Friday, 24 April 2026

ਹਿਸਾਰ ਨੇੜੇ ਵੀ ਸੜਕ ਹਾਦਸੇ ’ਚ 4 ਨੌਜਵਾਨਾਂ ਦੀ ਗਈ ਜਾਨ

ਮੰਡੀ ਅਹਿਮਦਗੜ੍ਹ/ਬਿਊਰੋ ਨਿਊਜ਼ 

ਮੰਡੀ ਅਹਿਮਦਗੜ੍ਹ ਦੇ ਜਗੇੜਾ ਪੁਲ ਨੇੜੇ ਸਰਹਿੰਦ ਨਹਿਰ ਵਿੱਚ ਟੈਂਪੂ ਡਿੱਗਣ ਨਾਲ ਮਾਣਕਵਾਲ ਪਿੰਡ ਦੇ 6 ਵਿਅਕਤੀਆਂ ਦੀ ਮੌਤ ਹੋ ਗਈ ਹੈ। ਇਸ ਨੂੰ ਲੈ ਕੇ ਮਲੇਰਕੋਟਲਾ ਜ਼ਿਲ੍ਹੇ ਦੇ ਪਿੰਡ ਮਾਣਕਵਾਲ ’ਚ ਸੋਗ ਦੀ ਲਹਿਰ ਹੈ। ਮਿ੍ਰਤਕਾਂ ਦੀ ਪਛਾਣ ਮਨਜੀਤ ਕੌਰ (58), ਜਰਨੈਲ ਸਿੰਘ (55), ਅਕਾਸ਼ਦੀਪ ਸਿੰਘ (8) ਤੇ ਸੁਖਮਨ ਕੌਰ (ਡੇਢ ਸਾਲ) ਵਜੋਂ ਹੋਈ ਹੈ ਅਤੇ 5 ਵਿਅਕਤੀ ਲਾਪਤਾ ਵੀ ਦੱਸੇ ਜਾ ਰਹੇ ਹਨ। ਦੱਸਿਆ ਗਿਆ ਕਿ ਦਲਿਤ ਪਰਿਵਾਰਾਂ ਨਾਲ ਸਬੰਧਤ ਇਹ ਵਿਅਕਤੀ ਇਕ ਟੈਂਪੂ ਰਾਹੀਂ ਧਾਰਮਿਕ ਸਥਾਨ ਨੈਣਾ ਦੇਵੀ ਤੋਂ ਵਾਪਸ ਆ ਰਹੇ ਸਨ। ਇਸ ਦੌਰਾਨ ਟੈਂਪੂ ਜਗੇੜਾ ਪੁਲ ਨੇੜੇ ਸਰਹਿੰਦ ਨਹਿਰ ਵਿੱਚ ਡਿੱਗ ਗਿਆ। ਉਧਰ ਦੂਜੇ ਪਾਸੇ ਹਰਿਆਣਾ ਦੇ ਹਿਸਾਰ ਜ਼ਿਲ੍ਹੇ ਵਿੱਚ ਵੀ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਚਾਰ ਨੌਜਵਾਨਾਂ ਦੀ ਮੌਤ ਹੋ ਗਈ। ਇਹ ਹਾਦਸਾ ਅਗਰੋਹਾ ਦੇ ਨੰਗਥਲਾ ਪਿੰਡ ਨੇੜੇ ਵਾਪਰਿਆ, ਜਿੱਥੇ ਇੱਕ ਕਰੇਟਾ ਕਾਰ ਅਤੇ ਖਾਦ ਨਾਲ ਭਰੇ ਟਰੱਕ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਕਾਰ ਵਿੱਚ ਸਵਾਰ ਚਾਰੇ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਨਵੀਂ ਭਰਤੀ ਸਣੇ ਕਈ ਮੁੱਦਿਆਂ ’ਤੇ ਹੋਵੇਗਾ ਵਿਚਾਰ

ਚੰਡੀਗੜ੍ਹ/ਬਿਊਰੋ ਨਿਊਜ਼ 

ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਭਲਕੇ ਸ਼ੁੱਕਰਵਾਰ ਨੂੰ ਕੈਬਨਿਟ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ’ਤੇ ਦੁਪਹਿਰੇ 12 ਵਜੇ ਹੋਵੇਗੀ। ਇਸ ਮੀਟਿੰਗ ’ਚ ਨਵੀਂ ਭਰਤੀ ਸਣੇ ਕਈ ਮੁੱਦਿਆਂ ’ਤੇ ਵਿਚਾਰ ਹੋਵੇਗੀ। ਮੰਨਿਆ ਜਾ ਰਿਹਾ ਹੈ ਕਿ ਕੁਝ ਵਿਭਾਗਾਂ ਵਿਚ ਨਵੀਂ ਭਰਤੀ ਅਤੇ ਵਿਕਾਸ ਦੇ ਏਜੰਡਿਆਂ ’ਤੇ ਮੋਹਰ ਲੱਗ ਸਕਦੀ ਹੈ। ਇਸ ਤੋਂ ਪਹਿਲਾਂ ਲੈਂਡ ਪੂਲਿੰਗ ਮੁੱਦੇ ’ਤੇ ਚਰਚਾ ਵੀ ਹੋਈ ਸੀ। ਇਹ ਮੀਟਿੰਗ ਇਸ ਲਈ ਵੀ ਅਹਿਮ ਮੰਨੀ ਜਾ ਰਹੀ ਹੈ ਕਿ ਆਉਣ ਵਾਲੇ ਦਿਨਾਂ ਵਿਚ ਵਿਧਾਨ ਸਭਾ ਹਲਕਾ ਤਰਨਤਾਰਨ ਵਿਚ ਜ਼ਿਮਨੀ ਚੋਣ ਵੀ ਹੋਣੀ ਹੈ ਅਤੇ ਸਰਕਾਰ ਦੀ ਕੋਸ਼ਿਸ਼ ਰਹੇਗੀ ਕਿ ਇਸ ਹਲਕੇ ਵਿਚ ਵਿਕਾਸ ਕਾਰਜ ਕਰਵਾਏ ਜਾਣ।  

 

ਬੈਰਕ ਬਦਲੀ ਮਾਮਲੇ ਦੀ ਸੁਣਵਾਈ ਵੀ ਹੁਣ 2 ਅਗਸਤ ਨੂੰ ਹੋਵੇਗੀ

ਮੁਹਾਲੀ/ਬਿਊਰੋ ਨਿਊਜ਼  

ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਮੁਹਾਲੀ ਦੀ ਅਦਾਲਤ ਨੇ 30 ਜੁਲਾਈ ਤੱਕ ਮੁਲਤਵੀ ਕਰ ਦਿੱਤੀ ਹੈ। ਧਿਆਨ ਰਹੇ ਕਿ ਮਜੀਠੀਆ ਆਮਦਨ ਦੇ ਸਰੋਤਾਂ ਤੋਂ ਜ਼ਿਆਦਾ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਘਿਰੇ ਹੋਏ ਹਨ ਅਤੇ ਉਹ ਨਾਭਾ ਦੀ ਜੇਲ੍ਹ ਵਿਚ ਬੰਦ ਹਨ। ਇਸੇ ਦੌਰਾਨ ਮਜੀਠੀਆ ਦੀ ਬੈਰਕ ਬਦਲੀ ਦੀ ਅਰਜ਼ੀ ਸਬੰਧੀ ਏ.ਡੀ.ਜੀ.ਪੀ. ਜੇਲ੍ਹਾਂ ਵਲੋਂ ਇਕ ਸੀਲਬੰਦ ਰਿਪੋਰਟ ਅਦਾਲਤ ਵਿਚ ਦਾਇਰ ਕੀਤੀ ਗਈ ਹੈ, ਪਰ ਇਸ ਰਿਪੋਰਟ ਦੀ ਕਾਪੀ ਨੂੰ ਅਜੇ ਸਪਲਾਈ ਨਹੀਂ ਕੀਤਾ ਗਿਆ। ਇਸਦੇ ਚੱਲਦਿਆਂ ਬੈਰਕ ਬਦਲੀ ਮਾਮਲੇ ’ਤੇ ਅਦਾਲਤ ਨੇ 2 ਅਗਸਤ ਨੂੰ ਅਗਲੀ ਸੁਣਵਾਈ ਤੈਅ ਕੀਤੀ ਹੈ। ਮੀਡੀਆ ਤੋਂ ਇਹ ਵੀ ਜਾਣਕਾਰੀ ਮਿਲ ਰਹੀ ਹੈ ਕਿ ਆਉਣ ਵਾਲੀਆਂ ਤਰੀਕਾਂ ਨੂੰ ਮਜੀਠੀਆ ਦੇ ਦੋਵਾਂ ਮਾਮਲਿਆਂ ਵਿਚ ਫੈਸਲਾ ਹੋ ਸਕਦਾ ਹੈ। 

 

ਚੇਅਰਮੈਨ ਇੰਦਰਬੀਰ ਸਿੰਘ ਨਿੱਝਰ ਨੇ ਹਰ ਹਫਤੇ ਮੀਟਿੰਗ ਸੱਦਣ ਦਾ ਕੀਤਾ ਦਾਅਵਾ

ਚੰਡੀਗੜ੍ਹ/ਬਿਊਰੋ ਨਿਊਜ਼  

ਪੰਜਾਬ ਵਿਧਾਨ ਸਭਾ ਵੱਲੋਂ ਗਠਿਤ ਸਿਲੈਕਟ ਕਮੇਟੀ ਨੇ ਬੇਅਦਬੀ ਖਿਲਾਫ ਬਿੱਲ ਦੇ ਖਰੜੇ ’ਤੇ ਅੱਜ ਵੀਰਵਾਰ ਨੂੰ ਪਹਿਲੀ ਮੀਟਿੰਗ ਕੀਤੀ ਅਤੇ ਇਹ ਮੀਟਿੰਗ ਵਿਧਾਨ ਸਭਾ ਸਕੱਤਰੇਤ ਵਿੱਚ ਹੋਈ ਹੈ। ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਚੀਫ ਖਾਲਸਾ ਦੀਵਾਨ ਦੇ ਚੇਅਰਮੈਨ ਇੰਦਰਬੀਰ ਸਿੰਘ ਨਿੱਝਰ ਦੀ ਅਗਵਾਈ ਵਾਲੀ ਕਮੇਟੀ ਦੀ ਮੀਟਿੰਗ ਵਿੱਚ 15 ਮੈਂਬਰਾਂ ਵਿੱਚੋਂ 13 ਮੈਂਬਰ ਹਾਜ਼ਰ ਸਨ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੀ ਮੀਟਿੰਗ ਵਿੱਚ ਮੌਜੂਦ ਰਹੇ। ਮੀਟਿੰਗ ਤੋ ਬਾਅਦ ਚੇਅਰਮੈਨ ਇੰਦਰਬੀਰ ਸਿੰਘ ਨਿੱਝਰ ਨੇ ਕਿਹਾ ਕਿ ਅਗਲੀ ਮੀਟਿੰਗ ਹੁਣ ਮੰਗਲਵਾਰ ਨੂੰ ਹੋਵੇਗੀ। ਉਨ੍ਹਾਂ ਕਿਹਾ ਕਿ ਕਮੇਟੀ ਵੱਲੋਂ ਦੇਸ਼ ਵਿਦੇਸ਼ ’ਚ ਇਸ ਬਾਰੇ ਬਣੇ ਕਾਨੂੰਨਾਂ ਦੀ ਘੋਖ ਕੀਤੀ ਜਾਵੇਗੀ ਅਤੇ ਆਮ ਲੋਕਾਂ ਦੇ ਸੁਝਾਅ ਵੀ ਲਏ ਜਾਣਗੇ। ਉਨ੍ਹਾਂ ਨੇ ਕਿਹਾ ਕਿ ਉਹ ਹਰ ਹਫਤੇ ਮੀਟਿੰਗ ਕਰਨਗੇ। ਇਸ ਕਮੇਟੀ ਵਿਚ ਕਾਂਗਰਸ ਪਾਰਟੀ ਦੇ ਦੋ ਵਿਧਾਇਕ, ਭਾਜਪਾ ਦਾ ਇਕ ਵਿਧਾਇਕ ਅਤੇ ਸ਼ੋ੍ਰਮਣੀ ਅਕਾਲੀ ਦਲ ਦਾ ਵੀ ਇਕ ਵਿਧਾਨ ਸ਼ਾਮਲ ਹੈ। ਇਸ ਤੋਂ ਇਲਾਵਾ ਪੰਜਾਬ ’ਚ ਸੱਤਾਧਾਰੀ ਆਮ ਆਦਮੀ ਪਾਰਟੀ ਦੇ 11 ਮੈਂਬਰ ਇਸ ਕਮੇਟੀ ਵਿਚ ਸ਼ਾਮਲ ਹਨ। 

 

ਚੰਡੀਗੜ੍ਹ/ਬਿਊਰੋ ਨਿਊਜ਼  

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਅੱਜ ਚੰਡੀਗੜ੍ਹ ਵਿਖੇ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ, ਜਿਸ ਵਿਚ ਕਈ ਅਹਿਮ ਫੈਸਲੇ ਲਏ ਗਏ ਹਨ। ਕੈਬਨਿਟ ਮੀਟਿੰਗ ਦੌਰਾਨ ਗਰੁੱਪ ਡੀ ਵਿਚ ਭਰਤੀ ਹੋਣ ਨੂੰੂ ਲੈ ਕੇ ਅਹਿਮ ਫੈਸਲਾ ਲੈਂਦਿਆਂ ਭਰਤੀ ਲਈ ਉਮਰ ਹੱਦ 2 ਸਾਲ ਵਧਾ ਦਿੱਤੀ ਗਈ ਹੈ। ਭਰਤੀ ਦੀ ਉਮਰ ਹੁਣ 35 ਸਾਲ ਤੋਂ ਵਧਾ ਕੇ 37 ਸਾਲ ਕਰ ਦਿੱਤੀ ਗਈ ਹੈ, ਜਿਸ ਨਾਲ ਵੱਧ ਉਮਰ ਦੇ ਉਮੀਦਵਾਰਾਂ ਨੂੰ ਵੀ ਸਰਕਾਰੀ ਨੌਕਰੀਆਂ ਪ੍ਰਾਪਤ ਕਰਨ ਦਾ ਮੌਕਾ ਮਿਲੇਗਾ। ਇਸਦੇ ਨਾਲ ਹੀ ਸੀਡ 1966 ਐਕਟ ਵਿਚ ਵੀ ਸੋਧ ਕੀਤੀ ਗਈ ਹੈ ਅਤੇ ਹੁਣ ਨਕਲੀ ਬੀਜ ਵੇਚਣ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਇਹ ਵੀ ਦੱਸਿਆ ਗਿਆ ਕਿ ਇਸ ਮਾਮਲੇ ਵਿਚ 2 ਸਾਲ ਤੋਂ ਲੈ ਕੇ 10 ਸਾਲ ਦੀ ਸਜ਼ਾ ਵੀ ਹੋ ਸਕਦੀ ਹੈ। ਇਹ ਜਾਣਕਾਰੀ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਲੋਂ ਦਿੱਤੀ ਗਈ ਹੈ।

 

114 ਸਾਲਾਂ ਦੇ ਮੈਰਾਥਨ ਦੌੜਾਕ ਫੌਜਾ ਸਿੰਘ ਦੀ ਸੜਕ ਹਾਦਸੇ ’ਚ ਚਲੇ ਗਈ ਸੀ ਜਾਨ

ਜਲੰਧਰ/ਬਿਊਰੋ ਨਿਊਜ਼

ਦੁਨੀਆ ਦੇ ਸਭ ਤੋਂ ਵਡੇਰੀ ਉਮਰ ਦੇ ਮੈਰਾਥਨ ਦੌੜਾਕ ਫੌਜਾ ਸਿੰਘ ਨੂੰ ਉਨ੍ਹਾਂ ਦੀ ਅੰਤਿਮ ਅਰਦਾਸ ਮੌਕੇ ਅੱਜ ਜਲੰਧਰ ਜ਼ਿਲ੍ਹੇ ’ਚ ਪੈਂਦੇ ਉਨ੍ਹਾਂ ਦੇ ਜੱਦੀ ਪਿੰਡ ਬਿਆਸ ਵਿਖੇ ਸ਼ਰਧਾਂਜਲੀਆਂ ਦਿੱਤੀਆਂ ਗਈਆਂ। ਇਸ ਤੋਂ ਬਾਅਦ ਸੰਗਤ ਨੇ ਗੁਰੂ ਕਾ ਲੰਗਰ ਛਕਿਆ। ਇਸ ਮੌਕੇ ਫੌਜਾ ਸਿੰਘ ਦੀ ਪਸੰਦ ਅਲਸੀ ਦੀਆਂ ਪਿੰਨੀਆਂ ਵੀ ਵੰਡੀਆਂ ਗਈਆਂ। ਫੌਜਾ ਸਿੰਘ ਨੂੰ ਸ਼ਰਧਾਂਜਲੀ ਦੇਣ ਲਈ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਜਥੇਦਾਰ ਕੁਲਦੀਪ ਸਿੰਘ ਗੜਗੱਜ ਅਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਸਣੇ ਵੱਡੀ ਗਿਣਤੀ ਵਿਚ ਧਾਰਮਿਕ ਅਤੇ ਸਿਆਸੀ ਆਗੂ ਵੀ ਪਹੁੰਚੇ ਹੋਏ ਸਨ। ਜ਼ਿਕਰਯੋਗ ਹੈ ਕਿ ਲੰਘੀ 14 ਜੁਲਾਈ ਨੂੰ ਇਕ ਸੜਕ ਹਾਦਸੇ ਵਿਚ ਫੌਜਾ ਸਿੰਘ ਦੀ ਜਾਨ ਚਲੇ ਗਈ ਸੀ। ਫੌਜਾ ਸਿੰਘ ਦੀ ਉਮਰ 114 ਸਾਲ ਦੱਸੀ ਗਈ ਹੈ ਅਤੇ ਉਹ ਸਾਰੀ ਦੁਨੀਆ ਵਿਚ ਸਭ ਤੋਂ ਵੱਡੀ ਉਮਰ ਦੇ ਮੈਰਾਥਨ ਦੌੜਾਕ ਸਨ। ਫੌਜਾ ਸਿੰਘ ਨੇ 80 ਸਾਲ ਦੀ ਉਮਰ ਵਿਚ ਦੌੜਨਾ ਸ਼ੁਰੂ ਕੀਤਾ ਸੀ ਅਤੇ ਉਨ੍ਹਾਂ ਪੂਰੀ ਦੁਨੀਆਂ ਵਿਚ ਮਿਸਾਲ ਕਾਇਮ ਕੀਤੀ ਹੈ। 

 

ਪੀਸੀਏ ਵਲੋਂ ਹੁਣ 15 ਦਿਨਾਂ ਅੰਦਰ ਨਵੇਂ ਸਕੱਤਰ ਦੀ ਚੋਣ ਕੀਤੇ ਜਾਣ ਦੀ ਉਮੀਦ

ਮੁਹਾਲੀ/ਬਿਊਰੋ ਨਿਊਜ਼

ਮੁਹਾਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਪੰਜਾਬ ਕਿ੍ਰਕਟ ਐਸੋਸੀਏਸ਼ਨ (ਪੀਸੀਏ) ਦੇ ਜਨਰਲ ਸਕੱਤਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਵਿਧਾਇਕ ਨੇ ਅਸਤੀਫੇ ਲਈ ਨਿੱਜੀ ਕਾਰਨਾਂ ਦਾ ਹਵਾਲਾ ਦਿੱਤਾ ਹੈ।  ਵਿਧਾਇਕ ਕੁਲਵੰਤ ਸਿੰਘ ਦੇ ਅਚਾਨਕ ਅਸਤੀਫੇ ਨੇ ਕਿ੍ਰਕਟ ਅਤੇ ਸਿਆਸੀ ਹਲਕਿਆਂ ਵਿੱਚ ਹਲਚਲ ਪੈਦਾ ਕਰ ਦਿੱਤੀ ਹੈ। ਪੀਸੀਏ ਵੱਲੋਂ ਹੁਣ 15 ਦਿਨਾਂ ਅੰਦਰ ਨਵੇਂ ਸਕੱਤਰ ਦੀ ਚੋਣ ਕੀਤੇ ਜਾਣ ਦੀ ਉਮੀਦ ਹੈ। ਪੰਜਾਬ ਵਿਚ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਨੁਮਾਇੰਦੇ ਪੀਸੀਏ ਦੇ ਸਿਖਰਲੇ ਤਿੰਨ ਅਹੁਦਿਆਂ ਲਈ ਨਿਰਵਿਰੋਧ ਚੁਣੇ ਗਏ ਸਨ। ਮੁਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ, ਜੋ ਸਿਆਸੀ ਹਲਕਿਆਂ ਵਿੱਚ ਜਾਣਿਆ-ਪਛਾਣਿਆ ਨਾਮ ਹੈ ਅਤੇ ਉਹ 251 ਕਰੋੜ ਰੁਪਏ ਦੀ ਜਾਇਦਾਦ ਦੇ ਨਾਲ ਪੰਜਾਬ ਦੇ ਸਭ ਤੋਂ ਅਮੀਰ ਵਿਧਾਇਕ ਹਨ।  ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਟਿਕਟ ’ਤੇ 2022 ਦੀਆਂ ਵਿਧਾਨ ਸਭਾ ਚੋਣਾਂ ਜਿੱਤਣ ਤੋਂ ਪਹਿਲਾਂ ਅਕਾਲੀ-ਭਾਜਪਾ ਗੱਠਜੋੜ ਨਾਲ ਸਿਆਸੀ ਤੌਰ ’ਤੇ ਕੰਮ ਵੀ ਕੀਤਾ ਸੀ। 

 

 

ਗੱਡੀਆਂ ਦੀ ਖਰੀਦ ’ਚ ਧਾਂਦਲੀਆਂ ਹੋਣ ਦੇ ਲਗਾਏ ਆਰੋਪ

ਚੰਡੀਗੜ੍ਹ/ਬਿਊਰੋ ਨਿਊਜ਼

ਵਿਧਾਨ ਸਭਾ ਹਲਕਾ ਭੁਲੱਥ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ’ਤੇ ਸਵਾਲ ਚੁੱਕੇ ਹਨ। ਖਹਿਰਾ ਨੇ ਆਰੋਪ ਲਗਾਉਂਦਿਆਂ ਕਿਹਾ ਕਿ ਪਿਛਲੇ ਸਾਲ 144 ਦੇ ਕਰੀਬ ਟੋਇਟਾ ਕੰਪਨੀ ਦੀਆਂ ਕਾਰਾਂ ਪੰਜਾਬ ਸਰਕਾਰ ਨੇ ਸੜਕ ਸੁਰੱਖਿਆ ਫੋਰਸ ਲਈ ਖਰੀਦੀਆਂ ਸਨ। ਖਹਿਰਾ ਨੇ ਕਿਹਾ ਕਿ ਇਨ੍ਹਾਂ ਗੱਡੀਆਂ ਦੀ ਖਰੀਦ ਵਿਚ ਵੱਡੇ ਪੱਧਰ ’ਤੇ ਧਾਂਦਲੀਆਂ ਹੋਈਆਂ ਹਨ। ਖਹਿਰਾ ਨੇ ਇਹ ਦੋਸ਼ ਚੰਡੀਗੜ੍ਹ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਲਗਾਏ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਬਿਨਾ ਕਿਸੇ ਵਿਸ਼ੇਸ਼ ਰਿਆਇਤ ਤੋਂ ਇਕ ਪ੍ਰਾਈਵੇਟ ਡੀਲਰ ਰਾਹੀਂ ਇਹ ਗੱਡੀਆਂ ਖਰੀਦੀਆਂ ਹਨ। ਖਹਿਰਾ ਨੇ ਕਿਹਾ ਕਿ ਜੇਕਰ ਸਰਕਾਰ ਕੰਪਨੀ ਦੇ ਉਚ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਇਹ ਕਾਰਾਂ ਦੀ ਖਰੀਦ ਕਰਦੀ ਤਾਂ ਕਰੋੜਾਂ ਰੁਪਏ ਦਾ ਫਾਇਦਾ ਪੰਜਾਬ ਦੇ ਖਜ਼ਾਨੇ ਨੂੰ ਹੋ ਸਕਦਾ ਸੀ।  

 

ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕੀਤੀ ਨਿੰਦਾ

ਅੰਮਿ੍ਰਤਸਰ/ਬਿਊਰੋ ਨਿਊਜ਼  

ਐਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਵੱਲੋਂ ਸ੍ਰੀਨਗਰ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਸੈਮੀਨਾਰ ਦੌਰਾਨ ਨੱਚ-ਗਾ ਕੇ ਕੀਤੇ ਮਨੋਰੰਜਨ ਪ੍ਰਦਰਸ਼ਨਾਂ ਦੀ ਸਖਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਦੇ ਸਮਾਗਮ ਵਿਚ ਜਿਸ ਤਰ੍ਹਾਂ ਗੁਰੂ ਸਾਹਿਬ ਦੀ ਸ਼ਹਾਦਤ ਦੀ ਭਾਵਨਾ ਵਿਰੁੱਧ ਪੇਸ਼ਕਾਰੀਆਂ ਕੀਤੀਆਂ ਗਈਆਂ, ਉਸ ਨਾਲ ਗੁਰੂ ਸਾਹਿਬ ਦੀ ਵਿਚਾਰਧਾਰਾ ਨੂੰ ਭਾਰੀ ਸੱਟ ਵੱਜੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਦੁਨੀਆ ਦੇ ਧਾਰਮਿਕ ਇਤਿਹਾਸ ਅੰਦਰ ਸਰਵਉੱਚ ਤੇ ਲਾਸਾਨੀ ਹੈ। ਇਸ ਲਈ ਗੁਰੂ ਸਾਹਿਬ ਦੀ ਸ਼ਹੀਦੀ ਸ਼ਤਾਬਦੀ ਸਬੰਧੀ ਕਰਵਾਏ ਜਾਣ ਵਾਲੇ ਹਰ ਸਮਾਗਮ ਦੀ ਰੂਪਰੇਖਾ ਸਿੱਖ ਮਰਿਆਦਾ, ਸ਼ਰਧਾ, ਸੰਜਮ ਅਤੇ ਗੁਰਬਾਣੀ ਦੇ ਸਤਿਕਾਰ ਦੀ ਭਾਵਨਾ ਦੇ ਅਨੁਕੂਲ ਹੋਣੀ ਲਾਜ਼ਮੀ ਹੈ। ਇਸੇ ਦੌਰਾਨ ਪੰਜਾਬੀ ਗਾਇਕ ਬੀਰ ਸਿੰਘ ਨੇ ਆਪਣੀ ਗਲਤੀ ਲਈ ਮਾਫੀ ਵੀ ਮੰਗ ਲਈ ਹੈ। 

ਉਦਯੋਗ ਮੰਤਰੀ ਸੰਜੀਵ ਅਰੋੜਾ ਨੇ ਪ੍ਰੈਸ ਕਾਨਫਰੰਸ ਕਰਕੇ ਦਿੱਤੀ ਜਾਣਕਾਰੀ

ਚੰਡੀਗੜ੍ਹ/ਬਿਊਰੋ ਨਿਊਜ਼ 

ਪੰਜਾਬ ਸਰਕਾਰ ਨੇ ਨਵੀਂ ਉਦਯੋਗਿਕ ਨੀਤੀ ’ਤੇ ਸੁਝਾਅ ਦੇਣ ਲਈ ਤਿੰਨ ਟੈਕਸਟਾਈਲ ਸੈਕਟਰ-ਵਿਸ਼ੇਸ਼ ਕਮੇਟੀਆਂ ਬਣਾਉਣ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਸੂਬੇ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਨੇ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਉਦੇਸ਼ ਖੇਤਰ ਵਿਚ ਹੋਰ ਨੌਕਰੀਆਂ ਦੇ ਮੌਕੇ ਪੈਦਾ ਕਰਨਾ ਹੈ। ਮੀਡੀਆ ਨੂੰ ਸੰਬੋਧਨ ਕਰਦੇ ਹੋਏ ਸੰਜੀਵ ਅਰੋੜਾ ਨੇ ਕਿਹਾ ਕਿ ਵਰਧਮਾਨ ਗਰੁੱਪ ਦੇ ਮੁਖੀ ਐਸ.ਪੀ. ਓਸਵਾਲ ਸਪਿਨਿੰਗ ਅਤੇ ਬੁਣਾਈ ਕਮੇਟੀ ਦੇ ਚੇਅਰਮੈਨ ਹੋਣਗੇ। ਇਸੇ ਤਰ੍ਹਾਂ ਮੋਂਟੋ ਕਾਰਲੋ ਬ੍ਰਾਂਡ ਦੇ ਡਾਇਰੈਕਟਰ ਸੰਦੀਪ ਜੈਨ, ਐਪਰੈਲ ਪੈਨਲ ਦੀ ਅਗਵਾਈ ਕਰਨਗੇ ਅਤੇ ਉਦਯੋਗਪਤੀ ਰਜਨੀਸ਼ ਗੁਪਤਾ ਡਾਇੰਗ ਅਤੇ ਫਿਨਿਸ਼ਿੰਗ ਕਮੇਟੀ ਦੇ ਚੇਅਰਮੈਨ ਹੋਣਗੇ। ਉਨ੍ਹਾਂ ਦੱਸਿਆ ਕਿ ਪੈਨਲ ਨੂੰ 1 ਅਕਤੂਬਰ ਤੱਕ ਸੁਝਾਅ ਦੇਣ ਲਈ ਕਿਹਾ ਗਿਆ ਹੈ ਅਤੇ ਹੋਰ ਕਮੇਟੀਆਂ ਦੇ ਗਠਨ ਦਾ ਐਲਾਨ ਸਮੇਂ ਸਿਰ ਕੀਤਾ ਜਾਵੇਗਾ। 

 

ਸੁਨੀਲ ਜਾਖੜ ਅਤੇ ਅਸ਼ਵਨੀ ਸ਼ਰਮਾ ਦੀ ਰਾਏ ਵੱਖਰੀ-ਵੱਖਰੀ

ਚੰਡੀਗੜ੍ਹ/ਬਿਊਰੋ ਨਿਊਜ਼ 

ਪੰਜਾਬ ਵਿਚ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਵਿਚ ਮੱਤਭੇਦ ਖੁੱਲ੍ਹ ਕੇ ਸਾਹਮਣੇ ਆ ਗਏ ਹਨ। ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਜਿੱਥੇ ਭਾਜਪਾ ਅਤੇ ਅਕਾਲੀ ਦਲ ’ਚ ਗਠਜੋੜ ਦੀ ਵਕਾਲਤ ਕਰ ਰਹੇ ਹਨ, ਉਥੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਇਸ ਗੱਲ ਨਾਲ ਸਹਿਮਤ ਨਹੀਂ ਹਨ। ਇਸੇ ਦੌਰਾਨ ਅਸ਼ਵਨੀ ਸ਼ਰਮਾ ਨੇ ਕਿਹਾ ਹੈ ਕਿ ਪਾਰਟੀ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਚੋਣ ਲੜਨ ਦੀ ਤਿਆਰੀ ਕਰ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਾਰਟੀ ਦੇ ਸਾਰੇ ਵਰਕਰ ਪੰਜਾਬ ਵਿਚ ਕਮਲ ਖਿੜਾਉਣ ਲਈ ਮਿਹਨਤ ਕਰ ਰਹੇ ਹਨ। ਅਸ਼ਵਨੀ ਸ਼ਰਮਾ ਨੇ ਪਾਰਟੀ ਦੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਬਾਦਲ ਨਾਲ ਵੀ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ ਹੈ। ਜ਼ਿਕਰਯੋਗ ਹੈ ਕਿ ਸੁਨੀਲ ਜਾਖੜ ਨੇ ਕਾਂਗਰਸ ਛੱਡ ਕੇ ਭਾਜਪਾ ’ਚ ਸ਼ਮੂਲੀਅਤ ਕੀਤੀ ਸੀ ਅਤੇ ਪਾਰਟੀ ਨੇ ਉਨ੍ਹਾਂ ਨੂੰ ਪੰਜਾਬ ਭਾਜਪਾ ਪ੍ਰਧਾਨ ਦਾ ਅਹੁਦਾ ਦਿੱਤਾ ਸੀ ਅਤੇ ਇਸਦੇ ਨਾਲ ਹੀ ਹੁਣ ਅਸ਼ਵਨੀ ਸ਼ਰਮਾ ਨੂੰ ਪੰਜਾਬ ਭਾਜਪਾ ਦਾ ਕਾਰਜਕਾਰੀ ਪ੍ਰਧਾਨ ਬਣਾਇਆ ਗਿਆ ਹੈ। 

 

 

ਕਿਹਾ : ਕਬੂਤਰ ਵਾਂਗ ਅੱਖਾਂ ਬੰਦ ਕਰਕੇ ਸਮੱਸਿਆਵਾਂ ਹੱਲ ਨਹੀਂ ਹੋਣੀਆਂ

ਚੰਡੀਗੜ੍ਹ/ਬਿਊਰੋ ਨਿਊਜ਼  

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਗੁਜਰਾਤ ਪਹੁੰਚੇ ਹੋਏ ਹਨ। ਮਾਨ ਨੇ ਇਕ ਵਾਰ ਫਿਰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਦੇਸ਼ ਦੌਰਿਆਂ ’ਤੇ ਤਨਜ ਕੱਸਿਆ ਹੈ।  ਮਾਨ ਨੇ ਕਿਹਾ ਕਿ ਸੰਸਦ ਸ਼ੁਰੂ ਹੋਈ ਹੈ ਅਤੇ ਮੋਦੀ ਜੀ ਖੁਦ ਇੰਗਲੈਂਡ ਚਲੇ ਗਏ ਹਨ। ਉਨ੍ਹਾਂ ਕਿਹਾ ਕਿ ਰਾਜ ਸਭਾ ਦੇ ਸਭਾਪਤੀ ਨੇ ਅਸਤੀਫਾ ਦੇ ਦਿੱਤਾ ਹੈ। ਸੀਐਮ ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਇਕ ਦੇਸ਼ ਤਾਂ ਜਾਂਦੇ ਨਹੀਂ, ਅਜੇ ਉਹ ਮਾਲਦੀਵ ਵੀ ਜਾਣਗੇ ਅਤੇ ਜੇਕਰ ਕੋਈ ਹੋਰ ਦੇਸ਼ ਪਸੰਦ ਆ ਗਿਆ ਤਾਂ ਉਥੇ ਜਹਾਜ਼ ਉਤਾਰ ਦੇਣਗੇ। ਉਨ੍ਹਾਂ ਕਿਹਾ ਕਿ ਮੋਦੀ ਨੂੰ ਜਿੱਥੇ 140 ਕਰੋੜ ਲੋਕ ਰਹਿੰਦੇ ਹਨ, ਉਥੇ ਰਹਿਣਾ ਪਸੰਦ ਨਹੀਂ ਹੈ। ਮਾਨ ਨੇ ਪੀਐਮ ’ਤੇ ਤਨਜ ਕੱਸਦਿਆਂ ਕਿਹਾ ਕਿ ਕਬੂਤਰ ਵਾਂਗ ਅੱਖਾਂ ਬੰਦ ਕਰਨ ਨਾਲ ਸਮੱਸਿਆ ਹੱਲ ਨਹੀਂ ਹੁੰਦੀ। ਧਿਆਨ ਰਹੇ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇੰਗਲੈਂਡ ਅਤੇ ਮਾਲਦੀਵ ਦੇ ਦੌਰੇ ’ਤੇ ਚਲੇ ਗਏ ਹਨ।

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.