ਨਵੀਂ ਦਿੱਲੀ/ਬਿਊਰੋ ਨਿਊਜ਼
ਅੱਜ ਭਾਰਤ ਭਰ ਵਿਚ ਆਜ਼ਾਦੀ ਦਿਵਸ ਧੂਮ-ਧਾਮ ਨਾਲ ਮਨਾਇਆ ਗਿਆ। ਆਜ਼ਾਦੀ ਦਿਵਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 12ਵੀਂ ਵਾਰ ਲਾਲ ਕਿਲ੍ਹੇ ’ਤੇ ਤਿਰੰਗਾ ਲਹਿਰਾਇਆ ਅਤੇ ਦੇਸ਼ ਨੂੰ ਸੰਬੋਧਨ ਕੀਤਾ। ਲਾਲ ਕਿਲ੍ਹੇ ਪਹੁੰਚਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਪਰੇਡ ਦਾ ਨਿਰੀਖਣ ਕੀਤਾ ਅਤੇ ਉਨ੍ਹਾਂ ਨੂੰ ਗਾਰਡ ਆਫ ਆਨਰ ਦਿੱਤਾ ਗਿਆ। ਇਸ ਮੌਕੇ ਰਾਸ਼ਟਰ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਜਦੋਂ ਭਾਰਤ 1947 ਵਿਚ ਆਜ਼ਾਦ ਹੋਇਆ ਤਾਂ ਬਹੁਤ ਸਾਰੀਆਂ ਸੰਭਾਵਨਾਵਾਂ ਸਨ, ਪਰ ਚੁਣੌਤੀਆਂ ਵੀ ਬਹੁਤ ਵੱਡੀਆਂ ਸਨ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਦੇ 140 ਕਰੋੜ ਨਾਗਰਿਕ ਤਿਰੰਗੇ ਦੇ ਰੰਗਾਂ ਵਿਚ ਰੰਗੇ ਹੋਏ ਹਨ। ਪੀਐਮ ਨੇ ਕਿਹਾ ਕਿ ਸਿੰਧੂ ਦਾ ਪਾਣੀ ਸਾਡਾ ਹੈ ਅਤੇ ਇਸ ਬਾਰੇ ਸਮਝੌਤਾ ਅਨਿਆਂਪੂਰਨ ਸੀ। ਉਨ੍ਹਾਂ ਇਹ ਵੀ ਕਿਹਾ ਕਿ ਖੂਨ ਅਤੇ ਪਾਣੀ ਇਕੱਠੇ ਨਹੀਂ ਵਹਿ ਸਕਦੇ। ਉਨ੍ਹਾਂ ਕਿਹਾ ਕਿ ਇਸ ਸਾਲ ਦੀਵਾਲੀ ਮੌਕੇ ਦੇਸ਼ ਵਾਸੀਆਂ ਨੂੰ ਨਵੀਂ ਪੀੜ੍ਹੀ ਦੇ ਜੀ.ਐਸ.ਟੀ. ਸੁਧਾਰਾਂ ਦਾ ਤੋਹਫਾ ਮਿਲਣ ਵਾਲਾ ਹੈ, ਜਿਸ ਨਾਲ ਦੇਸ਼ ਦੇ ਆਮ ਲੋਕਾਂ ਨੂੰ ਫਾਇਦਾ ਹੋਵੇਗਾ ਅਤੇ ਚੀਜ਼ਾਂ ਸਸਤੀਆਂ ਹੋਣਗੀਆਂ। ਪੀਐਮ ਨੇ ਕਿਹਾ ਕਿ ਭਾਰਤ ਪੁਲਾੜ ਖੇਤਰ ਵਿਚ ਆਤਮ ਨਿਰਭਰ ਬਣਨ ਅਤੇ ਆਪਣਾ ਖੁਦ ਦਾ ਪੁਲਾੜ ਸਟੇਸ਼ਨ ਬਣਾਉਣ ਦੀ ਦਿਸ਼ਾ ਵਿਚ ਕੰਮ ਕਰ ਰਿਹਾ ਹੈ।


