Thursday, 23 April 2026

ਕੜਾਕੇ ਦੀ ਠੰਡ ਅਤੇ ਸੰਘਣੀ ਧੁੰਦ ਕਰਕੇ ਸਰਕਾਰ ਨੇ ਲਿਆ ਫੈਸਲਾ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਸਰਕਾਰ ਨੇ ਕੜਾਕੇ ਦੀ ਠੰਡ ਅਤੇ ਸੰਘਣੀ ਧੁੰਦ ਨੂੰ ਦੇਖਦਿਆਂ ਸੂਬੇ ਦੇ ਸਕੂਲਾਂ ਦੀਆਂ ਛੁੱਟੀਆਂ ਵਧਾਉਣ ਦਾ ਫੈਸਲਾ ਕੀਤਾ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬੱਚਿਆਂ ਅਤੇ ਸਕੂਲ ਸਟਾਫ ਦੀ ਸਿਹਤ ਅਤੇ ਸੁਰੱਖਿਆ ਨੂੰ ਤਰਜੀਹ ਦਿੰਦੇ ਹੋਏ ਸੂਬੇ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਵਿੱਚ 13 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਇਸਦੇ ਚੱਲਦਿਆਂ ਹੁਣ ਸੂਬੇ ਦੇ ਸਾਰੇ ਸਕੂਲ 14 ਜਨਵਰੀ ਤੋਂ ਆਮ ਵਾਂਗ ਮੁੜ ਖੁੱਲ੍ਹਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਪੋਸਟ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਲਗਾਤਾਰ ਵੱਧ ਰਹੀ ਠੰਡ ਅਤੇ ਧੁੰਦ ਨੂੰ ਧਿਆਨ ਵਿੱਚ ਰੱਖਦਿਆਂ ਇਹ ਫੈਸਲਾ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸਕੂਲਾਂ ਵਿਚ ਛੁੱਟੀਆਂ 7 ਜਨਵਰੀ ਤੱਕ ਵਧਾਈਆਂ ਗਈਆਂ ਸਨ। 

ਸਕੱਤਰ ਪ੍ਰਤਾਪ ਸਿੰਘ ਦਾ ਦਾਅਵਾ : ਸ੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ਾਂ ਦਾ ਕੀਤਾ ਜਾ ਰਿਹਾ ਹੈ ਪਾਲਣ 

ਅੰਮਿ੍ਰਤਸਰ/ਬਿਊਰੋ ਨਿਊਜ਼  

ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ 328 ਪਾਵਨ ਸਰੂਪਾਂ ਨਾਲ ਜੁੜੇ ਮਾਮਲੇ ਵਿਚ ਆਪਣਾ ਰੁਖ ਸਪੱਸ਼ਟ ਕੀਤਾ ਹੈ। ਅੰਮਿ੍ਰਤਸਰ ਵਿਚ ਸ਼ੋ੍ਰਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਦੀ ਅਗਵਾਈ ਵਿਚ ਹੋਈ ਮੀਟਿੰਗ ਦੌਰਾਨ ਇਹ ਸਪੱਸ਼ਟ ਕੀਤਾ ਗਿਆ ਕਿ ਇਸ ਪੂਰੇ ਮਾਮਲੇ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ਾਂ ਦਾ ਪਾਲਣ ਕੀਤਾ ਜਾ ਰਿਹਾ ਹੈ। ਇਹ ਵੀ ਕਿਹਾ ਗਿਆ ਕਿ ਸ਼ੋ੍ਰਮਣੀ ਕਮੇਟੀ ਕਿਸੇ ਵੀ ਹਾਲਤ ਵਿਚ ਪੁਲਿਸ ਪ੍ਰਸ਼ਾਸਨ ਅਤੇ ਸਰਕਾਰ ਨੂੰ ਇਸ ਸਬੰਧੀ ਨਾ ਤਾਂ ਸਹਿਯੋਗ ਦੇਵੇਗੀ ਅਤੇ ਨਾ ਹੀ ਕੋਈ ਰਿਕਾਰਡ ਉਪਲਬਧ ਕਰਵਾਏਗੀ। ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿਚ ਜਿਨ੍ਹਾਂ ਕਰਮਚਾਰੀਆਂ ’ਤੇ ਇਲਜ਼ਾਮ ਲੱਗੇ ਸਨ, ਉਨ੍ਹਾਂ ਖਿਲਾਫ ਸ੍ਰੀ ਅਕਾਲ ਤਖਤ ਸਾਹਿਬ ਦੀ ਜਾਂਚ ਰਿਪੋਰਟ ਦੇ ਅਧਾਰ ’ਤੇ ਸ਼ੋ੍ਰਮਣੀ ਕਮੇਟੀ ਪਹਿਲਾਂ ਹੀ ਕਾਰਵਾਈ ਪੂਰੀ ਕਰ ਚੁੱਕੀ ਹੈ। ਪ੍ਰਤਾਪ ਸਿੰਘ ਨੇ ਕਿਹਾ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਕੌਮ ਦੀ ਆਪਣੀ ਸੰਸਥਾ ਹੈ ਅਤੇ ਇਸਦੇ ਖਿਲਾਫ ਕੀਤਾ ਜਾ ਰਿਹਾ ਝੂਠਾ ਪ੍ਰਚਾਰ ਇਸ ਸੰਸਥਾ ਨੂੰ ਨੁਕਸਾਨ ਪਹੁੰਚਾਉਣ ਵਾਲਾ ਹੈ।

ਅੰਮਿ੍ਰਤਸਰ/ਬਿਊਰੋ ਨਿਊਜ਼ 

ਪੰਜਾਬੀ ਗਾਇਕ ਰੰਮੀ ਰੰਧਾਵਾ ਖਿਲਾਫ ਪੁਲਿਸ ਨੇ ਹਥਿਆਰਾਂ ਦੀ ਨੁਮਾਇਸ਼ ਕਰਨ ਦੇ ਇਲਜ਼ਾਮਾਂ ਤਹਿਤ ਕੇਸ ਦਰਜ ਕੀਤਾ ਹੈ। ਰੰਮੀ ਰੰਧਾਵਾ ਅੰਮਿ੍ਰਤਸਰ ਜ਼ਿਲ੍ਹੇ ਵਿਚ ਪੈਂਦੇ ਕਸਬਾ ਅਜਨਾਲਾ ਦਾ ਰਹਿਣ ਵਾਲਾ ਹੈ। ਰੰਮੀ ਰੰਧਾਵਾ ਖਿਲਾਫ ਇਹ ਕਾਰਵਾਈ ਉਸਦੀ ਇਕ ਸ਼ੋਸ਼ਲ ਮੀਡੀਆ ਪੋਸਟ ਨੂੰ ਲੈ ਕੇ ਕੀਤੀ ਗਈ ਹੈ।  ਇਹ ਜਾਣਕਾਰੀ ਡੀ.ਐਸ.ਪੀ ਅਜਨਾਲਾ ਗੁਰਵਿੰਦਰ ਸਿੰਘ ਔਲਖ ਅਤੇ ਐਸ.ਐਚ.ਓ ਇੰਸਪੈਕਟਰ ਹਿਮਾਂਸ਼ੂ ਭਗਤ ਵਲੋਂ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕਿਸੇ ਵੀ ਵਿਅਕਤੀ ਨੂੰ ਸੋਸ਼ਲ ਮੀਡੀਆ ’ਤੇ ਅਜਿਹੀ ਹਰਕਤ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਜੋ ਵੀ ਵਿਅਕਤੀ ਸੋਸ਼ਲ ਮੀਡੀਆ ’ਤੇ ਹਥਿਆਰਾਂ ਦੀ ਨੁਮਾਇਸ਼ ਕਰਦਾ ਪਾਇਆ ਗਿਆ, ਉਸ ਖਿਲਾਫ ਸਖਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਮੰਡੀ ਗੋਬਿੰਦਗੜ੍ਹ, 5 ਜਨਵਰੀ: ਦੇਸ਼ ਭਗਤ ਯੂਨੀਵਰਸਿਟੀ (ਡੀਬੀਯੂ) ਦੇ ਯੂਨੀਵਰਸਿਟੀ ਸਕੂਲ ਆਫ਼ ਲਾਅ ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ (ਡੀਐਲਐਸਏ), ਫਤਿਹਗੜ੍ਹ ਸਾਹਿਬ ਦੇ ਸਹਿਯੋਗ ਨਾਲ ਅੱਜ ਮਹਾਂਪ੍ਰਗਿਆ ਸੈਮੀਨਾਰ ਹਾਲ ਵਿਖੇ "ਨਸ਼ਿਆਂ ਵਿਰੁੱਧ ਯੁਵਾ" ਵਿਸ਼ੇ 'ਤੇ ਇੱਕ ਜਾਗਰੂਕਤਾ ਸੈਮੀਨਾਰ ਦਾ ਸਫਲਤਾਪੂਰਵਕ ਆਯੋਜਨ ਕੀਤਾ। ਇਹ ਸੈਮੀਨਾਰ ਰਾਸ਼ਟਰੀ ਮੁਹਿੰਮ "ਨਸ਼ਿਆਂ ਨੂੰ ਨਾਂਹ ਕਹੋ" ਦੇ ਤਹਿਤ ਕਰਵਾਇਆ ਗਿਆ ਸੀ, ਜੋ ਸਮਾਜਿਕ ਜ਼ਿੰਮੇਵਾਰੀ ਅਤੇ ਯੁਵਾ ਸਸ਼ਕਤੀਕਰਨ ਪ੍ਰਤੀ ਯੂਨੀਵਰਸਿਟੀ ਦੀ ਮਜ਼ਬੂਤ ਵਚਨਬੱਧਤਾ ਦੀ ਪੁਸ਼ਟੀ ਕਰਦਾ ਹੈ।

ਇਸ ਪ੍ਰੋਗਰਾਮ ਨੂੰ ਉੱਘੇ ਮਹਿਮਾਨਾਂ ਸ਼੍ਰੀ ਅਰੁਣ ਗੁਪਤਾ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਤਿਹਗੜ੍ਹ ਸਾਹਿਬ ਅਤੇ ਸ਼੍ਰੀ ਅਸ਼ੋਕ ਕੁਮਾਰ ਚੌਹਾਨ, ਸੀਜੇਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਤਿਹਗੜ੍ਹ ਸਾਹਿਬ ਦੀ ਯੋਗ ਅਗਵਾਈ ਹੇਠ ਕਰਵਾਇਆ ਗਿਆ। ਇਹ ਸੈਮੀਨਾਰ ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ. ਜ਼ੋਰਾ ਸਿੰਘ; ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ ਅਤੇ ਵਾਈਸ-ਚਾਂਸਲਰ ਡਾ. ਹਰਸ਼ ਸਦਾਵਰਤੀ ਦੀ ਰਹਿਨਮਾਈ ਤਹਿਤ ਕਰਵਾਇਆ ਗਿਆ।

ਸੈਮੀਨਾਰ ਦੀ ਸ਼ੁਰੂਆਤ ਪਤਵੰਤਿਆਂ ਦੇ ਨਿੱਘੇ ਸਵਾਗਤ ਨਾਲ ਹੋਈ, ਇਸ ਤੋਂ ਬਾਅਦ ਨੌਜਵਾਨਾਂ ਵਿੱਚ ਨਸ਼ਿਆਂ ਦੀ ਵੱਧ ਰਹੀ ਦੁਰਵਰਤੋਂ ਦੇ ਖਤਰੇ ਨੂੰ ਉਜਾਗਰ ਕਰਨ ਵਾਲਾ ਉਦਘਾਟਨੀ ਭਾਸ਼ਣ ਦਿੱਤਾ ਗਿਆ।

ਇਸ ਮੌਕੇ ਸ਼੍ਰੀ ਅਸ਼ੋਕ ਚੌਹਾਨ ਨੇ ਨਸ਼ਿਆਂ ਦੀ ਦੁਰਵਰਤੋਂ ਦੇ ਮਨੋਵਿਗਿਆਨਕ, ਸਮਾਜਿਕ ਅਤੇ ਕਾਨੂੰਨੀ ਨਤੀਜਿਆਂ 'ਤੇ ਵਿਚਾਰ-ਵਟਾਂਦਰਾ ਕੀਤਾ, ਰੋਕਥਾਮ, ਜਾਗਰੂਕਤਾ ਅਤੇ ਪੁਨਰਵਾਸ ਵਿੱਚ ਵਿਦਿਅਕ ਸੰਸਥਾਵਾਂ ਦੀ ਮਹੱਤਵਪੂਰਨ ਭੂਮਿਕਾ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਐਨਡੀਪੀਐਸ ਐਕਟ ਦੇ ਤਹਿਤ ਮੁੱਖ ਕਾਨੂੰਨੀ ਪ੍ਰਬੰਧਾਂ, ਰੋਕਥਾਮ ਕਾਨੂੰਨੀ ਵਿਧੀਆਂ ਅਤੇ ਜਾਗਰੂਕਤਾ ਅਤੇ ਪੁਨਰਵਾਸ ਪਹਿਲਕਦਮੀਆਂ ਵਿੱਚ ਕਾਨੂੰਨੀ ਸੇਵਾਵਾਂ ਅਥਾਰਟੀਆਂ ਦੀ ਸਰਗਰਮ ਭੂਮਿਕਾ ਬਾਰੇ ਵਿਸਥਾਰ ਵਿੱਚ ਦੱਸਿਆ। ਸੈਮੀਨਾਰ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਬੁਲਾਰਿਆਂ ਨਾਲ ਗੱਲਬਾਤ ਕੀਤੀ, ਜਿਸ ਨਾਲ ਸੈਸ਼ਨ ਬਹੁਤ ਹੀ ਦਿਲਚਸਪ ਅਤੇ ਜਾਣਕਾਰੀ ਭਰਪੂਰ ਬਣ ਗਿਆ।

ਇਸ ਮੌਕੇ ਸ਼੍ਰੀ ਅਸ਼ੋਕ ਕੁਮਾਰ ਚੌਹਾਨ, ਸੀਜੇਐਮ-ਕਮ-ਸਕੱਤਰ, ਡੀਐਲਐਸਏ, ਫਤਿਹਗੜ੍ਹ ਸਾਹਿਬ ਨੇ ਦੇਸ਼ ਭਗਤ ਯੂਨੀਵਰਸਿਟੀ ਦੇ ਏਡੀਆਰ ਸੈਂਟਰ ਦਾ ਵੀ ਦੌਰਾ ਕੀਤਾ ਅਤੇ ਯੂਨੀਵਰਸਿਟੀ ਸਕੂਲ ਆਫ਼ ਲਾਅ ਦੇ ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਦੇ ਸਮਰਪਿਤ ਯਤਨਾਂ ਦੀ ਸ਼ਲਾਘਾ ਕੀਤੀ।

"ਨਸ਼ਿਆਂ ਵਿਰੁੱਧ ਯੁਵਾ" 'ਤੇ ਜਾਗਰੂਕਤਾ ਸੈਮੀਨਾਰ ਇੱਕ ਅਰਥਪੂਰਨ ਅਤੇ ਪ੍ਰਭਾਵਸ਼ਾਲੀ ਪਹਿਲਕਦਮੀ ਸਾਬਤ ਹੋਇਆ, ਜੋ ਵਿਦਿਆਰਥੀਆਂ ਨੂੰ ਨਸ਼ਿਆਂ ਦੀ ਦੁਰਵਰਤੋਂ ਦੇ ਮਹੱਤਵਪੂਰਨ ਮੁੱਦੇ ਪ੍ਰਤੀ ਸੰਵੇਦਨਸ਼ੀਲ ਬਣਾਉਂਦਾ ਹੈ। ਇਸ ਸਮਾਗਮ ਨੇ ਇਸ ਸੰਦੇਸ਼ ਨੂੰ ਹੋਰ ਮਜ਼ਬੂਤ ਕੀਤਾ ਕਿ ਨੌਜਵਾਨ ਦੇਸ਼ ਦੀ ਤਾਕਤ ਹਨ ਅਤੇ ਉਨ੍ਹਾਂ ਨੂੰ ਇੱਕ ਸਿਹਤਮੰਦ, ਨਸ਼ਾ ਮੁਕਤ ਸਮਾਜ ਵੱਲ ਲਹਿਰ ਦੀ ਅਗਵਾਈ ਕਰਨੀ ਚਾਹੀਦੀ ਹੈ।

ਕਿਹਾ : ਗਿਆਨੀ ਕੁਲਦੀਪ ਸਿੰਘ ਗੜਗੱਜ ਸਮੁੱਚੇ ਪੰਥ ਦੇ ਜਥੇਦਾਰ ਦੀ ਭੂਮਿਕਾ ਨਿਭਾਉਣ

ਬਠਿੰਡਾ/ਬਿਊਰੋ ਨਿਊਜ਼

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਬੇਨਤੀ ਕੀਤੀ ਹੈ। ਸੰਧਵਾਂ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਅੱਗੇ ਆਪਣੇ ਗੁਨਾਹ ਕਬੂਲ ਕਰਨ ਵਾਲੇ ਲੋਕਾਂ ਦੇ ਬੁਲਾਰੇ ਬਣਨ ਦੀ ਥਾਂ, ਜਥੇਦਾਰ ਗੜਗੱਜ ਸਮੁੱਚੇ ਪੰਥ ਦੇ ਜਥੇਦਾਰ ਦੀ ਭੂਮਿਕਾ ਨਿਭਾਉਣ। ਆਪਣੇ ਫੇਸਬੁੱਕ ਪੇਜ ’ਤੇ ਸੰਧਵਾਂ ਨੇ ਲਿਖਿਆ ਕਿ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਦੀ ਪਦਵੀ ਬੇਹੱਦ ਉੱਚੀ ਅਤੇ ਸਤਿਕਾਰਯੋਗ ਹੈ। ਪਰ ਐੱਸ. ਜੀ. ਪੀ. ਸੀ. ’ਤੇ ਕਾਬਜ਼ ਪਰਿਵਾਰ ਵੱਲੋਂ ਇਸ ਮਹਾਨ ਪਦਵੀ ਨੂੰ ਆਪਣੇ ਸਿਆਸੀ ਲਾਹੇ ਲਈ ਵਰਤਣ ਕਾਰਨ ਇਸਦੀ ਮਾਣ-ਮਰਿਆਦਾ ਨੂੰ ਭਾਰੀ ਠੇਸ ਪਹੁੰਚੀ ਹੈ। ਧਿਆਨ ਰਹੇ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ 15 ਜਨਵਰੀ ਨੂੰ ਸ੍ਰੀ ਅਕਾਲ ਤਖਤ ਸਾਹਿਬ ’ਤੇ ਤਲਬ ਕੀਤਾ ਗਿਆ। ਇਸ ਨੂੰ ਲੈ ਕੇ ਸੰਧਵਾਂ ਦੀ ਇਹ ਪ੍ਰਤੀਕਿਰਿਆ ਸਾਹਮਣੇ ਆਈ ਹੈ। ਮੀਡੀਆ ਵਿਚ ਇਹ ਵੀ ਚਰਚਾ ਚੱਲ ਰਹੀ ਹੈ ਕਿ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਵੀ ਇਕ ਪੁਰਾਣੇ ਮਾਮਲੇ ਵਿਚ ਸ੍ਰੀ ਅਕਾਲ ਤਖਤ ਸਾਹਿਬ ’ਤੇ ਤਲਬ ਕੀਤਾ ਜਾ ਸਕਦਾ ਹੈ। 

15 ਜਨਵਰੀ ਨੂੰ ਪੇਸ਼ ਹੋਣ ਦੇ ਹੁਕਮ ਜਾਰੀ

ਅੰਮਿ੍ਰਤਸਰ/ਬਿਊਰੋ ਨਿਊਜ਼

ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਖੇ 15 ਜਨਵਰੀ ਨੂੰ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਹਨ। ਮਿਲੀ ਜਾਣਕਾਰੀ ਮੁਤਾਬਕ ਇਹ ਕਾਰਵਾਈ ਗੁਰੂ ਘਰ ਦੀ ਗੋਲਕ ਨਾਲ ਸਬੰਧਤ ਦਿੱਤੇ ਗਏ ਬਿਆਨਾਂ ਨੂੰ ਲੈ ਕੇ ਕੀਤੀ ਗਈ ਹੈ। ਜਥੇਦਾਰ ਨੇ ਕਿਹਾ ਕਿ ਮੁੱਖ ਮੰਤਰੀ ਵਲੋਂ ਗੁਰੂ ਦੀ ਗੋਲਕ ਬਾਰੇ ਵਾਰ-ਵਾਰ ਕੀਤੀਆਂ ਗਈਆਂ ਇਤਰਾਜ਼ਯੋਗ ਟਿੱਪਣੀਆਂ ਕਾਰਨ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਜਿਸਦੇ ਚੱਲਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਖੇ ਮੁੱਖ ਮੰਤਰੀ ਨੂੰ ਤਲਬ ਕੀਤਾ ਗਿਆ ਹੈ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਗੁਰੂ ਘਰ ਨਾਲ ਜੁੜੇ ਮਾਮਲਿਆਂ ਵਿਚ ਪੂਰੀ ਗੰਭੀਰਤਾ ਅਤੇ ਮਰਿਆਦਾ ਦੀ ਪਾਲਣਾ ਹੋਣੀ ਚਾਹੀਦੀ ਹੈ। 

ਮੰਡੀ ਗੋਬਿੰਦਗੜ੍ਹ, 6 ਜਨਵਰੀ: ਦੇਸ਼ ਭਗਤ ਯੂਨੀਵਰਸਿਟੀ (ਡੀਬੀਯੂ) ਨੇ ਛੱਤੀਸਗੜ੍ਹ ਦੇ ਰਾਜਨੰਦਗਾਓਂ ਦੇ ਸੰਸਕਾਰ ਸਿਟੀ ਇੰਟਰਨੈਸ਼ਨਲ ਸਕੂਲ ਵਿੱਚ ਕਰਵਾਈ 9ਵੀਂ ਫੈਡਰੇਸ਼ਨ ਕੱਪ ਵੁਸ਼ੂ ਨੈਸ਼ਨਲ ਚੈਂਪੀਅਨਸ਼ਿਪ ਵਿੱਚ ਆਪਣੇ ਬੀਪੀਈਐਸ ਵਿਦਿਆਰਥੀਆਂ ਦੀਆਂ ਸ਼ਲਾਘਾਯੋਗ ਪ੍ਰਾਪਤੀਆਂ ਦਾ ਮਾਣ ਨਾਲ ਐਲਾਨ ਕੀਤਾ।

ਬੀਪੀਈਐਸ (ਬੈਚ 2025-26), ਪਹਿਲੇ ਸਮੈਸਟਰ ਦੇ ਵਿਦਿਆਰਥੀ ਹਿਮਾਂਸ਼ੂ ਨੇ ਰਾਸ਼ਟਰੀ ਪੱਧਰ ਦੀ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਗਮਾ ਜਿੱਤ ਕੇ ਅਸਾਧਾਰਨ ਹੁਨਰ, ਅਨੁਸ਼ਾਸਨ ਅਤੇ ਦ੍ਰਿੜਤਾ ਦਾ ਪ੍ਰਦਰਸ਼ਨ ਕੀਤਾ। ਉਸਦੀ ਪ੍ਰਾਪਤੀ ਵੁਸ਼ੂ ਖੇਡ ਪ੍ਰਤੀ ਉਸਦੀ ਸਖ਼ਤ ਸਿਖਲਾਈ ਅਤੇ ਸਮਰਪਣ ਦਾ ਪ੍ਰਮਾਣ ਹੈ।

ਯੂਨੀਵਰਸਿਟੀ ਦੇ ਮਾਣ ਵਿੱਚ ਵਾਧਾ ਕਰਦੇ ਹੋਏ, ਬੀਪੀਈਐਸ, 5ਵੇਂ ਸਮੈਸਟਰ ਦੀ ਵਿਦਿਆਰਥਣ ਸ਼੍ਰੀਮਤੀ ਜ਼ਿਆ ਨੇ ਫੈਡਰੇਸ਼ਨ ਕੱਪ ਵੁਸ਼ੂ ਚੈਂਪੀਅਨਸ਼ਿਪ ਵਿੱਚ ਵੀ ਕਾਂਸੀ ਦਾ ਤਗਮਾ ਪ੍ਰਾਪਤ ਕੀਤਾ। ਉਸਦੇ ਮਜ਼ਬੂਤ ਪ੍ਰਦਰਸ਼ਨ ਅਤੇ ਪ੍ਰਤੀਯੋਗੀ ਭਾਵਨਾ ਨੇ ਦੇਸ਼ ਭਗਤ ਯੂਨੀਵਰਸਿਟੀ ਨੂੰ ਰਾਸ਼ਟਰੀ ਖੇਡ ਵਿੱਚ ਹੋਰ ਮਾਨਤਾ ਦਿੱਤੀ।

ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ.ਜ਼ੋਰਾ ਸਿੰਘ, ਡਾ. ਤਜਿੰਦਰ ਕੌਰ ਪ੍ਰੋ-ਚਾਂਸਲਰ, ਵਾਈਸ ਚਾਂਸਲਰ ਡਾ: ਹਰਸ਼ ਸਦਾਵਰਤੀ, ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਦੋਵਾਂ ਪ੍ਰਾਪਤੀਆਂ ਕਰਨ ਵਾਲਿਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਭਵਿੱਖ ਦੇ ਖੇਡ ਯਤਨਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ ਹਨ। ਇਹ ਪ੍ਰਾਪਤੀਆਂ ਦੇਸ਼ ਭਗਤ ਯੂਨੀਵਰਸਿਟੀ ਦੀ ਖੇਡ ਉੱਤਮਤਾ ਨੂੰ ਉਤਸ਼ਾਹਿਤ ਕਰਨ ਅਤੇ ਰਾਸ਼ਟਰੀ ਪੱਧਰ 'ਤੇ ਐਥਲੈਟਿਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦੀਆਂ ਹਨ।

ਮਨੋਰੰਜਨ ਕਾਲੀਆ ਨੇ ਪੁੱਛਿਆ : ਏਨੀ ਵੱਡੀ ਰਾਸ਼ੀ ਕਿਥੋਂ ਆਵੇਗੀ

ਚੰਡੀਗੜ੍ਹ/ਬਿਊਰੋ ਨਿਊਜ਼  

ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਾਗੂ ਕਰਨ ਦੇ ਐਲਾਨ ਤੋਂ ਬਾਅਦ ਸਿਆਸੀ ਘਮਾਸਾਣ ਤੇਜ਼ ਹੋ ਗਿਆ ਹੈ। ਸਰਕਾਰ ਦਾ ਦਾਅਵਾ ਹੈ ਕਿ ਇਸ ਯੋਜਨਾ ਦੇ ਤਹਿਤ ਸੂਬੇ ਦੇ ਕਰੀਬ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ ਕਵਰ ਦਿੱਤਾ ਜਾਵੇਗਾ। ਇਸ ਯੋਜਨਾ ਦੇ ਲਈ ਯੂਨਾਈਟਿਡ ਇੰਡੀਆ ਇੰਸੋਰੈਂਸ ਕੰਪਨੀ ਨਾਲ ਸਮਝੌਤਾ ਕੀਤਾ ਗਿਆ ਹੈ। ਇਸਦੇ ਚੱਲਦਿਆਂ ਭਾਰਤੀ ਜਨਤਾ ਪਾਰਟੀ ਨੇ ਇਸ ਯੋਜਨਾ ਦੀ ਫੰਡਿੰਗ ਨੂੰ ਲੈ ਕੇ ਗੰਭੀਰ ਸਵਾਲ ਚੁੱਕੇ ਹਨ। ਪੰਜਾਬ ਭਾਜਪਾ ਦੇ ਆਗੂ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਅਤੇ ਵਿਨੀਤ ਜੋਸ਼ੀ ਨੇ ਕਿਹਾ ਹੈ ਕਿ ਪੰਜਾਬ ਤਾਂ ਪਹਿਲਾਂ ਹੀ ਕਰਜ਼ੇ ਵਿਚ ਫਸਿਆ ਹੋਇਆ ਹੈ ਅਤੇ ਇਸ ਯੋਜਨਾ ਦੇ ਲਈ ਏਨੀ ਵੱਡੀ ਰਾਸ਼ੀ ਕਿੱਥੋਂ ਆਵੇਗੀ। ਉਨ੍ਹਾਂ ਕਿਹਾ ਕਿ ਇਸ ਨੂੰ ਲੈ ਕੇ ਕਾਨੂੰਨੀ ਅਤੇ ਵਿੱਤੀ ਦੋਵੇਂ ਤਰ੍ਹਾਂ ਦੇ ਸਵਾਲ ਖੜ੍ਹੇ ਹੋ ਰਹੇ ਹਨ।  

 

ਹਾਈਡਰੋ ਪ੍ਰੋਜੈਕਟਾਂ ’ਤੇ ਨਵਾਂ ਟੈਕਸ ਲਗਾਉਣ ਨਾਲ ਦੋਵਾਂ ਸੂਬਿਆਂ ਵਿਚਾਲੇ ਵਧਿਆ ਕਲੇਸ਼ 

ਚੰਡੀਗੜ੍ਹ/ਬਿਊਰੋ ਨਿਊਜ਼      

ਪੰਜਾਬ ’ਤੇ ਹਿਮਾਚਲ ਪ੍ਰਦੇਸ਼ ਵਲੋਂ ਭੌਂ ਮਾਲੀਆ ਸੈਸ ਲਗਾਏ ਜਾਣ ਤੋਂ ਬਾਅਦ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿਚਾਲੇ ਹੁਣ ਸਿਆਸੀ ਕਲੇਸ਼ ਛਿੜ ਗਿਆ ਹੈ। ਇਸੇ ਦੌਰਾਨ ਆਮ ਆਦਮੀ ਪਾਰਟੀ ਨੇ ਹਿਮਾਚਲ ਪ੍ਰਦੇਸ਼ ਦੀ ਕਾਂਗਰਸ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ ਹੈ ਅਤੇ ਪੰਜਾਬ ਕਾਂਗਰਸ ’ਤੇ ਵੀ ਸਵਾਲ ਚੁੱਕੇ ਹਨ। ਦੱਸਣਯੋਗ ਹੈ ਕਿ ਹਿਮਾਚਲ ਸਰਕਾਰ ਨੇ ਗਜ਼ਟ ਨੋਟੀਫਿਕੇਸ਼ਨ ਜਾਰੀ ਕਰਕੇ ਹਾਈਡਰੋ ਪ੍ਰੋਜੈਕਟ ’ਤੇ  ‘ਭੌਂ ਮਾਲੀਆ ਸੈਸ’ ਲਗਾ ਦਿੱਤਾ ਹੈ। ਇਸਦੇ ਚੱਲਦਿਆਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੂੰ ਇਸ ਸੈਸ ਵਜੋਂ ਹਰ ਸਾਲ ਕਰੀਬ 433 ਕਰੋੜ ਰੁਪਏ ਤਾਰਨੇ ਪੈਣਗੇ। ਦੱਸਿਆ ਜਾ ਰਿਹਾ ਹੈ ਕਿ ਹਿਮਾਚਲ ਦੇ ਭੌਂ ਮਾਲੀਆ ਸੈਸ ਦਾ ਕਰੀਬ 200 ਕਰੋੜ ਰੁਪਏ ਦਾ ਵਿੱਤੀ ਬੋਝ ਇਕੱਲੇ ਪੰਜਾਬ ’ਤੇ ਪਵੇਗਾ, ਜਦੋਂ ਕਿ ਹਰਿਆਣਾ ਅਤੇ ਰਾਜਸਥਾਨ ਵੀ ਇਸ ਨਾਲ ਪ੍ਰਭਾਵਿਤ ਹੋਣਗੇ। ਆਮ ਆਦਮੀ ਪਾਰਟੀ ਦੇ ਬੁਲਾਰੇ ਨੀਲ ਗਰਗ ਨੇ ਹਿਮਾਚਲ ਦੇ ਭੌਂ ਮਾਲੀਆ ਸੈਸ ਨੂੰ ਸਿੱਧੇ ਤੌਰ ’ਤੇ ਪੰਜਾਬ ਦੀ ਜੇਬ ’ਤੇ ਹਮਲਾ ਕਰਾਰ ਦਿੱਤਾ ਹੈ।

ਮੰਤਰੀ ਲਾਲਜੀਤ ਭੁੱਲਰ ਦਾ ਦਾਅਵਾ : ਪਹਿਲੇ ਪੜਾਅ ’ਚ ਕਈ ਨੌਜਵਾਨ ਮੁੱਖਧਾਰਾ ’ਚ ਪਰਤੇ

ਤਰਨਤਾਰਨ/ਬਿਊਰੋ ਨਿਊਜ਼ 

ਪੰਜਾਬ ਵਿਚ ‘ਵਾਰ ਔਨ ਡਰੱਗ’ ਅਭਿਆਨ ਦਾ ਦੂਜਾ ਪੜਾਅ ਅੱਜ 5 ਜਨਵਰੀ ਤੋਂ ਸ਼ੁਰੂ ਹੋ ਗਿਆ ਹੈ। ਇਸਦਾ ਉਦੇਸ਼ ਪੰਜਾਬ ਨੂੰ ਨਸ਼ਾਮੁਕਤ ਬਣਾਉਣਾ ਹੈ। ਇਸਦੇ ਚੱਲਦਿਆਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪੱਟੀ ਸਥਿਤ ਆਪਣੇ ਕੈਂਪ ਦਫਤਰ ਵਿਚ ਲੋਕਾਂ ਦੀਆਂ ਸਮੱਸਿਆਵਾਂ ਸੁਨਣ ਤੋਂ ਬਾਅਦ ਮੀਡੀਆ ਨਾਲ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ। ਮੰਤਰੀ ਭੁੱਲਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤਹਿਤ ‘ਵਾਰ ਔਨ ਡਰੱਗ’ ਅਭਿਆਨ ਦੇ ਪਹਿਲੇ ਪੜਾਅ ਦੀ ਸਫਲਤਾ ਤੋਂ ਬਾਅਦ ਇਹ ਦੂਜਾ ਪੜਾਅ ਸ਼ੁਰੂ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਪਹਿਲੇ ਪੜਾਅ ਤਹਿਤ ਕਈ ਨੌਜਵਾਨ ਮੁੱਖਧਾਰਾ ਵਿਚ ਵਾਪਸ ਪਰਤੇ ਹਨ ਅਤੇ ਉਹ ਨੌਜਵਾਨ ਹੁਣ ਨਸ਼ੇ ਤੋਂ ਦੂਰ ਰਹਿਣ ਲਈ ਹੋਰ ਵਿਅਕਤੀਆਂ ਨੂੰ ਵੀ ਪ੍ਰੇਰਿਤ ਕਰਨਗੇ। ਮੰਤਰੀ ਨੇ ਦੱਸਿਆ ਕਿ ਪਿੰਡਾਂ ਅਤੇ ਸ਼ਹਿਰੀ ਵਾਰਡਾਂ ਵਿਚ ਘਰ-ਘਰ ਜਾ ਕੇ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ। ਮੰਤਰੀ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਨਸ਼ਾ ਤਸਕਰਾਂ ਦੇ ਖਿਲਾਫ ਸਖਤ ਕਾਰਵਾਈ ਕਰਨ ਲਈ ਵਚਨਬੱਧ ਹੈ। 

ਕਿਹਾ : ਹਿਮਾਚਲ ਸਰਕਾਰ ਦੇ ਫੈਸਲੇ ਖਿਲਾਫ ਕਰਾਂਗੇ ਅਦਾਲਤ ਦਾ ਰੁਖ

ਚੰਡੀਗੜ੍ਹ/ਬਿਊਰੋ ਨਿਊਜ਼  

ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹਿਮਾਚਲ ਸਰਕਾਰ ਵਲੋਂ ਭੌਂ ਮਾਲੀਆ ਸੈਸ ਲਗਾਏ ਜਾਣ ਦੇ ਫੈਸਲੇ ਦੇ ਖਿਲਾਫ ਅਦਾਲਤ ਦਾ ਰੁਖ ਕਰਨ ਦੀ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ ਹਿਮਾਚਲ ਸਰਕਾਰ ਨੇ ਬਿਨਾ ਕਿਸੇ ਹਿੱਸੇਦਾਰ ਸੂੁਬਿਆਂ ਨਾਲ ਮਸ਼ਵਰਾ ਕੀਤੇ ਭੌਂ ਮਾਲੀਆ ਸੈਸ ਲਗਾਉਣ ਦਾ ਫੈਸਲਾ ਕੀਤਾ ਹੈ। ਮੰਤਰੀ ਗੋਇਲ ਨੇ ਹਿਮਾਚਲ ਸਰਕਾਰ ਦੇ ਇਸ ਫੈਸਲੇ ਨੂੰ ਗੈਰਵਾਜਿਬ ਦੱਸਿਆ ਹੈ। ਜਲ ਸਰੋਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਭਾਖੜਾ-ਬਿਆਸ ਮੈਨੇਜਮੈਂਟ ਬੋਰਡ ਕੋਲ ਆਪਣਾ ਇਤਰਾਜ਼ ਦਰਜ ਕਰਾ ਦਿੱਤਾ ਹੈ, ਪਰ ਬੀਬੀਐਮਬੀ ਔਖੇ ਸਮਿਆਂ ਵਿਚ ਪੰਜਾਬ ਨਾਲ ਕਦੇ ਵੀ ਖੜ੍ਹੀ ਨਹੀਂ ਹੋਈ। ਉਨ੍ਹਾਂ ਕਿਹਾ ਕਿ ਪਹਾੜਾਂ ਦਾ ਬਰਸਾਤੀ ਪਾਣੀ ਪੰਜਾਬ ਵਿਚ ਹੜ੍ਹਾਂ ਦਾ ਕਾਰਨ ਬਣਿਆ ਅਤੇ ਪੰਜਾਬ ਨੂੰ ਹਮੇਸ਼ਾ ਹੀ ਇਸਦਾ ਖਾਮਿਆਜ਼ਾ ਭੁਗਤਣਾ ਪਿਆ ਹੈ। 

ਖੁਦਕੁਸ਼ੀ ਦਾ ਕਾਰਨ ਦੱਸਿਆ ਜਾ ਰਿਹਾ ਹੈ ਗਰੀਬੀ

ਅੰਮਿ੍ਰਤਸਰ/ਬਿਊਰੋ ਨਿਊਜ਼

ਅੰਮਿ੍ਰਤਸਰ ਜ਼ਿਲ੍ਹੇ ਦੀ ਪੁਲਿਸ ਚੌਕੀ ਕੱਕੜ ਅਧੀਨ ਆਉਂਦੇ ਪਿੰਡ ਸ਼ਹੂਰਾ ਵਿਖੇ ਗਰੀਬੀ ਤੋਂ ਤੰਗ ਆ ਕੇ 2 ਮਾਸੂਮ ਬੱਚੀਆਂ ਸਣੇ ਪਿਤਾ ਵਲੋਂ ਜ਼ਹਿਰੀਲੀ ਦਵਾਈ ਪੀ ਕੇ ਆਤਮ ਹੱਤਿਆ ਕਰਨ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਮਿ੍ਰਤਕ ਲਵਪ੍ਰੀਤ ਸਿੰਘ ਰੁਜ਼ਗਾਰ ਨਾ ਮਿਲਣ ਕਰਕੇ ਪ੍ਰੇਸ਼ਾਨ ਰਹਿੰਦਾ ਸੀ। ਦੱਸਿਆ ਗਿਆ ਹੈ ਕਿ ਲਵਪ੍ਰੀਤ ਸਿੰਘ ਨੇ ਆਪਣੀਆਂ ਦੋ ਬੱਚੀਆਂ 8 ਸਾਲਾਂ ਦੀ ਜਸਪ੍ਰੀਤ ਕੌਰ ਅਤੇ 6 ਸਾਲਾਂ ਦੀ ਵੀਰਪਾਲ ਕੌਰ ਨੂੰ ਜ਼ਹਿਰੀਲੀ ਦਵਾਈ ਦੇ ਕੇ ਖੁਦ ਵੀ ਜ਼ਹਿਰੀਲੀ ਦਵਾਈ ਪੀ ਲਈ ਅਤੇ ਇਨ੍ਹਾਂ ਤਿੰਨਾਂ ਦੀ ਜਾਨ ਚਲੇ ਗਈ। ਇਸ ਸਬੰਧੀ ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.