Thursday, 23 April 2026

ਚੰਡੀਗੜ੍ਹ, 18 ਫਰਵਰੀ:

ਵਿਦਿਅਕ ਮਿਆਰਾਂ ਨੂੰ ਹੋਰ ਬਿਹਤਰ ਬਣਾਉਣ ਪ੍ਰਤੀ ਆਪਣੀ ਦ੍ਰਿੜ੍ਹ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਮਾਛੀਵਾੜਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਕੀਤੇ ਗਏ ਅਚਨਚੇਤ ਨਿਰੀਖਣ ਦੌਰਾਨ ਸਾਹਮਣੇ ਆਈਆਂ ਗੰਭੀਰ ਖਾਮੀਆਂ ਸਬੰਧੀ ਫੌਰੀ ਅਤੇ ਫ਼ੈਸਲਾਕੁੰਨ ਕਾਰਵਾਈ ਕੀਤੀ ਗਈ ਹੈ। ਇਸ ਦੌਰੇ ਦੌਰਾਨ, ਪੰਜਾਬ ਦੇ ਸਿੱਖਿਆ ਮੰਤਰੀ ਨੇ ਸਕੂਲ ਪ੍ਰਬੰਧਨ ਵਿੱਚ ਕਮੀਆਂ ਸਾਹਮਣੇ ਆਈਆਂ ਅਤੇ ਵਿਦਿਆਰਥੀਆਂ ਨੂੰ ਮੁਢਲੀ ਸਿੱਖਿਆ ਨਾਲ ਜੂਝਦੇ ਦੇਖਿਆ, ਜਿਸ ਕਾਰਨ ਤੁਰੰਤ ਸੁਧਾਰਾਤਮਕ ਉਪਾਅ ਕੀਤੇ ਗਏ।

ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਬਾਅਦ ਵਿੱਚ ਛੇ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ, ਜਿਨ੍ਹਾਂ ਵਿੱਚ ਬੀ.ਆਰ.ਸੀ., ਮੁੱਖ ਅਧਿਆਪਕ, ਇੱਕ ਐਸੋਸੀਏਟ ਅਧਿਆਪਕ, ਤਿੰਨ ਈ.ਟੀ.ਟੀ. ਅਧਿਆਪਕ ਅਤੇ ਇੱਕ ਆਈ.ਈ.ਏ.ਟੀ. ਅਧਿਆਪਕ ਸ਼ਾਮਲ ਹਨ।

ਇਹ ਕਾਰਵਾਈ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਵਿੱਚ ਵਿੱਢੀ ਗਈ ‘ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਸਿੱਖਣ ਦੇ ਨਤੀਜਿਆਂ ਨੂੰ ਹੋਰ ਬਿਹਤਰ ਬਣਾਉਣ ’ਤੇ ਧਿਆਨ ਕੇਂਦਰਿਤ ਕਰਨ ਦਾ ਪ੍ਰਤੱਖ ਪ੍ਰਮਾਣ ਹੈ। ਲਾਪਰਵਾਹੀ ਜਾਂ ਕੁਤਾਹੀ ਪ੍ਰਤੀ  ਜ਼ੀਰੋ-ਸਹਿਣਸ਼ੀਲਤਾ ਵਾਲੀ ਪਹੁੰਚ ਦੀ ਪੁਸ਼ਟੀ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜ਼ੋਰ ਦੇ ਕੇ ਕਿਹਾ ਕਿ ਸਿੱਖਿਆ ਭਗਵੰਤ ਸਿੰਘ ਮਾਨ ਸਰਕਾਰ ਲਈ ਪ੍ਰਮੁੱਖ ਤਰਜੀਹ  ਹੈ ਅਤੇ ਇਹ ਯਕੀਨੀ ਬਣਾਉਣ ਲਈ ਹਰ ਪੱਧਰ ’ਤੇ ਜਵਾਬਦੇਹੀ ਲਾਜ਼ਮੀ ਹੈ ਤਾਂ ਜੋ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮਿਲ ਸਕੇ।

ਇਨ੍ਹਾਂ ਕੁਤਾਹੀਆਂ 'ਤੇ ਸਖ਼ਤ ਨਾਰਾਜ਼ਗੀ ਪ੍ਰਗਟ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ, "ਛੋਟੀ ਤੋਂ ਛੋਟੀ ਲਾਪਰਵਾਹੀ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਬੱਚਿਆਂ ਦਾ ਭਵਿੱਖ ਕਲਾਸਰੂਮਾਂ ਵਿੱਚ ਸਿਰਜਿਆ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਈ ਸਿੱਖਿਆ ਸਭ ਤੋਂ ਮਹੱਤਵਪੂਰਨ ਹੈ ਅਤੇ ਡਿਊਟੀ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।"

ਜ਼ਿਕਰਯੋਗ ਹੈ ਕਿ ਪੰਜਾਬ ਦੇ ਸਿੱਖਿਆ ਮੰਤਰੀ ਵੱਲੋਂ ਵਿਦਿਅਕ ਮਿਆਰਾਂ, ਵਿਦਿਆਰਥੀਆਂ ਦੀ ਹਾਜ਼ਰੀ, ਮਿਡ-ਡੇਅ ਮੀਲ ਅਤੇ ਬੁਨਿਆਦੀ ਢਾਂਚੇ ਦੀ ਸਾਂਭ-ਸੰਭਾਲ ਦੇ ਮੁਲਾਂਕਣ ਲਈ ਸੂਬੇ ਭਰ ਦੇ ਸਰਕਾਰੀ ਸਕੂਲਾਂ ਦਾ ਅਚਨਚੇਤ ਨਿਰੀਖਣ ਕੀਤਾ ਜਾ ਰਿਹਾ ਹੈ। ਇਹ ਅਚਨਚੇਤ ਦੌਰੇ ਜਨਤਕ ਸਿੱਖਿਆ ਪ੍ਰਣਾਲੀ ਨੂੰ ਹੋਰ ਬਿਹਤਰ ਬਣਾਉਣ ਅਤੇ ਵਿਦਿਆਰਥੀਆਂ ਦੇ ਬਿਹਤਰ ਭਵਿੱਖ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਉਜਾਗਰ ਕਰਦੇ ਹਨ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਕਸ ਹੈਂਡਲ 'ਤੇ ਆਪਣੇ ਦੌਰੇ ਦੀ ਇੱਕ ਕਲਿੱਪ ਸਾਂਝੀ ਕਰਦਿਆਂ ਕਿਹਾ: "ਮਾਛੀਵਾੜਾ ਸਾਹਿਬ ਦੇ ਸਰਕਾਰੀ ਸਕੂਲਾਂ ਦਾ ਅਚਾਨਕ ਦੌਰਾ ਕੀਤਾ ਅਤੇ ਵਿਦਿਅਕ ਮਿਆਰਾਂ ਅਤੇ ਸਮੁੱਚੇ ਕੰਮਕਾਜ ਦਾ ਜਾਇਜ਼ਾ ਲਿਆ ਗਿਆ। ਸਾਡੇ ਲਈ ਸਾਡੇ ਬੱਚਿਆਂ ਦੀ ਸਿੱਖਿਆ ਤੋਂ ਵੱਧ ਮਹੱਤਵਪੂਰਨ ਕੁਝ ਨਹੀਂ ਹੈ। ਜੇਕਰ ਕੋਈ ਵੀ ਅਧਿਆਪਕ ਡਿਊਟੀ ਵਿੱਚ ਕੁਤਾਹੀ ਜਾਂ ਅਣਗਹਿਲੀ ਵਰਤਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਅੱਜ ਇਸ ਪ੍ਰਾਇਮਰੀ ਸਕੂਲ ਦੇ ਸਾਰੇ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ। ਵਿਦਿਆਰਥੀਆਂ ਦੀ ਸਿੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।"

ਚੰਡੀਗੜ੍ਹ, : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਿਵਲ ਸਰਜਨਾਂ ਅਤੇ ਡਿਪਟੀ ਮੈਡੀਕਲ ਕਮਿਸ਼ਨਰਾਂ ਨਾਲ ਸੂਬਾ ਪੱਧਰੀ ਕਾਨਫਰੰਸ ਦੀ ਪ੍ਰਧਾਨਗੀ ਕਰਦਿਆਂ ਜਿੱਥੇ ਸੂਬਾ ਸਰਕਾਰ ਦੇ ਪ੍ਰਮੁੱਖ ਸਿਹਤ ਪ੍ਰੋਗਰਾਮਾਂ ਦੇ ਜ਼ਮੀਨੀ ਪੱਧਰ 'ਤੇ ਲਾਗੂਕਰਨ ਦੀ ਸਮੀਖਿਆ ਕੀਤੀ, ਉੱਥੇ ਪ੍ਰਾਇਮਰੀ ਤੇ ਸੈਕੰਡਰੀ ਸਿਹਤ ਸੰਭਾਲ ਸੇਵਾਵਾਂ ਵਿੱਚ ਸੁਧਾਰਾਂ ਦੇ ਅਗਲੇ ਪੜਾਅ ਦੀ ਰੂਪ-ਰੇਖਾ ਉਲੀਕੀ। ਸਮੀਖਿਆ ਮੀਟਿੰਗ ਦੌਰਾਨ ਮਰੀਜ਼ਾਂ ਨੂੰ ਦੇਖਭਾਲ ਸੇਵਾ ਪ੍ਰਦਾਨ ਕਰਨ, ਡਿਜੀਟਲ ਸੁਧਾਰਾਂ, ਬੁਨਿਆਦੀ ਢਾਂਚੇ ਦੀ ਅਪਗ੍ਰੇਡੇਸ਼ਨ ਅਤੇ ਜ਼ਿਲ੍ਹਿਆਂ ਵਿੱਚ ਸਖ਼ਤ ਨਿਗਰਾਨ ਵਿਧੀਆਂ 'ਤੇ ਜ਼ੋਰ ਦਿੱਤਾ ਗਿਆ।

ਸੂਬੇ ਦੀ ਮੁੱਢਲੀ ਸਿਹਤ ਸੰਭਾਲ ਦੀ ਰੀੜ੍ਹ ਦੀ ਹੱਡੀ ਵਜੋਂ ਜਾਣ ਜਾਂਦੇ ਆਮ ਆਦਮੀ ਕਲੀਨਿਕਾਂ ‘ਤੇ ਚਾਨਣਾ ਪਾਉਂਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ ਸੂਬੇ ਭਰ ਵਿੱਚ 881 ਆਮ ਆਦਮੀ ਕਲੀਨਿਕ ਕਾਰਜਸ਼ੀਲ ਹਨ ਜਿੱਥੇ ਵੱਡੀ ਗਿਣਤੀ ਵਿੱਚ ਮਰੀਜ਼ ਇੱਥੇ ਇਲਾਜ ਕਰਵਾਉਣ ਲਈ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਮਹੀਨੇ ਦੌਰਾਨ ਹੀ ਇਹਨਾਂ ਕਲੀਨਿਕਾਂ ਵਿੱਚ ਗਰਭਵਤੀ ਔਰਤਾਂ ਦੀ ਆਮਦ ਵਿੱਚ ਲਗਭਗ 30 ਫ਼ੀਸਦ ਦਾ ਵਾਧਾ ਦਰਜ ਕੀਤਾ ਗਿਆ ਹੈ। ਇਨ੍ਹਾਂ ਕਲੀਨਿਕਾਂ ਵਿੱਚ ਉੱਚ ਜੋਖਮ ਵਾਲੀਆਂ ਗਰਭ ਅਵਸਥਾਵਾਂ ਵਜੋਂ ਸ਼ਨਾਖਤ ਕੀਤੇ ਗਏ ਮਾਮਲੇ ਸੂਬੇ ਪੱਧਰ 'ਤੇ 29 ਫ਼ੀਸਦ ਤੱਕ ਪਹੁੰਚ ਗਏ ਹਨ, ਜਿਸ ਨਾਲ ਸ਼ੁਰੂਆਤੀ ਡਾਕਟਰੀ ਇਲਾਜ ਸੰਭਵ ਹੋ ਰਿਹਾ ਹੈ ਅਤੇ ਮਾਵਾਂ ਤੇ ਨਵਜੰਮੇ ਬੱਚਿਆਂ ਦੀ ਸਿਹਤ ਦੀ ਰੱਖਿਆ ਕੀਤੀ ਜਾ ਰਹੀ ਹੈ।

ਡਾ. ਬਲਬੀਰ ਸਿੰਘ ਨੇ ਐਲਾਨ ਕੀਤਾ ਕਿ ਛੇਤੀ ਹੀ 243 ਨਵੇਂ ਆਮ ਆਦਮੀ ਕਲੀਨਿਕ ਸਥਾਪਤ ਕੀਤੇ ਜਾਣਗੇ ਜਦਕਿ 308 ਉਪ ਸਿਹਤ ਕੇਂਦਰਾਂ ਨੂੰ ਆਮ ਆਦਮੀ ਕਲੀਨਿਕਾਂ ਵਜੋਂ ਅਪਗ੍ਰੇਡ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਨਵੀਆਂ ਸੇਵਾਵਾਂ ਵਿੱਚ ਨਵਜਾਤ ਅਤੇ ਬਾਲ ਦੇਖਭਾਲ, ਰੁਟੀਨ ਟੀਕਾਕਰਨ ਅਤੇ ਮੂੰਹ ਤੇ ਪ੍ਰੋਸਟੇਟ ਕੈਂਸਰ ਲਈ ਸਕ੍ਰੀਨਿੰਗ ਸ਼ਾਮਲ ਹੋਵੇਗੀ। ਉਨ੍ਹਾਂ ਨੇ ਬਲਾਕ ਪੱਧਰ ਉੱਤੇ ਰੈਫਰ ਕਰਨ ਦੇ ਮਾਮਲਿਆਂ ਨੂੰ ਘਟਾਉਣ ਅਤੇ ਜ਼ਿਆਦਾ ਇਲਾਜ ਪ੍ਰਦਾਨ ਕਰਨ ਦੇ ਉਦੇਸ਼ ਲਈ ਬਲਾਕ ਪੱਧਰੀ ਸੰਸਥਾਵਾਂ ਨੂੰ ਮਜ਼ਬੂਤ ਕਰਨ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।

ਦਵਾਈਆਂ ਦੀ ਉਪਲਬਧਤਾ ਬਾਰੇ ਗੱਲ ਕਰਦਿਆਂ ਸਿਹਤ ਮੰਤਰੀ ਨੇ ਸਟਾਕ ਦੀ ਘਾਟ ਪ੍ਰਤੀ ਜ਼ੀਰੋ ਟੋਲਰੈਂਸ ਬਰਕਰਾਰ ਰੱਖਣ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ 14 ਜ਼ਿਲ੍ਹਿਆਂ ਨੇ ਆਮ ਆਦਮੀ ਕਲੀਨਿਕਾਂ 'ਤੇ 102 ਜ਼ਰੂਰੀ ਦਵਾਈਆਂ ਵਿੱਚੋਂ ਘੱਟੋ-ਘੱਟ 97 ਦਵਾਈਆਂ ਦੀ ਉਪਲਬਧਤਾ ਨੂੰ ਯਕੀਨੀ ਬਣਾਇਆ ਹੈ। ਉਨ੍ਹਾਂ ਕਿਹਾ ਕਿ ਸਟਾਕ ਵਿੱਚ ਕਿਸੇ ਵੀ ਤਰ੍ਹਾਂ ਦੀ ਘਾਟ ਹੋਣ ਦੀ ਸੂਰਤ ਵਿੱਚ ਸਬੰਧਤ ਅਧਿਕਾਰੀ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਕੇਂਦਰ ਵਿੱਚ ਆਉਣ ਵਾਲੇ ਹਰੇਕ ਮਰੀਜ਼ ਨੂੰ ਨਿਰਧਾਰਤ ਦਵਾਈਆਂ ਅਤੇ ਜਾਂਚ ਸੇਵਾਵਾਂ ਮੁਫ਼ਤ ਪ੍ਰਦਾਨ ਕੀਤੀਆਂ ਜਾਣੀਆਂ ਯਕੀਨੀ ਬਣਾਈਆਂ ਜਾਣ। ਉਨ੍ਹਾਂ ਕਿਹਾ ਕਿ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਈ-ਔਸ਼ਧੀ ਅਤੇ ਜ਼ਿਲ੍ਹਾ ਪੱਧਰੀ ਡੈਸ਼ਬੋਰਡਾਂ ਰਾਹੀਂ ਨਿਗਰਾਨੀ ਵਿੱਚ ਤੇਜ਼ੀ ਲਿਆਂਦੀ ਜਾਵੇਗੀ।

ਮੁੱਖ ਮੰਤਰੀ ਸਿਹਤ ਯੋਜਨਾ ਦੀ ਸਮੀਖਿਆ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਸ ਸਕੀਮ ਤਹਿਤ ਪ੍ਰਤੀ ਪਰਿਵਾਰ ਸਾਲਾਨਾ 10 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਸਿਹਤ ਬੀਮਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਦਾ ਉਦੇਸ਼ ਮੈਡੀਕਲ ਐਮਰਜੈਂਸੀ ਦੌਰਾਨ ਪਰਿਵਾਰਾਂ ਦੇ ਵਿੱਤੀ ਬੋਝ ਨੂੰ ਬਿਲਕੁੱਲ ਘੱਟ ਕਰਨਾ ਹੈ। ਉਨ੍ਹਾਂ ਸਿਵਲ ਸਰਜਨਾਂ ਨੂੰ ਹਦਾਇਤ ਕੀਤੀ ਕਿ ਉਹ ਸੂਚੀਬੱਧ ਹਸਪਤਾਲਾਂ ਵਿੱਚ ਨਿਰਵਿਘਨ ਰਜਿਸਟ੍ਰੇਸ਼ਨ ਅਤੇ ਸੇਵਾਵਾਂ ਪ੍ਰਦਾਨ ਕਰਨਾ ਯਕੀਨੀ ਬਣਾਉਣ ਤਾਂ ਜੋ ਕੋਈ ਵੀ ਯੋਗ ਲਾਭਪਾਤਰੀ ਇਲਾਜ ਤੋਂ ਵਾਂਝਾ ਨਾ ਰਹੇ। ਉਨ੍ਹਾਂ ਵੱਧ ਤੋਂ ਵੱਧ ਪਹੁੰਚ ਯਕੀਨੀ ਬਣਾਉਣ ਅਤੇ ਵਿੱਤੀ ਬੋਝ ਨੂੰ ਘੱਟ ਕਰਨ ਲਈ ਸੀ.ਐਸ.ਸੀ., ਆਸ਼ਾ ਅਤੇ ਪੀ.ਆਰ.ਆਈ. ਨੁਮਾਇੰਦਿਆਂ ਨਾਲ ਨਜ਼ਦੀਕੀ ਤਾਲਮੇਲ ਬਣਾਉਣ ਲਈ ਵੀ ਕਿਹਾ।

ਕੈਬਨਿਟ ਮੰਤਰੀ ਨੇ ਮੈਡੀਕਲ ਕਾਨੂੰਨੀ ਨਿਰੀਖਣ ਅਤੇ ਪੋਸਟ ਮਾਰਟਮ ਰਿਪੋਰਟਿੰਗ ਪ੍ਰਣਾਲੀ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ, ਜਿਸ ਨਾਲ ਕੇਸਾਂ ਵਿੱਚ ਪਾਰਦਰਸ਼ਤਾ ਆਉਣ ਸਣੇ ਪ੍ਰਕਿਰਿਆ ਵਿੱਚ ਵੀ ਤੇਜ਼ੀ ਆਈ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਆਯੁਸ਼ਮਾਨ ਭਾਰਤ ਸਿਹਤ ਬੁਨਿਆਦੀ ਢਾਂਚਾ ਮਿਸ਼ਨ ਤਹਿਤ ਸਾਰੀਆਂ 22 ਜ਼ਿਲ੍ਹਾ ਇੰਟੀਗ੍ਰੇਟਿਡ ਪਬਲਿਕ ਹੈਲਥ ਲੈਬਾਂ ਅਤੇ 22 ਕ੍ਰਿਟੀਕਲ ਕੇਅਰ ਬਲਾਕਾਂ 'ਤੇ ਕੰਮ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ 7 ਲੈਬਾਂ ਮੁਕੰਮਲ ਹੋ ਚੁੱਕੀਆਂ ਹਨ ਅਤੇ ਇਹ ਲੈਬਾਂ ਇੱਕੋ ਛੱਤ ਹੇਠ ਮੌਲੀਕਿਊਲਰ ਬਾਇਓਲੋਜੀ ਅਤੇ ਵਾਇਰੋਲੋਜੀ ਟੈਸਟਿੰਗ ਸਮੇਤ ਏਕੀਕ੍ਰਿਤ ਡਾਇਗਨੌਸਟਿਕ ਸੇਵਾਵਾਂ ਪ੍ਰਦਾਨ ਕਰਨ ਲਈ ਜ਼ਿਲ੍ਹਾ ਹਸਪਤਾਲਾਂ ਨੂੰ ਸੌਂਪੀਆਂ ਜਾ ਰਹੀਆਂ ਹਨ।

ਇਸ ਦੌਰਾਨ ਸੈਕੰਡਰੀ ਦੇਖਭਾਲ ਸੁਵਿਧਾਵਾਂ ਵਿੱਚ ਜ਼ਰੂਰੀ ਦਵਾਈਆਂ ਦੇ ਸਟਾਕ, ਬਾਇਓਮੈਡੀਕਲ ਉਪਕਰਣਾਂ ਦੀ ਉਪਬੱਧਤਾ, ਸੈਨੀਟੇਸ਼ਨ ਕੰਟਰੈਕਟ, ਲਿਫਟ ਮੇਨਟੇਨੈਂਸ, ਫਾਇਰ ਸੇਫਟੀ ਸਬੰਧੀ ਪਾਲਣਾ ਅਤੇ ਪਾਵਰ ਬੈਕਅਪ ਸਿਸਟਮ ਬਾਰੇ ਵਿਚਾਰ-ਚਰਚਾ ਕੀਤੀ ਗਈ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਬੁਨਿਆਦੀ ਢਾਂਚੇ ਸਬੰਧੀ ਤਿਆਰੀਆਂ ਅਤੇ ਸਫਾਈ ਸਿੱਧੇ ਤੌਰ 'ਤੇ ਲੋਕਾਂ ਦੇ ਭਰੋਸੇ ਵਿੱਚ ਵਾਧਾ ਕਰਦੀਆਂ ਹੈ। ਇਸ ਦੌਰਾਨ ਖਰੀਦ ਮਾਪਦੰਡਾਂ ਦੀ ਪਾਲਣਾ ਅਤੇ ਵਰਤੋਂ ਸਬੰਧੀ ਸਰਟੀਫਿਕੇਟਾਂ ਦੀ ਵੀ ਸਮੀਖਿਆ ਕੀਤੀ ਗਈ।

ਕਾਨਫਰੰਸ ਦੌਰਾਨ ਸਥਾਈ ਵਿਕਾਸ ਟੀਚਿਆਂ ਤਹਿਤ ਜੱਚਾ-ਬੱਚਾ ਮੌਤ ਦਰ ਵਿੱਚ ਕਮੀ, ਨਵਜਾਤਾਂ ਦੇ ਬਚਾਅ, ਟੀਕਾਕਰਨ ਮੁਹਿੰਮ ਅਤੇ ਤਪਦਿਕ ਦਾ ਪਤਾ ਲਗਾਉਣ ਸਬੰਧੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ। ਜੱਚਾ-ਬੱਚਾ ਮੌਤ ਦਰ ਦੇ ਅਨੁਪਾਤ ਵਿੱਚ ਸੁਧਾਰ ਅਤੇ ਉੱਚ ਜੋਖਮ ਵਾਲੀਆਂ ਗਰਭ ਅਵਸਥਾਵਾਂ ਦਾ ਪਤਾ ਲਗਾਉਣ ਬਾਰੇ ਵੀ ਚਰਚਾ ਕੀਤੀ ਗਈ ਅਤੇ ਨਾਲ ਹੀ ਸਟੀਕ ਐਚ.ਐਮ.ਆਈ.ਐਸ. ਰਿਪੋਰਟਿੰਗ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ।

ਮੀਟਿੰਗ ਦੌਰਾਨ ਸਾਰੇ 23 ਜ਼ਿਲ੍ਹਿਆਂ ਵਿੱਚ ਪੰਜਾਬ ਸਟੈਮੀ ਅਤੇ ਸਟ੍ਰੋਕ ਪ੍ਰੋਜੈਕਟਾਂ ਦੇ ਵਿਸਤਾਰ ਦੀ ਵੀ ਸਮੀਖਿਆ ਕੀਤੀ ਗਈ ਤਾਂ ਜੋ ਟੈਲੀ ਈਸੀਜੀ ਗਾਈਡਡ ਥ੍ਰੋਮੋਲਾਈਸਿਸ ਅਤੇ ਹੱਬ ਅਤੇ ਸਪੋਕ ਸਟ੍ਰੋਕ ਪ੍ਰਬੰਧਨ ਨੂੰ ਮਜ਼ਬੂਤ ਕੀਤਾ ਜਾ ਸਕੇ। ਐਮਰਜੈਂਸੀ ਹਾਲਤਾਂ ਨਾਲ ਨਜਿੱਠਣ ਅਤੇ ਪਰਿਵਾਰਾਂ 'ਤੇ ਵਿੱਤੀ ਬੋਝ ਨੂੰ ਘਟਾਉਣ ਲਈ ਅਛੂਤ ਦੀਆਂ ਬਿਮਾਰੀਆਂ ਲਈ ਬਿਹਤਰ ਸਕ੍ਰੀਨਿੰਗ ਅਤੇ ਕੈਂਸਰ ਦੀ ਸ਼ੁਰੂਆਤੀ ਪਛਾਣ ਦੀ ਮਹੱਤਤਾ ‘ਤੇ ਚਾਨਣਾ ਪਾਇਆ ਗਿਆ।

ਸਿਹਤ ਮੰਤਰੀ ਨੇ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ 2.0’  ’ਤੇ ਚਰਚਾ ਕਰਦਿਆਂ ਦੱਸਿਆ ਕਿ ਪ੍ਰਮੁੱਖ ਮੈਡੀਕਲ ਕਾਲਜਾਂ ਦੇ ਕਲੱਸਟਰ ਰਿਸੋਰਸ ਸੈਂਟਰਾਂ ਵਿੱਚ ਇਲਾਜ ਅਤੇ ਮੁੜ ਵਸੇਬੇ ਦੀ ਸਹੂਲਤ ਦਿੱਤੀ ਜਾ ਰਹੀ ਹੈ। ਨਸ਼ੇ ਦੀ ਆਦਤ ਤੋਂ ਮੁਕਤ ਹੋ ਰਹੇ ਪੀੜਤਾਂ ਲਈ ਜਲਦ ਹੀ ਸੂਰਮਾ ਪ੍ਰੋਗਰਾਮ ਤਹਿਤ ‘ ਅੰਬੈਸਡਰਜ਼ ਆਫ਼ ਰਿਕਵਰੀ’  ਸ਼ੂਰੂ ਕੀਤਾ ਜਾਵੇਗਾ, ਜਿਸ ਤਹਿਤ ਡਿਜੀਟਲ ਓਟ ਪ੍ਰਣਾਲੀਆਂ ਅਤੇ ਲੋਕ ਸ਼ਮੂਲੀਅਤ ਰਾਹੀਂ ਸਮਰਥਿਤ ਪੀਅਰ ਸਹਾਇਤਾ ਅਤੇ ਢਾਂਚਾਗਤ ਮੁੜ ਵਸੇਬੇ ਦੁਆਰਾ ਨਸ਼ਾ ਛੁਡਾਉਣ ਵਿੱਚ ਸਹਾਇਤਾ ਕੀਤੀ ਜਾਵੇਗੀ।

ਜ਼ਿਲ੍ਹਾ ਮੁਖੀਆਂ ਨੂੰ ਨਤੀਜਾ-ਮੁਖੀ ਪਹੁੰਚ ਅਪਣਾਉਣ ਦੀ ਅਪੀਲ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਹਰੇਕ ਮਰੀਜ਼ ਦਾ ਸਮੇਂ ਸਿਰ ਇਲਾਜ ਅਤੇ ਦੇਖਭਾਲ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸਿਵਲ ਸਰਜਨਾਂ ਨੂੰ ਸਿਹਤ ਸੰਸਥਾਵਾਂ ਦਾ ਅਚਨਚੇਤ ਨਿਰੀਖਣ ਕਰਨ ਅਤੇ ਮਰੀਜ਼ਾਂ ਪ੍ਰਤੀ ਹਮਦਰਦੀ ਭਰਪੂਰ ਵਿਹਾਰ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ।

ਕਾਨਫਰੰਸ ਦੌਰਾਨ ਪ੍ਰਮੁੱਖ ਸਕੱਤਰ (ਸਿਹਤ) ਕੁਮਾਰ ਰਾਹੁਲ, ਪੰਜਾਬ ਵਿਕਾਸ ਕਮਿਸ਼ਨ ਦੇ ਮੈਂਬਰ ਅਨੁਰਾਗ ਕੁੰਡੂ, ਪੀਐਚਐਸਸੀ ਦੇ ਵਾਈਸ ਚੇਅਰਮੈਨ ਵਿੱਕੀ ਘਨੌਰ,  ਐਨ.ਐਚ.ਐਮ. ਦੇ  ਸਕੱਤਰ-ਕਮ-ਮੈਨੇਜਿੰਗ ਡਾਇਰੈਕਟਰ ਘਣਸ਼ਿਆਮ ਥੋਰੀ, ਪੀਐਚਐਸਸੀ ਦੇ ਮੈਨੇਜਿੰਗ ਡਾਇਰੈਕਟਰ ਅਮਿਤ ਤਲਵਾਰ, ਸਿਹਤ ਅਤੇ ਪਰਿਵਾਰ ਭਲਾਈ ਦੇ ਡਾਇਰੈਕਟਰ ਡਾ. ਹਿਤਿੰਦਰ ਕੌਰ, ਸਿਹਤ ਸੇਵਾਵਾਂ (ਪਰਿਵਾਰ ਭਲਾਈ) ਦੀ ਡਾਇਰੈਕਟਰ ਡਾ. ਅਦਿਤੀ ਸਲਾਰੀਆ, ਡਾਇਰੈਕਟਰ (ਈ.ਐਸ.ਆਈ.) ਡਾ. ਅਨਿਲ ਕੁਮਾਰ ਗੋਇਲ, ਡਾਇਰੈਕਟਰ (ਪੀ.ਐਚ.ਐਸ.ਸੀ.) ਡਾ. ਐਸ.ਜੇ. ਸਿੰਘ ਸਮੇਤ ਵਿਭਾਗ ਦੇ ਡਿਪਟੀ ਡਾਇਰੈਕਟਰ, ਸਹਾਇਕ ਡਾਇਰੈਕਟਰ ਅਤੇ ਸੀਨੀਅਰ ਸਿਹਤ ਅਧਿਕਾਰੀ ਸ਼ਾਮਲ ਹੋਏ।

ਬੱਚਿਆਂ ਵੱਲੋਂ ਪੰਜਾਬੀ ਨਾ ਪੜ੍ਹੀ ਜਾਣ ਤੋਂ ਖਫਾ ਹੋਏ ਬੈਂਸ

ਲੁਧਿਆਣਾ/ਬਿਊਰੋ ਨਿਊਜ਼

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮਾਛੀਵਾੜਾ ਸਾਹਿਬ ਦੇ ਸਰਕਾਰੀ ਸਕੂਲਾਂ ਦਾ ਅਚਨਚੇਤ ਦੌਰਾ ਕੀਤਾ। ਉਨ੍ਹਾਂ ਦੇਖਿਆ ਕਿ ਬੱਚਿਆਂ ਨੂੰ ਪੰਜਾਬੀ ਪੜ੍ਹਨੀ ਨਹੀਂ ਸੀ ਆ ਰਹੀ। ਬੈਂਸ ਨੇ ਕਿਹਾ ਕਿ ਅਧਿਆਪਕ ਸੰਜੀਦਗੀ ਨਾਲ ਪੜ੍ਹਾਈ ਨਹੀਂ ਕਰਵਾ ਰਹੇ। ਕਲਾਸ ਰੂਮ ਵਿੱਚ ਜਦੋਂ ਬੈਂਸ ਨੇ ਕੁੱਝ ਬੱਚਿਆਂ ਨੂੰ ਪੰਜਾਬੀ ਪੜ੍ਹਨ ਲਈ ਕਿਹਾ ਤਾਂ ਉਹ ਪੜ੍ਹਨ ਤੋਂ ਅਸਮਰੱਥ ਰਹੇ। ਬੱਚਿਆਂ ਨੇ ਦੱਸਿਆ ਕਿ ਉਹ ਇੰਦਰਾ ਕਲੋਨੀ ਦੇ 4 ਨੰਬਰ ਸਕੂਲ ’ਚੋਂ ਪੰਜਵੀਂ ਤੱਕ ਪੜ੍ਹ ਕੇ ਆਏ ਹਨ। ਇਸ ਤੋਂ ਬਾਅਦ ਮੰਤਰੀ ਤੁਰੰਤ ਇੰਦਰਾ ਕਲੋਨੀ ਦੇ ਸਕੂਲ ਪਹੁੰਚ ਗਏ, ਜਿੱਥੇ ਉਨ੍ਹਾਂ ਨੇ ਬੱਚਿਆਂ ਨੂੰ ਪੰਜਾਬੀ ਪੜ੍ਹਨ ਲਈ ਕਿਹਾ। ਕਲਾਸ ਵਿਚ ਮੌਜੂਦ ਕੁੱਲ 28 ਵਿੱਚੋਂ ਕੇਵਲ 8 ਬੱਚਿਆਂ ਨੂੰ ਹੀ ਪੰਜਾਬੀ ਪੜ੍ਹਨੀ ਆਉਂਦੀ ਸੀ। ਇਹ ਦੇਖ ਕੇ ਮੰਤਰੀ ਨੇ ਕਿਹਾ ਕਿ ਅੱਜ ਉਨ੍ਹਾਂ ਦਾ ਦਿਲ ਰੋ ਰਿਹਾ ਹੈ ਕਿ ਸਕੂਲਾਂ ਵਿੱਚ ਬੱਚਿਆਂ ਨੂੰ ਪੰਜਾਬੀ ਹੀ ਪੜ੍ਹਨੀ ਨਹੀਂ ਆਉਂਦੀ। ਮੰਤਰੀ ਨੇ ਅਧਿਆਪਕਾਂ ਨੂੰ ਕਿਹਾ ਕਿ ਉਹ ਵਧੀਆ ਤਨਖ਼ਾਹਾਂ ਲੈ ਰਹੇ ਹਨ, ਇਸ ਦੇ ਬਾਵਜੂਦ ਬੱਚਿਆਂ ਨੂੰ ਸੁਚੱਜੇ ਢੰਗ ਨਾਲ ਸਿੱਖਿਆ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਤਿੰਨ ਅਧਿਆਪਕਾਂ ਨੂੰ ਨੋਟਿਸ ਵੀ ਜਾਰੀ ਕੀਤੇ। 


ਚੰਡੀਗੜ੍ਹ, : 
ਸ੍ਰੀ ਗੁਰਸ਼ਰਨ ਸਿੰਘ ਛੀਨਾ ਨੇ ਮੰਗਲਵਾਰ ਨੂੰ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਕਾਰਜਭਾਰ ਸੰਭਾਲਿਆ।

ਇਸ ਮੌਕੇ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਸੂਬੇ ਦੇ ਜਨਤਕ ਸਿਹਤ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਸਰਕਾਰ ਦੀ ਨਸ਼ਿਆਂ ਖ਼ਿਲਾਫ਼ ਜ਼ੀਰੋ ਟਾਲਰੈਂਸ ਨੀਤੀ ਨੂੰ ਮਜ਼ਬੂਤੀ ਪ੍ਰਦਾਨ ਕਰਨ ਲਈ ਕੰਮ ਕਰਨਗੇ।

ਸ੍ਰੀ ਛੀਨਾ, ਜੋ ਪਹਿਲਾਂ ਆਮ ਆਦਮੀ ਪਾਰਟੀ ਪੰਜਾਬ ਦੇ ਜੁਆਇੰਟ ਸਕੱਤਰ ਰਹੇ ਹਨ, ਰਾਜਾਸਾਂਸੀ ਹਲਕੇ ਵਿੱਚ ਇੱਕ ਪ੍ਰਮੁੱਖ ਜਨਤਕ ਚਿਹਰਾ ਮੰਨੇ ਜਾਂਦੇ ਹਨ ਅਤੇ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਆਪਣੀ ਸਰਗਰਮ ਭੂਮਿਕਾ ਲਈ ਜਾਣੇ ਜਾਂਦੇ ਹਨ।

ਡਾ. ਬਲਬੀਰ ਸਿੰਘ ਨੇ ਸ੍ਰੀ ਛੀਨਾ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਕਿਹਾ ਕਿ ਉਹ ਸਰਕਾਰੀ ਸਿਹਤ ਸੰਸਥਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰਨਗੇ। ਉਨ੍ਹਾਂ ਨਵੇਂ ਚੇਅਰਮੈਨ ਨੂੰ ਅਪੀਲ ਕੀਤੀ ਕਿ ਨਸ਼ਾ ਵਿਰੋਧੀ ਮੁਹਿੰਮ ਦੌਰਾਨ ਦਿਖਾਈ ਗਈ ਊਰਜਾ ਅਤੇ ਵਚਨਬੱਧਤਾ ਨੂੰ ਪ੍ਰਸ਼ਾਸਨਿਕ ਕੰਮਾਂ ਵਿੱਚ ਵੀ ਜਾਰੀ ਰੱਖਣ ਅਤੇ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਸਰਕਾਰੀ ਸਿਹਤ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਸਮੇਂ ਸਿਰ ਪਹੁੰਚੇ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਚਲ ਰਹੀ ਮੁਹਿੰਮ ਲੰਬੇ ਤੱਕ ਕਾਰਗਰ ਰਹਿਣ ਵਾਲੀ ਯੋਜਨਾ ਹੈ ਅਤੇ ਪੰਜਾਬ ਸਰਕਾਰ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਖ਼ਤਰੇ ਤੋਂ ਬਚਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਜਦਕਿ ਵਿਰੋਧੀ ਪਾਰਟੀਆਂ ਚੋਣਾਂ ਦੇ ਹਿਸਾਬ–ਕਿਤਾਬ ਵਿੱਚ ਰੁੱਝੀਆਂ ਹੋਈਆਂ ਹਨ।

ਮੁੱਖ ਮੰਤਰੀ ਸਿਹਤ ਯੋਜਨਾ ਦੀ ਪ੍ਰਗਤੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਮਰੀਜ਼ਾਂ ਨੂੰ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਦਾਖਲੇ ਤੋਂ ਲੈ ਕੇ ਛੁੱਟੀ ਤੱਕ ਨਗਦੀ ਰਹਿਤ ਇਲਾਜ ਦੀ ਸੁਵਿਧਾ ਮਿਲਦੀ ਹੈ। ਰਾਜ ਵਿੱਚ 23 ਹਸਪਤਾਲਾਂ ਵਿੱਚ ਗੰਭੀਰ ਦੇਖਭਾਲ ਇਕਾਈਆਂ ਸਥਾਪਿਤ ਕੀਤੀਆਂ ਗਈਆਂ ਹਨ, ਜਿਸ ਨਾਲ ਜੀਵਨ ਰੱਖਿਆ ਸੇਵਾਵਾਂ ਦੀ ਪਹੁੰਚ ਵਿੱਚ ਵੱਡਾ ਵਾਧਾ ਹੋਇਆ ਹੈ।

ਇਸ ਮੌਕੇ ਵਿਧਾਇਕ ਬਟਾਲਾ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸਨੀ ਸਿੰਘ ਅਹਲੂਵਾਲੀਆ, ਐਮ ਡੀ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ  ਅਮਿਤ ਤਲਵਾਰ, ਉਪ ਚੇਅਰਮੈਨ ਪੀ ਐਚ ਐਸ ਸੀ ਮਨਿੰਦਰਜੀਤ ਸਿੰਘ ਵਿਕੀ ਘਨੌਰ, ਸੋਨੀਆ ਮਾਨ ਅਤੇ ਹੋਰ ਅਧਿਕਾਰੀ ਤੇ ਆਗੂ ਵੀ ਮੌਜੂਦ ਸਨ।

ਸੀਐਮ ਮਾਨ ਦੀ ਸਿਹਤ ਵਿਚ ਹੋ ਰਿਹਾ ਸੁਧਾਰ

ਚੰਡੀਗੜ੍ਹ/ਬਿਊਰੋ ਨਿਊਜ਼

ਮੁਹਾਲੀ ਦੇ ਫੋਰਟਿਸ ਹਸਪਤਾਲ ’ਚ ਇਲਾਜ ਲਈ ਭਰਤੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਲਈ ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਇੰਚਾਰਜ ਮਨੀਸ਼ ਸਿਸੋਦੀਆ ਵੀ ਪਹੁੰਚੇ ਹਨ। ਇਸ ਮੌਕੇ ਸਿਸੋਦੀਆ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਸਿਹਤ ਵਿਚ ਕਾਫੀ ਸੁਧਾਰ ਹੋ ਗਿਆ ਹੈ ਅਤੇ ਉਨ੍ਹਾਂ ਨੂੰ ਭਲਕੇ ਹਸਪਤਾਲ ਵਿਚੋਂ ਛੁੱਟੀ ਮਿਲਣ ਦੀ ਉਮੀਦ ਹੈ। ਜ਼ਿਕਰਯੋਗ ਹੈ ਕਿ ਲੰਘੀ 15 ਫਰਵਰੀ ਨੂੰ ਸੀਐਮ ਮਾਨ ਦੀ ਸਿਹਤ ਵਿਗੜ ਗਈ ਸੀ ਅਤੇ ਉਨ੍ਹਾਂ ਨੂੰ ਇਲਾਜ ਲਈ ਫੋਰਟਿਸ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਇਸਦੇ ਚੱਲਦਿਆਂ ਸੀਐਮ ਨੇ 16 ਫਰਵਰੀ ਨੂੰ ਹਸਪਤਾਲ ’ਚੋਂ ਛੁੱਟੀ ਲੈ ਕੇ ਆਮ ਆਦਮੀ ਪਾਰਟੀ ਦੀ ਮੋਗਾ ਰੈਲੀ ਵਿਚ ਵੀ ਸ਼ਾਮਲ ਹੋਏ ਸਨ। ਇਸ ਤੋਂ ਬਾਅਦ ਉਨ੍ਹਾਂ ਦੀ ਸਿਹਤ ਫਿਰ ਖਰਾਬ ਹੋ ਗਈ ਤੇ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। 

ਚੰਡੀਗੜ੍ਹ, 17 ਫਰਵਰੀ:

ਸੂਬੇ ਦੇ ਵਿਦਿਅਕ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ, ਫਤਿਹਗੜ੍ਹ ਸਾਹਿਬ ਵਿਖੇ ਦੋ-ਰੋਜ਼ਾ "ਅਧਿਆਪਕ ਮੇਲਾ 2025-26" ਕਰਵਾਇਆ ਗਿਆ। ਇਸ ਮੈਗਾ ਈਵੈਂਟ ਵਿੱਚ 8,000 ਤੋਂ ਵੱਧ ਅਧਿਆਪਕਾਂ ਨੇ ਹਿੱਸਾ ਲਿਆ, ਜਿਸ ਦਾ ਉਦੇਸ਼ ਸਰਕਾਰੀ ਸਕੂਲਾਂ ਨੂੰ ਸਿਰਜਣਾਤਮਕਤਾ, ਤਕਨਾਲੋਜੀ ਅਤੇ ਸਿੱਖਿਆ ਸ਼ਾਸਤਰੀ ਉੱਤਮਤਾ ਦੇ ਇੱਕ ਜੀਵੰਤ ਕੇਂਦਰ ਵਿੱਚ ਬਦਲਣਾ ਸੀ।

ਇਸ ਸਮਾਗਮ ਨੂੰ ਸੂਬੇ ਦੇ ਅਧਿਆਪਕ ਭਾਈਚਾਰੇ ਦੀ ਨਵੀਨਤਮ ਸੋਚ ਦੇ ਪ੍ਰਮਾਣ ਦੱਸਦਿਆਂ, ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ, "ਅਧਿਆਪਕ ਮੇਲਾ ਰਵਾਇਤੀ ਕਲਾਸਰੂਮ ਸਿੱਖਿਆ ਵਿੱਚ ਬਦਲਾਅ ਲਿਆਉਣ ਅਤੇ ਇੱਕ ਗਤੀਸ਼ੀਲ ਮੰਚ ਪ੍ਰਦਾਨ ਕਰਨ ਲਈ ਕਰਵਾਇਆ ਗਿਆ ਸੀ ਜਿੱਥੇ ਸਿੱਖਿਆ ਸ਼ਾਸਤਰ ਵਿੱਚ ਨਵੀਨਤਾ ਨੂੰ ਸ਼ਾਮਲ ਕੀਤਾ ਜਾਂਦਾ ਹੈ। ਸਾਡੇ ਅਧਿਆਪਕਾਂ ਨੂੰ ਰਵਾਇਤੀ ਤਰੀਕਿਆਂ ਨੂੰ ਆਧੁਨਿਕ ਤਕਨਾਲੋਜੀ ਨਾਲ ਜੋੜਨ ਲਈ ਉਤਸ਼ਾਹਿਤ ਕਰਕੇ, ਅਸੀਂ ਸਿੱਧੇ ਤੌਰ 'ਤੇ ਪੰਜਾਬ ਦੇ ਹਰ ਬੱਚੇ ਦੇ ਭਵਿੱਖ ਵਿੱਚ ਨਿਵੇਸ਼ ਕਰ ਰਹੇ ਹਾਂ। ਸਮਾਗਮ ਦੌਰਾਨ ਦਿਖਾਈ ਗਈ ਊਰਜਾ ਅਤੇ ਰਚਨਾਤਮਕਤਾ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ਦੀ ਸਿੱਖਿਆ ਪ੍ਰਣਾਲੀ ਉੱਤਮਤਾ ਦੇ ਇੱਕ ਨਵੇਂ ਯੁੱਗ ਵੱਲ ਵੱਧਣ ਲਈ ਪੂਰੀ ਤਰ੍ਹਾਂ ਤਿਆਰ ਹੈ।"

ਮੰਤਰੀ ਨੇ ਕਿਹਾ, "ਅਧਿਆਪਕ ਦੇਸ਼ ਦੇ ਭਵਿੱਖ ਦੇ ਨਿਰਮਾਤਾ ਹਨ।" ਸ. ਬੈਂਸ ਨੇ ਕਿਹਾ ਕਿ ਇਸ ਅਧਿਆਪਕ ਮੇਲਾ ਦੌਰਾਨ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ ਵਿਸ਼ਾ ਅਧਿਆਪਕਾਂ ਨੇ ਦਸ ਵੱਖ-ਵੱਖ ਸ਼੍ਰੇਣੀਆਂ ਵਿੱਚ ਆਪਣੇ ਹੁਨਰ ਦਾ ਪ੍ਰਦਰਸ਼ਨ ਕੀਤਾ। ਇਸ ਦੌਰਾਨ ਅਤਿ-ਆਧੁਨਿਕ ਸਿਖਲਾਈ ਐਪਸ ਅਤੇ ਆਈਟੀ ਟੂਲ ਵਿਕਸਤ ਕਰਨ ਤੋਂ ਲੈ ਕੇ ਵਨ-ਐਕਟ ਨਾਟਕਾਂ ਨਾਲ ਹਾਜ਼ਰੀਨ ਦਾ ਮਨੋਰੰਜਨ ਕਰਨ ਅਤੇ ਬਿਹਤਰ ਮਾਈਕ੍ਰੋ-ਟੀਚਿੰਗ ਤਕਨੀਕਾਂ ਦਾ ਪ੍ਰਦਰਸ਼ਨ ਕਰਨ ਤੱਕ, ਵਿਲੱਖਣ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਹੋਰ ਸ਼੍ਰੇਣੀਆਂ ਵਿੱਚ ਮਨੋਰੰਜਕ ਗਤੀਵਿਧੀਆਂ ਜਿਵੇਂ ਕਿ ਪਹੇਲੀਆਂ ਅਤੇ ਕਵਿਜ਼, ਵਿਸ਼ੇਸ਼ ਸਿੱਖਿਆ ਕਿੱਟਾਂ, ਹੱਥ ਲਿਖਤ ਅਤੇ ਕੈਲੀਗ੍ਰਾਫੀ, ਦਸਤੀ ਮਾਡਲ ਅਤੇ ਫਲੈਸ਼ਕਾਰਡ ਅਤੇ ਸਿੱਖਣ ਲਈ ਤਿਆਰ ਕੀਤੇ ਗਏ ਮੈਨੂਅਲ ਅਤੇ ਵੀਡੀਓ ਗੇਮਾਂ, ਵਿਸ਼ੇ ਦੇ ਗਿਆਨ ਨੂੰ ਅਸਲ-ਜੀਵਨ ਵਿੱਚ ਅਪਣਾਉਣਾ ਸ਼ਾਮਲ ਸੀ।

ਉਨ੍ਹਾਂ ਦੱਸਿਆ ਕਿ ਇਸ ਦੌਰਾਨ ਬਲਾਕ ਪੱਧਰ 'ਤੇ 8,000 ਤੋਂ ਵੱਧ ਭਾਗੀਦਾਰ ਸ਼ਾਮਲ ਹੋਏ, ਜਿਸ ਵਿੱਚੋਂ ਹਰੇਕ ਬਲਾਕ ਵਿੱਚੋਂ ਚੋਟੀ ਦੇ ਦੋ ਸਥਾਨ ਪ੍ਰਾਪਤ ਕਰਨ ਵਾਲੇ ਉਮੀਦਵਾਰਾਂ ਨੂੰ ਜ਼ਿਲ੍ਹਾ ਪੱਧਰ 'ਤੇ ਮੁਕਾਬਲੇ ਲਈ ਚੁਣਿਆ ਗਿਆ। ਫਿਰ ਹਰੇਕ ਸ਼੍ਰੇਣੀ ਦੇ ਬਿਹਤਰ ਪ੍ਰਦਰਸ਼ਨ ਕਰਨ ਵਾਲਿਆਂ ਨੇ ਫਤਿਹਗੜ੍ਹ ਸਾਹਿਬ ਵਿਖੇ ਹੋਏ ਸੂਬਾ ਪੱਧਰੀ ਫਾਈਨਲ ਵਿੱਚ ਹਿੱਸਾ ਲਿਆ। ਜੇਤੂਆਂ ਨੂੰ ਸਿੱਖਿਆ ਦੇ ਖੇਤਰ ਵਿੱਚ ਉਨ੍ਹਾਂ ਦੇ ਸਮਰਪਣ ਅਤੇ ਨਵੀਨਤਾਕਾਰੀ ਯੋਗਦਾਨ ਨੂੰ ਮਾਨਤਾ ਦੇਣ ਦੇ ਨਾਲ-ਨਾਲ ਸਰਟੀਫਿਕੇਟ, ਟਰਾਫੀਆਂ ਅਤੇ ਵਿਸ਼ੇਸ਼ ਸੰਗ੍ਰਹਿ ਨਾਲ ਸਨਮਾਨਿਤ ਕੀਤਾ ਗਿਆ।

ਇਸ ਅਧਿਆਪਕ ਮੇਲੇ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ, ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਅਤੇ ਨੇੜਲੇ ਸਕੂਲਾਂ ਦੇ ਵਿਦਿਆਰਥੀਆਂ ਨੇ ਵੀ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ, ਜਿਸ ਨਾਲ ਇੱਕ ਅਮੀਰ ਭਾਈਚਾਰਕ-ਸਿਖਲਾਈ ਮਾਹੌਲ ਬਣ ਗਿਆ। ਐਸਸੀਈਆਰਟੀ ਦੀ ਡਾਇਰੈਕਟਰ ਕਿਰਨ ਸ਼ਰਮਾ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਇਸ ਮੈਗਾ ਸਮਾਗਮ ਵਿੱਚ ਸ਼ਾਮਲ ਹੋਏ ਅਤੇ ਉਨ੍ਹਾਂ ਨੇ ਹਾਜ਼ਰੀਨ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਵਿਦਿਅਕ ਉੱਤਮਤਾ ਵਿੱਚ ਹੋਰ ਮੱਲ੍ਹਾਂ ਮਾਰਨ ਲਈ ਪ੍ਰੇਰਿਤ ਕੀਤਾ।

ਮੁੰਬਈ/ਬਿਊਰੋ ਨਿਊਜ਼

ਦਿੱਗਜ ਪਟਕਥਾ ਲੇਖਕ ਸਲੀਮ ਖਾਨ ਦੀ ਸਿਹਤ ਨਾਜ਼ੁਕ ਹੈ ਅਤੇ ਉਨ੍ਹਾਂ ਨੂੰ ਵੈਂਟੀਲੇਟਰ ’ਤੇ ਸ਼ਿਫਟ ਕਰ ਦਿੱਤਾ ਗਿਆ ਹੈ। ਸਲੀਮ ਖਾਨ ਨੂੰ ਲੰਘੇ ਕੱਲ੍ਹ ਮੰਗਲਵਾਰ ਸਵੇਰੇ ਮੁੰਬਈ ਦੇ ਲੀਲਾਵਤੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਮੀਡੀਆ ਤੋਂ ਮਿਲੀ ਜਾਣਕਾਰੀ ਅਨੁਸਾਰ ਸਲੀਮ ਖਾਨ ਨੂੰ ਹਾਈ ਬਲੱਡ ਪ੍ਰੈਸ਼ਰ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ਲਿਆਂਦਾ ਗਿਆ ਅਤੇ ਬਾਅਦ ਵਿਚ ਪਤਾ ਲੱਗਾ ਕਿ ਉਨ੍ਹਾਂ ਦੇ ਦਿਮਾਗ ਵਿਚ ਖੂਨ ਦੇ ਥੱਕੇ ਹਨ। ਇਸਦੇ ਚੱਲਦਿਆਂ ਸਲੀਮ ਖਾਨ ਦੀ ਸਿਹਤ ’ਤੇ ਡਾਕਟਰ ਲਗਾਤਰ ਨਜ਼ਰ ਰੱਖ ਰਹੇ ਹਨ। 

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੀਤਾ ਉਦਘਾਟਨ
ਲੁਧਿਆਣਾ/ਬਿਊਰੋ ਨਿਊਜ਼
ਲੁਧਿਆਣਾ ਦੀਆਂ ਕਿਲਾ ਰਾਏਪੁਰ ਪੇਂਡੂ ਉਲੰਪਿਕ ਖੇਡਾਂ ਵਿਚ 11 ਸਾਲਾਂ ਬਾਅਦ ਬੈਲ ਗੱਡੀਆਂ ਦੀ ਦੌੜ ਫਿਰ ਤੋਂ ਸ਼ੁਰੂ ਹੋ ਗਈ ਹੈ। ਇਸਦਾ ਉਦਘਾਟਨ ਅੱਜ ਮੰਗਲਵਾਰ ਨੂੰ ਦੁਪਹਿਰੇ 12 ਵਜੇ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਲੋਂ ਕੀਤਾ ਗਿਆ। ਪਹਿਲੇ ਫੇਸ ਵਿਚ 28 ਬੈਲ ਗੱਡੀਆਂ ਦੀ ਦੌੜ 7 ਪੜ੍ਹਾਵਾਂ ਵਿਚ ਕਰਵਾਈ ਗਈ। ਹਰ ਫੇਸ ਦੀ ਵਿਜੇਤਾ ਬੈਲ ਗੱਡੀ ਭਲਕੇ ਸੈਕਿੰਡ ਰਾਊਂਡ ਵਿਚ ਹਿੱਸਾ ਲਵੇਗੀ। ਇਨ੍ਹਾਂ ਖੇਡਾਂ ਨੂੰ ਦੇਖਣ ਪਹੁੰਚੇ ਵਿਅਕਤੀਆਂ ਦਾ ਕਹਿਣਾ ਸੀ ਕਿ ਉਹ 11 ਸਾਲਾਂ ਤੋਂ ਇਨ੍ਹਾਂ ਦੌੜਾਂ ਦਾ ਇੰਤਜ਼ਾਰ ਕਰ ਰਹੇ ਸਨ। ਇਸ ਪ੍ਰਤੀਯੋਗਤਾ ਵਿਚ ਕਰੀਬ 72 ਬੈਲ ਗੱਡੀਆਂ ਨੇ ਰਜਿਸਟ੍ਰੇਸ਼ਨ ਕਰਵਾਈ ਹੈ ਅਤੇ ਇਹ ਦੌੜਾਂ 19 ਫਰਵਰੀ ਤੱਕ ਤਿੰਨ ਦਿਨ ਚੱਲਣੀਆਂ ਹਨ। ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਦੇ ਨਿਰਦੇਸ਼ ਤੋਂ ਬਾਅਦ 2014 ਵਿਚ ਕਿਲ੍ਹਾ ਰਾਏਪੁਰ ਖੇਡਾਂ ਵਿਚ ਬੈਲ ਗੱਡੀਆਂ ਦੀਆਂ ਦੌੜਾਂ ਬੰਦ ਕਰ ਦਿੱਤੀਆਂ ਗਈਆਂ ਸਨ। ਬਾਅਦ ਵਿਚ ਪੰਜਾਬ ਸਰਕਾਰ ਨੇ ਵਿਧਾਨ ਸਭਾ ਵਿਚ ਬਿੱਲ ਪਾਸ ਕਰਕੇ ਇਨ੍ਹਾਂ ਦੌੜਾਂ ਨੂੰ ਫਿਰ ਤੋਂ ਸ਼ੁਰੂ ਕਰਨ ਦਾ ਰਸਤਾ ਸਾਫ ਕੀਤਾ ਸੀ।  

ਬਜਟ ਵਿਚ ਚੋਣਾਂ ਦਾ ਪਰਛਾਵਾਂ ਵੀ ਦੇਖਣ ਨੂੰ ਮਿਲੇਗਾ

ਚੰਡੀਗੜ੍ਹ/ਬਿਊਰੋ ਨਿਊਜ਼ 

ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਮਾਰਚ ਮਹੀਨੇ ਦੇ ਪਹਿਲੇ ਹਫਤੇ ਬਜਟ ਸੈਸ਼ਨ ਬੁਲਾਏਗੀ ਜੋ ਮੌਜੂਦਾ ਸਰਕਾਰ ਦੇ ਕਾਰਜਕਾਲ ਦਾ ਆਖਰੀ ਬਜਟ ਸੈਸ਼ਨ ਹੋਵੇਗਾ। ਦੱਸਣਯੋਗ ਹੈ ਕਿ ਪਿਛਲੇ ਸਾਲ ‘ਆਪ’ ਸਰਕਾਰ ਦਾ ਚੌਥਾ ਬਜਟ ਸੈਸ਼ਨ 21 ਤੋਂ 28 ਮਾਰਚ ਤੱਕ ਚੱਲਿਆ ਸੀ ਅਤੇ 26 ਮਾਰਚ ਨੂੰ ਬਜਟ ਪੇਸ਼ ਹੋਇਆ ਸੀ। ਇਹ ਵੀ ਜਾਣਕਾਰੀ ਮਿਲੀ ਹੈ ਕਿ ਸੂਬਾ ਸਰਕਾਰ 6 ਮਾਰਚ ਦੇ ਨੇੜੇ-ਤੇੜੇ ਬਜਟ ਇਜਲਾਸ ਸੱਦ ਸਕਦੀ ਹੈ। ਮੌਜੂਦਾ ਸਰਕਾਰ ਦੇ ਇਸ ਬਜਟ ਵਿਚ ਚੋਣਾਂ ਦਾ ਪਰਛਾਵਾਂ ਵੀ ਦੇਖਣ ਨੂੰ ਮਿਲੇਗਾ। ਭਗਵੰਤ ਮਾਨ ਸਰਕਾਰ ਇਸ ਬਜਟ ’ਚ ਹਰ ਵਰਗ ਨੂੰ ਖੁਸ਼ ਕਰਨ ਦਾ ਯਤਨ ਕਰੇਗੀ। ਇਹ ਵੀ ਪਤਾ ਲੱਗ ਰਿਹਾ ਹੈ ਕਿ 18 ਸਾਲ ਤੋਂ ਉਪਰ ਦੀਆਂ ਮਹਿਲਾਵਾਂ ਨੂੰ ਮਾਣ-ਭੱਤਾ ਦਿੱਤੇ ਜਾਣ ਦੀ ਸੰਭਾਵਨਾ ਹੈ। ਵਿੱਤੀ ਸਾਲ 2026-27 ਦੇ ਬਜਟ ’ਚ ਮੁਲਾਜ਼ਮ ਵਰਗ ਦੇ ਰੋਹ ਨੂੰ ਸ਼ਾਂਤ ਕਰਨ ਦਾ ਵੀ ਯਤਨ ਹੋਵੇਗਾ। 

ਚੰਡੀਗੜ੍ਹ, 17 ਫਰਵਰੀ:

ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਸਬ-ਤਹਿਸੀਲ ਮਹਿਤਪੁਰ, ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਕਾਨੂੰਗੋ ਜਤਿੰਦਰ ਸਿੰਘ ਦੇ ਭਰਾ ਪਰਮਿੰਦਰ ਸਿੰਘ ਨੂੰ 20,000 ਰੁਪਏ  ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ  ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਗੁਰੂ ਤੇਗ ਬਹਾਦਰ ਨਗਰ, ਨਕੋਦਰ, ਜ਼ਿਲ੍ਹਾ ਜਲੰਧਰ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਕਿਹਾ ਕਿ ਸ਼ਿਕਾਇਤਕਰਤਾ, ਇੱਕ ਖੇਤੀਬਾੜੀ ਕਰਨ ਵਾਲਾ ਸ਼ਖਸ ਹੈ ਅਤੇ ਕਾਰ ਖਰੀਦ - ਫਰੋਖਤ ਦਾ ਕਾਰੋਬਾਰ ਵੀ ਕਰਦਾ ਹੈ, ਨੇ ਪਿੰਡ ਹਰੀਪੁਰ ਵਿੱਚ 12 ਮਰਲੇ ਦਾ ਘਰ ਖਰੀਦਿਆ ਸੀ।  ਕਿਉਂਕਿ ਇਸ ਦੀ ਕੋਈ ਸੇਲ ਡੀਡ ਨਹੀਂ ਬਣਾਈ ਗਈ ਸੀ, ਇਸ ਲਈ ਇੱਕ ਸਿਵਲ ਮੁਕੱਦਮਾ ਦਾਇਰ ਕੀਤਾ ਗਿਆ , ਜਿਸਦਾ ਫੈਸਲਾ ਸ਼ਿਕਾਇਤਕਰਤਾ ਦੇ ਹੱਕ ਵਿੱਚ ਹੋਇਆ ਸੀ। ਫਿਰ ਉਕਤ ਫੈਸਲੇ ਵਿਰੁੱਧ ਅਪੀਲ ਦਾਇਰ ਕੀਤੀ ਗਈ ਸੀ ਜਿਸਨੂੰ ਮਾਣਯੋਗ ਅਦਾਲਤ ਨੇ ਖਾਰਜ ਕਰ ਦਿੱਤਾ ਅਤੇ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਦਿਆਂ  ਸ਼ਿਕਾਇਤਕਰਤਾ ਦੇ ਹੱਕ ਵਿੱਚ ਸੇਲ ਡੀਡ ਦਰਜ ਕੀਤੀ ਗਈ।

 ਬੁਲਾਰੇ ਨੇ ਅੱਗੇ ਦੱਸਿਆ ਕਿ ਘਰ ਦਾ ਕਬਜ਼ਾ ਦੇਣ ਲਈ, ਉਕਤ ਕਾਨੂੰਗੋ ਨੂੰ ਇੱਕ ਅਰਜ਼ੀ ਦਿੱਤੀ ਗਈ ਸੀ। ਇਸ ਸਬੰਧ ਵਿੱਚ, ਕੰਪਿਊਟਰਾਈਜ਼ਡ ਹੱਦਬੰਦੀ ਦੇ ਨਾਮ 'ਤੇ ਸ਼ਿਕਾਇਤਕਰਤਾ ਤੋਂ 15,000 ਰੁਪਏ ਦੀ ਰਕਮ ਵਸੂਲੀ ਗਈ ਸੀ। ਇਸ ਤੋਂ ਬਾਅਦ, ਕਾਨੂੰਗੋ ਵੱਲੋਂ ਘਰ ਖਾਲੀ ਕਰਨ ਲਈ ਇੱਕ ਨੋਟਿਸ ਜਾਰੀ ਕੀਤਾ ਗਿਆ । ਦੋਸ਼ੀ ਕਾਨੂੰਗੋ ਜਤਿੰਦਰ ਸਿੰਘ, ਨੇ ਘਰ ਦਾ ਕਬਜ਼ਾ ਦੇਣ ਲਈ ਸ਼ਿਕਾਇਤਕਰਤਾ ਤੋਂ ਤਹਿਸੀਲਦਾਰ ਦੇ ਨਾਮ 'ਤੇ 1,00,000  ਰੁਪਏ ਦੀ ਰਿਸ਼ਵਤ ਮੰਗੀ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਵੱਲੋਂ ਵਾਰ-ਵਾਰ ਬੇਨਤੀ ਕਰਨ ਦੇ ਬਾਵਜੂਦ, ਕਾਨੂੰਗੋ ਨੇ ਤਹਿਸੀਲਦਾਰ ਦੇ ਨਾਮ 'ਤੇ ਰਿਸ਼ਵਤ ਲਈ ਜ਼ੋਰ ਪਾਇਆ। 10,000  ਰੁਪਏ  ਰਿਸ਼ਵਤ ਮੌਕੇ 'ਤੇ ਹੀ ਲੈ ਲਈ ਗਈ ਅਤੇ ਬਾਕੀ ਰਕਮ ਕਿਸ਼ਤਾਂ ਵਿੱਚ ਅਦਾ ਕਰਨੀ ਤੈਅ ਕੀਤੀ ਗਈ।  ਸ਼ਿਕਾਇਤਕਰਤਾ ਨੇ ਗੈਰ-ਕਾਨੂੰਨੀ ਰਿਸ਼ਵਤ ਦੀ ਮੰਗ ਸਬੰਧੀ ਪੂਰੀ ਗੱਲਬਾਤ ਰਿਕਾਰਡ ਕਰ ਲਈ ।

ਬੁਲਾਰੇ ਨੇ ਖੁਲਾਸਾ ਕੀਤਾ ਕਿ ਦੋਸ਼ੀ ਕਾਨੂੰਗੋ ਜਤਿੰਦਰ ਸਿੰਘ ਨੇ ਸ਼ਿਕਾਇਤਕਰਤਾ 'ਤੇ ਰਿਸ਼ਵਤ ਦੀ ਅਗਲੀ ਕਿਸ਼ਤ ਦੇਣ ਲਈ ਦੁਬਾਰਾ ਦਬਾਅ ਪਾਇਆ। ਕਿਉਂਕਿ ਸ਼ਿਕਾਇਤਕਰਤਾ ਬਿਨਾਂ ਰਿਸ਼ਵਤ ਦਿੱਤੇ ਆਪਣਾ ਕੰਮ  ਕਰਵਾਉਣਾ ਚਾਹੁੰਦਾ ਸੀ, ਇਸ ਲਈ ਉਸਨੇ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਨਾਲ ਸੰਪਰਕ ਕੀਤਾ।

ਉਸਦੀ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ  ਮੁੱਖ ਦੋਸ਼ੀ ਜਤਿੰਦਰ ਸਿੰਘ ਕਾਨੂੰਗੋ ਦੇ ਭਰਾ ਪਰਮਿੰਦਰ ਸਿੰਘ, ਜਿਸਨੂੰ ਉਸ ਨੇ ਰਿਸ਼ਵਤ ਲੈਣ ਲਈ ਭੇਜਿਆ ਸੀ, ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20000 ਰੁਪਏ  ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ।

ਮੁੱਖ ਦੋਸ਼ੀ ਕਾਨੂੰਗੋ ਜਤਿੰਦਰ ਸਿੰਘ, ਇਸ ਸਮੇਂ ਫਰਾਰ ਹੈ ਅਤੇ ਉਸਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਉਸਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਇਸ ਸਬੰਧ ਵਿੱਚ, ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿੱਚ ਇਨ੍ਹਾਂ ਮੁਲਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਸਬੰਧੀ  ਹੋਰ ਜਾਂਚ ਜਾਰੀ ਹੈ।

ਕਿਹਾ : ਸ਼ੋ੍ਰਮਣੀ ਕਮੇਟੀ ’ਚ ਵਧ ਗਿਆ ਭਿ੍ਰਸ਼ਟਾਚਾਰ

ਜਲੰਧਰ/ਬਿਊਰੋ ਨਿਊਜ਼ 

ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਤੇ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਬਾਦਲ ਪਰਿਵਾਰ ’ਤੇ ਵੱਡੇ ਇਲਜ਼ਾਮ ਲਗਾਏ ਹਨ। ਉਨ੍ਹਾਂ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਐਸ.ਜੀ.ਪੀ.ਸੀ. ਵਿਚ ਭਿ੍ਰਸ਼ਟਾਚਾਰ ਵਧ ਗਿਆ ਹੈ ਅਤੇ ਲੰਗਰ ਦੀਆਂ ਸੁੱਕੀਆਂ ਰੋਟੀਆਂ ਵੇਚ ਕੇ ਕਰੋੜਾਂ ਦਾ ਘਪਲਾ ਕੀਤਾ ਗਿਆ। ਉਨ੍ਹਾਂ ਬਾਦਲ ਪਰਿਵਾਰ ’ਤੇ ਵੀ ਇਲਜ਼ਾਮ ਲਗਾਇਆ ਕਿ ਇਨ੍ਹਾਂ ਵਲੋਂ ਐਸ.ਜੀ.ਪੀ.ਸੀ. ਦੇ ਭਿ੍ਰਸ਼ਟ ਕਰਮਚਾਰੀਆਂ ਦੀ ਪੁਸ਼ਤਪਨਾਹੀ ਕੀਤੀ ਜਾਂਦੀ ਹੈ ਤੇ ਸਾਰਿਆਂ ਘੁਟਾਲਿਆਂ ਪਿਛੇ ਬਾਦਲ ਪਰਿਵਾਰ ਦਾ ਹੱਥ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰ ਦੀਆਂ ਜ਼ਮੀਨਾਂ ਵੇਚ-ਵੇਚ ਕੇ ਪੈਸੇ ਜੇਬ ਵਿਚ ਪਾਏ ਜਾਂਦੇ ਰਹੇ ਹਨ। ਗਿਆਨੀ ਰਘਬੀਰ ਸਿੰਘ ਨੇ ਇਹ ਵੀ ਕਿਹਾ ਕਿ ਸ੍ਰੀ ਅਖੰਡ ਪਾਠ ਸਾਹਿਬ ਲਈ ਪੰਜ ਲੱਖ ਰੁਪਏ ਤੱਕ ਦੀ ਮੰਗ ਕੀਤੀ ਗਈ।

ਗਿਆਨੀ ਹਰਪ੍ਰੀਤ ਸਿੰਘ ਨੇ ਅੰਮਿ੍ਰਤਸਰ ’ਚ ਪ੍ਰੈਸ ਕਾਨਫਰੰਸ ਕਰਕੇ ਦਿੱਤੀ ਜਾਣਕਾਰੀ

ਅੰਮਿ੍ਰਤਸਰ/ਬਿਊਰੋ ਨਿਊਜ਼ 

ਸ਼ੋ੍ਰਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਵਲੋਂ ਹੋਲਾ ਮਹੱਲਾ ਮੌਕੇ 3 ਮਾਰਚ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਥਕ ਕਾਨਫਰੰਸ ਕੀਤੀ ਜਾਵੇਗੀ। ਅੰਮਿ੍ਰਤਸਰ ਵਿਚ ਗਿਆਨੀ ਹਰਪ੍ਰੀਤ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਰਕਿੰਗ ਕਮੇਟੀ ਮੈਂਬਰਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਨੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਕਈ ਸੁਝਾਅ ਦਿੱਤੇ ਹਨ। ਇਨ੍ਹਾਂ ਸੁਝਾਵਾਂ ਵਿਚ ਇਸਤਰੀ ਅਕਾਲੀ ਦਲ ਬਣਾਉਣਾ ਅਤੇ ਫੈਡਰੇਸ਼ਨ ਵਿੰਗ ਨੂੰ ਮਜ਼ਬੂਤ ਕਰਨਾ ਵੀ ਸ਼ਾਮਲ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅੱਜ ਪੰਜਾਬ ਅਤੇ ਪੰਥ ਨਾਲ ਸਬੰਧਤ ਮੁੱਦਿਆਂ ’ਤੇ ਵੀ ਚਰਚਾ ਕੀਤੀ ਗਈ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਸਿੱਖ ਸਿਧਾਂਤਾਂ ਅਤੇ ਮਰਿਆਦਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। 

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.