ ਆਰਮਡ ਫੋਰਸਿਜ਼ ਪ੍ਰੈਪਰੇਟਰੀ, ਨੀਟ, ਜੇਈਈ ਅਤੇ ਸੀਐਲਏਟੀ ਵਰਗੀਆਂ ਵੱਕਾਰੀ ਪ੍ਰੀਖਿਆਵਾਂ ਲਈ ਕੋਚਿੰਗ ਵੀ ਪ੍ਰਦਾਨ ਕੀਤੀ ਜਾਂਦੀ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਿਰਫ ਸਿੱਖਿਆ ਨਾਲ ਹੀ ਸਾਰੀਆਂ ਸਮਾਜਿਕ ਬੁਰਾਈਆਂ ਦਾ ਹੱਲ ਕੀਤਾ ਜਾ ਸਕਦਾ ਹੈ ਇਸ ਲਈ ਪੰਜਾਬ ਸਰਕਾਰ ਨੇ ਸਿੱਖਿਆ ਨੂੰ ਤਰਜੀਹ ਦਿੱਤੀ ਹੈ ਅਤੇ ਲੋਕਾਂ ਦੇ ਜੀਵਨ ਨੂੰ ਬਦਲਣ ਲਈ ਸਿੱਖਿਆ ਖੇਤਰ ਵਿੱਚ ਬੇਮਿਸਾਲ ਪਹਿਲਕਦਮੀਆਂ ਕੀਤੀਆਂ ਹਨ।”

ਸਮਾਜਿਕ ਪਰਿਵਰਤਨ ਵਿੱਚ ਸਿੱਖਿਆ ਦੀ ਅਹਿਮ ਭੂਮਿਕਾ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ, "ਕੋਈ ਵੀ ਮੁਫ਼ਤ ਸਹੂਲਤ ਜਾਂ ਰਿਆਇਤ ਸੂਬੇ ਵਿੱਚ ਗਰੀਬੀ ਜਾਂ ਹੋਰ ਸਮਾਜਿਕ ਬੁਰਾਈਆਂ ਨੂੰ ਖਤਮ ਨਹੀਂ ਕਰ ਸਕਦੀ ਪਰ ਸਿੱਖਿਆ ਹੀ ਉਹ ਕੁੰਜੀ ਹੈ ਜੋ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕ ਕੇ ਉਨ੍ਹਾਂ ਨੂੰ ਗਰੀਬੀ ਵਿੱਚੋਂ ਬਾਹਰ ਕੱਢ ਸਕਦੀ ਹੈ।"

ਉਨ੍ਹਾਂ ਕਿਹਾ, "ਸਿੱਖਿਆ ਉਹ ਰੌਸ਼ਨੀ ਹੈ ਜੋ ਹਨੇਰੇ ਨੂੰ ਦੂਰ ਕਰਕੇ ਦੁਨੀਆ ਵਿੱਚ ਚਾਨਣ ਬਿਖੇਰਦੀ ਹੈ ਜਿਸ ਕਾਰਨ ਪੰਜਾਬ ਸਰਕਾਰ ਇਸ 'ਤੇ ਵਿਸ਼ੇਸ਼ ਜ਼ੋਰ ਦੇ ਰਹੀ ਹੈ।" ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਪੰਜਾਬ ਦੇ ਸਾਰੇ 65 ਲੱਖ ਪਰਿਵਾਰਾਂ ਨੂੰ ਸਿਹਤ ਕਾਰਡ ਜਾਰੀ ਕੀਤੇ ਜਾ ਰਹੇ ਹਨ।"

ਬਿਹਤਰ ਸਿਹਤ ਸੰਭਾਲ ਪ੍ਰਦਾਨ ਕਰਨ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ, "ਮੁੱਖ ਮੰਤਰੀ ਸਿਹਤ ਯੋਜਨਾ (ਐਮਐਮਐਸਵਾਈ) ਅਧੀਨ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਪ੍ਰਦਾਨ ਕੀਤਾ ਜਾ ਰਿਹਾ ਹੈ ਅਤੇ 30 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਪਹਿਲਾਂ ਹੀ ਸਿਹਤ ਕਾਰਡ ਮਿਲ ਚੁੱਕੇ ਹਨ। ਇਸ ਯੋਜਨਾ ਤਹਿਤ 1.65 ਲੱਖ ਲੋਕਾਂ ਨੂੰ ਮੁਫ਼ਤ ਇਲਾਜ ਮਿਲ ਚੁੱਕਾ ਹੈ ਅਤੇ ਲੋਕਾਂ ਨੂੰ ਇਨ੍ਹਾਂ ਕਾਰਡਾਂ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ।"

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹ ਕਿ ਰਾਜ ਦੇ ਇਤਿਹਾਸ ਵਿੱਚ ਪਹਿਲੀ ਵਾਰ ਝੋਨੇ ਦੇ ਸੀਜ਼ਨ ਦੌਰਾਨ ਖੇਤਾਂ ਦੀਆਂ ਮੋਟਰਾਂ ਲਈ ਅੱਠ ਘੰਟੇ ਤੋਂ ਵੱਧ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਗਈ ਹੈ।

ਬਿਜਲੀ ਸੁਧਾਰਾਂ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਹੁਣ ਪਹਿਲੀ ਵਾਰ ਸਿੰਚਾਈ ਲਈ ਦਿਨ ਵੇਲੇ ਬਿਜਲੀ ਮਿਲ ਰਹੀ ਹੈ, ਜਿਸ ਨਾਲ ਉਨ੍ਹਾਂ ਦੀ ਜ਼ਿੰਦਗੀ ਬਦਲ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਸਰਕਾਰੀ ਖਜ਼ਾਨੇ ਦੇ ਇੱਕ-ਇੱਕ ਪੈਸੇ ਦੀ ਵਰਤੋਂ ਪੂਰੀ ਸੂਝ-ਬੂਝ ਨਾਲ ਕਰ ਰਹੀ ਹੈ।

ਮਾਵਾਂ ਧੀਆਂ ਸਤਿਕਾਰ ਯੋਜਨਾ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪ ਸਰਕਾਰ ਦੀ ਇਹ ਯੋਜਨਾ 18 ਸਾਲ ਅਤੇ ਇਸ ਤੋਂ ਵੱਧ ਉਮਰ ਦੀਆਂ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਔਰਤਾਂ ਨੂੰ ਪ੍ਰਤੀ ਮਹੀਨਾ 1500 ਰੁਪਏ ਅਤੇ ਹੋਰ ਸਾਰੇ ਵਰਗਾਂ ਨਾਲ ਸਬੰਧਤ ਔਰਤਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਪ੍ਰਦਾਨ ਕਰੇਗੀ।

ਵਿੱਤੀ ਜ਼ਿੰਮੇਵਾਰੀ ਦੀ ਪੁਸ਼ਟੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਦੇ ਟੈਕਸ ਦਾ ਪੈਸਾ ਸੂਬੇ ਦਾ ਹੈ ਅਤੇ ਇਸਨੂੰ ਲੋਕਾਂ ਦੀ ਭਲਾਈ ਲਈ ਹੀ ਖਰਚ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਕਰਦਾਤਾਵਾਂ ਦਾ ਪੈਸਾ ਵਿਕਾਸ, ਸਕੂਲਾਂ, ਹਸਪਤਾਲਾਂ ਅਤੇ ਸੜਕਾਂ ਰਾਹੀਂ ਲੋਕਾਂ ਕੋਲ ਵਾਪਸ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬੇਸ਼ੱਕ ਪੰਜਾਬ ਸਰਕਾਰ ਨੇ ਆਪਣੀਆਂ ਸਾਰੀਆਂ ਗਰੰਟੀਆਂ ਪੂਰੀਆਂ ਕਰ ਲਈਆਂ ਹਨ, ਪਰ ਪੰਜਾਬ ਦੀ ਤਰੱਕੀ ਲਈ ਯਤਨ ਜਾਰੀ ਰਹਿਣਗੇ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਸੀਂ ਮੰਚ ‘ਤੇ ਖੜ੍ਹ ਕੇ ਸਿੱਖਿਆ, ਸਿਹਤ, ਬਿਜਲੀ ਅਤੇ ਖੇਤੀਬਾੜੀ ਬਾਰੇ ਗੱਲ ਕਰਦੇ ਹਾਂ, ਜਦੋਂ ਕਿ ਦੂਜੀਆਂ ਪਾਰਟੀਆਂ ਸਿਰਫ ਸੱਤਾ ਹਥਿਆਉਣ 'ਤੇ ਆਪਣਾ ਧਿਆਨ ਕੇਂਦਰਤ ਕਰ ਕੇ ਚੱਲ ਰਹੀਆਂ ਹਨ।

ਵਿਰੋਧੀ ਪਾਰਟੀਆਂ 'ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਇਹ ਮੌਕਾਪ੍ਰਸਤ ਆਗੂ ਨਿਰਾਸ਼ਾ ਦੇ ਆਲਮ ਵਿੱਚ ਲੰਘ ਰਹੇ ਹਨ ਅਤੇ ਲੋਕ ਉਨ੍ਹਾਂ ਨੂੰ ਕੋਈ ਹੁੰਗਾਰਾ ਨਹੀਂ ਦੇ ਰਹੇ ਕਿਉਂਕਿ ਉਨ੍ਹਾਂ ਦਾ ਏਜੰਡਾ ਲੋਕਾਂ ਦੀ ਬਜਾਏ ਸਿਰਫ਼ ਆਪਣੇ ਪਰਿਵਾਰਾਂ ਦੀ ਭਲਾਈ ਤੱਕ ਸੀਮਤ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਆਗੂਆਂ ਦਾ ਇੱਕੋ ਇੱਕ ਏਜੰਡਾ ਲੋਕਾਂ ਨੂੰ ਗੁੰਮਰਾਹ ਕਰਕੇ ਉਨ੍ਹਾਂ ਵਿੱਚ ਵੰਡੀਆਂ ਪਾਉਣ ਤੋਂ ਸਿਵਾਏ ਹੋਰ ਕੁਝ ਨਹੀਂ ਹੁੰਦਾ।

ਸੜਕ ਸੁਰੱਖਿਆ ਫੋਰਸ ਬਾਰੇ ਵਿਸਥਾਰ ਵਿੱਚ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਪ ਸਰਕਾਰ ਨੇ ਦੇਸ਼ ਭਰ ਵਿੱਚ ਸਮਰਪਿਤ ਸੜਕ ਸੁਰੱਖਿਆ ਫੋਰਸ ਨਾਮੀ ਆਪਣੀ ਕਿਸਮ ਦੀ ਪਹਿਲੀ ਪਹਿਲਕਦਮੀ ਸ਼ੁਰੂ ਕੀਤੀ ਹੈ, ਜੋ ਰਾਜ ਅਤੇ ਕੌਮੀ ਮਾਰਗਾਂ 'ਤੇ ਸੁਰੱਖਿਆ ਨੂੰ ਯਕੀਨੀ ਬਣਾਉਂਦਿਆਂ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ਹਰ ਸਮੇਂ ਤਾਇਨਾਤ ਹੈ। ਉਨ੍ਹਾਂ ਅੱਗੇ ਕਿਹਾ ਕਿ ਵਿਸ਼ੇਸ਼ ਤੌਰ 'ਤੇ ਸਿਖਲਾਈ ਪ੍ਰਾਪਤ ਨਵੇਂ ਭਰਤੀ ਕੀਤੇ ਗਏ 1597 ਕਰਮਚਾਰੀ ਇਸ ਫੋਰਸ ਦੀ ਰੀੜ੍ਹ ਦੀ ਹੱਡੀ ਵਜੋਂ ਕੰਮ ਕਰ ਰਹੇ ਹਨ, ਜਿਨ੍ਹਾਂ ਨੂੰ 144 ਪੂਰੀ ਤਰ੍ਹਾਂ ਲੈਸ ਵਾਹਨ ਪ੍ਰਦਾਨ ਕੀਤੇ ਗਏ ਹਨ।

ਉਨ੍ਹਾਂ ਅੱਗੇ ਕਿਹਾ ਕਿ ਪਿਛਲੇ ਸਾਲ ਫਰਵਰੀ ਵਿੱਚ ਆਪਣੀ ਸ਼ੁਰੂਆਤ ਤੋਂ ਬਾਅਦ ਇਹ ਫੋਰਸ ਸੜਕ ਹਾਦਸਿਆਂ ਹੁੰਦੀਆਂ ਮੌਤਾਂ ਨੂੰ 48 ਫੀਸਦ ਤੱਕ ਘਟਾਉਣ ਵਿੱਚ ਸਫ਼ਲ ਰਹੀ ਹੈ। ਇਸ ਤੋਂ ਇਲਾਵਾ ਇਹ ਫੋਰਸ ਹਾਦਸੇ ਦੇ ਪੀੜਤਾਂ ਨਾਲ ਸਬੰਧਤ ਹਰ ਚੀਜ਼ ਅਤੇ ਉਨ੍ਹਾਂ ਦੇ ਪੈਸੇ ਨੂੰ ਪਰਿਵਾਰਕ ਮੈਂਬਰਾਂ ਤੱਕ ਸੁਰੱਖਿਅਤ ਪਹੁੰਚਾਉਣਾ ਯਕੀਨੀ ਬਣਾ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਫੋਰਸ 4200 ਕਿਲੋਮੀਟਰ ਹਾਈਵੇਅ, ਜਿੱਥੇ ਸੜਕ ਹਾਦਸਿਆਂ ਦੀ ਸੰਭਾਵਨਾ ਜ਼ਿਆਦਾ ਹੈ, 'ਤੇ ਤਾਇਨਾਤ ਕੀਤੀ ਗਈ ਹੈ ਅਤੇ ਇਹ ਟ੍ਰੈਫਿਕ ਉਲੰਘਣਾਵਾਂ ਵਿਰੁੱਧ ਇੱਕ ਮਜ਼ਬੂਤ ਰੋਕਥਾਮ ਪ੍ਰਣਾਲੀ ਵਜੋਂ ਕੰਮ ਕਰ ਕਰਦੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਪਿਛਲੀ ਕਿਸੇ ਵੀ ਸਰਕਾਰ ਨੇ ਅਜਿਹੇ ਗੰਭੀਰ ਮੁੱਦਿਆਂ ਵੱਲ ਧਿਆਨ ਨਹੀਂ ਦਿੱਤਾ, ਜਿਸ ਕਾਰਨ ਪੰਜਾਬ ਪਹਿਲਾਂ ਸੜਕ ਹਾਦਸਿਆਂ ‘ਚ ਹੁੰਦੀਆਂ ਮੌਤਾਂ ਦੇ ਮਾਮਲੇ ਵਿੱਚ ਚੋਟੀ ਦੇ ਤਿੰਨ ਰਾਜਾਂ ਵਿੱਚ ਆਉਂਦਾ ਸੀ। ਉਨ੍ਹਾਂ ਅੱਗੇ ਕਿਹਾ ਕਿ ਇਸ ਮਹੱਤਵਪੂਰਨ ਫੈਸਲੇ ਦੀ ਭਾਰਤ ਸਰਕਾਰ ਅਤੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਵੀ ਭਰਵੀਂ ਸ਼ਲਾਘਾ ਕੀਤੀ ਹੈ।

ਪ੍ਰਸ਼ਾਸਕੀ ਸੁਧਾਰਾਂ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਈਜ਼ੀ ਰਜਿਸਟਰੀ ਪ੍ਰੋਜੈਕਟ ਨੂੰ ਪੰਜਾਬ ਭਰ ਵਿੱਚ ਸਫਲਤਾਪੂਰਵਕ ਲਾਗੂ ਕੀਤਾ ਗਿਆ ਹੈ, ਜਿਸ ਨਾਲ ਪਾਰਦਰਸ਼ੀ ਅਤੇ ਮੁਸ਼ਕਲ ਰਹਿਤ ਜਾਇਦਾਦ ਰਜਿਸਟ੍ਰੇਸ਼ਨ ਯਕੀਨੀ ਬਣਾਈ ਜਾ ਰਹੀ ਹੈ। ਇਸ ਪਹਿਲਕਦਮੀ ਨੇ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਆਸਾਨ ਅਤੇ ਭ੍ਰਿਸ਼ਟਾਚਾਰ ਮੁਕਤ ਬਣਾਇਆ ਹੈ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ 19 ਟੋਲ ਪਲਾਜ਼ਾ ਬੰਦ ਕਰ ਦਿੱਤੇ ਹਨ, ਜਿਸ ਨਾਲ ਆਮ ਆਦਮੀ ਦੀ ਜੇਬ ਵਿੱਚੋਂ ਰੋਜ਼ਾਨਾ 64 ਲੱਖ ਰੁਪਏ ਦੀ ਬਚਤ ਹੋ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਹੈ ਅਤੇ ਅੱਗੇ ਵੀ ਪੂਰੀ ਵਚਨਬੱਧਤਾ ਨਾਲ ਅਜਿਹਾ ਕਰਦੀ ਰਹੇਗੀ।

ਯੁੱਧ ਨਸ਼ਿਆਂ ਵਿਰੁੱਧ ਬਾਰੇ ਉਨ੍ਹਾਂ ਕਿਹਾ ਕਿ ਆਪ ਸਰਕਾਰ ਦਾ ਇੱਕੋ-ਇੱਕ ਏਜੰਡਾ ਪੰਜਾਬ ਦੀ ਤਰੱਕੀ ਅਤੇ ਇਸਦੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੇ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਦਿੱਤੀ ਗਈ ਹੈ ਅਤੇ ਤਸਕਰਾਂ ਨੂੰ ਸਲਾਖਾਂ ਪਿੱਛੇ ਸੁੱਟ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਇਹ ਮੁਹਿੰਮ ਲੋਕਾਂ ਦੇ ਸਮਰਥਨ ਨਾਲ ਇੱਕ ਲੋਕ ਲਹਿਰ ਬਣ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮਾਸੂਮਾਂ ਦੀਆਂ ਜਾਨਾਂ ਦੀ ਕੀਮਤ 'ਤੇ ਕਿਸੇ ਵੀ ਹੀਲੇ ਤਸਕਰਾਂ ਨੂੰ ਸਿਰ ਚੁੱਕਣ ਦੀ ਆਗਿਆ ਨਹੀਂ ਦੇਵੇਗੀ।

ਉਨ੍ਹਾਂ ਅੱਗੇ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ, ਜਦੋਂ ਗੈਰ ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਨੂੰ ਢਾਹਿਆ ਅਤੇ ਜ਼ਬਤ ਕੀਤਾ ਜਾ ਰਿਹਾ ਹੈ ਤਾਂ ਜੋ ਅਜਿਹੇ ਅਨਸਰਾਂ ਵਿੱਚ ਡਰ ਪੈਦਾ ਕੀਤਾ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਸਾਡਾ ਉਦੇਸ਼ ਨੌਜਵਾਨਾਂ ਨੂੰ ਰੋਜ਼ਗਾਰ ਦੇ ਕੇ ਉਨ੍ਹਾਂ ਦੇ ਹੱਥਾਂ ਵਿੱਚ ਟਿਫ਼ਿਨ ਦੇਣਾ ਹੈ ਤਾਂ ਜੋ ਉਹ ਨਸ਼ਿਆਂ ਤੋਂ ਦੂਰ ਰਹਿਣ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਵੱਧ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲਣ ਤਾਂ ਜੋ ਉਹ ਸਮਾਜਿਕ ਬੁਰਾਈਆਂ ਦਾ ਸ਼ਿਕਾਰ ਨਾ ਹੋਣ।

ਖੇਡਾਂ ਅਤੇ ਸੱਭਿਆਚਾਰਕ ਪਹਿਲਕਦਮੀਆਂ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਲੰਬੇ ਸਮੇਂ ਬਾਅਦ ਏਸ਼ੀਆ ਕੱਪ ਹਾਕੀ ਦੀ ਮੇਜ਼ਬਾਨੀ ਕਰੇਗਾ, ਜਿਸ ਦੇ ਮੈਚ ਜਲੰਧਰ ਅਤੇ ਮੋਹਾਲੀ ਵਿੱਚ ਹੋਣਗੇ। ਉਨ੍ਹਾਂ ਅੱਗੇ ਕਿਹਾ ਕਿ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਵੱਖ-ਵੱਖ ਸਮਾਗਮ ਕਰਵਾ ਕੇ ਸ਼ਾਨਦਾਰ ਢੰਗ ਨਾਲ ਮਨਾਇਆ ਜਾਵੇਗਾ।

ਰਵਾਇਤੀ ਰਾਜਨੀਤਿਕ ਪਾਰਟੀਆਂ 'ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਉਹ ਈਰਖਾ ਕਰਦੇ ਹਨ ਕਿਉਂਕਿ ਉਹ ਇਹ ਸਵੀਕਾਰ ਨਹੀਂ ਕਰ ਪਾ ਰਹੇ ਕਿ ਇੱਕ ਆਮ ਪਰਿਵਾਰ ਨਾਲ ਸਬੰਧਤ ਵਿਅਕਤੀ ਪੰਜਾਬ ਨੂੰ ਇੰਨੇ ਪ੍ਰਭਾਵਸ਼ਾਲੀ ਢੰਗ ਨਾਲ ਚਲਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਆਗੂਆਂ ਦੇ ਲੋਕ ਵਿਰੋਧੀ ਅਤੇ ਪੰਜਾਬ ਵਿਰੋਧੀ ਰੁਖ਼ ਕਾਰਨ ਲੋਕਾਂ ਦਾ ਉਨ੍ਹਾਂ ਤੋਂ ਵਿਸ਼ਵਾਸ ਉੱਠ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੇ ਸ਼ਾਸਕ ਹਮੇਸ਼ਾ ਪੰਜਾਬ ਅਤੇ ਪੰਜਾਬੀਆਂ ਦੀ ਬਜਾਏ ਆਪਣੇ ਪਰਿਵਾਰਾਂ ਬਾਰੇ ਸੋਚਦੇ ਰਹੇ, ਜਿਸ ਕਾਰਨ ਲੋਕਾਂ ਨੇ ਉਨ੍ਹਾਂ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ।

ਸੀਐਮ ਨਿਤੀਸ਼ ਕੁਮਾਰ ਵਲੋਂ ਪੀੜਤ ਪਰਿਵਾਰਾਂ ਨੂੰ 6-6 ਲੱਖ ਰੁਪਏ ਮੁਆਵਜ਼ੇ ਦਾ ਐਲਾਨ
ਨਵੀਂ ਦਿੱਲੀ/ਬਿਊਰੋ ਨਿਊਜ਼
ਬਿਹਾਰ ਦੇ ਨਾਨੰਦਾ ਜ਼ਿਲ੍ਹੇ ਦੇ ਸ਼ੀਤਲਾ ਮਾਤਾ ਮੰਦਰ ਵਿਚ ਅੱਜ ਮੰਗਲਵਾਰ ਸਵੇਰੇ ਭਗਦੜ ਮਚ ਗਈ ਅਤੇ ਇਸ ਹਾਦਸੇ ਵਿਚ 9 ਵਿਅਕਤੀਆਂ ਦੀ ਮੌਤ ਹੋ ਗਈ ਹੈ। ਇਸ ਭਗਦੜ ਵਿਚ 8 ਮਹਿਲਾਵਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਇਕ ਪੁਰਸ਼ ਦੀ ਹਸਪਤਾਲ ਵਿਚ ਇਲਾਜ ਦੌਰਾਨ ਜਾਨ ਚਲੇ ਗਈ ਅਤੇ ਕਈ ਵਿਅਕਤੀ ਜ਼ਖ਼ਮੀ ਵੀ ਦੱਸੇ ਜਾ ਰਹੇ ਹਨ। ਮੀਡੀਆ ਰਿਪੋਰਟਾਂ ਮੁਤਾਬਕ ਸ਼ੀਤਲਾ ਅਸ਼ਟਮੀ ਲਈ ਮੰਦਰ ਵਿਚ ਵੱਡੀ ਗਿਣਤੀ ’ਚ ਸ਼ਰਧਾਲੂ ਇਕੱਠੇ ਹੋਏ ਸਨ ਅਤੇ ਇਹ ਵੀ ਦੱਸਿਆ ਗਿਆ ਕਿ ਮੰਦਰ ਵਿਚ ਭੀੜ ਨੂੰ ਸੰਭਾਲਣ ਲਈ ਢੁੱਕਵੇਂ ਪ੍ਰਬੰਧ ਨਹੀਂ ਸਨ। ਇਸ ਹਾਦਸੇ ਤੋਂ ਬਾਅਦ ਮੰਦਰ ਅਤੇ ਮੇਲਾ ਬੰਦ ਕਰ ਦਿੱਤਾ ਗਿਆ। ਇਸੇ ਦੌਰਾਨ ਬਿਹਾਰ ਦੇ ਸੀਐਮ ਨਿਤੀਸ਼ ਕੁਮਾਰ ਨੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ ਅਤੇ ਮਿ੍ਰਤਕਾਂ ਦੇ ਪਰਿਵਾਰਾਂ ਨੂੰ 6-6 ਲੱਖ ਰੁਪਏ ਮੁਆਵਜ਼ੇ ਦਾ ਐਲਾਨ ਕੀਤਾ ਗਿਆ ਹੈ।

 
ਚੰਡੀਗੜ੍ਹ, 30 ਮਾਰਚ 2026:  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ "ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ" ਲੜੀ ਤਹਿਤ ਪੰਜਾਬ ਸਰਕਾਰ ਦੀ "ਸਿੱਖਿਆ ਕ੍ਰਾਂਤੀ" ਦਾ ਚਾਰ ਸਾਲਾਂ ਦਾ ਵਿਸਥਾਰਤ ਰਿਪੋਰਟ ਕਾਰਡ ਪੇਸ਼ ਕੀਤਾ। ਇਸ ਰਿਪੋਰਟ ਕਾਰਡ ਵਿੱਚ ਦੱਸਿਆ ਗਿਆ ਕਿ ਕਿਵੇਂ ਨਿਰੰਤਰ ਸੁਧਾਰਾਂ ਸਦਕਾ ਸਰਕਾਰੀ ਸਕੂਲਾਂ ਮਾਡਲ ਸੰਸਥਾਵਾਂ ਵਿੱਚ ਬਦਲ ਰਹੀਆਂ ਹਨ ਜਿਸ ਦੇ ਦੇਸ਼ ਭਰ ਵਿੱਚ ਸ਼ਾਨਦਾਰ ਨਤੀਜੇ ਸਾਹਮਣੇ ਆ ਰਹੇ ਹਨ। 'ਸਿੱਖਿਆ ਕ੍ਰਾਂਤੀ' ਨੂੰ ਪੰਜਾਬ ਦੇ ਵਿਕਾਸ ਦੀ ਰੀੜ੍ਹ ਦੀ ਹੱਡੀ ਦੱਸਦਿਆਂ ਮੁੱਖ ਮੰਤਰੀ ਨੇ ਕੌਮੀ ਮੁਲਾਂਕਣ ਵਿੱਚ ਚੋਟੀ ਦੀਆਂ ਦਰਜਾਬੰਦੀਆਂ, ਰਿਕਾਰਡ ਅਕਾਦਮਿਕ ਨਤੀਜੇ, ਜ਼ੀਰੋ ਪੇਪਰ ਲੀਕ ਅਤੇ ਬੁਨਿਆਦੀ ਢਾਂਚੇ ਅਤੇ ਅਧਿਆਪਕ ਸਿਖਲਾਈ ਵਿੱਚ ਕੀਤੇ ਬੇਮਿਸਾਲ ਨਿਵੇਸ਼ 'ਤੇ ਚਾਨਣਾ ਪਾਇਆ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਤਬਦੀਲੀ ਨੂੰ ਯਕੀਨੀ ਬਣਾਉਣ ਲਈ ਵਿਆਪਕ ਵਿੱਤੀ ਪ੍ਰਬੰਧ ਕੀਤੇ ਗਏ ਹਨ। ਸਾਲ 2021-22 ਵਿੱਚ ਸਿੱਖਿਆ ਬਜਟ 12,657 ਕਰੋੜ ਰੁਪਏ ਸੀ ਜੋ 2026-27 ਵਿੱਚ ਵਧਾ ਕੇ 19,279 ਕਰੋੜ ਰੁਪਏ ਕੀਤਾ ਗਿਆ ਹੈ ਜੋ 'ਆਪ' ਸਰਕਾਰ ਵੱਲੋਂ ਇਸ ਖੇਤਰ ਨੂੰ ਦਿੱਤੀ ਜਾ ਰਹੀ ਤਰਜੀਹ ਨੂੰ ਦਰਸਾਉਂਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸਿੱਖਿਆ ਰਿਪੋਰਟ ਕਾਰਡ ਨਿਰੰਤਰ ਜਵਾਬਦੇਹੀ ਪ੍ਰਕਿਰਿਆ ਦਾ ਹਿੱਸਾ ਹੈ। ਇਸ ਤੋਂ ਪਹਿਲਾ ਸਿੰਚਾਈ, ਸਿਹਤ, ਖੇਡਾਂ ਅਤੇ ਕਾਨੂੰਨ ਵਿਵਸਥਾ ਵਰਗੇ ਪ੍ਰਮੁੱਖ ਖੇਤਰਾਂ ਵਿੱਚ ਵੀ ਚਾਰ ਸਾਲਾਂ ਦੀ ਕਾਰਗੁਜ਼ਾਰੀ ਸਬੰਧੀ ਅਜਿਹਾ ਰਿਪੋਰਟ ਕਾਰਡ ਪੇਸ਼ ਕੀਤਾ ਗਿਆ ਅਤੇ ਇਹ ਨਤੀਜੇ ਸ਼ਾਸਨ ਦੇ ਸਾਰੇ ਹਿੱਸਿਆਂ ਵਿੱਚ ਸਰਕਾਰ ਵੱਲੋਂ ਦਿੱਤੇ ਜਾ ਰਹੇ ਵਿਸ਼ੇਸ਼ ਧਿਆਨ ਨੂੰ ਦਰਸਾਉਂਦੇ ਹਨ।
ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਕੂਲ ਤੇ ਉਚੇਰੀ ਸਿੱਖਿਆ ਵਿੱਚ ਕੀਤੇ ਵਿਆਪਕ ਸੁਧਾਰਾਂ ਦੀ ਰੂਪ-ਰੇਖਾ ਪੇਸ਼ ਕੀਤੀ ਜਿਸ ਵਿੱਚ ਪਿਛਲੇ ਚਾਰ ਸਾਲਾਂ ਵਿੱਚ ਕੀਤੇ ਗਏ ਢਾਂਚਾਗਤ ਸੁਧਾਰਾਂ, ਰਿਕਾਰਡ ਨਿਵੇਸ਼ ਅਤੇ ਨਤੀਜਿਆਂ ਨੂੰ ਉਜਾਗਰ ਕੀਤਾ ਗਿਆ। ਉਨ੍ਹਾਂ ਕਿਹਾ, "ਸਿੱਖਿਆ ਨੂੰ ਤਰਜੀਹ ਦੇਣ ਵਾਲੇ ਦੇਸ਼ਾਂ ਨੇ ਹਰ ਖੇਤਰ ਵਿੱਚ ਤਰੱਕੀ ਕੀਤੀ ਹੈ। ਸਾਡੇ ਦੇਸ਼ ਵਿੱਚ ਸਿੱਖਿਆ ਨੂੰ ਨਿੱਜੀ ਅਤੇ ਸਰਕਾਰੀ ਸਕੂਲਾਂ ਵਿੱਚ ਵੰਡਿਆ ਗਿਆ ਸੀ, ਜਿਸ ਨਾਲ ਸਿੱਖਿਆ ਵਿੱਚ ਡੂੰਘਾ ਪਾੜਾ ਪੈਦਾ ਹੋਇਆ। ਪਿਛਲੀਆਂ ਸਰਕਾਰਾਂ ਨੇ ਸਕੂਲਾਂ ਨੂੰ ਸਿਰਫ ਮਿਡ ਡੇ ਮੀਲ ਦੇ ਕੇਂਦਰਾਂ ਤੱਕ ਸੀਮਿਤ ਕਰ ਦਿੱਤਾ ਪਰ ਸਾਡੀ ਸਰਕਾਰ ਨੇ ਪੂਰੀ ਪ੍ਰਣਾਲੀ ਨੂੰ ਬਦਲ ਦਿੱਤਾ ਹੈ।"
ਮੁੱਖ ਮੰਤਰੀ ਨੇ ਕਿਹਾ, “ਸਰਕਾਰੀ ਸਕੂਲਾਂ ਵਿੱਚ ਹੁਣ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਜਿਸ ਨਾਲ ਮਾਪਿਆਂ ਨੂੰ ਬਿਹਤਰ ਬਦਲ ਮਿਲੇਗਾ। ਇਕ ਅਪ੍ਰੈਲ ਤੋਂ ਮਾਪਿਆਂ ਨੂੰ ਉਨ੍ਹਾਂ ਦੇ ਬੱਚੇ ਦੀ ਸਕੂਲ ਤੋਂ ਗੈਰ-ਹਾਜ਼ਰੀ ਅਤੇ ਅਧਿਆਪਕਾਂ ਦੀ ਛੁੱਟੀ ਬਾਰੇ ਵੀ ਸੂਚਿਤ ਕੀਤਾ ਜਾਵੇਗਾ, ਜਿਸ ਨਾਲ ਹਰ ਪੱਧਰ 'ਤੇ ਜਵਾਬਦੇਹੀ ਯਕੀਨੀ ਬਣਾਈ ਜਾ ਸਕੇਗੀ। ਕਈ ਹੋਰ ਸੂਬਿਆਂ ਖਾਸ ਕਰਕੇ ਗੁਜਰਾਤ ਦੇ ਉਲਟ, ਪਿਛਲੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਦੀ ਘਟਨਾ ਸਾਹਮਣੇ ਨਹੀਂ ਆਈ ਜੋ ਕਿ ਬੇਹੱਦ ਮਾਣ ਵਾਲੀ ਗੱਲ ਹੈ।”
ਪ੍ਰਸ਼ਾਸਨ ਵਿੱਚ ਸਿੱਖਿਆ ਨੂੰ ਤਰਜੀਹ ਦੇਣ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, “ਸਿੱਖਿਆ ਕਿਸੇ ਵੀ ਸੂਬੇ ਜਾਂ ਦੇਸ਼ ਦੀ ਤਰੱਕੀ ਤੇ ਖੁਸ਼ਹਾਲੀ ਵਿੱਚ ਸਭ ਤੋਂ ਵੱਧ ਯੋਗਦਾਨ ਪਾਉਂਦੀ ਹੈ। ਪਿਛਲੇ ਚਾਰ ਸਾਲਾਂ ਵਿੱਚ ਅਸੀਂ ਇਸ ਖੇਤਰ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਹੈ। ਪਹਿਲਾਂ, 'ਸਮਾਰਟ ਸਕੂਲ' ਦੇ ਨਾਮ ਹੇਠ ਲੋਕਾਂ ਅਤੇ ਮਾਸੂਮ ਬੱਚਿਆਂ ਨੂੰ ਗੁੰਮਰਾਹ ਕੀਤਾ ਗਿਆ ਸੀ। ਸਕੂਲਾਂ ਨੂੰ ਸਿਰਫ਼ ਪੇਂਟ ਕਰਕੇ ਸੁੰਦਰ ਬਣਾਇਆ ਜਾਂਦਾ ਸੀ ਪਰ ਇਹਨਾਂ ਵਿੱਚ ਢੁਕਵੀਆਂ ਸਹੂਲਤਾਂ ਜਾਂ ਅਧਿਆਪਕਾਂ ਦੀ ਘਾਟ ਰਹਿੰਦੀ ਸੀ। ਅੱਜ ਪੰਜਾਬ ਦੇ ਸਰਕਾਰੀ ਸਕੂਲ ਨਿੱਜੀ ਸੰਸਥਾਵਾਂ ਦੇ ਬਰਾਬਰ ਖੜ੍ਹੇ ਹਨ ਅਤੇ ਸਾਡੇ ਸਿੱਖਿਆ ਮਾਡਲ ਦੀ ਚਰਚਾ ਦੇਸ਼ ਭਰ ਵਿੱਚ ਹੋ ਰਹੀ ਹੈ।”
ਸਿੱਖਿਆ ਲਈ ਵਿੱਤੀ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ, “ਵਿੱਤੀ ਸਾਲ 2026-27 ਲਈ 19,279 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਗਿਆ ਹੈ ਜੋ ਕਿ ਪਿਛਲੇ ਸਾਲ ਨਾਲੋਂ 7 ਫੀਸਦ ਵੱਧ ਹੈ। ਅਸੀਂ 3,500 ਕਰੋੜ ਰੁਪਏ ਨਾਲ ਸਿੱਖਿਆ ਕ੍ਰਾਂਤੀ ਦੇ ਦੂਜੇ ਪੜਾਅ ਦੀ ਸ਼ੁਰੂਆਤ ਕਰ ਰਹੇ ਹਾਂ। ਇਸ ਤਹਿਤ ਵਿਸ਼ਵ ਬੈਂਕ ਨਾਲ ਭਾਈਵਾਲੀ ਕੀਤੀ ਗਈ ਹੈ, ਜੋ ਇਸ ਨੂੰ ਸਭ ਤੋਂ ਵੱਡਾ ਸਿੱਖਿਆ ਸੁਧਾਰ ਪ੍ਰੋਗਰਾਮ ਬਣਾਉਂਦਾ ਹੈ।”
ਮੁੱਖ ਪ੍ਰਾਪਤੀਆਂ 'ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਨੈਸ਼ਨਲ ਅਚੀਵਮੈਂਟ ਸਰਵੇ-2024 ਵਿੱਚ ਪੰਜਾਬ ਨੇ ਕੇਰਲਾ ਨੂੰ ਵੀ ਪਛਾੜ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ ਜਦੋਂ ਕਿ ਗੁਜਰਾਤ 16ਵੇਂ ਅਤੇ ਹਰਿਆਣਾ ਲਗਭਗ 7ਵੇਂ ਜਾਂ 8ਵੇਂ ਸਥਾਨ 'ਤੇ ਹੈ। ਇਹ ਪ੍ਰਾਪਤੀ ਸਾਡੇ ਸਰਕਾਰੀ ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਹੈ।”
ਉਨ੍ਹਾਂ ਕਿਹਾ, “ਹਾਲ ਹੀ ਦੇ ਸਾਲਾਂ ਵਿੱਚ 740 ਵਿਦਿਆਰਥੀਆਂ ਨੇ ਜੇ.ਈ.ਈ. ਪ੍ਰੀਖਿਆ ਅਤੇ 1284 ਨੇ ਨੀਟ ਪ੍ਰੀਖਿਆ ਪਾਸ ਕੀਤੀ ਹੈ। ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਸਰਵੇਖਣ ਵਿੱਚ ਰਾਸ਼ਟਰੀ ਔਸਤ ਨਾਲੋਂ 18 ਫੀਸਦ ਵੱਧ ਅੰਕ ਪ੍ਰਾਪਤ ਕੀਤੇ ਹਨ।”
ਸੰਸਥਾਗਤ ਵਿਸਥਾਰ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, “118 ਸਕੂਲ ਆਫ਼ ਐਮੀਨੈਂਸ ਸਥਾਪਤ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿੱਚੋਂ 60 ਪਹਿਲਾਂ ਹੀ ਕਾਰਜਸ਼ੀਲ ਹਨ। ਇਹ ਸਕੂਲ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਯੋਗਤਾਵਾਂ ਅਤੇ ਰੁਚੀਆਂ ਦੇ ਅਨੁਸਾਰ ਸਿੱਖਿਆ ਪ੍ਰਦਾਨ ਕਰਕੇ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਮਦਦ ਕਰ ਰਹੇ ਹਨ। ਪਹਿਲੀ ਵਾਰ 24 ਲੱਖ ਮਾਪਿਆਂ ਨੇ ਮੈਗਾ ਪੀ.ਟੀ.ਐਮ. ਵਿੱਚ ਹਿੱਸਾ ਲਿਆ ਹੈ।”
ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਸਕੂਲਾਂ ਵਿੱਚ 30,000 ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ ਪ੍ਰਦਾਨ ਕੀਤੀਆਂ ਗਈਆਂ ਹਨ ਅਤੇ ਮੈਡੀਕਲ ਤੇ ਨਾਨ-ਮੈਡੀਕਲ ਸਮੇਤ ਹਰ ਸਟਰੀਮ ਦੀ ਪੜ੍ਹਾਈ ਉਪਲਬਧ ਹੈ। ਇਸਦੇ ਨਾਲ ਹੀ ਵਿਦਿਆਰਥੀਆਂ ਨੂੰ ਆਰਮਡ ਫੋਰਸਿਜ਼ ਪ੍ਰੈਪਰੇਟਰੀ, ਨੀਟ, ਜੇ.ਈ.ਈ., ਅਤੇ ਕਲੈਟ ਵਰਗੀਆਂ ਪ੍ਰੀਖਿਆਵਾਂ ਲਈ ਕੋਚਿੰਗ ਵੀ ਪ੍ਰਦਾਨ ਕੀਤੀ ਜਾ ਰਹੀ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤੋਂ ਇਲਾਵਾ ਸਕੂਲ ਆਫ਼ ਐਮੀਨੈਂਸ ਅਤੇ ਸਰਕਾਰੀ ਸਕੂਲਾਂ ਵਿੱਚ ਲੜਕੀਆਂ ਲਈ ਮੁਫ਼ਤ ਬੱਸ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ ਤਾਂ ਜੋ ਕੋਈ ਵੀ ਲੜਕੀ ਸਿੱਖਿਆ ਤੋਂ ਵਾਂਝੀ ਨਾ ਰਹੇ, ਜਿਸ ਦਾ ਲਗਭਗ 15,500 ਵਿਦਿਆਰਥੀ ਲਾਭ ਉਠਾ ਰਹੇ ਹਨ।
ਉਨ੍ਹਾਂ ਅੱਗੇ ਕਿਹਾ ਕਿ ਅਪ੍ਰੈਲ 2022 ਤੋਂ 14,525 ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ ਅਤੇ ਸਿੱਖਿਆ ਵਿਭਾਗ ਦੇ 12,316 ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕੀਤਾ ਗਿਆ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਅਸੀਂ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਲਈ ਵਿਸ਼ਵ ਪੱਧਰੀ ਸਿਖਲਾਈ ਵੀ ਯਕੀਨੀ ਬਣਾ ਰਹੇ ਹਾਂ।
ਸਮਰੱਥਾ ਨਿਰਮਾਣ ਬਾਰੇ ਵਿਸਥਾਰ ਵਿੱਚ ਦੱਸਦਿਆਂ ਉਨ੍ਹਾਂ ਕਿਹਾ ਕਿ ਇਸ ਉਦੇਸ਼ ਲਈ 264 ਸਿੱਖਿਆ ਅਧਿਕਾਰੀਆਂ, ਪ੍ਰਿੰਸੀਪਲਾਂ ਅਤੇ ਅਧਿਆਪਕਾਂ ਦੇ ਅੱਠ ਬੈਚ ਸਿੰਗਾਪੁਰ ਭੇਜੇ ਗਏ ਹਨ। ਇਸ ਦੇ ਨਾਲ ਹੀ 216 ਪ੍ਰਾਇਮਰੀ ਅਧਿਆਪਕਾਂ ਦੇ ਤਿੰਨ ਬੈਚ ਫਿਨਲੈਂਡ ਦੇ ਤੁਰਕੂ ਵਿਖੇ ਸਿਖਲਾਈ ਲਈ ਭੇਜੇ ਗਏ। ਪੰਜ ਬੈਚ ਆਈ.ਆਈ.ਐਮ. ਅਹਿਮਦਾਬਾਦ ਭੇਜੇ ਗਏ, ਜਿੱਥੇ 249 ਮੁੱਖ ਅਧਿਆਪਕਾਂ ਨੇ ਲੀਡਰਸ਼ਿਪ ਸਿਖਲਾਈ ਹਾਸਲ ਕੀਤੀ। ਅੰਮ੍ਰਿਤਸਰ ਦੇ ਸੈਂਸਰਾ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੋਂ ਸਾਇੰਸ ਅਧਿਆਪਕਾ ਗਗਨਦੀਪ ਕੌਰ ਨੇ ਕੈਲੀਫੋਰਨੀਆ ਸਟੇਟ ਯੂਨੀਵਰਸਿਟੀ, ਅਮਰੀਕਾ ਵਿਖੇ ਦੋ ਮਹੀਨਿਆਂ ਦੇ ਪ੍ਰੋਗਰਾਮ ਵਿੱਚ ਹਿੱਸਾ ਲਿਆ, ਜੋ ਸਾਡੇ ਅਧਿਆਪਕਾਂ ਦੇ ਸਮਰਪਣ ਅਤੇ ਸਮਰੱਥਾ ਨੂੰ ਦਰਸਾਉਂਦਾ ਹੈ।
ਬੁਨਿਆਦੀ ਢਾਂਚੇ ਅਤੇ ਸੁਰੱਖਿਆ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਸਰਕਾਰੀ ਸਕੂਲਾਂ ਵਿੱਚ ਸਹੀ ਰੱਖ-ਰਖਾਅ ਅਤੇ ਸੁਰੱਖਿਆ ਨੂੰ ਯਕੀਨੀ ਬਣਾ ਰਹੇ ਹਾਂ। ਇਸ ਉਦੇਸ਼ ਲਈ ਕੁੱਲ 1,932 ਕੈਂਪਸ ਮੈਨੇਜਰ, 1,323 ਸੁਰੱਖਿਆ ਗਾਰਡ, 7,876 ਸਫਾਈ ਕਰਮਚਾਰੀ ਅਤੇ 1,792 ਚੌਕੀਦਾਰ ਭਰਤੀ ਕੀਤੇ ਗਏ ਹਨ। ਇਸ ਦੇ ਨਾਲ ਹੀ 20 ਕਰੋੜ ਰੁਪਏ ਦੇ ਬਜਟ ਨਾਲ ਸਾਰੇ ਸਰਕਾਰੀ ਸਕੂਲਾਂ ਵਿੱਚ ਹਾਈ-ਸਪੀਡ ਫਾਈਬਰ ਵਾਈ-ਫਾਈ ਸਹੂਲਤ ਦਿੱਤੀ ਗਈ ਹੈ, ਜਿਸ ਨਾਲ ਪੰਜਾਬ ਇਹ ਪਹਿਲਕਦਮੀ ਕਰਨ ਵਾਲਾ ਦੇਸ਼ ਦਾ ਇਕਲੌਤਾ ਸੂਬਾ ਬਣ ਗਿਆ ਹੈ।
ਉਨ੍ਹਾਂ ਅੱਗੇ ਕਿਹਾ ਕਿ ਇਸ ਦੇ ਨਾਲ ਹੀ ਨਵੇਂ ਕਲਾਸਰੂਮ, ਸਾਇੰਸ ਲੈਬਾਟਰੀਆਂ, ਕੰਪਿਊਟਰ ਲੈਬਾਂ, ਬਹੁ-ਮੰਤਵੀ ਕਮਰੇ, ਰਸੋਈਆਂ, ਮੈਡੀਕਲ ਕਮਰੇ, ਹੈੱਡ ਰੂਮ, ਖੇਡ ਦੇ ਮੈਦਾਨ ਅਤੇ ਮੁੰਡਿਆਂ ਤੇ ਕੁੜੀਆਂ ਲਈ ਵੱਖਰੇ ਪਖਾਨੇ ਬਣਾਏ ਗਏ ਹਨ। ਵਿਦਿਆਰਥੀਆਂ ਨੂੰ ਹੁਣ ਸਮੇਂ ਸਿਰ ਕਿਤਾਬਾਂ ਮਿਲਦੀਆਂ ਹਨ ਅਤੇ ਮੁਫਤ ਵਰਦੀਆਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ 25 ਸਰਕਾਰੀ ਸਕੂਲਾਂ ਦਾ ਨਾਮ ਸ਼ਹੀਦਾਂ, ਆਜ਼ਾਦੀ ਘੁਲਾਟੀਆਂ ਅਤੇ ਉੱਘੀਆਂ ਸ਼ਖਸੀਅਤਾਂ ਦੇ ਨਾਮ 'ਤੇ ਰੱਖਿਆ ਗਿਆ ਹੈ।
ਨਵੀਨਤਾ ਤੇ ਖੋਜ ਦੀ ਦਿਸ਼ਾ ਵਿੱਚ ਚੁੱਕੇ ਕਦਮਾਂ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ ਕਿ ਬਿਜ਼ਨਸ ਬਲਾਸਟਰ ਸਕੀਮ ਵਿਦਿਆਰਥੀਆਂ ਵਿੱਚ ਉੱਦਮੀ ਸੋਚ ਨੂੰ ਉਤਸ਼ਾਹਿਤ ਕਰਨ ਲਈ ਸ਼ੁਰੂ ਕੀਤੀ ਗਈ ਹੈ, ਜਿਨ੍ਹਾਂ ਨੇ ਆਪਣੇ ਨਵੀਨਤਮ ਸੋਚ ਤੇ ਵਿਚਾਰਾਂ ਰਾਹੀਂ ਸਮੂਹਿਕ ਤੌਰ 'ਤੇ 70 ਕਰੋੜ ਰੁਪਏ ਕਮਾਏ ਹਨ। ਪੰਜਾਬ ਪਹਿਲਾ ਸੂਬਾ ਹੈ ਜਿਸ ਨੇ 11ਵੀਂ ਜਮਾਤ ਵਿੱਚ ਉੱਦਮਤਾ ਨੂੰ ਇੱਕ ਵਿਸ਼ੇ ਵਜੋਂ ਪੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਵਿਦਿਆਰਥੀਆਂ ਨੂੰ ਨੌਕਰੀ ਤਲਾਸ਼ਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਵਾਲੇ ਬਣਾਉਣਾ ਹੈ।
ਸਕੂਲ ਮੈਂਟਰਸ਼ਿਪ ਪ੍ਰੋਗਰਾਮ (ਵਿਦਿਆਰਥੀਆਂ ਨੂੰ ਸੇਧ ਦੇਣ ਦਾ ਉਪਰਾਲਾ) 'ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪ੍ਰੋਗਰਾਮ ਪਹਿਲੀ ਵਾਰ ਸ਼ੁਰੂ ਕੀਤਾ ਗਿਆ ਹੈ, ਜਿੱਥੇ ਆਈ.ਏ.ਐਸ., ਆਈ.ਪੀ.ਐਸ. ਅਤੇ ਸੀਨੀਅਰ ਅਧਿਕਾਰੀ ਵਿਦਿਆਰਥੀਆਂ ਦਾ ਮਾਰਗਦਰਸ਼ਨ ਕਰਦੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਮਨਾਉਣ ਦੇ ਹਿੱਸੇ ਵਜੋਂ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੇ ਮਹਾਨ ਜੀਵਨ ਅਤੇ ਲਾਮਿਸਾਲ ਕੁਰਬਾਨੀ ਬਾਰੇ ਜਾਗਰੂਕ ਕਰਨ ਲਈ 15 ਦਿਨਾਂ ਦਾ ਪ੍ਰੋਗਰਾਮ ਕਰਵਾਇਆ ਕੀਤਾ ਗਿਆ ਸੀ।
ਉਚੇਰੀ ਸਿੱਖਿਆ ਸੁਧਾਰਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਨੇ ਦੇਸ਼ ਦੀ ਪਹਿਲੀ ‘ਡਿਜੀਟਲ ਓਪਨ ਯੂਨੀਵਰਸਿਟੀ ਨੀਤੀ-2026’ ਪੇਸ਼ ਕੀਤੀ ਹੈ। ਸ੍ਰੀ ਆਨੰਦਪੁਰ ਸਾਹਿਬ ਵਿਖੇ ਗੁਰੂ ਤੇਗ਼ ਬਹਾਦਰ ਜੀ ਦੇ ਨਾਮ 'ਤੇ ਇੱਕ ਵਿਸ਼ਵ ਪੱਧਰੀ ਯੂਨੀਵਰਸਿਟੀ ਸਥਾਪਿਤ ਕੀਤੀ ਜਾਵੇਗੀ। ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਨੇ ਪਿੰਡਾਂ ਦੇ ਵਿਦਿਆਰਥੀਆਂ ਲਈ ਪਹੁੰਚ ਨੂੰ ਬਿਹਤਰ ਬਣਾਉਣ ਲਈ ‘ਪੰਜਾਬੀ-ਫਸਟ ਨੀਤੀ’ ਲਾਗੂ ਕੀਤੀ ਹੈ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਸਰਕਾਰੀ ਡਿਗਰੀ ਕਾਲਜਾਂ ਲਈ ਔਨਲਾਈਨ ਦਾਖਲਾ ਪੋਰਟਲ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ 10 ਨਵੇਂ ਡਿਗਰੀ ਕਾਲਜਾਂ ਦੀ ਯੋਜਨਾ ਬਣਾਈ ਗਈ ਹੈ ਅਤੇ ਅਜਨਾਲਾ ਦੇ ਬਿਕਰੌਰ ਵਿਖੇ ਇੱਕ ਕਾਲਜ ਦੀ ਉਸਾਰੀ ਚੱਲ ਰਹੀ ਹੈ।”
ਉਨ੍ਹਾਂ ਅੱਗੇ ਕਿਹਾ ਕਿ ਭਾਸ਼ਾਈ ਅਤੇ ਸੱਭਿਆਚਾਰਕ ਪਹਿਲਕਦਮੀਆਂ ਨੂੰ ਮਜ਼ਬੂਤੀ ਦੇਣ ਲਈ ਪੰਜਾਬ ਭਾਸ਼ਾ ਐਕਟ ਤਹਿਤ ਸਰਕਾਰੀ ਕੰਮਕਾਜ ਵਿੱਚ ਪੰਜਾਬੀ ਨੂੰ 100 ਫੀਸਦੀ ਲਾਜ਼ਮੀ ਬਣਾਇਆ ਗਿਆ ਹੈ। ਪੰਜਾਬੀ ਸਾਹਿਤ ਦਾ ਡਿਜੀਟਾਈਜ਼ੇਸ਼ਨ ਚੱਲ ਰਿਹਾ ਹੈ ਅਤੇ ਹੁਣ ਤੱਕ 18,550 ਕਿਤਾਬਾਂ ਡਿਜੀਟਾਈਜ਼ ਕੀਤੀਆਂ ਜਾ ਚੁੱਕੀਆਂ ਹਨ। ਇਸ ਤੋਂ ਇਲਾਵਾ 592 ਦੁਰਲੱਭ ਹੱਥ-ਲਿਖਤਾਂ ਦੀ ਸੰਭਾਲ ਦੇ ਨਾਲ-ਨਾਲ ਇਨ੍ਹਾਂ ਨੂੰ ਡਿਜੀਟਾਈਜ਼ ਕੀਤਾ ਗਿਆ ਹੈ ਅਤੇ 100 ਤੋਂ ਵੱਧ ਕਿਤਾਬਾਂ ਹੁਣ ਔਨਲਾਈਨ ਉਪਲਬਧ ਹਨ।
ਉਨ੍ਹਾਂ ਅੱਗੇ ਕਿਹਾ ਕਿ ‘ਸ਼ਬਦਮਾਲਾ ਈ-ਡਿਕਸ਼ਨਰੀ’ ਨੂੰ ਕਈ ਪੰਜਾਬੀ ਸ਼ਬਦਕੋਸ਼ਾਂ ਦੇ ਨਾਲ ਐਂਡਰਾਇਡ ਐਪ ਵਜੋਂ ਲਾਂਚ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਨਵੀਂ ਦਿੱਲੀ ਦੇ ਪੰਜਾਬ ਭਵਨ ਵਿਖੇ 60 ਉੱਘੀਆਂ ਪੰਜਾਬੀ ਸਾਹਿਤਕ ਸ਼ਖਸੀਅਤਾਂ ਦੀਆਂ ਤਸਵੀਰਾਂ ਲਾਈਆਂ ਗਈਆਂ ਹਨ ਅਤੇ ਪੰਜਾਬੀ, ਹਿੰਦੀ ਤੇ ਉਰਦੂ ਵਿੱਚ ਸਰਵੋਤਮ ਕਿਤਾਬਾਂ ਲਈ ਪੁਰਸਕਾਰ ਵੀ ਵੰਡੇ ਗਏ ਹਨ।

 

ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਹੋਰ ਮੌਜੂਦ ਸਨ।

ਏਅਰਲਾਈਨਾਂ ਨੇ ਨੋਟਿਸ ਮੁਤਾਬਕ ਆਪਣੇ ਸਮੇਂ ਵਿੱਚ ਕੀਤਾ ਬਦਲਾਅ
ਅੰਮਿ੍ਰਤਸਰ/ਬਿਊਰੋ ਨਿਊਜ਼  
ਭਾਰਤੀ ਹਵਾਈ ਅੱਡਾ ਅਥਾਰਟੀ ਨੇ ਅੰਮਿ੍ਰਤਸਰ ’ਚ ਕੌਮਾਂਤਰੀ ਹਵਾਈ ਅੱਡੇ ’ਤੇ ਰਨਵੇਅ ਅਤੇ ਹੋਰ ਬੁਨਿਆਦੀ ਢਾਂਚੇ ਦੇ ਕੰਮਾਂ ਕਾਰਨ ਗਰਮੀਆਂ ਦੇ ਸੀਜ਼ਨ ਲਈ ਉਡਾਣਾਂ ਦੇ ਸਮੇਂ ਵਿੱਚ ਆਰਜ਼ੀ ਤਬਦੀਲੀ ਦਾ ਐਲਾਨ ਕੀਤਾ ਹੈ। ਏਅਰਪੋਰਟ ਅਥਾਰਟੀ ਵੱਲੋਂ ਜਾਰੀ ਕੀਤੇ ਗਏ ਨੋਟਿਸ ਅਨੁਸਾਰ, ਭਲਕੇ 1 ਅਪਰੈਲ 2026 ਤੋਂ 27 ਸਤੰਬਰ 2026 ਤੱਕ ਰਨਵੇਅ ਦੇ ਨਵੀਨੀਕਰਨ ਦਾ ਕੰਮ ਚੱਲੇਗਾ। ਨਵੇਂ ਸ਼ਡਿਊਲ ਮੁਤਾਬਕ, ਹਵਾਈ ਅੱਡੇ ਦਾ ਰਨਵੇਅ ਰੋਜ਼ਾਨਾ ਦੁਪਹਿਰ 1:45 ਵਜੇ ਤੋਂ ਰਾਤ 9:45 ਵਜੇ ਤੱਕ ਉਡਾਣਾਂ ਲਈ ਬੰਦ ਰਹੇਗਾ। ਇਸ 8 ਘੰਟੇ ਦੇ ਵਕਫੇ ਦੌਰਾਨ ਕੋਈ ਵੀ ਉਡਾਣ ਨਾ ਤਾਂ ਉਤਰ ਸਕੇਗੀ ਅਤੇ ਨਾ ਹੀ ਉਡਾਣ ਭਰ ਸਕੇਗੀ। ਸਾਰੀਆਂ ਏਅਰਲਾਈਨਾਂ ਨੇ ਇਸ ਨੋਟਿਸ ਦੇ ਮੁਤਾਬਕ ਆਪਣੇ ਸਮੇਂ ਵਿੱਚ ਬਦਲਾਅ ਕਰ ਲਿਆ ਹੈ। ਰਾਤ 9:45 ਵਜੇ ਤੋਂ ਬਾਅਦ ਰਨਵੇਅ ਨੂੰ ਦੁਬਾਰਾ ਸੰਚਾਲਣ ਲਈ ਖੋਲ੍ਹ ਦਿੱਤਾ ਜਾਵੇਗਾ। ਹਵਾਈ ਅੱਡੇ ਦੇ ਡਾਇਰੈਕਟਰ ਭੁਪਿੰਦਰ ਸਿੰਘ ਨੇ ਦੱਸਿਆ ਕਿ 3658 ਮੀਟਰ ਲੰਬੇ ਰਨਵੇਅ ਦੀ ਮੁਰੰਮਤ ਬੇਹੱਦ ਜ਼ਰੂਰੀ ਹੈ ਤਾਂ ਜੋ ਵੱਡੇ ਜਹਾਜ਼ਾਂ ਦੀ ਸੁਰੱਖਿਅਤ ਆਵਾਜਾਈ ਯਕੀਨੀ ਬਣਾਈ ਜਾ ਸਕੇ। ਇਸ ਤੋਂ ਇਲਾਵਾ ਹੋਰ ਵੀ ਕਈ ਸੁਧਾਰ ਕੀਤੇ ਜਾਣਗੇ। ਏਅਰਪੋਰਟ ਅਥਾਰਟੀ ਨੇ ਯਾਤਰੀਆਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਹਵਾਈ ਅੱਡੇ ’ਤੇ ਜਾਣ ਤੋਂ ਪਹਿਲਾਂ ਆਪਣੀ ਸਬੰਧਤ ਏਅਰਲਾਈਨ ਤੋਂ ਉਡਾਣ ਦੇ ਬਦਲੇ ਹੋਏ ਸਮੇਂ ਦੀ ਪੁਸ਼ਟੀ ਜ਼ਰੂਰ ਕਰ ਲੈਣ।

 

ਮੰਡੀ ਗੋਬਿੰਦਗੜ੍ਹ, 30 ਮਾਰਚ: ਵਿਸ਼ਵ ਤਪਦਿਕ ਦਿਵਸ 2026 ਨੂੰ ਮਨਾਉਣ ਦੇ ਮੌਕੇ 'ਤੇ, ਦੇਸ਼ ਭਗਤ ਆਯੁਰਵੈਦਿਕ ਕਾਲਜ ਅਤੇ ਹਸਪਤਾਲ ਨੇ ਵਿਦਿਆਰਥੀਆਂ ਅਤੇ ਫੈਕਲਟੀ ਨੂੰ ਤਪਦਿਕ ਅਤੇ ਇਸਦੀ ਰੋਕਥਾਮ ਬਾਰੇ ਜਾਗਰੂਕ ਕਰਨ ਲਈ ਇੱਕ ਜਾਗਰੂਕਤਾ ਭਾਸ਼ਣ ਕਰਵਾਇਆ ਗਿਆ।
ਇਹ ਪ੍ਰੋਗਰਾਮ ਕੈਂਪਸ ਦੇ ਡਾਇਰੈਕਟਰ ਡਾ. ਕੁਲਭੂਸ਼ਣ ਅਤੇ ਪ੍ਰਿੰਸੀਪਲ ਡਾ. ਹੇਮ ਰਾਜ ਦੀ ਅਗਵਾਈ ਹੇਠ ਕਰਵਾਇਆ ਗਿਆ। ਮੁੱਖ ਬੁਲਾਰੇ, ਰੋਗ ਨਿਦਾਨ ਏਵਮ ਵਿਕ੍ਰਤੀ ਵਿਗਿਆਨ ਵਿਭਾਗ ਵਿੱਚ ਸਹਾਇਕ ਪ੍ਰੋਫੈਸਰ ਡਾ. ਇੰਦੂ ਨੇ ਤਪਦਿਕ ਬਾਰੇ ਵਿਸਤ੍ਰਿਤ ਭਾਸ਼ਣ ਦਿੱਤਾ। ਉਨ੍ਹਾਂ ਨੇ ਬਿਮਾਰੀ ਦੇ ਕਾਰਨਾਂ, ਲੱਛਣਾਂ, ਸੰਚਾਰ ਦੇ ਤਰੀਕਿਆਂ ਅਤੇ ਨੁਕਸਾਨਦੇਹ ਪ੍ਰਭਾਵਾਂ ਬਾਰੇ ਦੱਸਿਆ, ਨਾਲ ਹੀ ਪ੍ਰਭਾਵਸ਼ਾਲੀ ਰੋਕਥਾਮ ਉਪਾਵਾਂ 'ਤੇ ਵੀ ਚਾਨਣਾ ਪਾਇਆ। ਜਲਦੀ ਪਤਾ ਲਗਾਉਣ, ਸਹੀ ਇਲਾਜ ਅਤੇ ਭਾਈਚਾਰਕ ਪੱਧਰ 'ਤੇ ਜਾਗਰੂਕਤਾ ਫੈਲਾਉਣ 'ਤੇ ਜ਼ੋਰ ਦਿੱਤਾ ਗਿਆ।
ਇਸ ਸੈਸ਼ਨ ਵਿੱਚ ਬੀਏਐਮਐਸ ਦੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਦੀ ਸਰਗਰਮ ਭਾਗੀਦਾਰੀ ਦੇਖਣ ਨੂੰ ਮਿਲੀ, ਜਿਨ੍ਹਾਂ ਨੇ ਜਾਣਕਾਰੀ ਭਰਪੂਰ ਚਰਚਾ ਤੋਂ ਲਾਭ ਉਠਾਇਆ।
ਇਸ ਮੌਕੇ ਹਾਜ਼ਰ ਫੈਕਲਟੀ ਮੈਂਬਰਾਂ ਵਿੱਚ ਡਾ: ਅਮਨਦੀਪ ਸ਼ਰਮਾ, ਵਾਈਸ-ਪ੍ਰਿੰਸੀਪਲ ਅਤੇ ਐਸੋਸੀਏਟ ਪ੍ਰੋਫੈਸਰ, ਅਗਦਤੰਤਰ ਵਿਭਾਗ, ਡਾ: ਹਰੀ ਨਾਥ ਮਿਸ਼ਰਾ, ਪ੍ਰੋਫੈਸਰ, ਸ਼ਾਲਕਿਆ ਤੰਤਰ ਵਿਭਾਗ, ਡਾ: ਸ਼ਾਰਦਿੰਦੂ ਸ਼ਰਮਾ, ਪ੍ਰੋਫੈਸਰ, ਰੋਗ ਨਿਦਾਨ ਵਿਭਾਗ, ਈਵਮ ਵਿਕ੍ਰਿਤੀ ਵਿਗਿਆਨ, ਡਾ: ਵਿਨਾਇਕ, ਵਿਨਾਇਕ ਵਿਭਾਗ ਦੇ ਪ੍ਰੋ: ਵਿਨਾਇਕ, ਡਾ. ਮਧੂ ਜੋਸ਼ੀ, ਪ੍ਰੋਫੈਸਰ, ਪ੍ਰਸੂਤੀ ਤੰਤਰ ਇਵਮ ਸਤਰੀ ਰੋਗ ਵਿਭਾਗ, ਡਾ. ਨਿਸ਼ਾਂਤ ਪਾਈਕਾ, ਐਸੋਸੀਏਟ ਪ੍ਰੋਫੈਸਰ, ਕਿਰਿਆ ਸ਼ਰੀਰ ਵਿਭਾਗ, ਡਾ. ਸੁਨਯਨਾ ਮਹਾਜਨ, ਸਹਾਇਕ ਪ੍ਰੋਫੈਸਰ, ਰਚਨਾ ਸ਼ਰੀਰ ਵਿਭਾਗ, ਡਾ. ਕੰਚਨ ਸ਼ਰਮਾ ਅਤੇ ਡਾ. ਨਿਸ਼ਾ ਕੇ.ਯੂ., ਸਹਾਇਕ ਪ੍ਰੋਫੈਸਰ, ਰਾਸ ਸ਼ਾਸਤਰ ਵਿਭਾਗ, ਪੋ. ਕਲਾਜ ਸਹਾਇਕ ਪ੍ਰੋਫ਼ੈਸਰ ਡਾ. ਪ੍ਰੋਫੈਸਰ, ਸ਼ੈਲਿਆ ਤੰਤਰ ਵਿਭਾਗ ਅਤੇ ਰਾਜੇਂਦਰ ਪ੍ਰਸਾਦ, ਸਹਾਇਕ ਪ੍ਰੋਫੈਸਰ, ਸੰਹਿਤਾ ਸਿਧਾਂਤ ਇਵਮ ਸੰਸਕ੍ਰਿਤ ਵਿਭਾਗ।
ਲੈਕਚਰ ਦਾ ਸਮਾਪਨ ਇੱਕ ਸੰਦੇਸ਼ ਨਾਲ ਹੋਇਆ ਜਿਸ ਵਿੱਚ ਜਾਗਰੂਕਤਾ, ਸਮੇਂ ਸਿਰ ਨਿਦਾਨ ਅਤੇ ਇਲਾਜ ਪ੍ਰੋਟੋਕੋਲ ਦੀ ਪਾਲਣਾ ਰਾਹੀਂ ਤਪਦਿਕ ਨੂੰ ਕੰਟਰੋਲ ਕਰਨ ਵਿੱਚ ਸਮੂਹਿਕ ਜ਼ਿੰਮੇਵਾਰੀ 'ਤੇ ਜ਼ੋਰ ਦਿੱਤਾ ਗਿਆ।

ਇਕ ਲੜਕੀ ਨਾਲ ਛੇੜਛਾੜ ਅਤੇ ਮਾਰਕੁੱਟ ਦੇ ਲਾਲਪੁਰਾ ਖਿਲਾਫ ਲੱਗੇ ਸੀ ਇਲਜ਼ਾਮ
ਚੰਡੀਗੜ੍ਹ/ਬਿਊਰੋ ਨਿਊਜ਼    
ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਸਾਲ 2013 ਦੇ ਇੱਕ ਮਾਮਲੇ ਵਿੱਚ ਤਰਨਤਾਰਨ ਅਦਾਲਤ ਵਲੋਂ ਦੋਸ਼ੀ ਕਰਾਰ ਦਿੱਤੇ ਗਏ ਲਾਲਪੁਰਾ ਸਬੰਧੀ ਫੈਸਲੇ ਨੂੰ, ਅਦਾਲਤ ਨੇ ਰੱਦ ਕਰ ਦਿੱਤਾ ਹੈ ਅਤੇ ਲਾਲਪੁਰਾ ਸਣੇ ਹੋਰਾਂ ਨੂੰ ਵੀ ਇਸ ਕੇਸ ਵਿਚੋਂ ਬਰੀ ਕਰ ਦਿੱਤਾ ਗਿਆ ਹੈ। ਇਸ ਦੇ ਚੱਲਦਿਆਂ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਲਾਲਪੁਰਾ ਦੇ ਬਰੀ ਹੋਣ ’ਤੇ ਸਵਾਲ ਚੁੱਕੇ ਹਨ। ਜਾਖੜ ਨੇ ਕਿਹਾ ਕਿ ਭਾਵੇਂ ਵਿਧਾਇਕ ਕਾਨੂੰਨੀ ਤੌਰ ’ਤੇ ਬਰੀ ਹੋ ਗਏ ਹਨ, ਪਰ ਪੀੜਤਾਂ ਵਲੋਂ ਵਿਧਾਇਕ ਲਾਲਪੁਰਾ ਖਿਲਾਫ ਲੰਮੀ ਲੜਾਈ ਗਈ ਹੈ। ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਖਿਲਾਫ ਸਵਾਲ ਚੁੱਕੇ ਹਨ। ਜਾਖੜ ਨੇ ਕਿਹਾ ਕਿਹਾ ਕਿ ਲਾਲਪੁਰਾ ਦਾ ਨਾਮ ਵੀ ਹੁਣ ਆਮ ਆਦਮੀ ਪਾਰਟੀ ਦੇ ਉਨ੍ਹਾਂ ਵਿਧਾਇਕਾਂ ’ਚ ਜੁੜ ਗਿਆ ਹੈ, ਜਿਹੜੇ ਭਗਵੰਤ ਮਾਨ ਸਰਕਾਰ ਕੋਲੋਂ ਕਲੀਨ ਚਿੱਟ ਲੈ ਕੇ ਘੁੰਮ ਰਹੇ ਹਨ। ਜ਼ਿਕਰਯੋਗ ਹੈ ਕਿ ਇਹ ਪੂਰਾ ਮਾਮਲਾ 2013 ਦਾ ਹੈ। ਉਸ ਸਮੇਂ ਵਿਧਾਇਕ ਲਾਲਪੁਰਾ ਟੈਕਸੀ ਡਰਾਈਵਰ ਸੀ ਅਤੇ ਉਸ ਖਿਲਾਫ ਵਿਆਹ ਸਮਾਗਮ ਵਿਚ ਆਈ ਇਕ ਲੜਕੀ ਨਾਲ ਮਾਰਕੁੱਟ ਕਰਨ ਦਾ ਇਲਜ਼ਾਮ ਲੱਗਾ ਸੀ। ਲੜਕੀ ਨੇ ਵਿਧਾਇਕ ਲਾਲਪੁਰਾ ਖਿਲਾਫ ਛੇੜਛਾੜ ਦਾ ਵੀ ਇਲਜ਼ਾਮ ਲਗਾਇਆ ਸੀ। ਇਸ ਤੋਂ ਬਾਅਦ ਤਰਨਤਾਰਨ ਪੁਲਿਸ ਨੇ ਲਾਲਪੁਰਾ ਨੂੰ ਗਿ੍ਰਫਤਾਰ ਕਰ ਲਿਆ ਸੀ ਅਤੇ ਅਦਾਲਤ ਨੇ ਉਸ ਨੂੰ ਜੇਲ੍ਹ ਭੇਜ ਦਿੱਤਾ ਸੀ।

ਨਵੀਂ ਦਿੱਲੀ/ਬਿਊਰੋ ਨਿਊਜ਼
ਪੰਜਾਬ ਰਾਜ ਆਫਤ ਪ੍ਰਬੰਧਨ ਅਥਾਰਿਟੀ ਨੇ ਅਗਲੇ 24 ਘੰਟਿਆਂ ਦੌਰਾਨ ਸੂਬੇ ਦੇ ਗੁਰਦਾਸਪੁਰ, ਹੁਸ਼ਿਆਰਪੁਰ, ਪਠਾਨਕੋਟ, ਰੂਪਨਗਰ ਅਤੇ ਐਸਏਐਸ ਨਗਰ ਦੇ ਕੁਝ ਹਿੱਸਿਆਂ ਵਿਚ ਗਰਜ-ਚਮਕ ਦੇ ਨਾਲ ਮੀਂਹ, ਗੜ੍ਹੇਮਾਰੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਉਂਦੇ ਹੋਏ ਅਲਰਟ ਜਾਰੀ ਕੀਤਾ ਹੈ। ਪੰਜਾਬ ਰਾਜ ਆਫਤ ਪ੍ਰਬੰਧਨ ਦੇ ਅਧਿਕਾਰੀਆਂ ਨੇ ਅਲਰਟ ਵਿਚ ਕਿਹਾ ਹੈ ਕਿ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿਚ 112 ’ਤੇ ਕਾਲ ਕੀਤੀ ਜਾ ਸਕਦੀ ਹੈ। ਖੇਤੀਬਾੜੀ ਨਾਲ ਸਬੰਧਤ ਮਾਹਿਰਾਂ ਦਾ ਮੰਨਣਾ ਹੈ ਕਿ ਮੌਸਮ ਵਿਚ ਪੱਛਮੀ ਵਿਗਾੜ ਦੇ ਚੱਲਦਿਆਂ ਜੇਕਰ ਜ਼ਿਆਦਾ ਮੀਂਹ ਪੈਂਦਾ ਹੈ ਅਤੇ ਤੇਜ਼ ਹਵਾਵਾਂ ਚੱਲਦੀਆਂ ਹਨ ਤਾਂ ਪੱਕਣ ਦੇ ਕੰਢੇ ਪਹੁੰਚ ਚੁੱਕੀ ਕਣਕ ਦਾ ਝਾੜ ਘਟ ਸਕਦਾ ਹੈ। ਅਜਿਹੇ ਮੌਸਮ ਨੇ ਕਿਸਾਨਾਂ ਦੀ  ਫਿਕਰਮੰਦੀ ਹੋਰ ਵਧਾ ਦਿੱਤੀ ਹੈ।

ਚੰਡੀਗੜ੍ਹ : ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰਾਂ (ਡੀ.ਐਫ.ਐਸ.ਸੀ) ਨੂੰ ਸੂਬੇ ਦੀਆਂ ਮੰਡੀਆਂ ਵਿੱਚ ਬਾਹਰਲੇ ਰਾਜਾਂ ਤੋਂ ਕਣਕ ਦੀ ਵਿਕਰੀ ‘ਤੇ ਬਾਜ਼ ਅੱਖ ਰੱਖਣ ਦੇ ਨਿਰਦੇਸ਼ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਇਸ ਸਬੰਧੀ ਖਾਸ ਕਰਕੇ ਸਰਹੱਦੀ ਜ਼ਿਲ੍ਹਿਆਂ ਵਿੱਚ ਸਖ਼ਤ ਨਿਗਰਾਨੀ ਰੱਖਣ ਲਈ ਕਿਹਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਪਹਿਲੀ ਅਪ੍ਰੈਲ ਤੋਂ ਸ਼ੁਰੂ ਹੋ ਰਹੇ ਕਣਕ ਦੇ ਖਰੀਦ ਸੀਜ਼ਨ ਨੂੰ ਬਿਨਾਂ ਕਿਸੇ ਮੁਸ਼ਕਿਲ ਦੇ ਨੇਪਰੇ ਚਾੜ੍ਹਨ ਦੇ ਸੰਕਲਪ ਨੂੰ ਦੁਹਰਾਉਂਦਿਆਂ ਕੈਬਨਿਟ ਮੰਤਰੀ ਨੇ ਡੀ.ਐਫ.ਐਸ.ਸੀਜ਼ ਨੂੰ ਨਿੱਜੀ ਤੌਰ 'ਤੇ ਮੰਡੀਆਂ ਦਾ ਦੌਰਾ ਕਰਕੇ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਖਰੀਦ ਸੀਜ਼ਨ ਦੌਰਾਨ ਕੋਈ ਵੀ ਕੁਤਾਹੀ ਨਾ ਹੋਵੇ।

ਡੀ.ਐਫ.ਐਸ.ਸੀਜ਼ ਅਤੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਵਿੱਚ ਆਉਣ ਵਾਲੇ ਖਰੀਦ ਸੀਜ਼ਨ ਦੀਆਂ ਤਿਆਰੀਆਂ ਦੀ ਸਮੀਖਿਆ ਕਰਦਿਆਂ ਸ੍ਰੀ ਕਟਾਰੂਚੱਕ ਨੇ ਅਧਿਕਾਰੀਆਂ ਨੂੰ ਹਰੇਕ ਮੰਡੀ ਵਿੱਚ ਸਾਫ਼-ਸਫ਼ਾਈ, ਬਿਜਲੀ ਅਤੇ ਪੀਣ ਵਾਲੇ ਸਾਫ਼ ਪਾਣੀ ਦੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਹੁਕਮ ਦਿੱਤੇ।

ਕੈਬਨਿਟ ਮੰਤਰੀ ਨੂੰ ਦੱਸਿਆ ਗਿਆ ਕਿ ਸੂਬੇ ਨੂੰ ਅਪ੍ਰੈਲ ਮਹੀਨੇ ਲਈ 30973 ਕਰੋੜ ਰੁਪਏ ਦੀ ਨਕਦ ਕਰਜ਼ਾ ਹੱਦ (ਸੀ.ਸੀ.ਐਲ.) ਪ੍ਰਾਪਤ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸੂਬੇ ਕੋਲ 122 ਲੱਖ ਮੀਟ੍ਰਿਕ ਟਨ (ਐਲਐਮਟੀ) ਕਣਕ ਦੀ ਖ਼ਰੀਦ ਦਾ ਟੀਚਾ ਹੈ। ਹਾਲਾਂਕਿ ਵਿਭਾਗ ਵੱਲੋਂ 132 ਐਲ.ਐਮ.ਟੀ. ਕਣਕ ਦੀ ਖਰੀਦ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ।

ਇਨ੍ਹਾਂ ਤਿਆਰੀਆਂ ਦੇ ਹਿੱਸੇ ਵਜੋਂ 1897 ਖਰੀਦ ਕੇਂਦਰਾਂ ਨੂੰ ਨੋਟੀਫਾਈ ਕੀਤਾ ਗਿਆ ਹੈ ਅਤੇ ਜ਼ਿਲ੍ਹਾ ਪੱਧਰੀ ਖਰੀਦ ਕਮੇਟੀਆਂ (ਡੀ.ਐਲ.ਪੀ.ਸੀਜ਼) ਤੋਂ ਹੋਰ 266 ਆਰਜ਼ੀ ਯਾਰਡਾਂ ਲਈ ਪ੍ਰਸਤਾਵ ਹਾਸਿਲ ਹੋਏ ਹਨ। ਉਨ੍ਹਾਂ ਦੱਸਿਆ ਕਿ ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) 2585 ਰੁਪਏ ਪ੍ਰਤੀ ਕੁਇੰਟਲ ਨਿਰਧਾਰਿਤ ਕੀਤਾ ਗਿਆ ਹੈ।

ਬਾਰਦਾਨੇ ਦੇ ਮੁੱਦੇ 'ਤੇ ਗੱਲ ਕਰਦਿਆਂ ਕੈਬਨਿਟ ਮੰਤਰੀ ਨੇ ਡੀ.ਐਫ.ਐਸ.ਸੀਜ਼ ਨੂੰ ਮੰਡੀਆਂ ਵਿੱਚ ਬਾਰਦਾਨੇ ਦੀ ਢੁਕਵੀਂ ਉਪਲਬਧਤਾ ਨੂੰ ਯਕੀਨੀ ਬਣਾਉਣ ਵਾਸਤੇ ਅੱਗੇ ਇਸਦੀ ਜ਼ਿੰਮੇਵਾਰੀ ਇੰਸਪੈਕਟਰਾਂ ਨੂੰ ਸੌਂਪਣ ਲਈ ਕਿਹਾ।

ਫ਼ਸਲ ਦੇ ਭੰਡਾਰਨ ਵਾਲੀ ਥਾਂ ਦੇ ਮੁੱਦੇ 'ਤੇ ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਪਿਛਲੇ ਸੀਜ਼ਨਾਂ ਦੀ ਉਪਜ ਨੂੰ ਚੁੱਕਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਨਿਯਮਿਤ ਅੰਤਰਾਲਾਂ 'ਤੇ ਕੇਂਦਰ ਸਰਕਾਰ ਕੋਲ ਇਹ ਮਾਮਲਾ ਉਠਾਇਆ ਗਿਆ ਹੈ ਤਾਂ ਜੋ ਆਉਣ ਵਾਲੇ ਸੀਜ਼ਨਾਂ ਦੀ ਉਪਜ ਲਈ ਢੁਕਵੀਂ ਜਗ੍ਹਾ ਦੀ ਉਪਲੱਬਧਾ ਨੂੰ ਯਕੀਨੀ ਬਣਾਇਆ ਜਾ ਸਕੇ। ਸ੍ਰੀ ਕਟਾਰੂਚੱਕ ਨੇ ਕਿਹਾ ਕਿ ਡੀਐਫਐਸਸੀਜ਼ ਭੰਡਾਰਨ ਵਾਲੀ ਥਾਂ ਦੇ ਸਬੰਧ ਵਿੱਚ ਆਪਣੇ-ਆਪਣੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ (ਡੀਸੀ) ਨਾਲ ਨਿਰੰਤਰ ਸੰਪਰਕ ਕਾਇਮ ਰੱਖਣ ਅਤੇ ਇਸ ਸਬੰਧੀ ਮੁੱਖ ਦਫ਼ਤਰ ਨੂੰ ਲਗਾਤਾਰ ਜਾਣੂੰ ਕਰਵਾਉਂਦੇ ਰਹਿਣ।

ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਮੰਡੀਆਂ ਵਿੱਚ ਤਰਪਾਲਾਂ, ਲੱਕੜ ਦੇ ਕਰੇਟ ਆਦਿ ਦੇ ਸਬੰਧ ਵਿੱਚ ਪੁਖਤਾ ਪ੍ਰਬੰਧਾਂ ਨੂੰ ਵੀ ਯਕੀਨੀ ਬਣਾਉਣ ਲਈ ਕਿਹਾ ਹੈ।

ਇਸਦੇ ਨਾਲ ਹੀ ਉਨ੍ਹਾਂ ਨੇ ਪੈਟਰੋਲ, ਡੀਜ਼ਲ ਅਤੇ ਐਲਪੀਜੀ ਸਪਲਾਈ ਦੇ ਮੁੱਦੇ 'ਤੇ ਭਰੋਸਾ ਦਿੱਤਾ ਅਤੇ ਕਿਹਾ ਕਿ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਇਨ੍ਹਾਂ ਵਸਤਾਂ ਦੀ ਸਪਲਾਈ ਨੂੰ ਕਾਇਮ ਰੱਖਣ ਲਈ ਤੇਲ ਮਾਰਕੀਟਿੰਗ ਕੰਪਨੀਆਂ ਨਾਲ ਤਾਲਮੇਲ ਰੱਖ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਸਪਲਾਈ ਦੀ ਨਿਗਰਾਨੀ ਅਤੇ ਜਨਤਾ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਇੱਕ ਰਾਜ ਪੱਧਰੀ ਕੰਟਰੋਲ ਰੂਮ ਨੰਬਰ 0172-2233001 ਸ਼ੁਰੂ ਕੀਤਾ ਗਿਆ ਹੈ। ਇਸ ਤੋਂ ਇਲਾਵ ਪੈਟਰੋਲੀਅਮ ਉਤਪਾਦਾਂ ਦੀ ਸਪਲਾਈ ਨੂੰ ਨਿਯਮਿਤ ਅਤੇ ਸੁਚਾਰੂ ਬਣਾਉਣ ਲਈ ਡਿਪਟੀ ਕਮਿਸ਼ਨਰਾਂ ਦੇ ਅਧੀਨ ਜ਼ਿਲ੍ਹਾ ਪੱਧਰੀ ਕਮੇਟੀਆਂ ਬਣਾਈਆਂ ਗਈਆਂ ਹਨ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ, ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ, ਵਧੀਕ ਡਾਇਰੈਕਟਰ ਡਾ. ਅੰਜੁਮਨ ਭਾਸਕਰ ਅਤੇ ਅਜੈਵੀਰ ਸਿੰਘ ਸਰਾਓ ਮੌਜੂਦ ਸਨ।

ਸੁਨੀਲ ਜਾਖੜ ਨੇ ਅੰਮਿ੍ਰਤਸਰ ’ਚ ਪ੍ਰੈਸ ਕਾਨਫਰੰਸ ਕਰਕੇ ਦਿੱਤੀ ਜਾਣਕਾਰੀ
ਅੰਮਿ੍ਰਤਸਰ/ਬਿਊਰੋ ਨਿਊਜ਼
ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਅੰਮਿ੍ਰਤਸਰ ’ਚ ਮੀਡੀਆ ਨਾਲ ਗੱਲ ਕਰਦੇ ਹੋਏ ਕਿਹਾ ਕਿ ਖੁਦਕੁਸ਼ੀ ਕਰਨ ਵਾਲੇ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਅਧਿਕਾਰੀ ਗਗਨਦੀਪ ਸਿੰਘ ਰੰਧਾਵਾ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਭਾਜਪਾ ਵਲੋਂ 4 ਅਪ੍ਰੈਲ ਨੂੰ ਧਰਨਾ ਦਿੱਤਾ ਜਾਵੇਗਾ। ਮੀਡੀਆ ਨਾਲ ਗੱਲਬਾਤ ਕਰਦਿਆਂ ਜਾਖੜ ਨੇ ਕਿਹਾ ਕਿ ਰੰਧਾਵਾ ਪਰਿਵਾਰ ਨੂੰ ਇਨਸਾਫ ਦਿਵਾਉਣ ਦੇ ਮਾਮਲੇ ਵਿਚ ਕਾਂਗਰਸ ਭੱਜ ਗਈ ਹੈ। ਉਹਨਾਂ ਕਿਹਾ ਕਿ ਕਾਂਗਰਸ ਨੇ ਰੰਧਾਵਾ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਸੀ.ਬੀ.ਆਈ. ਜਾਂਚ ਦੀ ਮੰਗ ਕੀਤੀ ਸੀ ਪਰ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਵੀ ਇਸ ਮਾਮਲੇ ਤੋਂ ਭੱਜ ਗਏ ਹਨ। ਉਹਨਾਂ ਕਿਹਾ ਕਿ ਭਾਜਪਾ ਵਲੋਂ ਸੀ.ਬੀ.ਆਈ. ਜਾਂਚ ਦੀ ਮੰਗ ਨੂੰ ਲੈ ਕੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਅਤੇ ਵਿਧਾਇਕਾਂ ਨਾਲ ਵੀ ਸੰਪਰਕ ਕੀਤਾ ਜਾਵੇਗਾ। ਉਧਰ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਾ ਜਦੋਂ ਪਾਰਟੀ ਦੇ ਮੀਤ ਪ੍ਰਧਾਨ ਅਤੇ ਖਰੜ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਚਰਨਜੀਤ ਸਿੰਘ ਕਾਲੇਵਾਲ ਚੰਡੀਗੜ੍ਹ ਵਿਚ ਭਾਜਪਾ ’ਚ ਸ਼ਾਮਲ ਹੋ ਗਏ ਹਨ। ਇਸ ਮੌਕੇ ਭਾਜਪਾ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਚਰਨਜੀਤ ਸਿੰਘ ਕਾਲੇਵਾਲ ਦਾ ਪਾਰਟੀ ਵਿਚ ਤਹਿ ਦਿਲੋਂ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸ਼ਾਮਿਲ ਹੋਣ ਨਾਲ ਭਾਜਪਾ ਨੂੰ ਪੰਜਾਬ ਵਿਚ ਹੋਰ ਮਜ਼ਬੂਤੀ ਮਿਲੇਗੀ।

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.