Friday, 24 April 2026

 

ਮੰਡੀ ਗੋਬਿੰਦਗੜ੍ਹ, 10 ਜੂਨ: ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ, ਇਹ ਐਲਾਨ ਕਰਦੇ ਹੋਏ ਖੁਸ਼ੀ ਮਹਿਸੂਸ ਕਰ ਰਿਹਾ ਹੈ ਕਿ ਇਸਨੂੰ ਡੈਂਟਲ ਕੌਂਸਲ ਆਫ਼ ਇੰਡੀਆ, ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ, ਭਾਰਤ ਸਰਕਾਰ ਤੋਂ ਆਰਥੋਡੌਂਟਿਕਸ ਅਤੇ ਡੈਂਟੋਫੇਸ਼ੀਅਲ ਆਰਥੋਪੈਡਿਕਸ ਅਤੇ ਕੰਜ਼ਰਵੇਟਿਵ ਡੈਂਟਿਸਟਰੀ ਅਤੇ ਐਂਡੋਡੌਂਟਿਕਸ ਦੀਆਂ ਵਿਸ਼ੇਸ਼ਤਾਵਾਂ ਵਿੱਚ ਆਪਣੇ ਮਾਸਟਰ ਆਫ਼ ਡੈਂਟਲ ਸਰਜਰੀ (ਐਮਡੀਐਸ) ਪ੍ਰੋਗਰਾਮ ਲਈ ਦਾਖਲੇ ਦੀ ਸਮਰੱਥਾ ਵਧਾਉਣ ਲਈ ਅਧਿਕਾਰਤ ਮਾਨਤਾ ਪ੍ਰਾਪਤ ਹੋਈ ਹੈ। ਸਫਲ ਨਿਰੀਖਣਾਂ ਅਤੇ ਨਿਰਧਾਰਤ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਤੋਂ ਬਾਅਦ ਦਾਖਲੇ ਨੂੰ 2 ਸੀਟਾਂ ਤੋਂ ਵਧਾ ਕੇ 5 ਸੀਟਾਂ ਕਰ ਦਿੱਤਾ ਗਿਆ ਹੈ।

ਇਹ ਪ੍ਰਵਾਨਗੀ ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਨੂੰ ਪੰਜਾਬ ਰਾਜ ਵਿੱਚ ਇਨ੍ਹਾਂ ਦੰਦਾਂ ਦੇ ਵਿਸ਼ਿਆਂ ਵਿੱਚ 5 ਸੀਟਾਂ ਦੀ ਪੇਸ਼ਕਸ਼ ਕਰਨ ਵਾਲੀ ਇਕਲੌਤੀ ਸੰਸਥਾ ਬਣਾਉਂਦੀ ਹੈ - ਇੱਕ ਮਹੱਤਵਪੂਰਨ ਪ੍ਰਾਪਤੀ ਜੋ ਦੰਦਾਂ ਦੀ ਸਿੱਖਿਆ ਅਤੇ ਸਿਹਤ ਸੰਭਾਲ ਵਿੱਚ ਸੰਸਥਾ ਦੀ ਵਧਦੀ ਸਾਖ ਨੂੰ ਦਰਸਾਉਂਦੀ ਹੈ।

ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ. ਜ਼ੋਰਾ ਸਿੰਘ ਅਤੇ ਵਾਈਸ ਚਾਂਸਲਰ ਡਾ. ਹਰਸ਼ ਸਦਾਵਰਤੀ ਨੇ ਪਰਮਾਤਮਾ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਸਮੂਹਿਕ ਯਤਨਾਂ ਲਈ ਡੂੰਘਾ ਧੰਨਵਾਦ ਪ੍ਰਗਟ ਕੀਤਾ ਜਿਨ੍ਹਾਂ ਨੇ ਇਸ ਮੀਲ ਪੱਥਰ ਨੂੰ ਸੰਭਵ ਬਣਾਇਆ। ਉਨ੍ਹਾਂ ਨੇ ਸਿਹਤ ਸਿੱਖਿਆ ਨੂੰ ਉਤਸ਼ਾਹਿਤ ਕਰਨ ਅਤੇ ਭਾਈਚਾਰੇ ਵਿੱਚ ਉੱਤਮਤਾ ਨੂੰ ਉਤਸ਼ਾਹਿਤ ਕਰਨ ਲਈ ਯੂਨੀਵਰਸਿਟੀ ਦੀ ਨਿਰੰਤਰ ਵਚਨਬੱਧਤਾ 'ਤੇ ਜ਼ੋਰ ਦਿੱਤਾ।

ਦੇਸ਼ ਭਗਤ ਡੈਂਟਲ ਕਾਲਜ ਦੇ ਪ੍ਰਿੰਸੀਪਲ ਡਾ. ਵਿਕਰਮ ਬਾਲੀ ਅਤੇ ਵਾਈਸ ਪ੍ਰਿੰਸੀਪਲ ਡਾ. ਤੇਜਵੀਰ ਸਿੰਘ ਨੇ ਵੀ ਪ੍ਰਬੰਧਨ ਦੇ ਅਟੁੱਟ ਸਮਰਥਨ ਲਈ ਆਪਣੀ ਪ੍ਰਸ਼ੰਸਾ ਪ੍ਰਗਟ ਕੀਤੀ ਅਤੇ ਇਸ ਮਾਨਤਾ ਨੂੰ ਪ੍ਰਾਪਤ ਕਰਨ ਵਿੱਚ ਪੂਰੀ ਟੀਮ ਦੇ ਸਮਰਪਣ ਨੂੰ ਸਵੀਕਾਰ ਕੀਤਾ। ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਖੋਜ, ਨਵੀਨਤਾ ਅਤੇ ਮਰੀਜ਼ਾਂ ਦੀ ਦੇਖਭਾਲ ਵਿੱਚ ਮਿਆਰਾਂ ਨੂੰ ਅੱਗੇ ਵਧਾਉਣ ਲਈ ਵਚਨਬੱਧ ਹੈ। ਸੰਸਥਾ ਉੱਚ-ਗੁਣਵੱਤਾ ਵਾਲੀ ਸਿੱਖਿਆ ਅਤੇ ਵਿਦਿਆਰਥੀਆਂ ਅਤੇ ਮਰੀਜ਼ਾਂ ਦੋਵਾਂ ਦੀ ਭਲਾਈ ਨੂੰ ਤਰਜੀਹ ਦਿੰਦੀ ਰਹਿੰਦੀ ਹੈ, ਉੱਤਮਤਾ ਪ੍ਰਤੀ ਅਟੁੱਟ ਵਚਨਬੱਧਤਾ ਨੂੰ ਕਾਇਮ ਰੱਖਦੀ ਹੈ।

 

 

ਅੰਮਿ੍ਰਤਸਰ/ਬਿਊਰੋ ਨਿਊਜ਼  

ਸ਼ੋ੍ਰਮਣੀ ਗੁਰਦੁੁਆਰਾ ਪ੍ਰਬੰਧਕ ਕਮੇਟੀ ਦੀ ਅੰਤਿੰ੍ਰਗ ਕਮੇਟੀ ਦੀ ਜਿਹੜੀ ਮੀਟਿੰਗ ਅੱਜ 9 ਜੂਨ ਨੂੰ ਅੰਮਿ੍ਰਤਸਰ ’ਚ ਹੋਣੀ ਸੀ, ਉਸ ਨੂੰ ਕੁਝ ਜ਼ਰੂਰੀ ਰੁਝੇਵਿਆਂ ਕਾਰਨ ਮੁਲਤਵੀ ਕਰ ਦਿੱਤਾ ਗਿਆ। ਇਹ ਮੀਟਿੰਗ ਹੁਣ 12 ਜੂਨ ਨੂੰ ਅੰਮਿ੍ਰਤਸਰ ਵਿਚ ਹੀ ਹੋਵੇਗੀ। ਸ਼ੋ੍ਰਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਇਸ ਸਬੰਧੀ ਦੱਸਿਆ ਕਿ ਹੁਣ ਇਹ ਮੀਟਿੰਗ 12 ਜੂਨ ਨੂੰ ਦੁਪਹਿਰੇ 12 ਵਜੇ ਐਸਜੀਪੀਸੀ ਦੇ ਮੁੱਖ ਦਫਤਰ ਵਿਚ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸੇ ਦਿਨ ਬਾਅਦ ਦੁਪਹਿਰ 3 ਵਜੇ ਧਰਮ ਪ੍ਰਚਾਰ ਕਮੇਟੀ ਦੀ ਵੀ ਇਕੱਤਰਤਾ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸ਼੍ਰੋਮਣੀ ਕਮੇਟੀ ਦੀ ਅੰਤਿ੍ਰੰਗ ਕਮੇਟੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।  

 

 

ਕਰੋਨਾ ਪੀੜਤਾਂ ਦੀ ਗਿਣਤੀ ਹੋਈ 35

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਵਿਚ ਕਰੋਨਾ ਵਾਇਰਸ ਦੇ ਮਾਮਲਿਆਂ ਵਿਚ ਦਿਨੋ ਦਿਨ ਵਾਧਾ ਹੋ ਰਿਹਾ ਹੈ। ਪੰਜਾਬ ਵਿਚ ਕਰੋਨਾ ਦੇ ਹੋਰ 2 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿਚੋਂ ਇਕ ਪੇਂਡੂ ਅਤੇ ਇਕ ਸ਼ਹਿਰੀ ਖੇਤਰ ’ਚ ਹੈ। ਸਿਹਤ ਵਿਭਾਗ ਦੀ ਰਿਪੋਰਟ ਅਨੁਸਾਰ, ਜਿੱਥੇ ਇਕ ਹਫਤਾ ਪਹਿਲਾਂ ਸੂਬੇ ਵਿਚ ਸਿਰਫ 12 ਐਕਟਿਵ ਕੇਸ ਸਨ ਅਤੇ ਹੁਣ ਇਨ੍ਹਾਂ ਦੀ ਗਿਣਤੀ 35 ਹੋ ਗਈ ਹੈ। ਦੱਸਿਆ ਗਿਆ ਕਿ ਇਕੱਲੇ ਲੁਧਿਆਣਾ ਜ਼ਿਲ੍ਹੇ ਵਿਚ ਹੀ 23 ਨਵੇਂ ਮਾਮਲੇ ਸਾਹਮਣੇ ਆਏ ਹਨ। ਲੁਧਿਆਣਾ ਵਿਚ ਕਰੋਨਾ ਦੇ ਮਾਮਲਿਆਂ ’ਚ ਵਾਧਾ ਇਸ ਸਮੇਂ ਹੋਇਆ ਹੈ, ਜਦੋਂ ਜ਼ਿਮਨੀ ਚੋਣ ਨੂੰ ਲੈ ਕੇ ਸਿਆਸੀ ਪਾਰਟੀਆਂ ਵਲੋਂ ਵੱਡੇ ਵੱਡੇ ਇਕੱਠ ਕੀਤੇ ਜਾ ਰਹੇ ਹਨ। ਇਸ ਦੇ ਚੱਲਦਿਆਂ ਜਲੰਧਰ ’ਚ 6, ਮੋਹਾਲੀ ’ਚ 4 ਅਤੇ ਫਿਰੋਜ਼ਪੁਰ ਵਿਚ ਕਰੋਨਾ ਦੇ 2 ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਉਧਰ ਦੂਜੇ ਪਾਸੇ ਦੇਸ਼ ਭਰ ਵਿਚ ਕਰੋਨਾ ਦੇ ਮਾਮਲਿਆਂ ਦੀ ਗਿਣਤੀ 6800 ਤੋਂ ਟੱਪ ਚੁੱਕੀ ਹੈ।  

 

ਸਰਬੱਤ ਦੇ ਭਲੇ ਦੀ ਕੀਤੀ ਅਰਦਾਸ 

ਅੰਮਿ੍ਰਤਸਰ/ਬਿਊਰੋ ਨਿਊਜ਼  

ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅੱਜ ਸੋਮਵਾਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ। ਉਨ੍ਹਾਂ ਨੇ ਗੁਰਬਾਣੀ ਕੀਰਤਨ ਸਰਵਣ ਕੀਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ। ਇਸ ਮੌਕੇ ਉਨ੍ਹਾਂ ਨੇ ਮੀਡੀਆ ਤੋਂ ਦੂਰੀ ਬਣਾਈ ਰੱਖੀ। ਜ਼ਿਕਰਯੋਗ ਹੈ ਕਿ ਡੇਰਾ ਰਾਧਾ ਸੁਆਮੀ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ 9 ਮਹੀਨੇ ਪਹਿਲਾਂ ਜਸਦੀਪ ਸਿੰਘ ਗਿੱਲ ਨੂੰ ਆਪਣਾ ਉਤਰਾਧਿਕਾਰੀ ਐਲਾਨਿਆ ਸੀ। ਇਹ ਵੀ ਦੱਸਣਯੋਗ ਹੈ ਕਿ ਡੇਰਾ ਬਿਆਸ ਦਾ ਪ੍ਰਭਾਵ ਪੰਜਾਬ ਸਣੇ ਕਈ ਸੂਬਿਆਂ ਵਿਚ ਹੈ ਅਤੇ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂ ਵੀ ਡੇਰਾ ਬਿਆਸ ਅਸ਼ੀਰਵਾਦ ਲੈਣ ਲਈ ਪਹੁੰਚਦੇ ਹਨ। ਇਥੋਂ ਤੱਕ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਡੇਰਾ ਬਿਆਸ ਜਾ ਚੁੱਕੇ ਹਨ।

 

 

ਕਿਹਾ : ਵਿਧਾਇਕਾਂ ਦੀ ਮਨੀ ਟ੍ਰੇਲ ਦੀ ਜਾਂਚ ਕਰਵਾਓ

ਚੰਡੀਗੜ੍ਹ/ਬਿਊਰੋ ਨਿਊਜ਼   

ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ’ਤੇ ਸਿਆਸੀ ਨਿਸ਼ਾਨਾ ਸਾਧਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਲੰਘੇ ਦਿਨ ਅਕਾਲੀ ਦਲ ਅਤੇ ਕਾਂਗਰਸ ਨੂੰ ਨਸ਼ਿਆਂ ਲਈ ਜ਼ਿੰਮੇਵਾਰ ਦੱਸਦਿਆਂ ਦੋਹਾਂ ਹੀ ਪਾਰਟੀਆਂ ਦੇ ਆਗੂਆਂ ਦੇ ਡੋਪ ਟੈਸਟ ਕਰਵਾਉਣ ਦੀ ਗੱਲ ਕਹੀ ਸੀ। ਇਸਦੇ ਚੱਲਦਿਆਂ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਡੋਪ ਟੈਸਟ ਤਾਂ ਛੋਟੀ ਗੱਲ ਹੈ। ਉਨ੍ਹਾਂ ਸੀਐਮ ਮਾਨ ਅਤੇ ਵਿੱਤ ਮੰਤਰੀ ਹਰਪਾਲ ਚੀਮਾ ਨੂੰ ਚੈਲੰਜ ਕੀਤਾ ਹੈ ਕਿ ਪਹਿਲਾਂ ‘ਆਪ’ ਦੇ ਸਾਰੇ ਪ੍ਰਧਾਨਾਂ, ਨੇਤਾਵਾਂ ਅਤੇ ਵਿਧਾਇਕਾਂ ਦੀ ਮਨੀ ਟ੍ਰੇਲ ਦੀ ਜਾਂਚ ਕਰਵਾਓ ਅਤੇ ਇਸਦਾ ਜਿੰਮਾ ਈ.ਡੀ. ਨੂੰ ਸੌਂਪਿਆ ਜਾਵੇ। ਉਨ੍ਹਾਂ ਕਿਹਾ ਕਿ ਇਸ ਨਾਲ ਸਭ ਸਾਹਮਣੇ ਆ ਜਾਵੇਗਾ ਕਿ ਇਨ੍ਹਾਂ ਕੋਲ ਪੈਸਾ ਕਿੱਥੋਂ ਆਇਆ ਹੈ।  

 

 

ਨਸ਼ਾ ਤਸਕਰਾਂ ਖਿਲਾਫ ਕਾਰਵਾਈ ਨਾ ਕਰਨ ਦੇ ਲੱਗੇ ਆਰੋਪ

ਬਠਿੰਡਾ/ਬਿਊਰੋ ਨਿਊਜ਼ 

ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਵੱਡੀ ਕਾਰਵਾਈ ਕਰਦਿਆਂ ਬਠਿੰਡਾ ਦੇ ਡੀ.ਐਸ.ਪੀ. ਹਰਬੰਸ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਸੂਤਰਾਂ ਦੇ ਹਵਾਲੇ ਨਾਲ ਸਾਹਮਣੇ ਆਈ ਖ਼ਬਰ ਅਨੁਸਾਰ, ਇਸ ਡੀਐਸਪੀ ਉੱਤੇ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਨਾ ਕਰਨ ਦੇ ਆਰੋਪ ਲੱਗੇ ਹਨ। ਸੂਬਾ ਸਰਕਾਰ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਡੀਐਸਪੀ ਨੂੰ ਤੁਰੰਤ ਮੁਅੱਤਲ ਕਰ ਦਿੱਤਾ ਹੈ। ਇਸ ਕਾਰਵਾਈ ਨਾਲ ਸੂਬੇ ਵਿੱਚ ਨਸ਼ਿਆਂ ਦੇ ਖਿਲਾਫ਼ ਸਰਕਾਰੀ ਮੁਹਿੰਮ ਦੀ ਰਫ਼ਤਾਰ ਨੂੰ ਇੱਕ ਵਾਰ ਫਿਰ ਮਜ਼ਬੂਤੀ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ ਮੁਅੱਤਲੀ ਤੋਂ ਬਾਅਦ ਹੁਣ ਡੀਐਸਪੀ ਦੇ ਵਿਰੁੱਧ ਵਿਸ਼ੇਸ਼ ਜਾਂਚ ਕਮੇਟੀ ਗਠਿਤ ਕੀਤੀ ਜਾਵੇਗੀ ਅਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ। ਧਿਆਨ ਰਹੇ ਕਿ ਪੰਜਾਬ ਸਰਕਾਰ ਨੇ ਨਸ਼ਿਆਂ ਦੇ ਖਿਲਾਫ ਮੁਹਿੰਮ ਵਿੱਢੀ ਹੋਈ ਹੈ ਅਤੇ ਇਸਦੇ ਚੱਲਦਿਆਂ ਇਹ ਕਾਰਵਾਈ ਕੀਤੀ ਗਈ ਹੈ।     

 

ਕਰਜ਼ਾ ਹੱਦ ’ਚ ਕਟੌਤੀ ਨੇ ਦਿਖਾਉਣਾ ਸ਼ੁਰੂ ਕੀਤਾ ਰੰਗ 

ਚੰਡੀਗੜ੍ਹ/ਬਿਊਰੋ ਨਿਊਜ਼ 

ਪੰਜਾਬ ਦੀ ਕਰਜ਼ਾ ਹੱਦ ’ਚ 16 ਹਜ਼ਾਰ ਕਰੋੜ ਰੁਪਏ ਦੀ ਕਟੌਤੀ ਦਾ ਅਸਰ ਦਿਖਾਈ ਦੇਣ ਲੱਗਾ ਹੈ। ਪੰਜਾਬ ਦੇ ਵਿੱਤ ਵਿਭਾਗ ਨੇ ਸਾਰੇ ਵਿਭਾਗਾਂ ਨੂੰ ਇਕ ਪੱਤਰ ਰਾਹੀਂ ਲਿਖ ਕੇ ਉਹ ਰੁਪਏ ਵਾਪਸ ਮੰਗ ਲਏ ਹਨ ਜੋ ਉਨ੍ਹਾਂ ਦੇ ਕੰਮਕਾਜ ਤੇ ਵਿਕਾਸ ਦੇ ਕਾਰਜਾਂ ਲਈ ਬਜਟ ਪਾਸ ਹੋਣ ਮਗਰੋਂ ਦਿੱਤੇ ਗਏ ਸਨ। ਸਪੱਸ਼ਟ ਹੈ ਕਿ ਇਸ ਵੇਲੇ ਵਿੱਤ ਵਿਭਾਗ ਦੇ ਸਾਹਮਣੇ ਆਪਣੇ ਰੂਟੀਨ ਖਰਚਿਆਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਨਾ ਹੈ, ਇਸ ਲਈ ਵੇਤਨ, ਪੈਨਸ਼ਨ, ਬਿਜਲੀ ਸਬਸਿਡੀ ਆਦਿ ਦੇ ਜ਼ਰੂਰੀ ਖਰਚਿਆਂ ਨੂੰ ਪੂਰਾ ਕਰਨ ’ਚ ਆ ਰਹੀ ਸਮੱਸਿਆ ਨੂੰ ਦੇਖਦੇ ਹੋਏ ਇਹ ਫੰਡ ਵਾਪਸ ਮੰਗਿਆ ਗਿਆ ਹੈ। ਇਹ ਵੀ ਕਿਹਾ ਗਿਆ ਹੈ ਕਿ ਵਿਭਾਗਾਂ ਨੂੰ 15 ਜੂਨ ਦੇ ਬਾਅਦ ਇਹ ਪੈਸੇ ਵਾਪਸ ਕਰ ਦਿੱਤੇ ਜਾਣਗੇ। ਇਸੇ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਸਰਕਾਰ ’ਤੇ ਸਵਾਲ ਚੁੱਕੇ ਹਨ ਅਤੇ ਕਿਹਾ ਕਿ ਸੂਬੇ ਵਿਚ ਸਾਰੇ ਵਿਕਾਸ ਕਾਰਜ ਠੱਪ ਪਏ ਹਨ। 

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ

ਚੰਡੀਗੜ੍ਹ/ਬਿਊਰੋ ਨਿਊਜ਼  

ਪੰਜਾਬ ਦੇ ਅੰਦਰ ਅਫੀਮ ਦੀ ਖੇਤੀ ਨਹੀਂ ਹੋਵੇਗੀ। ਇਹ ਐਲਾਨ ਅੱਜ ਸੋਮਵਾਰ ਨੂੰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ। ਉਨ੍ਹਾਂ ਕਿਹਾ ਕਿ ਅਫੀਮ ਦੇ ਪੌਦੇ ਤੋਂ ਹੀ ਖ਼ਤਰਨਾਕ ਹੈਰੋਇਨ ਵਰਗਾ ਨਸ਼ਾ ਬਣਦਾ ਹੈ, ਇਸ ਲਈ ਸੂਬੇ ਵਿੱਚ ਅਫ਼ੀਮ ਵਰਗੇ ਭਿਆਨਕ ਨਸ਼ੇ ਦੀ ਖੇਤੀ ਨਹੀਂ ਹੋਵੇਗੀ। ਚੀਮਾ ਨੇ ਆਰੋਪ ਲਗਾਉਂਦਿਆਂ ਕਿਹਾ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨਸ਼ੇ ਨੂੰ ਪਰਮੋਟ ਕਰ ਰਹੇ ਹਨ ਅਤੇ ਸੂਬੇ ਦੇ ਅੰਦਰ ਅਫ਼ੀਮ ਦੀ ਖੇਤੀ ਕਰਨ ਦੀ ਮੰਗ ਕਰ ਰਹੇ ਹਨ, ਜੋ ਕਿ ਬਿਲਕੁਲ ਗਲਤ ਹੈ। ਹਰਪਾਲ ਚੀਮਾ ਨੇ ਤਤਕਾਲੀ ਕਾਂਗਰਸ ਅਤੇ ਅਕਾਲੀ ਸਰਕਾਰ ’ਤੇ ਵੀ ਆਰੋਪ ਲਗਾਇਆ ਕਿ ਇਨ੍ਹਾਂ ਦੀਆਂ ਸਰਕਾਰਾਂ ਵੇਲੇ ਪੰਜਾਬ ਦੇ ਅੰਦਰ ਨਸ਼ਿਆਂ ਦਾ ਰੁਝਾਨ ਵਧਿਆ ਹੈ ਅਤੇ ਪੰਜਾਬ ਵਿਚ ਨਸ਼ੇੜੀਆਂ ਦੀ ਗਿਣਤੀ ਜ਼ਿਆਦਾ ਹੋਈ ਹੈ। ਉਨ੍ਹਾਂ ਕਿਹਾ ਕਿ ਅਕਾਲੀਆਂ ਅਤੇ ਕਾਂਗਰਸੀਆਂ ਨੇ ਹੀ ਪੰਜਾਬ ਦੇ ਅੰਦਰ ਨਸ਼ੇ ਦਾ ਬੂਟਾ ਲਾਇਆ ਸੀ, ਜਿਸਨੂੰ ਭਗਵੰਤ ਮਾਨ ਸਰਕਾਰ ਖ਼ਤਮ ਕਰ ਰਹੀ ਹੈ।

 

ਕਿਹਾ : ‘ਆਪ’ ਸਰਕਾਰ ਬਣੀ ਹੁਣ ਤੱਕ ਦੀ ਸਭ ਤੋਂ ਕਰਜ਼ਦਾਰ ਸਰਕਾਰ

ਜਲੰਧਰ/ਬਿਊਰੋ ਨਿਊਜ਼  

ਜਲੰਧਰ ਕੈਂਟ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਪਰਗਟ ਸਿੰਘ ਨੇ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਦੀ ਆਲੋਚਨਾ ਕੀਤੀ ਹੈ।  ਪਰਗਟ ਸਿੰਘ ਨੇ ਪੰਜਾਬ ਦੀ ‘ਆਪ’ ਸਰਕਾਰ ਨੂੰ ਹੁਣ ਤੱਕ ਦੀ ਸਭ ਤੋਂ ਕਰਜ਼ਦਾਰ ਸਰਕਾਰ ਦੱਸਿਆ ਹੈ। ਉਨ੍ਹਾਂ ਨੇ ਦਾਅਵਾ ਕੀਤਾ ਕਿ ਪਿਛਲੇ ਹੀ ਮਹੀਨੇ ‘ਆਪ’ ਸਰਕਾਰ ਨੇ ਕਰੀਬ ਇਕ ਹਜ਼ਾਰ ਕਰੋੜ ਰੁਪਏ ਦਾ ਹੋਰ ਕਰਜ਼ਾ ਲਿਆ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪਰਗਟ ਸਿੰਘ ਨੇ ਕਿਹਾ ਸੀ ਕਿ ਦਿੱਲੀ ਚੋਣਾਂ ਹਾਰਨ ਤੋਂ ਬਾਅਦ ਅਰਵਿੰਦ ਕੇਜਰੀਵਾਲ ਦੀ ਟੀਮ ਨੂੰ ਲਗਾਤਾਰ ਪੰਜਾਬ ਸਰਕਾਰ ਦੇ ਵਿਭਾਗਾਂ ਵਿਚ ਫਿੱਟ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਪਰੈਲ ਮਹੀਨੇ ’ਚ ਪੰਜਾਬ ਸਰਕਾਰ ਦੀ ਮੀਡੀਆ ਏਜੰਸੀ ਵਿਚੋਂ ਪੰਜਾਬੀ ਲੜਕੇ-ਲੜਕੀਆਂ ਦੀ ਛੁੱਟੀ ਕਰ ਦਿੱਤੀ ਗਈ ਸੀ। ਪਰਗਟ ਸਿੰਘ ਨੇ ਆਰੋਪ ਲਗਾਉਂਦਿਆਂ ਕਿਹਾ ਸੀ ਕਿ ਹੁਣ ਪੰਜਾਬ ਸਰਕਾਰ ਦੀ ਇਸੇ ਮੀਡੀਆ ਏਜੰਸੀ ਵਿਚ ਦਿੱਲੀ ਤੋਂ 120 ਤੋਂ ਜ਼ਿਆਦਾ ਵਿਅਕਤੀਆਂ ਦੀ ਭਰਤੀ ਕੀਤੀ ਗਈ ਹੈ।     

 

ਸੂਬੇ ’ਚ ਤਾਪਮਾਨ ਆਮ ਨਾਲੋਂ ਜ਼ਿਆਦਾ ਰਹਿਣ ਦੀ ਸੰਭਾਵਨਾ

ਚੰਡੀਗੜ੍ਹ/ਬਿਊਰੋ ਨਿਊਜ਼ 

ਭਾਰਤੀ ਮੌਸਮ ਵਿਭਾਗ ਨੇ ਪੰਜਾਬ ਲਈ ਹੀਟ ਵੇਵ ਦੀ ਚਿਤਾਵਨੀ ਜਾਰੀ ਕੀਤੀ ਹੈ ਅਤੇ 11 ਜੂਨ ਤੱਕ ਸੂਬੇ ਵਿਚ ਤਾਪਮਾਨ ਆਮ ਨਾਲੋਂ ਜ਼ਿਆਦਾ ਰਹਿਣ ਦੀ ਸੰਭਾਵਨਾ ਹੈ। ਇਸੇ ਦੌਰਾਨ 12 ਜੂੁਨ ਤੋਂ ਸੂਬੇ ਵਿਚ ਸਥਿਤੀ ਆਮ ਦੱਸੀ ਜਾ ਰਹੀ ਹੈ। ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿਚ 2.5 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ, ਜੋ ਕਿ ਆਮ ਨਾਲੋਂ 3.5 ਡਿਗਰੀ ਸੈਲਸੀਅਸ ਵੱਧ ਹੈ। ਇਸਦੇ ਚੱਲਦਿਆਂ ਬਠਿੰਡਾ ਵਿਚ ਸਭ ਤੋਂ ਵੱਧ ਤਾਪਮਾਨ 45 ਡਿਗਰੀ ਦਰਜ ਕੀਤਾ ਗਿਆ ਹੈ। ਅੱਜ 9 ਜੂਨ ਨੂੰ ਅੰਮਿ੍ਰਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ਜ਼ਿਲ੍ਹਿਆਂ ਵਿਚ ਆਰੈਂਜ ਅਲਰਟ ਜਾਰੀ ਕੀਤਾ ਗਿਆ ਸੀ। ਇਸਦੇ ਨਾਲ ਹੀ ਲੁਧਿਆਣਾ, ਫਿਰੋਜ਼ਪੁਰ, ਫਾਜ਼ਿਲਕਾ ਅਤੇ ਮਾਨਸਾ ਜ਼ਿਲ੍ਹਿਆਂ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਸੀ। ਮੌਸਮ ਵਿਭਾਗ ਨੇ ਇਸ ਗਰਮੀ ਦੇ ਮੌਸਮ ਵਿਚ ਲੋਕਾਂ ਨੂੰ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ ਹੈ। 

 

ਪੰਜਾਬ ’ਚ ਹੁਣ 45 ਦਿਨਾਂ ਦੇ ਅੰਦਰ ਕੋਈ ਵੀ ਇੰਡਸਟਰੀ ਲਗਾਉਣ ਦੀ ਮਿਲ ਜਾਵੇਗੀ ਮਨਜੂਰੀ

ਚੰਡੀਗੜ੍ਹ/ਬਿਊਰੋ ਨਿਊਜ਼ 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵਲੋਂ ‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕੀਤੀ ਹੈ। ਇਸ ਮੌਕੇ ਚੰਡੀਗੜ੍ਹ ਵਿਚ ਬੋਲਦੇ ਹੋਏ ਸੀਐਮ ਮਾਨ ਨੇ ਕਿਹਾ ਕਿ ਇਸ ਨਾਲ ਪੰਜਾਬ ਦੀ ਇੰਡਸਟਰੀ ਨੂੰ ਵੱਡਾ ਲਾਭ ਮਿਲੇਗਾ ਤੇ ਸੂਬੇ ਵਿਚ ਇੰਡਸਟਰੀ ਲਾਉਣੀ ਅਸਾਨ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਹੁਣ 45 ਦਿਨਾਂ ਦੇ ਅੰਦਰ ਕੋਈ ਵੀ ਇੰਡਸਟਰੀ ਲਗਾਉਣ ਦੀ ਮਨਜੂਰੀ ਮਿਲ ਜਾਵੇਗੀ। ਇਸ ਮੌਕੇ ਮਾਨ ਨੇ ਕਿਹਾ ਕਿ ਅੱਜ ਦਾ ਫੈਸਲਾ ਬੜੀ ਦੇਰ ਤੋਂ ਉਡੀਕਿਆ ਜਾ ਰਿਹਾ ਸੀ ਅਤੇ ਇਸ ਫੈਸਲੇ ਨੇ ਸੂਬੇ ਵਿਚ ਇੰਡਸਟਰੀ ਨੂੰ ਵੱਡੀ ਰਾਹਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਵਿਚ ਇੰਡਸਟਰੀ ਲੱਗੇਗੀ ਤਾਂ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਨਸ਼ੇ ਖਤਮ ਹੋਣਗੇ। ਮੁੱਖ ਮੰਤਰੀ ਨੇ ਕਾਰੋਬਾਰੀਆਂ ਨੂੰ ਵੱਧ ਤੋਂ ਵੱਧ ਇਸ ਪੋਰਟਲ ਦਾ ਫਾਇਦਾ ਚੁੱਕਣ ਲਈ ਕਿਹਾ ਹੈ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਨੂੰ ਅਸੀਂ ਇੰਡਸਟਰੀ ਵਿਚ ਵੀ ਮੋਹਰੀ ਸੂਬਾ ਬਣਾਉਣਾ ਹੈ। 

 

ਹਰਪਾਲ ਚੀਮਾ ਨੇ ਕਿਹਾ : ਨਸ਼ਿਆਂ ਦੀ ਸਪਲਾਈ ਚੇਨ ਤੋੜ ਕੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ’ਚੋਂ ਕੱਢਾਂਗੇ ਬਾਹਰ

ਚੰਡੀਗੜ੍ਹ/ਬਿਊਰੋ ਨਿਊਜ਼ 

ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 200 ਮਨੋਵਿਗਿਆਨੀ ਭਰਤੀ ਕੀਤੇ ਜਾਣਗੇ। ਇਹ ਫੈਸਲਾ ਨਸ਼ਿਆਂ ਦੇ ਖਾਤਮੇ ਲਈ ਬਣਾਈ ਕੈਬਨਿਟ ਦੀ ਸਬ-ਕਮੇਟੀ ਦੀ ਮੀਟਿੰਗ ਵਿੱਚ ਲਿਆ ਗਿਆ ਹੈ। ਇਸੇ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮਨੋਵਿਗਿਆਨੀਆਂ ਦੀ ਭਰਤੀ ਛੇ ਮਹੀਨੇ ਲਈ ਆਰਜ਼ੀ ਤੌਰ ’ਤੇ ਕੀਤੀ ਜਾਵੇਗੀ ਤੇ ਇਸ ਅਰਸੇ ਦੌਰਾਨ ਸਿਹਤ ਵਿਭਾਗ ਵੱਲੋਂ ਮਨੋਵਿਗਿਆਨੀਆਂ ਦੀਆਂ ਰੈਗੂਲਰ ਪੋਸਟਾਂ ’ਤੇ ਭਰਤੀ ਕੀਤੀ ਜਾਵੇਗੀ। ਚੀਮਾ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਪਹਿਲੀ ਮਾਰਚ 2025 ਤੋਂ ਹੁਣ ਤੱਕ ਸੂਬੇ ਵਿੱਚ 16 ਹਜ਼ਾਰ ਤੋਂ ਵੱਧ ਨਸ਼ਾ ਤਸਕਰਾਂ ਨੂੰ ਗਿ੍ਰਫਤਾਰ ਕੀਤਾ ਗਿਆ ਹੈ ਅਤੇ 96 ਦੇ ਕਰੀਬ ਪੁਲਿਸ ਕੇਸ ਦਰਜ ਕੀਤੇ ਗਏ ਹਨ। ਇਸ ਤੋਂ ਇਲਾਵਾ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਵੀ ਬਰਾਮਦ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਸਪਲਾਈ ਚੇਨ ਤੋੜਨ ਦੇ ਨਾਲ-ਨਾਲ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢਣ ਲਈ ਯਤਨ ਕੀਤੇ ਜਾ ਰਹੇ ਹਨ।

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.