Friday, 24 April 2026

ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬੀਆਂ ਨੂੰ ਇਕੱਠੇ ਹੋਣ ਦਾ ਦਿੱਤਾ ਸੱਦਾ

ਚੰਡੀਗੜ੍ਹ/ਬਿਊਰੋ ਨਿਊਜ਼ 

ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ’ਤੇ ਗੈਰ ਪੰਜਾਬੀਆਂ ਨੇ ਕਬਜ਼ਾ ਕੀਤਾ ਹੋਇਆ ਹੈ, ਜਿਨ੍ਹਾਂ ਵੱਲੋਂ ਪੰਜਾਬ ਨੂੰ ਲੁੱਟਿਆ ਜਾ ਰਿਹਾ ਹੈ। ਇਹ ਪ੍ਰਗਟਾਵਾ ਬਾਜਵਾ ਨੇ ਚੰਡੀਗੜ੍ਹ ’ਚ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਬਾਜਵਾ ਨੇ ਕਿਹਾ ਕਿ ਪੰਜਾਬੀ ਬਹੁਤ ਹੀ ਸਮਝਦਾਰ ਤੇ ਕਾਬਲ ਕੌਮ ਹੈ, ਜੋ ਕਿ ਦੁਨੀਆ ਭਰ ਵਿੱਚ ਜਾਣੀ ਜਾਂਦੀ ਹੈ। ਇਸ ਦੇ ਬਾਵਜੂਦ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦਾ ਸ਼ਾਸਨ ਪੂਰੀ ਤਰ੍ਹਾਂ ਬਾਹਰ ਦੇ ਲੋਕਾਂ ਦੇ ਹੱਥ ਵਿੱਚ ਫੜਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਰਫ ਕਠਪੁਤਲੀ ਬਣ ਕੇ ਰਹਿ ਗਏ ਹਨ। ਬਾਜਵਾ ਨੇ ਕਿਹਾ ਕਿ ਪੰਜਾਬ ਵਿੱਚ ਸਲਾਹਕਾਰ ਵੈਭਵ ਕੁਮਾਰ ਪੰਜਾਬ ਤੋਂ ਬਾਹਰ ਦੇ ਹਨ, ਹੁਣ ਮਨੀਸ਼ ਸਿਸੋਦੀਆ ਤੇ ਸਤਿੰਦਰ ਜੈਨ ਵੀ ਪੰਜਾਬ ਵਿੱਚ ਆ ਗਏ ਹਨ। ਇਸ ਤੋਂ ਇਲਾਵਾ ਪੰਜਾਬ ਦਾ ਮੁੱਖ ਸਕੱਤਰ, ਗ੍ਰਹਿ ਸਕੱਤਰ ਅਤੇ ਡੀਜੀਪੀ ਵੀ ਪੰਜਾਬ ਤੋਂ ਬਾਹਰ ਦੇ ਲਗਾਏ ਹੋਏ ਹਨ। ਜਿਨ੍ਹਾਂ ਨੇ ਪੰਜਾਬ ਦੇ ਵਾਤਾਵਰਨ ਨੂੰ ਵਿਗਾੜ ਕੇ ਰੱਖ ਦਿੱਤਾ ਹੈ। ਉਨ੍ਹਾਂ ਪੰਜਾਬੀਆਂ ਨੂੰ ਸੱਦਾ ਦਿੱਤਾ ਕਿ ਆਓ ਸਾਰੇ ਇਕੱਠੇ ਹੋ ਕੇ ਪੰਜਾਬ ਨੂੰ ਬਚਾਈਏ। 

 

ਪ੍ਰਤਾਪ ਸਿੰਘ ਬਾਜਵਾ ਨੇ ਸਪੀਕਰ ਦੇ ਰਵੱਈਏ ਦੀ ਕੀਤੀ ਨਿਖੇਧੀ

ਚੰਡੀਗੜ੍ਹ/ਬਿਊਰੋ ਨਿਊਜ਼ 

ਪੰਜਾਬ ਵਿਧਾਨ ਸਭਾ ਦੇ ਇਜਲਾਸ ਦਾ ਅੱਜ ਦੂਜਾ ਦਿਨ ਵੀ ਹੰਗਾਮਿਆਂ ਭਰਪੂਰ ਰਿਹਾ ਹੈ। ਇਸ ਹੰਗਾਮੇ ਦੌਰਾਨ ਕਾਂਗਰਸ ਪਾਰਟੀ ਦੇ ਵਿਧਾਇਕ ਸਦਨ ਵਿਚੋਂ ਵਾਕਆਊਟ ਕਰ ਗਏ। ਸੀਨੀਅਰ ਕਾਂਗਰਸੀ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਰਵੱਈਏ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਸਪੀਕਰ ਨੇ ਕਾਂਗਰਸੀ ਵਿਧਾਇਕ ਪ੍ਰਗਟ ਸਿੰਘ ਨਾਲ ਵੀ ਬਦਸਲੂਕੀ ਕੀਤੀ ਸੀ ਤੇ ਅੱਜ ਸਾਨੂੰ ਵੀ ਬੋਲਣ ਦਾ ਸਮਾਂ ਨਹੀਂ ਦਿੱਤਾ ਜਾ ਰਿਹਾ। ਇਹ ਵੀ ਦੱਸਣਯੋਗ ਹੈ ਕਿ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਵਾਕ ਆਊਟ ਵਿਚ ਹਿੱਸਾ ਨਹੀਂ ਲਿਆ ਅਤੇ ਉਹ ਸਦਨ ਵਿਚ ਹੀ ਬੈਠੇ ਰਹੇ। ਬਾਜਵਾ ਨੇ ਪੰਜਾਬ ਦੇ ਨੌਜਵਾਨਾਂ ਨੂੰ ਮਿਲਣ ਵਾਲੀਆਂ ਸਰਕਾਰੀ ਨੌਕਰੀਆਂ ਦਾ ਮੁੱਦਾ ਵੀ ਚੁੱਕਿਆ। ਉਨ੍ਹਾਂ ਕਿਹਾ ਕਿ ਹੁਣ ਤੱਕ ਜਿੰਨੇ ਵੀ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲੀਆਂ ਹਨ, ਉਨ੍ਹਾਂ ਸਬੰਧੀ ਜਾਣਕਾਰੀ ਦਿੱਤੀ ਜਾਵੇ ਕਿ ਉਨ੍ਹਾਂ ਵਿਚ ਕਿੰਨੇ ਪੰਜਾਬੀ ਹਨ ਅਤੇ ਕਿੰਨੇ ਗੈਰਪੰਜਾਬੀ। 

 

ਆਰਮੀ ਅਤੇ ਪੰਜਾਬ ਪੁਲਿਸ ਦੀ ਚੰਡੀਗੜ੍ਹ ’ਚ ਹੋਈ ਸਾਂਝੀ ਪ੍ਰੈਸ ਕਾਨਫਰੰਸ

ਚੰਡੀਗੜ੍ਹ/ਬਿਊਰੋ ਨਿਊਜ਼   

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਫੌਜ ਦੇ ਕਰਨਲ ਪੁਸ਼ਪਿੰਦਰ ਸਿੰਘ ਬਾਠ ਦੀ ਹੋਈ ਕੁੱਟਮਾਰ ਦੇ ਮਾਮਲੇ ਵਿਚ ਐਫ.ਆਈ.ਆਰ. ਦਰਜ ਕਰਨ ’ਚ ਹੋਈ ਦੇਰੀ ਕਾਰਨ ਪੰਜਾਬ ਸਰਕਾਰ ਨੂੰ ਦੋ ਦਿਨਾਂ ਦਾ ਸਮਾਂ ਦਿੱਤਾ ਹੈ। ਮਾਨਯੋਗ ਜਸਟਿਸ ਸੰਦੀਪ ਮੌਦਗਿੱਲ ਦੀ ਬੈਂਚ ਨੇ ਇਸ ਮਾਮਲੇ ਵਿਚ ਸੀਬੀਆਈ ਅਤੇ ਰਾਜ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਨਾਲ ਹੀ ਅਦਾਲਤ ਨੇ ਸਰਕਾਰ ਤੋਂ ਪੁੱਛਿਆ ਕਿ ਇਕ ਪੁਲਿਸ ਅਧਿਕਾਰੀ ਵਲੋਂ ਦਾਇਰ ਸ਼ਿਕਾਇਤ ’ਤੇ ਕੋਈ ਕਾਰਵਾਈ ਕਿਉਂ ਨਹੀਂ ਕੀਤੀ ਗਈ, ਜਿਸ ਵਿਚ ਉਸ ਨੇ ਜ਼ਖ਼ਮੀ ਹੋਣ ਦਾ ਦਾਅਵਾ ਕੀਤਾ ਸੀ। ਧਿਆਨ ਰਹੇ ਕਿ ਪਿਛਲੇ ਦਿਨੀਂ ਪਟਿਆਲਾ ਵਿਚ ਪੰਜਾਬ ਪੁਲਿਸ ਵਲੋਂ ਕਰਨਲ ਪੁਸ਼ਪਿੰਦਰ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਦੀ ਮਾਰਕੁੱਟ ਕੀਤੀ ਗਈ ਸੀ। ਇਸ ਮਾਮਲੇ ਵਿਚ ਅੱਜ ਚੰਡੀਗੜ੍ਹ ਵਿਚ ਆਰਮੀ ਤੇ ਪੰਜਾਬ ਪੁਲਿਸ ਦੀ ਸਾਂਝੀ ਪ੍ਰੈਸ ਕਾਨਫਰੰਸ ਵੀ ਹੋਈ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਕਰਨਲ ਬਾਠ ਮਾਮਲੇ ਵਿਚ ਪਰਿਵਾਰ ਨੂੰ ਇਨਸਾਫ ਮਿਲੇਗਾ।

ਪਰਿਵਾਰਕ ਮੈਂਬਰਾਂ ਨੂੰ ਮਿਲਣ ਦੀ ਦਿੱਤੀ ਜਾਵੇ ਇਜਾਜ਼ਤ : ਹਾਈਕੋਰਟ

ਚੰਡੀਗੜ੍ਹ/ਬਿਊਰੋ ਨਿਊਜ਼

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਾਮਲੇ ਵਿੱਚ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ ਹੈ। ਸੁਣਵਾਈ ਦੌਰਾਨ ਅਦਾਲਤ ਨੇ ਸਵਾਲ ਉਠਾਇਆ ਕਿ ਜੇਕਰ ਡੱਲੇਵਾਲ ਇਸ ਸਮੇਂ ਹਸਪਤਾਲ ਵਿੱਚ ਦਾਖਲ ਹਨ ਤਾਂ ਇਹ ਪਟੀਸ਼ਨ ਕਿਉਂ ਜ਼ਰੂਰੀ ਸੀ। ਇਸ ’ਤੇ ਪੰਜਾਬ ਸਰਕਾਰ ਨੇ ਆਪਣਾ ਪੱਖ ਪੇਸ਼ ਕਰਦਿਆਂ ਕਿਹਾ ਕਿ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਡੱਲੇਵਾਲ ਨੂੰ ਉਨ੍ਹਾਂ ਦੀ ਸਹਿਮਤੀ ਨਾਲ ਪਟਿਆਲਾ ਦੇ ਹਸਪਤਾਲ ਵਿੱਚ ਰੱਖਿਆ ਗਿਆ ਹੈ। ਸਰਕਾਰ ਨੇ ਇਹ ਵੀ ਸਪੱਸ਼ਟ ਕੀਤਾ ਕਿ ਡੱਲੇਵਾਲ ਇਸ ਸਮੇਂ ਪੁਲਿਸ ਹਿਰਾਸਤ ਵਿੱਚ ਨਹੀਂ ਹੈ। ਇਸ ’ਤੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨਿਰਦੇਸ਼ ਦਿੱਤਾ ਕਿ ਡੱਲੇਵਾਲ ਦੇ ਪਰਿਵਾਰਕ ਮੈਂਬਰਾਂ ਨੂੰ ਉਨ੍ਹਾਂ ਨਾਲ ਮੁਲਾਕਾਤ ਕਰਨ ਦੀ ਇਜਾਜ਼ਤ ਦਿੱਤੀ ਜਾਵੇ। ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ ਪਰਸੋਂ ਤੱਕ ਮੁਲਤਵੀ ਕਰ ਦਿੱਤੀ ਹੈ ਅਤੇ ਸਰਕਾਰ ਨੂੰ ਨਵੀਂ ਸਥਿਤੀ ਰਿਪੋਰਟ ਦਾਇਰ ਕਰਨ ਦੇ ਨਿਰਦੇਸ਼ ਵੀ ਦਿੱਤੇ ਹਨ। 

 

ਕਿਹਾ : ਮੋਗਾ ਜ਼ਿਲ੍ਹੇ ਨਾਲ ਹੋ ਰਿਹਾ ਮਤਰੇਈ ਮਾਂ ਵਾਲਾ ਸਲੂਕ

ਚੰਡੀਗੜ੍ਹ/ਬਿਊਰੋ ਨਿਊਜ਼ 

ਮੋਗਾ ਜ਼ਿਲ੍ਹੇ ਵਿਚ ਪੈਂਦੇ ਹਲਕਾ ਧਰਮਕੋਟ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਆਪਣੀ ਹੀ ਪਾਰਟੀ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਹਲਕਾ ਧਰਮਕੋਟ ਬਹੁਤ ਪਛੜਿਆ ਹੋਇਆ ਹੈ ਅਤੇ ਪੰਜਾਬ ਸਰਕਾਰ ਨੇ ਇਕ ਵੀ ਸਿਹਤ ਸਹੂਲਤਾਂ ਨਾਲ ਜੁੜਿਆ ਪ੍ਰੋਜੈਕਟ ਧਰਮਕੋਟ ’ਚ ਨਹੀਂ ਦਿੱਤਾ। ਉਨ੍ਹਾਂ ਆਰੋਪ ਲਗਾਉਂਦਿਆਂ ਕਿਹਾ ਕਿ ਜ਼ਿਲ੍ਹਾ ਮੋਗਾ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ। ਵਿਧਾਇਕ ਢੋਸ ਨੇ ਕਿਹਾ ਕਿ ਛੋਟੇ ਜਿਹੇ ਜ਼ਿਲ੍ਹੇ ਮਾਲੇਰਕੋਟਲਾ ਨੂੰ 28 ਐਮ.ਬੀ.ਬੀ.ਐਸ. ਡਾਕਟਰ ਦਿੱਤੇ ਗਏ ਹਨ, ਜਦੋਂ ਕਿ ਜ਼ਿਲ੍ਹਾ ਮੋਗਾ ਨੂੰ ਸਿਰਫ 4 ਡਾਕਟਰ ਮਿਲੇ ਹਨ। ਲਾਡੀ ਢੋਸ ਨੇ ਕਿਹਾ ਕਿ ਇਹ ਵਿਤਕਰਾ ਮੋਗਾ ਜ਼ਿਲ੍ਹੇ ਨਾਲ ਕਿਉਂ ਕੀਤਾ ਜਾ ਰਿਹਾ ਹੈ। ਉਧਰ ਦੂਜੇ ਪਾਸੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਅਸੀਂ ਡਾਕਟਰਾਂ ਦੀ ਨਵੀਂ ਭਰਤੀ ਸ਼ੁਰੂ ਕਰ ਰਹੇ ਹਾਂ ਅਤੇ ਇਨ੍ਹਾਂ ਵਿਚੋਂ ਜ਼ਿਲ੍ਹਾ ਮੋਗਾ ਨੂੰ ਵੀ ਡਾਕਟਰ ਦਿੱਤੇ ਜਾਣਗੇ। 

 

ਗੁਰਮੀਤ ਸਿੰਘ ਖੁੱਡੀਆਂ ਨਾਲ ਜਾਣ ਵਾਲੇ ਵਫਦ ਨੂੰ ਵੀ ਨਹੀਂ ਮਿਲੀ ਇਜਾਜ਼ਤ

ਚੰਡੀਗੜ੍ਹ/ਬਿਊਰੋ ਨਿਊਜ਼

ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਅਮਰੀਕਾ ਜਾਣ ਦੀ ਰਾਜਸੀ ਪ੍ਰਵਾਨਗੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਖੁੱਡੀਆਂ ਨੇ 29 ਮਾਰਚ ਨੂੰ ਅਮਰੀਕਾ ਲਈ ਸਰਕਾਰੀ ਦੌਰੇ ’ਤੇ ਰਵਾਨਾ ਹੋਣਾ ਸੀ। ਉਨ੍ਹਾਂ ਨਾਲ ਜਾਣ ਵਾਲੇ ਵਫਦ ਨੂੰ ਵੀ ਦੌਰੇ ਦੀ ਪ੍ਰਵਾਨਗੀ ਨਹੀਂ ਮਿਲੀ ਹੈ। ਇਹ ਪਹਿਲੀ ਵਾਰ ਨਹੀਂ ਹੈ ਜਦੋਂ ਕੇਂਦਰ ਤੋਂ ਪੰਜਾਬ ਦੇ ਕਿਸੇ ਆਗੂ ਨੂੰ ਵਿਦੇਸ਼ ਦੌਰੇ ਦੀ ਮਨਜ਼ੂਰੀ ਨਹੀਂ ਮਿਲੀ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਹੋਰ ਵਜ਼ੀਰਾਂ ਨੂੰ ਵੀ ਵਿਦੇਸ਼ ਜਾਣ ਵਾਸਤੇ ਕੇਂਦਰ ਨੇ ਹਰੀ ਝੰਡੀ ਨਹੀਂ ਦਿੱਤੀ ਸੀ। ਵਿਦੇਸ਼ ਮੰਤਰਾਲੇ ਨੇ ਦੌਰੇ ਦੀ ਪ੍ਰਵਾਨਗੀ ਨਾ ਦੇਣ ਦੇ ਕਾਰਨਾਂ ਦਾ ਕੋਈ ਹਵਾਲਾ ਨਹੀਂ ਦਿੱਤਾ ਹੈ। ਜ਼ਿਕਰਯੋਗ ਹੈ ਕਿ ਖੁੱਡੀਆਂ ਨੇ 29 ਮਾਰਚ ਤੋਂ 6 ਅਪਰੈਲ ਤੱਕ ਅਮਰੀਕਾ ਦੇ ਸਰਕਾਰੀ ਦੌਰੇ ’ਤੇ ਜਾਣਾ ਸੀ।

‘ਆਪ’ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਬਣੇ ਹਨ ਸਿਸੋਦੀਆ

ਚੰਡੀਗੜ੍ਹ/ਬਿਊਰੋ ਨਿਊਜ਼  

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਮਾਮਲਿਆਂ ਦੇ ਨਵੇਂ ਇੰਚਾਰਜ ਮਨੀਸ਼ ਸਿਸੋਦੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਉਨ੍ਹਾਂ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਦੋਵਾਂ ਨੇ ਸੂਬੇ ਵਿੱਚ ਸਰਕਾਰ ਅਤੇ ਪਾਰਟੀ ਦੀਆਂ ਨੀਤੀਆਂ ਨਾਲ ਸਬੰਧਤ ਕਈ ਮੁੱਦਿਆਂ ’ਤੇ ਚਰਚਾ ਕੀਤੀ। ਸਿਸੋਦੀਆ ਲੰਘੇ ਕੱਲ੍ਹ ਸੋਮਵਾਰ ਸ਼ਾਮ ਨੂੰ ਚੰਡੀਗੜ੍ਹ ਪਹੁੰਚੇ ਸਨ ਅਤੇ ਪਾਰਟੀ ਆਗੂਆਂ ਨੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ। ਮੀਡੀਆ ਨਾਲ ਗੱਲਬਾਤ ਕਰਦਿਆਂ ਸਿਸੋਦੀਆ ਨੇ ਪਿਛਲੇ ਤਿੰਨ ਸਾਲਾਂ ਦੌਰਾਨ ਪੰਜਾਬ ਵਿਚ ‘ਆਪ’ ਸਰਕਾਰ ਦੀਆਂ ਪ੍ਰਾਪਤੀਆਂ ’ਤੇ ਚਾਨਣਾ ਪਾਇਆ। ਸਿਸੋਦੀਆ ਨੇ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ, ਵਿਕਾਸ ਨੂੰ ਤੇਜ਼ ਕਰਨ ਅਤੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਆਮ ਆਦਮੀ ਪਾਰਟੀ ਦੀ ਵਚਨਬੱਧਤਾ ’ਤੇ ਜ਼ੋਰ ਦਿੱਤਾ। ਇਸੇ ਦੌਰਾਨ ਸਿਸੋਦੀਆ ਨੇ ਉਨ੍ਹਾਂ ਨੂੰ ਪੰਜਾਬ ਮਾਮਲਿਆਂ ਦਾ ਇੰਚਾਰਜ ਲਾਉਣ ਲਈ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕੀਤਾ।

ਅੰਮਿ੍ਰਤਪਾਲ ਸਿੰਘ ਦੇ ਸਾਥੀਆਂ ਦਾ ਪੁਲਿਸ ਨੂੰ ਚਾਰ ਦਿਨਾਂ ਦਾ ਮਿਲਿਆ ਰਿਮਾਂਡ

ਚੰਡੀਗੜ੍ਹ/ਬਿਊਰੋ ਨਿਊਜ਼ 

ਕੌਮੀ ਸੁਰੱਖਿਆ ਐਕਟ (ਐਨ.ਐਸ.ਏ.) ਹਟਾਏ ਜਾਣ ਮਗਰੋਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਵਾਪਸ ਪੰਜਾਬ ਲਿਆਂਦੇ ਗਏ ਅੰਮਿ੍ਰਤਪਾਲ ਸਿੰਘ ਦੇ ਸੱਤ ਸਾਥੀਆਂ ਨੂੰ ਅਜਨਾਲਾ ਕੋਰਟ ਵਿਚ ਪੇਸ਼ ਕੀਤਾ ਗਿਆ। ਜਿੱਥੋਂ ਪੁਲਿਸ ਨੇ ਉਨ੍ਹਾਂ ਦਾ ਚਾਰ ਦਿਨਾ ਰਿਮਾਂਡ ਹਾਸਲ ਕਰ ਲਿਆ ਹੈ। ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਦੇ ਸਾਥੀਆਂ ਨੂੰ ਹੁਣ 25 ਮਾਰਚ ਨੂੰ ਮੁੜ ਕੋਰਟ ਵਿਚ ਪੇਸ਼ ਕੀਤਾ ਜਾਵੇਗਾ। ਉਂਝ ਪੁਲਿਸ ਨੇ ਸੱਤ ਦਿਨਾ ਰਿਮਾਂਡ ਦੀ ਮੰਗ ਕੀਤੀ ਸੀ। ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਲਿਆਂਦੇ ਗਏ ਇਨ੍ਹਾਂ ਵਿਅਕਤੀਆਂ ਖਿਲਾਫ 23 ਫਰਵਰੀ 2023 ਨੂੰ ਅਜਨਾਲਾ ਪੁਲਿਸ ਸਟੇਸ਼ਨ ’ਤੇ ਹਮਲੇ ਦੇ ਆਰੋਪ ਵਿਚ ਕੇਸ ਦਰਜ ਕੀਤਾ ਗਿਆ ਸੀ। ਸੰਸਦ ਮੈਂਬਰ ਤੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮਿ੍ਰਤਪਾਲ ਸਿੰਘ ਵੀ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹਨ। 

 

ਐਡਵੋਕੇਟ ਧਾਮੀ ਨੇ ਕਿਹਾ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ ਬਾਰੇ ਵੀ ਬਣਨਗੇ ਨਿਯਮ

ਅੰਮਿ੍ਰਤਸਰ/ਬਿਊਰੋ ਨਿਊਜ਼

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੌਜੂਦਾ ਸਮੇਂ ਬਣੇ ਹਾਲਾਤ ਦੇ ਮੱਦੇਨਜ਼ਰ ਇੱਕ ਅਹਿਮ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਸਿੱਖ ਪੰਥ ਅੰਦਰ ਸਿੰਘ ਸਾਹਿਬਾਨ ਤੇ ਹਰ ਜਥੇਬੰਦੀ ਦਾ ਸਤਿਕਾਰ ਕਾਇਮ ਰੱਖਿਆ ਜਾਵੇਗਾ ਅਤੇ ਜਥੇਦਾਰਾਂ ਦੀਆਂ ਪਦਵੀਆਂ ਸਬੰਧੀ ਭਵਿੱਖ ਵਿੱਚ ਸਿੱਖ ਸੰਪਰਦਾਵਾਂ ਦੇ ਰਾਏ ਮਸ਼ਵਰੇ ਨੂੰ ਅਣਡਿੱਠ ਨਹੀਂ ਕੀਤਾ ਜਾਵੇਗਾ। ਐਡਵੋਕੇਟ ਧਾਮੀ ਨੇ ਆਖਿਆ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ ਅਤੇ ਸੇਵਾ ਮੁਕਤੀ ਸਬੰਧੀ ਜਲਦ ਹੀ ਨਿਯਮ ਤਹਿ ਕੀਤੇ ਜਾਣਗੇ ਅਤੇ ਇਸ ਕਾਰਜ ਵਾਸਤੇ ਉੱਚ ਪੱਧਰੀ ਕਮੇਟੀ ਕਾਇਮ ਹੋਵੇਗੀ। ਇਸ ਸਬੰਧੀ ਆਉਂਦੇ ਬਜਟ ਇਜਲਾਸ ਵਿਚ ਮਤਾ ਲਿਆ ਕੇ ਪ੍ਰਵਾਨਗੀ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਵੀ ਯਕੀਨੀ ਬਣਾਇਆ ਜਾਵੇਗਾ ਕਿ ਜਥੇਦਾਰਾਂ ਦੀਆਂ ਇਨ੍ਹਾਂ ਸਤਿਕਾਰਤ ਪਦਵੀਆਂ ’ਤੇ ਇੱਕ ਵਿਅਕਤੀ ਇੱਕ ਅਹੁਦਾ ਦੀ ਨੀਤੀ ਲਾਗੂ ਕੀਤੀ ਜਾਵੇ। ਇਸੇ ਤਹਿਤ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਖਾਲੀ ਪਏ ਅਹੁਦੇ ਵਾਸਤੇ ਪੰਥਕ ਸੰਪਰਦਾਵਾਂ ਤੇ ਜਥੇਬੰਦੀਆਂ ਦੀ ਸਲਾਹ ਨਾਲ ਜਲਦ ਹੀ ਨਿਯੁਕਤੀ ਕਰ ਦਿੱਤੀ ਜਾਵੇਗੀ। 

 

ਕਿਹਾ : ਕੇਜਰੀਵਾਲ ਦੇ ਹੁਕਮਾਂ ’ਤੇ ਪੰਜਾਬ ਦੇ ਕਿਸਾਨਾਂ ’ਤੇ ਹੋ ਰਹੇ ਜ਼ੁਲਮ 

ਬਠਿੰਡਾ/ਬਿਊਰੋ ਨਿਊਜ਼ 

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਵਰਕਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸਾਨਾਂ ਦੇ ਨਾਲ ਖੜ੍ਹਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕਿਸਾਨਾਂ ’ਤੇ ਕੀਤੇ ਜਾ ਰਹੇ ਜ਼ੁਲਮ ਦਾ ਡਟ ਕੇ ਵਿਰੋਧ ਕਰਨ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਪਹਿਲੀ ਵਾਰੀ ਹੋਇਆ ਹੈ ਕਿ ਸੂਬਾ ਅਤੇ ਕੇਂਦਰ ਸਰਕਾਰ ਨੇ ਕਿਸਾਨ ਆਗੂਆਂ ਨੂੰ ਗੱਲਬਾਤ ਲਈ ਸੱਦ ਕੇ ਹਿਰਾਸਤ ’ਚ ਲਿਆ ਹੋਵੇ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕੱਢਣ ਦੇ ਆਪਣੇ ਵਾਅਦੇ ਤੋਂ ਮੁੱਕਰ ਗਈ ਹੈ। ਸੁਖਬੀਰ ਨੇ ਕਿਹਾ ਕਿ ਕਿਸਾਨ ਆਗੂਆਂ ਦੀ ਗਿ੍ਰਫਤਾਰੀ, ਸ਼ੰਭੂ ਤੇ ਖਨੌਰੀ ਵਿੱਚ ਧਰਨੇ ਹਟਾਉਣ ਅਤੇ ਕਿਸਾਨਾਂ ਉਤੇ ਲਾਠੀਚਾਰਜ ਵਰਗੇ ਜ਼ੁਲਮ ਸਾਬਤ ਕਰ ਰਹੇ ਹਨ ਕਿ ਹੁਣ ਅਰਵਿੰਦ ਕੇਜਰੀਵਾਲ ਹੀ ਪੰਜਾਬ ਦੇ ‘ਅਸਲੀ ਮੁੱਖ ਮੰਤਰੀ’ ਬਣ ਗਏ ਹਨ ਅਤੇ ਉਨ੍ਹਾਂ ਦੇ ਹੁਕਮਾਂ ’ਤੇ ਹੀ ਕਿਸਾਨਾਂ ’ਤੇ ਇਹ ਜ਼ੁਲਮ ਹੋ ਰਹੇ ਹਨ।

ਸੂਬੇ ’ਚ ਵੱਖ-ਵੱਖ ਥਾਣਿਆਂ ਦੇ 191 ਮੁਨਸ਼ੀ ਬਦਲੇ

ਚੰਡੀਗੜ੍ਹ/ਬਿਊਰੋ ਨਿਊਜ਼ 

ਨਸ਼ਿਆਂ ਖਿਲਾਫ ਵੱਡੀ ਕਾਰਵਾਈ ਕਰਦੇ ਹੋਏ ਪੰਜਾਬ ਸਰਕਾਰ ਨੇ ਵੱਖ-ਵੱਖ ਥਾਣਿਆਂ ’ਚ 2 ਸਾਲ ਤੋਂ ਤਾਇਨਾਤ 191 ਮੁਨਸ਼ੀਆਂ ਦਾ ਤਬਾਦਲਾ ਕਰ ਦਿੱਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ ਲੰਬੇ ਸਮੇਂ ਤਕ ਥਾਣਿਆਂ ’ਚ ਰਹਿਣ ਕਾਰਨ ਮੁਲਾਜ਼ਮ ਭਿ੍ਰਸ਼ਟਾਚਾਰ ’ਚ ਲਿਪਤ ਹੋ ਸਕਦੇ ਹਨ। ਇਸ ਮਿਥ ਨੂੰ ਤੋੜਨ ਲਈ ਸਰਕਾਰ ਨੇ ਇਹ ਫੈਸਲਾ ਲਿਆ ਹੈ ਕਿ ਕਿਸੇ ਵੀ ਥਾਣੇ ’ਚ ਕਿਸੇ ਮੁਨਸ਼ੀ ਨੂੰ 2 ਸਾਲ ਤੋਂ ਵੱਧ ਰਹਿਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਸ ਫੈਸਲੇ ’ਤੇ ਅਮਲ ਕਰਦਿਆਂ ਅੱਜ 191 ਮੁਨਸ਼ੀਆਂ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਧਿਆਨ ਰਹੇ ਕਿ ਪੰਜਾਬ ਸਰਕਾਰ ਨੇ ਨਸ਼ਿਆਂ ਖਿਲਾਫ ਮੁਹਿੰਮ ਚਲਾਈ ਹੋਈ ਹੈ, ਜਿਸਦੀ ਨਿਗਰਾਨੀ ਲਈ ਇਕ ਕੈਬਨਿਟ ਸਬ-ਕਮੇਟੀ ਵੀ ਬਣਾਈ ਗਈ ਹੈ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਇਸ ਦੇ ਪ੍ਰਧਾਨ ਹਨ। 

 

ਅਲਾਟ ਕੀਤੇ ਗਏ 450 ਕਰੋੜ ਅਤੇ ਖਰਚ ਹੋਏ 800 ਕਰੋੜ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਦੀਆਂ ਸਰਕਾਰੀ ਬੱਸਾਂ ਵਿਚ ਮਹਿਲਾਵਾਂ ਲਈ ਮੁਫਤ ਸਫਰ ਦੀ ਸਹੂਲਤ ਪੰਜਾਬ ਟਰਾਂਸਪੋਰਟ ਵਿਭਾਗ ਨੂੰ ਬਹੁਤ ਮਹਿੰਗੀ ਪੈ ਰਹੀ ਹੈ।  450 ਕਰੋੜ ਰੁਪਏ ਦੇ ਸਲਾਨਾ ਅਲਾਟਮੈਂਟ ਦੇ ਮੁਕਾਬਲੇ ਵਿਚ ਮੁਫਤ ਸਹੂਲਤ ਰਾਜ ਟਰਾਂਸਪੋਰਟ ਦੇ ਅਦਾਰਿਆਂ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ, ਪਨਬਸ ਅਤੇ ਪੰਜਾਬ ਰੋਡਵੇਜ਼ ਨੂੰ ਕਰੀਬ 800 ਕਰੋੜ ਰੁਪਏ ਵਿਚ ਪੈ ਰਹੀ ਹੈ। ਪੰਜਾਬ ਦੇ ਟਰਾਂਸਪੋਰਟ ਵਿਭਾਗ ਦੇ ਅਧਿਕਾਰਤ ਰਿਕਾਰਡ ਅਨੁਸਾਰ ਰੋਜ਼ਾਨਾ 3 ਲੱਖ ਤੋਂ ਵੱਧ ਮਹਿਲਾਵਾਂ ਮੁਫਤ ਬੱਸ ਸਫਰ ਦੀ ਸਹੂੁਲਤ ਦਾ ਲਾਭ ਉਠਾਉਂਦੀਆਂ ਹਨ। ਜ਼ਿਕਰਯੋਗ ਹੈ ਕਿ ਪੰਜਾਬ ਵਿਚ ਸਰਕਾਰੀ ਬੱਸਾਂ ’ਚ ਮਹਿਲਾਵਾਂ ਨੂੰ ਮੁਫਤ ਬੱਸ ਸਫਰ ਦੀ  ਯੋਜਨਾ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੌਰਾਨ 2021 ਵਿਚ ਸ਼ੁਰੂ ਕੀਤੀ ਗਈ ਸੀ।

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.