Friday, 24 April 2026

 

ਸਰਕਾਰੀ ਘਰ ਦੀ ਲਾਇਸੈਂਸ ਫੀਸ ਨਾ ਭਰਨ ਦਾ ਲੱਗਾ ਆਰੋਪ

ਚੰਡੀਗੜ੍ਹ/ਬਿਊਰੋ ਨਿਊਜ਼ 

ਚੰਡੀਗੜ੍ਹ ਤੋਂ ਦੋ ਵਾਰ ਸੰਸਦ ਮੈਂਬਰ ਰਹਿ ਚੁੱਕੀ ਕਿਰਨ ਖੇਰ ਨੂੰ ਯੂਟੀ ਪ੍ਰਸ਼ਾਸਨ ਨੇ ਕਰੀਬ 13 ਲੱਖ ਰੁਪਏ ਦੇ ਬਕਾਏ ਨੂੰ ਲੈ ਕੇ ਨੋਟਿਸ ਜਾਰੀ ਕੀਤਾ ਹੈ। ਮੀਡੀਆ ਤੋਂ ਮਿਲੀ ਜਾਣਕਾਰੀ ਮੁਤਾਬਕ ਕਿਰਨ ਖੇਰ ਵਲੋਂ ਚੰਡੀਗੜ੍ਹ ਦੇ ਸੈਕਟਰ 7 ਵਿਖੇ ਅਲਾਟ ਹੋਏ ਸਰਕਾਰੀ ਘਰ ਦਾ ਕਿਰਾਇਆ ਨਹੀਂ ਭਰਿਆ ਅਤੇ ਇਹ ਕਿਰਾਇਆ ਹੁਣ 13 ਲੱਖ ਰੁਪਏ ਦੇ ਕਰੀਬ ਹੋ ਗਿਆ ਹੈ। ਉਨ੍ਹਾਂ ਨੂੰ ਅਲਾਟ ਕੀਤੇ ਗਏ ਘਰ ਦੀ ਲਾਇਸੈਂਸ ਫੀਸ ਦੇ ਤੌਰ ’ਤੇ 12 ਲੱਖ 76 ਹਜ਼ਾਰ ਰੁਪਏ ਦਾ ਬਕਾਇਆ ਸੀ। ਕਿਰਨ ਖੇਰ ਨੂੰ ਪੈਸੇ ਜਲਦੀ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਹੈ। ਉਨ੍ਹਾਂ ਨੂੰ ਰੈਂਟਸ ਦੇ ਅਸਿਸਟੈਂਟ ਕੰਟਰੋਲਰ ਵਲੋਂ ਇਹ ਨੋਟਿਸ ਭੇਜਿਆ ਗਿਆ ਹੈ। ਪ੍ਰਸ਼ਾਸਨ ਨੇ ਸਾਬਕਾ ਸੰਸਦ ਮੈਂਬਰ ਨੂੰ 12 ਲੱਖ, 76 ਹਜ਼ਾਰ, 418 ਰੁਪਏ ਦਾ ਨੋਟਿਸ ਭੇਜਿਆ ਗਿਆ ਹੈ। ਹੁਣ ਜੇਕਰ ਕਿਰਨ ਖੇਰ ਵਲੋਂ ਇਹ ਰਕਮ ਜਮ੍ਹਾਂ ਨਹੀਂ ਕਰਵਾਈ ਜਾਂਦੀ ਤਾਂ ਬਕਾਇਆ ਰਕਮ ’ਤੇ 12 ਫੀਸਦੀ ਵਿਆਜ਼ ਲੱਗੇਗਾ।

ਲੈਂਡ ਪੂਲਿੰਗ ਨੀਤੀ ਖਿਲਾਫ ਅਕਾਲੀ ਦਲ ਨੇ ਲੁਧਿਆਣਾ ’ਚ ਲਾਇਆ ਧਰਨਾ

ਲੁਧਿਆਣਾ/ਬਿਊਰੋ ਨਿਊਜ਼ 

ਪੰਜਾਬ ਸਰਕਾਰ ਨੇ ਧੱਕੇਸ਼ਾਹੀ ਨਾਲ ਕਿਸਾਨਾਂ ਦੀ ਜ਼ਮੀਨ ਖੋਹਣ ਲਈ ਲੈਂਡ ਪੂਲਿੰਗ ਨੀਤੀ ਲਿਆਂਦੀ ਹੈ, ਪਰ ਸ਼ੋ੍ਰਮਣੀ ਅਕਾਲੀ ਦਲ ਇਕ ਇੰਚ ਜ਼ਮੀਨ ਵੀ ਸਰਕਾਰ ਨੂੰ ਖੋਹਣ ਨਹੀਂ ਦੇਵੇਗਾ। ਇਹ ਐਲਾਨ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੁਧਿਆਣਾ ਵਿਚ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਅਕਾਲੀ ਦਲ ਵਲੋਂ ਦਿੱਤੇ ਧਰਨੇ ਨੂੰ ਸੰਬੋਧਨ ਕਰਦਿਆਂ ਕੀਤਾ। ਸੁਖਬੀਰ ਬਾਦਲ ਨੇ ਆਰੋਪ ਲਗਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਕਾਲੋਨਾਈਜ਼ਰਾਂ ਕੋਲੋਂ ਕਰੋੜਾਂ ਰੁਪਏ ਐਡਵਾਂਸ ਲੈ ਕੇ ਰੱਖੇ ਹਨ ਅਤੇ ਹੁਣ ਕਿਸਾਨਾਂ ਦੀਆਂ ਜ਼ਮੀਨਾਂ ਧੱਕੇ ਨਾਲ ਖੋਹਣ ਦੀ ਪੂਰੀ ਤਿਆਰੀ ਸਰਕਾਰ ਵਲੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਇਕ ਪੁਰਾਣੇ ਐਕਟ ਵਿਚੋਂ ਕੁਝ ਹਿੱਸਾ ਲੈ ਕੇ ਨਵੀਂ ਨੀਤੀ ਬਣਾ ਲਈ ਹੈ। 

 

ਚੰਡੀਗੜ੍ਹ, 22 ਜੁਲਾਈ  : ਪੰਜਾਬ ਦੇ ਮਾਣਯੋਗ ਰਾਜਪਾਲ *ਸ਼੍ਰੀ ਗੁਲਾਬ ਚੰਦ ਕਟਾਰੀਆ* ਨੇ *ਨੈਸ਼ਨਲ ਸਟੂਡੈਂਟਸ ਪਰਿਆਵਰਨ ਮੁਕਾਬਲੇ (NSPC) 2025* ਦਾ ਪੋਸਟਰ ਜਾਰੀ ਕੀਤਾ। ਸਮਾਗਮ ਵਿੱਚ PSG ਪੰਜਾਬ ਦੇ ਮੈਂਬਰਾਂ ਸ਼੍ਰੀ ਪਰਵੀਨ ਕੁਮਾਰ, ਡਾ. ਸੰਜੀਵ ਚੰਦੇਲ, ਡਾ. ਪ੍ਰਦੀਪ ਕੁਮਾਰ ਆਦਿ ਹਾਜ਼ਰ ਸਨ। ਰਾਜਪਾਲ ਜੀ ਨੇ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸਰਗਰਮੀ ਨਾਲ ਭਾਗ ਲੈਣ ਦੀ ਅਪੀਲ ਕੀਤੀ।

ਕਲੋਨੀ ਦੀ ਡਿਵੈਲਪਮੈਂਟ ਹੋਣ ਤੱਕ ਕਿਸਾਨ ਜ਼ਮੀਨ ’ਤੇ ਕਰ ਸਕਣਗੇ ਵਾਹੀ

ਚੰਡੀਗੜ੍ਹ/ਬਿਊਰੋ ਨਿਊਜ਼  

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲੈਂਡ ਪੂਲਿੰਗ ਨੀਤੀ ਵਿੱਚ ਕੁਝ ਬਦਲਾਅ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਮੀਟਿੰਗ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੀਡੀਆ ਨੂੰ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਸਵੈ-ਇੱਛਾ ਨਾਲ ਜ਼ਮੀਨ ਦੇਣ ਵਾਲੇ ਕਿਸਾਨਾਂ ਨੂੰ ਕਲੋਨੀ ਦੇ ਵਿਕਸਿਤ ਹੋਣ ਤੱਕ ਉਥੇ ਵਾਹੀ ਕਰਨ ਦਾ ਅਧਿਕਾਰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਕਿਸਾਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਸਾਲਾਨਾ ਮੁਆਵਜ਼ਾ ਦਿੱਤਾ ਜਾਵੇਗਾ, ਜਦੋਂ ਕਿ ਜ਼ਮੀਨ ਦਾ ਕਬਜ਼ਾ ਲੈਣ ਤੋਂ ਬਾਅਦ ਉਸ ਨੂੰ ਇਕ ਲੱਖ ਰੁਪਏ ਦਿੱਤੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਡਿਵੈਲਪਮੈਂਟ ਵਿੱਚ ਦੇਰੀ ਹੋਣ ’ਤੇ ਕਿਸਾਨਾਂ ਨੂੰ ਹਰ ਸਾਲ ਦਿੱਤੇ ਜਾਣ ਵਾਲੇ ਮੁਆਵਜ਼ੇ ਵਿੱਚ 10 ਫੀਸਦ ਦਾ ਵਾਧਾ ਕੀਤਾ ਜਾਵੇਗਾ। ਮਾਨ ਨੇ ਕਿਹਾ ਕਿ ਸਿਆਸੀ ਵਿਰੋਧੀ ਧਿਰਾਂ ਵੱਲੋਂ ਕਿਸਾਨਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਦੋਂਕਿ ਸੂਬਾ ਸਰਕਾਰ ਕਿਸਾਨਾਂ ਦੇ ਹੱਕ ਵਿੱਚ ਫੈਸਲੇ ਲੈਣ ਲੱਗੀ ਹੋਈ ਹੈ।

 

 

ਹੁਣ 25 ਜੁਲਾਈ ਨੂੰ ਜ਼ਮਾਨਤ ਅਰਜ਼ੀ ’ਤੇ ਹੋਵੇਗੀ ਸੁਣਵਾਈ

ਚੰਡੀਗੜ੍ਹ/ਬਿਊਰੋ ਨਿਊਜ਼

ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਤੋਂ ਅਜੇ ਤੱਕ ਰਾਹਤ ਨਹੀਂ ਮਿਲੀ ਹੈ। ਆਮਦਨ ਦੇ ਸਰੋਤਾਂ ਤੋਂ ਜ਼ਿਆਦਾ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਜੇਲ੍ਹ ’ਚ ਬੰਦ ਮਜੀਠੀਆ ਦੀ ਜ਼ਮਾਨਤ ਅਰਜ਼ੀ ’ਤੇ ਅੱਜ ਮੁਹਾਲੀ ਦੀ ਅਦਾਲਤ ਵਿਚ ਸੁਣਵਾਈ ਹੋਈ ਅਤੇ ਹੁਣ ਮਾਮਲੇ ਦੀ ਅਗਲੀ ਸੁਣਵਾਈ 25 ਜੁਲਾਈ ਨੂੰ ਹੋਵੇਗੀ। ਧਿਆਨ ਰਹੇ ਕਿ ਮਜੀਠੀਆ ਨੂੰ ਵਿਜੀਲੈਂਸ ਬਿਊਰੋ ਨੇ ਲੰਘੀ 25 ਜੂਨ ਨੂੰ ਗਿ੍ਰਫਤਾਰ ਕੀਤਾ ਸੀ। ਮਜੀਠੀਆ ਦੀ ਗਿ੍ਰਫਤਾਰੀ ਤੋਂ ਬਾਅਦ ਪੰਜਾਬ ਵਿਜੀਲੈਂਸ ਬਿਊਰੋ ਲਗਾਤਾਰ ਉਨ੍ਹਾਂ ਦੀ ਜਾਇਦਾਦ ਦੀ ਜਾਂਚ ਵਿਚ ਜੁਟੀ ਹੋਈ ਹੈ ਅਤੇ ਮਜੀਠੀਆ 2 ਅਗਸਤ ਤੱਕ ਨਾਭਾ ਜੇਲ੍ਹ ਵਿਚ ਨਿਆਇਕ ਹਿਰਾਸਤ ਵਿਚ ਹਨ। 

 

 

ਅਲਾਹਾਬਾਦ ਹਾਈਕੋਰਟ ਤੋਂ ਤਬਦੀਲ ਹੋ ਕੇ ਆਏ ਹਨ ਜਸਟਿਸ ਮਿਸ਼ਰਾ

ਚੰਡੀਗੜ੍ਹ/ਬਿਊਰੋ ਨਿਊਜ਼ 

ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੇ ਅੱਜ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜ ਵਜੋਂ ਅਹੁਦੇ ਦੀ ਸਹੁੰ ਚੁੱਕ ਲਈ ਹੈ। ਚੀਫ ਜਸਟਿਸ ਸ਼ੀਲ ਨਾਗੂ ਨੇ ਇਕ ਸਾਦੇ ਸਮਾਗਮ ਦੌਰਾਨ ਜਸਟਿਸ ਮਿਸ਼ਰਾ ਨੂੰ ਅਹੁਦੇ ਦੀ ਚੁਕਾਈ ਹੈ। ਇਸ ਮੌਕੇ ’ਤੇ ਮੌਜੂਦਾ ਤੇ ਸੇਵਾ ਮੁਕਤ ਜੱਜ, ਅਫਸਰਸ਼ਾਹੀ, ਬਾਰ ਦੇ ਮੈਂਬਰ ਅਤੇ ਜਸਟਿਸ ਮਿਸ਼ਰਾ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ। ਜਸਟਿਸ ਮਿਸ਼ਰਾ, ਅਲਾਹਾਬਾਦ ਹਾਈਕੋਰਟ ਤੋਂ ਤਬਦੀਲ ਹੋ ਕੇ ਆਏ ਹਨ ਅਤੇ ਉਨ੍ਹਾਂ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਮਗਰੋਂ ਸਭ ਤੋਂ ਸੀਨੀਅਰ ਜੱਜ ਵਜੋਂ ਅਹੁਦਾ ਸੰਭਾਲਿਆ ਹੈ। ਉਨ੍ਹਾਂ ਦਾ ਤਬਾਦਲਾ ਸੁਪਰੀਮ ਕੋਰਟ ਕੌਲਜੀਅਮ ਵਲੋਂ 26 ਮਈ ਨੂੰ ਕੀਤੀ ਗਈ ਸਿਫਾਰਸ਼ ਮੁਤਾਬਕ ਕੀਤਾ ਗਿਆ ਹੈ। 

 

ਕਿਹਾ : ਸਰਕਾਰ ਆਪਣੇ ਪ੍ਰਸ਼ਾਸਨਿਕ ਕੰਮਾਂ ਵੱਲ ਦੇਵੇ ਧਿਆਨ

ਅੰਮਿ੍ਰਤਸਰ/ਬਿਊੁਰੋ ਨਿਊਜ਼ 

ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਨਰਾਜ਼ਗੀ ਪ੍ਰਗਟਾਈ ਹੈ, ਕਿਉਂਕਿ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਪੁਰਬ ਨੂੰ ਵੱਖਰੇ ਤੌਰ ’ਤੇ ਮਨਾਉਣ ਦਾ ਐਲਾਨ ਕੀਤਾ ਗਿਆ ਹੈ। ਇਸਦੇ ਚੱਲਦਿਆਂ ਜਥੇਦਾਰ ਗੜਗੱਜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਪਹਿਲਾਂ ਸਿੱਖੀ ਸਰੂਪ ਧਾਰਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਆਪਣੇ ਪ੍ਰਸ਼ਾਸਨਿਕ ਕੰਮਾਂ ਵੱਲ ਧਿਆਨ ਦੇਣਾ ਚਾਹੀਦਾ ਹੈ ਅਤੇ ਸ਼ਤਾਬਦੀਆਂ ਮਨਾਉਣ ਵਿਚ ਸਿਰਫ ਸਹਿਯੋਗ ਕਰਨਾ ਚਾਹੀਦਾ ਹੈ। ਜਥੇਦਾਰ ਗੜਗੱਜ ਨੇ ਕਿਹਾ ਕਿ ਨਗਰ ਕੀਰਤਨ, ਗੁਰਮਤਿ ਸਮਾਗਮ, ਗੁਰਮਤ ਦਾ ਪ੍ਰਚਾਰ ਤੇ ਪਰਸਾਰ ਕਰਨਾ ਸਿੱਖ ਸੰਸਥਾਵਾਂ ਦਾ ਕੰਮ ਹੈ ਅਤੇ ਸਿੱਖ ਸੰਸਥਾਵਾਂ ਇਹ ਕੰਮ ਕਰ ਵੀ ਰਹੀਆਂ ਹਨ। 

 

 

ਕਿਹਾ : ਦੋਵੇਂ ਪਾਰਟੀਆਂ ਲਈ ਮਿਲ ਕੇ ਚੱਲਣਾ ਲਾਜ਼ਮੀ

ਚੰਡੀਗੜ੍ਹ/ਬਿਊਰੋ ਨਿਊਜ਼  

ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਇਕ ਵਾਰ ਫਿਰ ਭਾਜਪਾ- ਸ਼ੋ੍ਰਮਣੀ ਅਕਾਲੀ ਦਲ ਗਠਜੋੜ ਨੂੰ ਜ਼ਰੂਰੀ ਦੱਸਿਆ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਸੁਨੀਲ ਜਾਖੜ ਨੇ ਇਕ ਵਾਰ ਫਿਰ ਦੋਵੇਂ ਸਿਆਸੀ ਪਾਰਟੀਆਂ ਵਿਚਾਲੇ ਗਠਜੋੜ ਦੀ ਗੱਲ ਦੁਹਰਾਈ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਇਕ ਵਾਰ ਅਜਿਹੇ ਹਾਲਾਤ ਬਣ ਰਹੇ ਹਨ, ਜਿਸ ਲਈ ਇਹ ਗਠਜੋੜ ਜ਼ਰੂਰੀ ਹੈ। ਜਾਖੜ ਨੇ ਕਿਹਾ ਕਿ ਪਾਰਟੀ ਨੂੰ ਪੰਜਾਬ ਵਿਚ ਸਿਰਫ ਚੋਣਾਂ ਨਹੀਂ, ਬਲਕਿ ਲੋਕਾਂ ਦਾ ਭਰੋਸਾ ਜਿੱਤਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਿਰਫ ਜ਼ਮੀਨ ਦਾ ਟੁਕੜਾ ਨਹੀਂ ਹੈ, ਬਲਕਿ ਇਥੋਂ ਦੇ ਲੋਕ ਆਪਣੇ ਸਨਮਾਨ ਅਤੇ ਸੰਸਕ੍ਰਿਤੀ ਨੂੰ ਬਹੁਤ ਮਹੱਤਵ ਦਿੰਦੇ ਹਨ। ਜਾਖੜ ਨੇ ਕਿਹਾ ਕਿ ਭਾਵੇਂ ਭਾਜਪਾ ਨੇ ਪੰਜਾਬ ਨਾਲ ਕੁਝ ਮਾੜਾ ਨਹੀਂ ਕੀਤਾ, ਪਰ ਕੇਂਦਰ ’ਚ ਸੱਤਾ ਵਿਚ ਹੋਣ ਕਾਰਨ ਲੋਕਾਂ ਦੀ ਨਰਾਜ਼ਗੀ ਦਾ ਸਾਹਮਣਾ ਭਾਜਪਾ ਨੂੰ ਹੀ ਕਰਨਾ ਪੈ ਰਿਹਾ ਹੈ। ਇਸਦੇ ਚੱਲਦਿਆਂ ਸੁਨੀਲ ਜਾਖੜ ਨੇ ਭਾਜਪਾ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਗਠਜੋੜ ਨੂੰ ਜ਼ਰੂਰੀ ਦੱਸਿਆ ਹੈ। ਦੱਸਣਯੋਗ ਹੈ ਕਿ ਪਿਛਲੇ ਸਮੇਂ ਦੌਰਾਨ ਭਾਜਪਾ ਅਤੇ ਅਕਾਲੀ ਦਲ  ਦਾ ਲੰਮਾ ਸਮਾਂ ਗਠਜੋੜ ਰਿਹਾ ਹੈ। 

 

ਕਿਹਾ : ਸ੍ਰੀ ਹਰਿਮੰਦਰ ਸਾਹਿਬ ’ਚ ਬੰਬ ਦੀ ਧਮਕੀ ਵਾਲੇ ਈਮੇਲ ਭੇਜਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ

ਅੰਮਿ੍ਰਤਸਰ/ਬਿਊਰੋ ਨਿਊਜ਼    

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਦਾ ਅਸ਼ੀਰਵਾਦ ਲਿਆ ਹੈ। ਇਸ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ’ਚ ਬੰਬ ਦੀ ਧਮਕੀ ਵਾਲੇ ਈਮੇਲ ਭੇਜਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਮਾਨ ਨੇ ਆਖਿਆ ਕਿ ਪੁਲਿਸ ਇਹਨਾਂ ਵਿਅਕਤੀਆਂ ਦੇ ਨੇੜੇ ਪੁੱਜ ਚੁੱਕੀ ਹੈ ਅਤੇ ਜਲਦੀ ਹੀ ਜ਼ਿੰਮੇਵਾਰ ਵਿਅਕਤੀਆਂ ਨੂੰ ਗਿ੍ਰਫਤਾਰ ਕਰ ਲਿਆ ਜਾਵੇਗਾ। ਇਸ ਤੋਂ ਪਹਿਲਾਂ ਸੀਐਮ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮਿਲ ਕੇ ਇਸ ਮਾਮਲੇ ਸਬੰਧੀ ਵਿਸ਼ੇਸ਼ ਚਰਚਾ ਕੀਤੀ। ਮੁੱਖ ਮੰਤਰੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਸਾਈਬਰ ਮੰਚ ਤੋਂ ਧਮਕੀਆਂ ਦੇਣ ਵਾਲਿਆਂ ਦੇ ਆਈ.ਪੀ. ਐਡਰੈਸ ਪਤਾ ਕੀਤੇ ਜਾ ਰਹੇ ਹਨ ਅਤੇ ਜਿਵੇਂ ਹੀ ਇਹ ਆਈ.ਪੀ. ਐਡਰੈਸ ਮਿਲਦੇ ਹਨ, ਪੁਲਿਸ ਵੱਲੋਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ।

 

ਧੂਰੀ ਪਹੁੰਚੇ ਸੀਐਮ ਨੇ ਵਿਰੋਧੀਆਂ ਨੂੰ ਲਿਆ ਲੰਮੇ ਹੱਥੀਂ

ਧੂਰੀ/ਬਿਊਰੋ ਨਿਊਜ਼  

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਧੂਰੀ ਵਿਖੇ ਲੋਕਾਂ ਨੂੰ ਲੈਂਡ ਪੂਲਿੰਗ ਪਾਲਿਸੀ ਬਾਰੇ ਜਾਗਰੂਕ ਕੀਤਾ ਹੈ ਤੇ ਸਿਆਸੀ ਵਿਰੋਧੀਆਂ ਵਲੋਂ ਫੈਲਾਈਆਂ ਜਾ ਰਹੀਆਂ ਅਫਵਾਹਾਂ ਵੱਲ ਧਿਆਨ ਨਾ ਦੇਣ ਦੀ ਅਪੀਲ ਕੀਤੀ ਹੈ। ਇਸਦੇ ਨਾਲ ਹੀ ਮਾਨ ਨੇ ਇਹ ਗੱਲ ਵੀ ਸਪੱਸ਼ਟ ਕੀਤੀ ਕਿ ਲੈਂਡ ਪੂਲਿੰਗ ਪਾਲਿਸੀ ਵਾਲੀ ਜਗ੍ਹਾ ਵਿਚ ਰਜਿਸਟਰੀਆਂ ’ਤੇ ਕੋਈ ਪਾਬੰਦੀ ਨਹੀਂ ਹੈ ਅਤੇ ਜ਼ਮੀਨਾਂ ਦੇ ਮਾਲਕ ਆਪਣੀ ਮਰਜ਼ੀ ਮੁਤਾਬਕ ਹਰ ਫੈਸਲਾ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਅਸੀਂ ਜ਼ਮੀਨ ਦੇ ਮਾਲਕ ਨੂੰ ਕਿਸੇ ਵੀ ਤਰ੍ਹਾਂ ਘਾਟਾ ਨਹੀਂ ਪੈਣ ਦਿਆਂਗੇ।  ਮੁੱਖ ਮੰਤਰੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਜੇਕਰ ਲੋਕਾਂ ਦੇ ਮਨਾਂ ਵਿਚ ਕਿਸੇ ਕਿਸਮ ਦਾ ਵੀ ਸਵਾਲ ਹੈ ਤਾਂ ਉਹ ਸਿੱਧਾ ਸਰਕਾਰ ਨੂੰ ਲਿਖ ਕੇ ਭੇਜਣ ਅਤੇ ਅਸੀਂ ਉਨ੍ਹਾਂ ਸਵਾਲਾਂ ਦਾ ਜਵਾਬ ਵੀ ਦਿਆਂਗੇ। ਮੁੱਖ ਮੰਤਰੀ ਮਾਨ ਅੱਜ ਧੂਰੀ ਵਿਖੇ 75 ਗਰਾਮ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਦੇ ਚੈਕ ਵੰਡਣ ਪਹੁੰਚੇ ਸਨ ਅਤੇ ਇਸ ਮੌਕੇ ਉਨ੍ਹਾਂ ਨੇ ਲੈਂਡ ਪੂਲਿੰਗ ਪਾਲਿਸੀ ਬਾਰੇ ਵੀ ਵਿਸਥਾਰ ਨਾਲ ਗੱਲਬਾਤ ਕੀਤੀ। 

 

 

ਸੀਐਮ ਮਾਨ ਨੇ ਕਿਹਾ : ਗੁਰੂ ਸਾਹਿਬ ਸਾਰਿਆਂ ਦੇ ਸਾਂਝੇ

ਅੰਮਿ੍ਰਤਸਰ/ਬਿਊਰੋ ਨਿਊਜ਼

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਪੁਰਬ ਮੌਕੇ ਪੰਜਾਬ ਸਰਕਾਰ ਵੱਲੋਂ ਵੱਖਰਾ ਸਰਕਾਰੀ ਸਮਾਗਮ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਚੱਲਦਿਆਂ ਐਸਜੀਪੀਸੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਰਕਾਰ ਦੇ ਇਸ ਐਲਾਨ ’ਤੇ ਸਖ਼ਤ ਇਤਰਾਜ਼ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖਾਂ ਦੀ ਸਰਵਉੱਚ ਧਾਰਮਿਕ ਸੰਸਥਾ ਹੋਣ ਕਾਰਨ ਸ਼੍ਰੋਮਣੀ ਕਮੇਟੀ ਸਿੱਖ ਸੰਗਠਨਾਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਇਤਿਹਾਸਕ ਸ਼ਤਾਬਦੀ ਸਮਾਗਮ ਕਰਵਾਉਣ ਦੀ ਹੱਕਦਾਰ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸਰਕਾਰਾਂ ਦਾ ਕੰਮ ਸੰਗਤ ਨੂੰ ਸਹੂਲਤਾਂ ਪ੍ਰਦਾਨ ਕਰਨਾ ਹੈ, ਧਾਰਮਿਕ ਮਾਮਲਿਆਂ ਵਿੱਚ ਦਖਲਅੰਦਾਜ਼ੀ ਕਰਨਾ ਨਹੀਂ ਹੈ। ਐਡਵੋਕੇਟ ਧਾਮੀ ਨੇ ਦੁਹਰਾਇਆ ਕਿ ਸ਼੍ਰੋਮਣੀ ਕਮੇਟੀ ਪਹਿਲਾਂ ਹੀ ਐਲਾਨ ਕਰ ਚੁੱਕੀ ਹੈ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਦੇ ਪ੍ਰਮੁੱਖ ਨੁਮਾਇੰਦਿਆਂ ਨੂੰ ਸ਼ਤਾਬਦੀ ਸਮਾਗਮਾਂ ਵਿੱਚ ਸੱਦਾ ਦਿੱਤਾ ਜਾਵੇਗਾ। ਉਧਰ ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਗੁਰੂ ਸਾਹਿਬ ਸਾਰਿਆਂ ਦਾ ਸਾਂਝੇ ਹਨ ਅਤੇ ਉਨ੍ਹਾਂ ਦੇ ਸ਼ਹੀਦੀ ਸਮਾਗਮ ਬਹੁਤ ਸਾਰੀਆਂ ਹੋਰ ਸੰਸਥਾਵਾਂ ਵੀ ਮਨਾਉਣਗੀਆਂ ਕਿਉਂਕਿ ਇਹ ਸ਼ਹੀਦੀ ਸਮਾਗਮ ਮਨਾਉਣ ਦਾ ਸਭ ਨੂੰ ਹੱਕ ਹੈ।   

 

ਪੰਜਾਬ ਵਿਚ ਕੱਢੀਆਂ ਜਾਣਗੀਆਂ ਸ਼ਹਾਦਤ ਯਾਤਰਾਵਾਂ

ਚੰਡੀਗੜ੍ਹ/ਬਿਊਰੋ ਨਿਊਜ਼  

ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350 ਸਾਲਾ ਸ਼ਹੀਦੀ ਦਿਹਾੜਾ ਇਸ ਸਾਲ 19 ਤੋਂ 25 ਨਵੰਬਰ ਤੱਕ ਮਨਾਇਆ ਜਾਵੇਗਾ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਸ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਵਿਚ ਸ਼ਹਾਦਤ ਯਾਤਰਾਵਾਂ ਕੱਢੀਆਂ ਜਾਣਗੀਆਂ। ਇਹ ਯਾਤਰਾਵਾਂ ਇਕ ਮਾਝੇ ਵਿਚ, ਇਕ ਦੁਆਬੇ ਵਿਚ ਅਤੇ ਦੋ ਮਾਲਵੇ ਵਿਚ ਕੱਢੀਆਂ ਜਾਣਗੀਆਂ, ਜੋ ਕਿ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚੋਂ ਹੁੰਦਿਆਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਪਹੁੰਚ ਕੇ ਸੰਪਨ ਹੋਣਗੀਆਂ। ਉਨ੍ਹਾਂ ਇਹ ਵੀ ਦੱਸਿਆ ਕਿ ਇਕ ਯਾਤਰਾ ਸ੍ਰੀਨਗਰ ਤੋਂ ਸ਼ੁਰੂ ਹੋ ਕੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਪਹੁੰਚੇਗੀ, ਜਿਸ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੌਜੂਦ ਰਹਿਣਗੇ। ਮੰਤਰੀ ਹਰਜੋਤ ਸਿੰਘ ਬੈਂਸ ਨੇ ਇਹ ਵੀ ਦੱਸਿਆ ਕਿ ਪੰਜਾਬ ਦੇ ਸਾਰੇ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਸਣੇ ਹੋਰ ਵਿਦਿਅਕ ਅਦਾਰਿਆਂ ਵਿਚ ਵੀ ਧਾਰਮਿਕ ਪ੍ਰੋਗਰਾਮ ਕਰਵਾਏ ਜਾਣਗੇ।

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.