Saturday, 06 June 2026

ਧਾਮੀ ਨੂੰ 107 ਅਤੇ ਬੀਬੀ ਜਗੀਰ ਕੌਰ ਨੂੰ 33 ਵੋਟਾਂ ਪਈਆਂ

ਅੰਮਿ੍ਰਤਸਰ/ਬਿਊਰੋ ਨਿਊਜ਼ 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਮਿ੍ਰਤਸਰ ’ਚ ਹੋਈ ਸਲਾਨਾ ਚੋਣ ਵਿੱਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਚੌਥੀ ਵਾਰ ਪ੍ਰਧਾਨ ਚੁਣੇ ਗਏ ਹਨ। ਧਿਆਨ ਰਹੇ ਕਿ ਹਰਜਿੰਦਰ ਸਿੰਘ ਧਾਮੀ ਨੂੰ ਸ਼ੋ੍ਰਮਣੀ ਅਕਾਲੀ ਦਲ ਨੇ ਉਮੀਦਵਾਰ ਐਲਾਨਿਆ ਸੀ। ਇਸੇ ਦੌਰਾਨ ਰਘੂਜੀਤ ਸਿੰਘ ਵਿਰਕ ਨੂੰ ਸੀਨੀਅਰ ਮੀਤ ਪ੍ਰਧਾਨ, ਬਲਦੇਵ ਸਿੰਘ ਕਲਿਆਣ ਨੂੰ ਜੂਨੀਅਰ ਮੀਤ ਪ੍ਰਧਾਨ ਅਤੇ ਸ਼ੇਰ ਸਿੰਘ ਮੰਡ ਨੂੰ ਜਨਰਲ ਸਕੱਤਰ ਚੁਣਿਆ ਗਿਆ ਹੈ।  ਸਲਾਨਾ ਜਨਰਲ ਇਜਲਾਸ ਦੌਰਾਨ ਕੁੱਲ 142 ਮੈਂਬਰਾਂ ਨੇ ਵੋਟ ਪਾਈ ਅਤੇ ਐਡਵੋਕੇਟ ਧਾਮੀ ਨੂੰ 107 ਵੋਟਾਂ ਹਾਸਲ ਹੋਈਆਂ। ਪ੍ਰਧਾਨ ਦੇ ਅਹੁਦੇ ਵਾਸਤੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੀ ਉਮੀਦਵਾਰ ਬੀਬੀ ਜਗੀਰ ਕੌਰ ਨੂੰ 33 ਵੋਟਾਂ ਹੀ ਮਿਲੀਆਂ ਜਦੋਂਕਿ 2 ਵੋਟਾਂ ਰੱਦ ਕਰ ਦਿੱਤੀਆਂ ਗਈਆਂ। ਇਸ ਤੋਂ ਇਲਾਵਾ 11 ਮੈਂਬਰ ਅੰਤਰਿੰਗ ਕਮੇਟੀ ਵਾਸਤੇ ਵੀ ਚੁਣੇ ਗਏ ਹਨ। ਪ੍ਰਧਾਨ ਦੇ ਅਹੁਦੇ ਤੋਂ ਇਲਾਵਾ ਬਾਕੀ ਅਹੁਦਿਆਂ ਵਾਸਤੇ ਵਿਰੋਧੀ ਧਿਰ ਵੱਲੋਂ ਕੋਈ ਵੀ ਉਮੀਦਵਾਰ ਪੇਸ਼ ਨਹੀਂ ਕੀਤਾ ਗਿਆ, ਜਿਸ ਕਾਰਨ ਬਾਕੀ ਸਾਰੇ ਅਹੁਦੇਦਾਰ ਬਿਨਾਂ ਵਿਰੋਧ ਚੁਣੇ ਗਏ ਹਨ।

 

ਐਸਜੀਪੀਸੀ ਦੀ ਚੋਣ ਜਿੱਤਣ ਤੋਂ ਬਾਅਦ ਬੋਲੇ ਧਾਮੀ

ਕਿਹਾ : ਅੱਜ ਭੰਨਤੋੜ ਕਰਨ ਵਾਲੀਆਂ ਤਾਕਤਾਂ ਦੀ ਹੋਈ ਹੈ ਹਾਰ 

ਅੰਮਿ੍ਰਤਸਰ/ਬਿਊਰੋ ਨਿਊਜ਼

ਐਸਜੀਪੀਸੀ ਦੇ ਪ੍ਰਧਾਨ ਦੀ ਚੋਣ ਜਿੱਤਣ ਤੋਂ ਬਾਅਦ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੀਡੀਆ ਨਾਲ ਗੱਲ ਕਰਦੇ ਹੋਏ ਕਿਹਾ ਕਿ ਅੱਜ ਭੰਨਤੋੜ ਕਰਨ ਵਾਲੀਆਂ ਤਾਕਤਾਂ ਹਾਰੀਆਂ ਹਨ ਤੇ ਅੱਜ ਦਾ ਫੈਸਲਾ ਵਿਰੋਧੀ ਸ਼ਕਤੀਆਂ ’ਤੇ ਬਹੁਤ ਵੱਡੀ ਲਾਹਨਤ ਹੈ। ਉਨ੍ਹਾਂ ਕਿਹਾ ਕਿ ਹਾਊਸ ਨੇ ਪੁਰਾਤਨ ਮਰਿਆਦਾ ਕਾਇਮ ਰੱਖੀ ਹੈ। ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ’ਚ ਸਾਨੂੰ ਬਹੁਤ ਵੱਡੀ ਜਿੱਤ ਮਿਲੀ ਹੈ। ਉਨ੍ਹਾਂ ਕਿਹਾ ਕਿ ਗੁਰੂ ਅਤੇ ਜਨਤਾ ਨੇ ਸਾਨੂੰ ਆਸ਼ੀਰਦਾਦ ਦਿੱਤਾ ਹੈ। ਇਹ ਫਤਵਾ ਉਨ੍ਹਾਂ ਲੋਕਾਂ ਨੂੰ ਵੱਡਾ ਸੰਦੇਸ਼ ਦੇਵੇਗਾ ਜੋ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਨਤਾ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਹੈ। ਉਧਰ ਦੂਜੇ ਪਾਸੇ ਐਸਜੀਪੀਸੀ ਦੀ ਚੋਣ ਹਾਰਨ ਤੋਂ ਬਾਅਦ ਬੀਬੀ ਜਗੀਰ ਕੌਰ ਨੇ ਸ਼ੋ੍ਰਮਣੀ ਕਮੇਟੀ ਮੈਂਬਰਾਂ ਦੀ ਖਰੀਦੋ ਫਰੋਖਤ ਦੇ ਆਰੋਪ ਲਗਾਏ ਹਨ।

 

28 ਅਕਤੂਬਰ ਨੂੰ ਅਦਾਲਤ ’ਚ ਪੇਸ਼ ਕਰਨ ਦਾ ਹੁਕਮ

ਪਟਿਆਲਾ/ਬਿਊਰੋ ਨਿਊਜ਼

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਰਹੇ ਭਰਤ ਇੰਦਰ ਸਿੰਘ ਚਾਹਲ ਖਿਲਾਫ ਪਟਿਆਲਾ ਅਦਾਲਤ ਵਲੋ ਗਿ੍ਰਫਤਾਰੀ ਵਰੰਟ ਜਾਰੀ ਕੀਤਾ ਗਿਆ ਹੈ। ਅਦਾਲਤ ਨੇ ਵਿਜੀਲੈਂਸ ਨੂੰ ਚਾਹਲ ਦੀ ਗਿ੍ਰਫਤਾਰੀ ਕਰਕੇ 28 ਅਕਤੂਬਰ ਨੂੰ ਪੇਸ਼ ਕਰਨ ਲਈ ਕਿਹਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿਜੀਲੈਂਸ ਨੇ ਸਾਲ 2022 ਵਿੱਚ ਭਰਤ ਇੰਦਰ ਸਿੰਘ ਚਾਹਲ ਖਿਲਾਫ ਜਾਂਚ ਸ਼ੁਰੂ ਕੀਤੀ ਸੀ ਅਤੇ ਉਨ੍ਹਾਂ ਦੀਆਂ ਜਾਇਦਾਦਾਂ ਦੀ ਵੀ ਜਾਂਚ ਕੀਤੀ ਗਈ ਸੀ। ਜਿਸ ਤੋਂ ਬਾਅਦ ਵਿਜੀਲੈਂਸ ਨੇ ਪਿਛਲੇ ਸਾਲ ਸਤੰਬਰ ਮਹੀਨੇ ਵਿੱਚ ਇਸ ਮਾਮਲੇ ਵਿੱਚ ਭਰਤ ਇੰਦਰ ਸਿੰਘ ਚਾਹਲ ਖਿਲਾਫ ਐਫਆਈਆਰ ਦਰਜ ਕੀਤੀ ਸੀ।

ਦਿੱਲੀ ਵਿਚ ਹਵਾ ਦੀ ਗੁਣਵੱਤਾ ’ਤੇ ਕੋਈ ਫਰਕ ਨਹੀਂ

ਚੰਡੀਗੜ੍ਹ/ਬਿਊਰੋ ਨਿਊਜ਼

ਅਕਸਰ ਹੀ ਦਿੱਲੀ ਦੇ ਹਵਾ ਪ੍ਰਦੂਸ਼ਣ ਵਿੱਚ ਵਾਧੇ ਲਈ ਜ਼ਿੰਮੇਵਾਰ ਮੰਨੀਆਂ ਜਾਂਦੀਆਂ ਪੰਜਾਬ ’ਚ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਵਿਚ ਪਿਛਲੇ ਸਾਲ ਦੇ ਮੁਕਾਬਲੇ 50 ਫੀਸਦੀ ਤੱਕ ਕਮੀ ਆਈ ਹੈ। ਜਿਸਦਾ ਕੌਮੀ ਰਾਜਧਾਨੀ ਵਿੱਚ ਹਵਾ ਦੀ ਗੁਣਵੱਤਾ ’ਤੇ ਬਹੁਤ ਘੱਟ ਪ੍ਰਭਾਵ ਪਿਆ ਹੈ। ਪੰਜਾਬ ਰਿਮੋਟ ਸੈਂਸਿੰਗ ਸੈਂਟਰ ਦੇ ਅੰਕੜਿਆਂ ਅਨੁਸਾਰ 15 ਸਤੰਬਰ ਤੋਂ 27 ਅਕਤੂਬਰ ਤੱਕ ਪੰਜਾਬ ਵਿੱਚ 1,995 ਖੇਤਾਂ ਵਿੱਚ ਅੱਗ ਲੱਗਣ ਦੇ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਪਿਛਲੇ ਸਾਲ ਇਸ ਸਮੇਂ ਦੌਰਾਨ ਇਹ ਗਿਣਤੀ 4,059 ਸੀ। ਇਸ ਸਮੇਂ ਦੌਰਾਨ ਖੇਤਾਂ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਵਿੱਚ ਸਾਲ 2022 ਮੁਕਾਬਲੇ 75 ਪ੍ਰਤੀਸ਼ਤ ਦੀ ਕਮੀ ਆਈ ਹੈ। ਲੰਘੇ ਕੱਲ੍ਹ ਐਤਵਾਰ ਨੂੰ ਪੰਜਾਬ ਵਿਚ 138 ਖੇਤਾਂ ਵਿਚ ਅੱਗ ਲੱਗਣ ਦੀਆਂ ਘਟਨਾਵਾਂ ਸਾਹਮਣੇ ਆਈਆਂ। ਖੇਤਾਂ ਵਿੱਚ ਪਰਾਲੀ ਨੂੰ ਅੱਗ ਦੇ ਮਾਮਲਿਆਂ ਵਿੱਚ ਗਿਰਾਵਟ ਦਾ ਦਿੱਲੀ ਵਿੱਚ ਹਵਾ ਪ੍ਰਦੂਸ਼ਣ ’ਤੇ ਕੋਈ ਖਾਸ ਪ੍ਰਭਾਵ ਨਹੀਂ ਪਿਆ ਹੈ ਅਤੇ ਦਿੱਲੀ ਵਿਚ ਹਵਾ ਦੀ ਗੁਣਵੱਤਾ ਬਹੁਤ ਮਾੜੀ ਦਰਜ ਕੀਤੀ ਗਈ ਹੈ।

 

ਉਮੀਦਵਾਰ ਆਪੋ-ਆਪਣੇ ਹਲਕਿਆਂ ਵਿਚ ਚੋਣ ਪ੍ਰਚਾਰ ’ਚ ਜੁਟੇ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ’ਚ 4 ਵਿਧਾਨ ਸਭਾ ਹਲਕਿਆਂ ਵਿਚ ਹੋਣ ਵਾਲੀ ਜ਼ਿਮਨੀ ਚੋਣ ਲਈ ਨਾਮਜ਼ਦਗੀਆਂ ਭਰਨ ਦਾ ਕੰਮ ਅੱਜ ਨਿੱਬੜ ਗਿਆ ਹੈ। ਆਮ ਆਦਮੀ ਪਾਰਟੀ, ਕਾਂਗਰਸ, ਭਾਰਤੀ ਜਨਤਾ ਪਾਰਟੀ ਅਤੇ ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਰਤਸਰ) ਦੇ ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਭਰ ਦਿੱਤੇ ਗਏ ਹਨ ਅਤੇ ਸ਼ੋ੍ਰਮਣੀ ਅਕਾਲੀ ਦਲ (ਬਾਦਲ)  ਇਨ੍ਹਾਂ ਜ਼ਿਮਨੀ ਚੋਣਾਂ ਵਿਚ ਹਿੱਸਾ ਨਹੀਂ ਲੈ ਰਿਹਾ ਹੈ। ਆਉਂਦੀ 13 ਨਵੰਬਰ ਨੂੰ ਹੋਣ ਵਾਲੀਆਂ ਇਨ੍ਹਾਂ ਜ਼ਿਮਨੀ ਚੋਣਾਂ ਲਈ ਉਮੀਦਵਾਰ ਆਪੋ-ਆਪਣੇ ਹਲਕਿਆਂ ਵਿਚ ਚੋਣ ਪ੍ਰਚਾਰ ਵਿਚ ਜੁਟੇ ਹੋਏ ਹਨ ਅਤੇ ਆਪਣੀ-ਆਪਣੀ ਜਿੱਤ ਦਾ ਦਾਅਵਾ ਕਰ ਰਹੇ ਹਨ। ਦੱਸਣਯੋਗ ਹੈ ਕਿ ਇਨ੍ਹਾਂ 4 ਵਿਧਾਨ ਸਭਾ ਹਲਕਿਆਂ ਗਿੱਦੜਬਾਹਾ, ਬਰਨਾਲਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਦੀ ਜ਼ਿਮਨੀ ਚੋਣ ਦੇ ਨਤੀਜੇ 23 ਨਵੰਬਰ ਨੂੰ ਐਲਾਨੇ ਜਾਣੇ ਹਨ। 

ਤਰੁਣਪ੍ਰੀਤ ਸਿੰਘ ਸੋਂਧ ਨੇ ਚੰਡੀਗੜ੍ਹ ’ਚ ਕੀਤੀ ਪ੍ਰੈਸ ਕਾਨਫਰੰਸ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ’ਚ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੋਂਧ ਨੇ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕੀਤੀ ਹੈ। ਪ੍ਰੈਸ ਕਾਨਫਰੰਸ ਦੌਰਾਨ ਮੰਤਰੀ ਸੋਂਧ ਨੇ ਪੰਜਾਬ ਵਿਚ ਨਸ਼ਿਆਂ ਦੀ ਰੋਕਥਾਮ ਬਾਰੇ ਗੱਲਬਾਤ ਕਰਦਿਆਂ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ’ਤੇ ਤਿੱਖੇ ਸਿਆਸੀ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਅੰਮਿ੍ਰਤਸਰ ਜ਼ਿਲ੍ਹੇ ਵਿਚ ਇਕ ਕਾਂਗਰਸੀ ਆਗੂ ਨੂੰ ਨਸ਼ਿਆਂ ਦੇ ਮਾਮਲੇ ਵਿਚ ਗਿ੍ਰਫਤਾਰ ਕੀਤਾ ਗਿਆ ਸੀ। ਕੈਬਨਿਟ ਮੰਤਰੀ ਸੋਂਧ ਨੇ ਕਿਹਾ ਕਿ ਇਹ ਬਹੁਤ ਗੰਭੀਰ ਮਾਮਲਾ ਹੈ ਕਿ ਕਾਂਗਰਸ ਪਾਰਟੀ ਨਾਲ ਸਬੰਧ ਰੱਖਣ ਵਾਲੇ ਵਿਅਕਤੀ ਕੋਲੋਂ ਵੱਡੀ ਮਾਤਰਾ ਵਿਚ ਨਸ਼ਾ ਬਰਾਮਦ ਹੋਇਆ ਹੈ। ਮੰਤਰੀ ਨੇ ਇਹ ਵੀ ਦੱਸਿਆ ਕਿ ਪਿਛਲੇ ਦਿਨੀਂ ਫਿਰੋਜ਼ਪੁਰ ਦੀ ਇਕ ਸਾਬਕਾ ਕਾਂਗਰਸੀ ਵਿਧਾਇਕਾ, ਜਿਹੜੀ ਭਾਜਪਾ ਵਿਚ ਸ਼ਾਮਲ ਹੋ ਗਈ ਸੀ, ਉਸ ਨੂੰ ਵੀ ਨਸ਼ਿਆਂ ਦੇ ਮਾਮਲੇ ਵਿਚ ਗਿ੍ਰਫਤਾਰ ਕੀਤਾ ਗਿਆ ਸੀ। ਇਸ ਮਗਰੋਂ ਭਾਜਪਾ ਨੇ ਸਾਬਕਾ ਵਿਧਾਇਕਾ ਸਤਕਾਰ ਕੌਰ ਗਹਿਰੀ ਨੂੰ ਪਾਰਟੀ ਵਿਚੋਂ ਕੱਢ ਦਿੱਤਾ ਸੀ। ਮੰਤਰੀ ਤਰੁਣਪ੍ਰੀਤ ਨੇ ਆਰੋਪ ਲਗਾਇਆ ਕਿ ਪੰਜਾਬ ਵਿਚ ਅਕਾਲੀ-ਭਾਜਪਾ ਸਰਕਾਰ ਦੌਰਾਨ ਨਸ਼ਿਆਂ ਦਾ ਰੁਝਾਨ ਵਧਿਆ ਹੈ। 

 

ਕਿਹਾ : ਆਰ.ਐਸ.ਐਸ., ਆਪ, ਕਾਂਗਰਸ ਤੇ ਭਾਜਪਾ ਸਾਰੇ ਇਕ 

ਅੰਮਿ੍ਰਤਸਰ/ਬਿਊਰੋ ਨਿਊਜ਼

ਅੰਮਿ੍ਰਤਸਰ ਵਿਖੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਭਾਜਪਾ ਨਾਲ ਸਾਂਝ ਪਾਉਣ ਵਾਲਿਆਂ ਦੇ ਮੇਰੇ ਕੋਲ ਪੁਖਤਾ ਸਬੂਤ ਹਨ। ਧਾਮੀ ਨੇ ਆਰੋਪ ਲਗਾਉਂਦੇ ਹੋਏ ਕਿਹਾ ਕਿ ਸਾਡੇ ਸਾਰੇ ਮੈਂਬਰਾਂ ਨੂੰ ਪੈਸਿਆਂ ਦਾ ਲਾਲਚ ਦਿੱਤਾ ਜਾ ਰਿਹਾ ਹੈ ਤੇ ਉਨ੍ਹਾਂ ਨੂੰ ਖਰੀਦਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਰ.ਐਸ.ਐਸ., ਆਪ, ਕਾਂਗਰਸ ਤੇ ਭਾਜਪਾ ਸਾਰੇ ਇਕ ਹੋ ਗਏ ਹਨ ਤੇ ਸਾਰੇ ਮਿਲ ਕੇ ਬਾਗੀ ਧੜੇ ਨੂੰ ਜਿਤਾਉਣ ਲਈ ਐਸ.ਜੀ.ਪੀ.ਸੀ. ਮੈਂਬਰਾਂ ਨੂੰ ਖਰੀਦਣ ਦੀ ਕੋਸ਼ਿਸ਼ ਕਰ ਰਹੇ ਹਨ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਾਡੇ ਮੈਂਬਰਾਂ ਨੂੰ ਫੋਨ ਕਰਕੇ ਉਨ੍ਹਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ 104 ਸਾਲਾਂ ਦੇ ਇਤਿਹਾਸ ਵਿਚ ਪਹਿਲੀ ਵਾਰ ਹੋ ਰਿਹਾ ਹੈ ਕਿ ਸਰਕਾਰਾਂ ਇਸਦੀ ਸਲਾਨਾ ਚੋਣ ਵਿਚ ਸਿੱਧੇ ਤੌਰ ’ਤੇ ਦਖਲ ਦੇ ਰਹੀਆਂ ਹਨ। ਐਡਵੋਕੇਟ ਧਾਮੀ ਨੇ ਸਮੂਹ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਸਰਕਾਰਾਂ ਜਾਂ ਸਿਆਸੀ ਆਗੂਆਂ ਦੀ ਥਾਂ ਖਾਲਸਾ ਪੰਥ ਦੇ ਝੰਡੇ ਹੇਠ ਇਕੱਠੇ ਹੋਣ ਦੀ ਅਪੀਲ ਕੀਤੀ। 

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੂੰ ਮਿਲੇ ਭਾਜਪਾ ਆਗੂ

ਨਵੀਂ ਦਿੱਲੀ/ਬਿਊਰੋ ਨਿਊਜ਼

ਪੰਜਾਬੀ ਗਾਇਕ ਅਤੇ ਫਿਲਮ ਅਦਾਕਾਰ ਦਿਲਜੀਤ ਦੁਸਾਂਝ ਇਸ ਸਮੇਂ ਭਾਰਤ ਵਿਚ ਆਪਣੇ ‘ਦਿਲ-ਲੂਮਿਨਾਟੀ ਟੂਰ’ ਨੂੰ ਲੈ ਕੇ ਚਰਚਾ ਵਿਚ ਹਨ। ਦਿੱਲੀ ਵਿਚ ਸ਼ੋਅ ਤੋਂ ਬਾਅਦ ਦਿਲਜੀਤ ਦੁਸਾਂਝ ਨੇ ਭਾਜਪਾ ਆਗੂ ਜੈਵੀਰ ਸ਼ੇਰਗਿੱਲ ਨਾਲ ਮੁਲਾਕਾਤ ਵੀ ਕੀਤੀ ਹੈ। ਦਿਲਜੀਤ ਦੁਸਾਂਝ ਆਪਣੀ ਟੀਮ ਦੇ ਨਾਲ ਜੈਵੀਰ ਸ਼ੇਰਗਿੱਲ ਦੇ ਦਿੱਲੀ ਸਥਿਤ ਘਰ ਪਹੁੰਚੇ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਦੱਸਿਆ ਗਿਆ ਕਿ ਭਾਜਪਾ ਆਗੂ ਜੈਵੀਰ ਸ਼ੇਰਗਿੱਲ ਮੂਲ ਰੂਪ ਵਿਚ ਜਲੰਧਰ ਦੇ ਰਹਿਣ ਵਾਲੇ ਹਨ ਅਤੇ ਦਿਲਜੀਤ ਦੁਸਾਂਝ ਵੀ ਜਲੰਧਰ ਨਾਲ ਹੀ ਸਬੰਧਤ ਹਨ। ਜ਼ਿਕਰਯੋਗ ਹੈ ਕਿ ਜੈਵੀਰ ਸ਼ੇਰਗਿੱਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਦਿਲਜੀਤ ਦੁਸਾਂਝ ਸਬੰਧੀ ਜਾਣਕਾਰੀ ਸਾਂਝੀ ਕੀਤੀ ਸੀ। ਸ਼ੇਰਗਿੱਲ ਨੇ ਕਿਹਾ ਸੀ ਕਿ ਪੰਜਾਬੀਆਂ ਦੀ ਸ਼ਾਨ ਦੇ ਤੌਰ ’ਤੇ ਦਿਲਜੀਤ ਭਾਅ ਜੀ ਨੂੰ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਸੀ ਕਿ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਦਿਲਜੀਤ ਦੁਸਾਂਝ ਕੋਲੋਂ ਜ਼ਰੂਰ ਸਿੱਖਣਾ ਚਾਹੀਦਾ ਹੈ। ਜੈਵੀਰ ਸ਼ੇਰਗਿੱਲ ਨੇ ਕਿਹਾ ਕਿ ਮੇਰੇ ਬੱਚੇ ਵੀ ਅੱਜ ਕਹਿੰਦੇ ਹਨ ਕਿ ਉਹ ਦਿਲਜੀਤ ਦੁਸਾਂਝ ਵਾਲੇ ਪੰਜਾਬ ਤੋਂ ਹਨ। 

 

ਕੈਪਟਨ ਅਮਰਿੰਦਰ ਸਿੰਘ ਮੁੜ ਸਿਆਸਤ ’ਚ ਹੋਏ ਸਰਗਰਮ

ਖੰਨਾ/ਬਿਊਰੋ ਨਿਊਜ਼

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰੀਬ 3 ਸਾਲਾਂ ਬਾਅਦ ਸੂਬੇ ਦੀ ਸਿਆਸਤ ਵਿਚ ਮੁੜ ਸਰਗਰਮ ਹੋ ਗਏ ਹਨ। ਅੱਜ ਸ਼ੁੱਕਰਵਾਰ ਨੂੰ ਉਹ ਖੰਨਾ ਦੀ ਦਾਣਾ ਮੰਡੀ ਵਿਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਵਿਚ ਆ ਰਹੀਆਂ ਸਮੱਸਿਆਵਾਂ ਦਾ ਜਾਇਜ਼ਾ ਲੈਣ ਲਈ ਪਹੁੰਚ ਗਏ। ਕੈਪਟਨ ਅਮਰਿੰਦਰ ਦੇ ਨਾਲ ਭਾਜਪਾ ਆਗੂ ਫਤਿਹਜੰਗ ਸਿੰਘ ਬਾਜਵਾ ਅਤੇ ਜੈ ਇੰਦਰ ਕੌਰ ਵੀ ਮੌਜੂਦ ਰਹੇ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਕਿਸਾਨਾਂ, ਮਿੱਲਰਾਂ ਤੇ ਸ਼ੈਲਰ ਮਾਲਕਾਂ ਦੀਆਂ ਸਮੱਸਿਆਵਾਂ ਲੈ ਕੇ ਕੇਂਦਰ ਸਰਕਾਰ ਕੋਲ ਜਾਣਗੇ ਤੇ ਜੋ ਵੀ ਮਸਲਾ ਹੈ, ਉਸ ਨੂੰ ਹੱਲ ਕਰਵਾਉਣ ਦੀ ਪੂਰੀ ਕੋਸ਼ਿਸ਼ ਕਰਨਗੇ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਦਾ ਸਮਾਂ ਮੰਗਿਆ ਹੈ ਅਤੇ ਪੀਐਮ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸਾਰੀਆਂ ਸਮੱਸਿਆਵਾਂ ਬਾਰੇ ਜਾਣੂੰ ਕਰਵਾਇਆ ਜਾਵੇਗਾ। ਧਿਆਨ ਰਹੇ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਪਾਰਟੀ ਵਲੋਂ ਦੋ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਹਨ ਅਤੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਹ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ ਸਨ। 

ਕਿਹਾ : ਸ੍ਰੀ ਅਕਾਲ ਤਖਤ ਸਾਹਿਬ ਤੇ ਜਥੇਦਾਰ ਸਾਹਿਬ ਮੇਰੇ ਲਈ ਅਤਿ ਸਤਿਕਾਰਯੋਗ

ਅੰਮਿ੍ਰਤਸਰ/ਬਿਊਰੋ ਨਿਊਜ਼

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਪੱਤਰ ਲਿਖ ਕੇ ਬੀਤੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਪ੍ਰਤੀ ਇਤਰਾਜ਼ਯੋਗ ਟਿੱਪਣੀਆਂ ਕਰਨ ਲਈ ਮੁਆਫੀ ਦਿੱਤੇ ਜਾਣ ਦੀ ਮੰਗ ਕੀਤੀ ਹੈ। ਰਾਜਾ ਵੜਿੰਗ ਵਲੋਂ ਇਹ ਮੁਆਫੀਨਾਮਾ ਪੱਤਰ ਸਥਾਨਕ ਕਾਂਗਰਸੀ ਆਗੂ ਭਗਵੰਤ ਪਾਲ ਸਿੰਘ ਸੱਚਰ ਦੁਆਰਾ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ ਭੇਜਿਆ ਗਿਆ ਹੈ। ਜ਼ਿਕਰਯੋਗ ਹੈ ਕਿ ਲੰਘੇ ਦਿਨੀਂ ਇਕ ਚੈਨਲ ਨਾਲ ਗੱਲਬਾਤ ਦੌਰਾਨ ਰਾਜਾ ਵੜਿੰਗ ਵਲੋਂ ਜਥੇਦਾਰ ਗਿਆਨੀ ਰਘਬੀਰ ਸਿੰਘ ਪ੍ਰਤੀ ਕੁਝ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕੀਤੀ ਸੀ, ਜਿਸ ਸੰਬੰਧੀ ਉਨ੍ਹਾਂ ਅੱਜ ਜਥੇਦਾਰ ਨੂੰ ਪੱਤਰ ਭੇਜ ਕੇ ਮੁਆਫੀ ਦੀ ਮੰਗ ਕੀਤੀ ਹੈ। ਰਾਜਾ ਵੜਿੰਗ ਨੇ ਲਿਖਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਉੱਥੋਂ ਦੇ ਜੱਥੇਦਾਰ ਸਾਹਿਬ ਮੇਰੇ ਲਈ ਅਤਿ ਸਤਿਕਾਰਯੋਗ ਹਨ। ਜੇਕਰ ਅਣਜਾਣੇ ਵਿੱਚ ਮੈਥੋਂ ਇਸ ਮਹਾਨ ਸੰਸਥਾ ਦੀ ਸ਼ਾਨ ਨੂੰ ਠੇਸ ਪਹੁੰਚੀ ਹੈ ਤਾਂ ਮੈਂ ਖਿਮਾਂ ਦਾ ਜਾਚਕ ਹਾਂ। ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਸਾਹਮਣੇ ਸਿਰ ਝੁਕਾਉਂਦਾ ਹੋਇਆ ਜਥੇਦਾਰ ਸਾਹਿਬ ਪਾਸੋਂ ਮੁਆਫ਼ੀ ਦਾ ਤਲਬਗਾਰ ਹਾਂ।

 

ਅਕਾਲੀ ਦਲ ਵਲੋਂ ਜ਼ਿਮਨੀ ਚੋਣਾਂ ’ਚੋਂ ਪਿੱਛੇ ਹਟਣ ਨੂੰ ਬਾਜਵਾ ਨੇ ਦੱਸਿਆ ਭਾਜਪਾ ਦੀ ਸਾਜਿਸ਼

ਚੰਡੀਗੜ੍ਹ/ਬਿਊਰੋ ਨਿਊਜ਼  

ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਗਿੱਦੜਬਾਹਾ, ਬਰਨਾਲਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ’ਚ 13 ਨਵੰਬਰ ਨੂੰ ਜ਼ਿਮਨੀ ਚੋਣ ਲਈ ਵੋਟਾਂ ਪੈਣੀਆਂ ਹਨ। ਇਸ ਨੂੰ ਲੈ ਕੇ ਸਿਆਸੀ ਪਾਰਟੀਆਂ ਦੇ ਆਗੂਆਂ ਵਲੋਂ ਇਕ ਦੂਜੇ ’ਤੇ ਦੂਸ਼ਣਬਾਜ਼ੀ ਕੀਤੀ ਜਾ ਰਹੀ ਹੈ। ਪੰਜਾਬ ’ਤੇ ਲੰਮਾ ਸਮਾਂ ਰਾਜ ਕਰਨ ਵਾਲਾ ਸ਼ੋ੍ਰਮਣੀ ਅਕਾਲੀ ਦਲ ਜ਼ਿਮਨੀ ਚੋਣਾਂ ’ਚੋਂ ਪਿੱਛੇ ਹਟ ਗਿਆ ਹੈ। ਇਸ ਨੂੰ ਲੈ ਕੇ ਸੀਨੀਅਰ ਕਾਂਗਰਸੀ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਆਰੋਪ ਲਗਾਉਂਦਿਆਂ ਕਿਹਾ ਕਿ ਅਕਾਲੀ ਦਲ ਦਾ ਜ਼ਿਮਨੀ ਚੋਣਾਂ ਵਿਚੋਂ ਪਿੱਛੇ ਹਟਣਾ, ਭਾਰਤੀ ਜਨਤਾ ਪਾਰਟੀ ਦੀ ਵੱਡੀ ਸਾਜਿਸ਼ ਦਾ ਹਿੱਸਾ ਹੈ। ਬਾਜਵਾ ਨੇ ਕਿਹਾ ਕਿ ਇਹ ਬਹੁਤ ਗੰਭੀਰ ਮਸਲਾ ਹੈ ਅਤੇ ਇਸ ਪਿੱਛੇ ਭਾਜਪਾ ਦੀ ਰਣਨੀਤੀ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਿਵੇਂ ਵਿਰੋਧੀ ਸਿਆਸੀ ਪਾਰਟੀਆਂ ਚੋਣ ਪਿੜ ਵਿੱਚੋਂ ਬਾਹਰ ਹੋ ਰਹੀਆਂ ਹਨ, ਉਸ ਤੋਂ ਇਹ ਜਾਪਦਾ ਹੈ ਕਿ ਭਾਜਪਾ ਸੂਬੇ ਵਿੱਚ ਵੱਡੀ ਖੇਡ ਖੇਡਣ ਜਾ ਰਹੀ ਹੈ। 

ਮਾਨਸਾ : ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਸੈਂਟਰਲ ਬਿਊਰੋ ਆਫ ਕਮਿਊਨੀਕੇਸ਼ਨ ਵੱਲੋਂ ਸ਼ਹਿਰ ਦੇ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਵਿੱਚ ਆਯੋਜਿਤ ਕੀਤੀ ਗਈ ਦੋ ਰੋਜ਼ਾ ਚਿੱਤਰ ਪ੍ਰਦਰਸ਼ਨੀ ਦਾ ਸ਼ੁੱਕਰਵਾਰ ਨੂੰ ਸਮਾਪਨ ਹੋ ਗਿਆ। ਇਸ ਜ਼ਿਲਾ ਪੱਧਰੀ ਪ੍ਰੋਗਰਾਮ ਵਿੱਚ

ਐਸ.ਪੀ. ਹੈਡਕੁਆਰਟਰ ਜਸਕੀਰਤ ਸਿੰਘ ਅਹੀਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਐਸ.ਪੀ. ਹੈਡਕੁਆਰਟਰ ਜਸਕੀਰਤ ਸਿੰਘ ਅਹੀਰ ਨੇ ਕਿਹਾ ਕਿ ਇਸ ਸਾਲ 1 ਜੁਲਾਈ ਤੋਂ 3 ਨਵੇਂ ਅਪਰਾਧਿਕ ਕਾਨੂੰਨ ਲਾਗੂ ਹੋ ਚੁੱਕੇ ਹਨ। ਐਸ.ਪੀ. ਹੈਡਕੁਆਰਟਰ ਨੇ ਕਿਹਾ ਕਿ ਹੁਣ ਕੋਈ ਵੀ ਪੀੜ੍ਹਤ ਵਿਅਕਤੀ ਕਿਸੇ ਵੀ ਥਾਣੇ ਵਿੱਚ ਜਾ ਕੇ ਐਫ.ਆਈ.ਆਰ. ਦਰਜ ਕਰਵਾ ਸਕਦਾ ਹੈ, ਜਿਸਨੂੰ ਤਕਨੀਕੀ ਤੌਰ ਉੱਤੇ ਜ਼ੀਰੋ ਐੱਫ.ਆਈ.ਆਰ. ਕਿਹਾ ਜਾਂਦਾ ਹੈ। ਜਸਕੀਰਤ ਸਿੰਘ ਨੇ ਕਿਹਾ ਕਿ ਨਵੇਂ ਅਪਰਾਧਿਕ ਕਾਨੂੰਨਾਂ ਨਾਲ ਪੁਲਿਸ ਦੀ ਜਾਂਚ ਵਿੱਚ ਹੋਰ ਪਾਰਦਰਸ਼ਤਾ ਆਈ ਹੈ। ਉਨ੍ਹਾਂ ਨਾ ਸਿਰਫ ਇਨ੍ਹਾਂ ਕਾਨੂੰਨਾਂ ਦੇ ਨਵੇਂ ਪ੍ਰਾਵਧਾਨਾਂ ਬਾਰੇ ਜਾਣਕਾਰੀ ਦਿੱਤੀ ਬਲਕਿ ਇਸ ਨਾਲ ਵਿਵਸਥਾ ਅਤੇ ਆਮ ਲੋਕਾਂ ਉੱਤੇ ਪੈਣ ਵਾਲੇ ਪ੍ਰਭਾਅ ਉੱਤੇ ਵੀ ਚਾਨਣਾ ਪਾਇਆ। 

ਇਸ ਮੌਕੇ ਡੀ.ਡੀ. ਨਿਊਜ਼ ਦੇ ਸੰਪਾਦਕ ਅਤੇ ਕੇਂਦਰੀ ਸੰਚਾਰ ਬਿਊਰੋ ਅੰਮ੍ਰਿਤਸਰ ਦੇ ਮੁਖੀ ਗੁਰਮੀਤ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ਭਰ ਵਿੱਚ ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਨੇ ਆਈਪੀਸੀ 1860, ਸੀ.ਆਰ.ਪੀ.ਸੀ. 1973 ਅਤੇ ਭਾਰਤੀ ਪ੍ਰਮਾਣ ਐਕਟ 1872 ਦੀ ਥਾਂ ਲਈ ਹੈ। ਇਨ੍ਹਾਂ ਕਾਨੂੰਨਾਂ ਦੇ ਜ਼ਰੀਏ ਆਧੁਨਿਕ ਤਕਨੀਕ ਦਾ ਭਰਪੂਰ ਇਸਤੇਮਾਲ ਅਤੇ ਇਲੈਕਟ੍ਰਾਨਿਕ ਪ੍ਰਮਾਣਾਂ ਨੂੰ ਕਾਨੂੰਨ ਦਾ ਹਿੱਸਾ ਬਣਾਉਣ ਨਾਲ ਮੁਕਦਮੇ ਦੇ ਛੇਤੀ ਨਿਪਟਾਰੇ ਦਾ ਰਸਤਾ ਸੌਖਾ ਹੋਇਆ ਹੈ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੋਈ ਵੀ ਕਾਨੂੰਨ ਜਾਂ ਨੀਤੀ ਉਦੋਂ ਹੀ ਸਫਲ ਹੋ ਸਕਦੀ ਹੈ, ਜੱਦ ਲੋਕ ਇਸ ਬਾਰੇ ਜਾਗਰੂਕ ਹੋਣ। 

ਮੰਚ ਤੋਂ ਡਾਕਟਰ ਰੁਪਿੰਦਰ ਪਾਲ ਕੌਰ ਨੇ ਬੇਟੀ ਬਚਾਓ ਬੇਟੀ ਪੜ੍ਹਾਓ, ਮਨਰੀਤ ਸਿੱਧੂ ਨੇ ਪਾਣੀ ਦੀ ਸਾਂਭ ਸੰਭਾਲ, ਪ੍ਰੋਫੈਸਰ ਹਰਜੀਤ ਸਿੰਘ ਨੇ ਸਵੱਛ ਭਾਰਤ, ਅਮਨਦੀਪ ਕੌਰ ਨੇ ਫਿੱਟ ਇੰਡੀਆ ਦੇ ਵਿਸ਼ੇ ਉੱਤੇ ਸੰਬੋਧਨ ਕੀਤਾ, ਜੱਦਕਿ ਡਾਕਟਰ ਬਲਮ ਨੇ ਮੰਚ ਦਾ ਸੰਚਾਲਨ ਕੀਤਾ। ਇਸ ਮੌਕੇ ਪ੍ਰੋਗਰਾਮ ਵਿੱਚ ਪਹੁੰਚੀਆਂ ਸਾਰੀਆਂ ਉੱਘੀਆਂ ਸ਼ਖਸੀਅਤਾਂ ਦਾ ਸਨਮਾਨ ਕੀਤਾ ਗਿਆ।

ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਇਸ ਅਹਿਦ ਦੀ ਸ਼ਲਾਘਾ ਕਰਦਿਆਂ ਚਿੱਤਰ ਪ੍ਰਦਰਸ਼ਨੀ ਵੇਖਣ ਆਏ ਲੋਕਾਂ ਨੇ ਕਿਹਾ ਕਿ ਅਜਿਹੇ ਪ੍ਰੋਗਰਾਮਾਂ ਨਾਲ ਆਮ ਲੋਕਾਂ ਨੂੰ ਸਰਕਾਰ ਦੀਆਂ ਵੱਖੋ ਵੱਖ ਯੋਜਨਾਵਾਂ ਬਾਰੇ ਜਾਣੂ ਕਰਵਾਉਣਾ ਇੱਕ ਚੰਗਾ ਉਪਰਾਲਾ ਹੈ। ਬਹਿਰਹਾਲ ਭਾਰਤ ਸਰਕਾਰ ਦੀ ਇਸ ਚਿੱਤਰ ਪ੍ਰਦਰਸ਼ਨੀ ਦਾ ਪਾਕੀਜ਼ਾ ਕਲਾ ਮੰਚ ਵੱਲੋਂ ਪੇਸ਼ ਕੀਤੇ ਗਏ ਨੁੱਕੜ ਨਾਟਕ ਸਣੇ ਵਿਦਿਆਰਥੀਆਂ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਦੇ ਨਾਲ ਸਮਾਪਨ ਹੋ ਗਿਆ।

ਹਰਜਿੰਦਰ ਸਿੰਘ ਧਾਮੀ ਮੌਜੂਦਾ ਤੇ ਬੀਬੀ ਜਗੀਰ ਕੌਰ ਹਨ ਸਾਬਕਾ ਪ੍ਰਧਾਨ

ਅੰਮਿ੍ਰਤਸਰ/ਬਿਊਰੋ ਨਿਊਜ਼

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਵਾਸਤੇ ਇਸ ਵਾਰ ਮੁੱਖ ਮੁਕਾਬਲਾ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਬੀਬੀ ਜਗੀਰ ਕੌਰ ਵਿਚਾਲੇ ਹੋਵੇਗਾ। ਇਸ ਵੇਲੇ ਐਸਜੀਪੀਸੀ ਦੇ ਮੌਜੂਦਾ ਪ੍ਰਧਾਨ ਧਾਮੀ ਹੀ ਹਨ ਅਤੇ ਬੀਬੀ ਜਗੀਰ ਵੀ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਰਹਿ ਚੁੱਕੇ ਹਨ। ਸ਼੍ਰੋਮਣੀ ਅਕਾਲੀ ਦਲ ਵੱਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਐਸਜੀਪੀਸੀ ਦੀ ਇਸ ਚੋਣ ਸਬੰਧੀ ਸ਼੍ਰੋਮਣੀ ਕਮੇਟੀ ਦਾ ਜਨਰਲ ਇਜਲਾਸ 28 ਅਕਤੂਬਰ ਦਿਨ ਸੋਮਵਾਰ ਨੂੰ ਅੰਮਿ੍ਰਤਸਰ ਵਿਖੇ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਹੋਣਾ ਹੈ। ਇਸ ਵਾਰ ਇਹ ਚੋਣ ਮੁਕਾਬਲਾ ਦਿਲਚਸਪ ਹੋਣ ਦੀ ਉਮੀਦ ਹੈ। ਇਸ ਮੁਕਾਬਲੇ ਵਾਸਤੇ ਸ਼੍ਰੋਮਣੀ ਅਕਾਲੀ ਦਲ ਦੀ ਨਾਰਾਜ਼ ਧਿਰ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਵੱਲੋਂ ਬੀਬੀ ਜਗੀਰ ਕੌਰ ਨੂੰ ਆਪਣਾ ਉਮੀਦਵਾਰ ਐਲਾਨਿਆ ਗਿਆ ਹੈ ਜੋ ਪਹਿਲਾਂ ਵੀ ਸ਼੍ਰੋਮਣੀ ਕਮੇਟੀ ਪ੍ਰਧਾਨ ਰਹਿ ਚੁੱਕੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਅਹੁਦੇ ਵਾਸਤੇ 2022 ਵਿਚ ਵੀ ਐਡਵੋਕੇਟ ਧਾਮੀ ਅਤੇ ਬੀਬੀ ਜਗੀਰ ਕੌਰ ਵਿਚਾਲੇ ਮੁਕਾਬਲਾ ਹੋ ਚੁੱਕਾ ਹੈ ਅਤੇ ਹਰਜਿੰਦਰ ਸਿੰਘ ਧਾਮੀ ਨੂੰ ਜਿੱਤ ਹਾਸਲ ਹੋਈ ਸੀ। 

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.