Wednesday, 22 April 2026

ਬਿਆਸ ਦਰਿਆ ਕਿਨਾਰੇ ਵਸੇ ਕਿਸਾਨਾਂ ਦੀਆਂ ਚਿੰਤਾਵਾਂ ਫਿਰ ਵਧੀਆਂ

ਮੁਕੇਰੀਆਂ/ਬਿਊਰੋ ਨਿਊਜ਼

ਪੌਂਗ ਡੈਮ ਵਿਚ ਵਧਦੇ ਜਾ ਰਹੇ ਪਾਣੀ ਦੇ ਪੱਧਰ ਨੇ ਕਿਸਾਨਾਂ ਦੀਆਂ ਚਿੰਤਾਵਾਂ ਮੁੜ ਵਧਾ ਦਿੱਤੀਆਂ ਹਨ। ਡੈਮ ’ਚੋਂ ਪਹਿਲਾਂ ਹੀ ਛੱਡਿਆ ਜਾ ਰਿਹਾ ਪਾਣੀ ਕਿਸਾਨਾਂ ਦੀਆਂ ਫਸਲਾਂ ਡੋਬ ਰਿਹਾ ਹੈ। ਧਿਆਨ ਰਹੇ ਕਿ ਪਿਛਲੇ ਦਿਨ ਪੌਂਗ ਡੈਮ ਵਿਚ ਪਾਣੀ ਦੀ ਆਮਦ ਵਿਚ ਵੱਡੇ ਪੱਧਰ ’ਤੇ ਵਾਧਾ ਹੋਇਆ ਸੀ ਅਤੇ ਅੱਜ ਪਾਣੀ ਦਾ ਪੱਧਰ 1395 ਫੁੱਟ ਨੂੰ ਪਾਰ ਕਰ ਗਿਆ ਹੈ ਅਤੇ ਇਹ ਵਾਧਾ ਲਗਾਤਾਰ ਜਾਰੀ ਹੈ। ਇਸ ਨੂੰ ਦੇਖਦਿਆਂ ਮੁਕੇਰੀਆਂ ਖੇਤਰ ਦੇ ਕਿਸਾਨਾਂ ਨੇ ਦੱਸਿਆ ਕਿ ਹੜ੍ਹ ਕਾਰਨ ਬਿਆਸ ਦਰਿਆ ਕਿਨਾਰੇ ਜ਼ਮੀਨਾਂ ਤੇ ਫਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ। ਉਨ੍ਹਾਂ ਦੱਸਿਆ ਕਿ ਜੇਕਰ ਅਜਿਹਾ ਹੀ ਚੱਲਦਾ ਰਿਹਾ ਤਾਂ ਪਹਿਲਾਂ ਹੀ ਫਸਲਾਂ ਦਾ ਨੁਕਸਾਨ ਝੱਲ ਚੁੱਕੇ ਕਿਸਾਨਾਂ ਨੂੰ ਅਗਲੀ ਫਸਲ ਤੋਂ ਵੀ ਵਾਂਝਾ ਰਹਿਣਾ ਪੈ ਸਕਦਾ ਹੈ।

ਕਿਹਾ : ਬਾਬੇ ਦੇ ਦਰ ’ਤੇ ਜਾਣ ਲਈ ਪਾਬੰਦੀ ਲਗਾਉਣਾ ਘੋਰ ਜ਼ਿਆਦਤੀ

ਚੰਡੀਗੜ੍ਹ/ਬਿਊਰੋ ਨਿਊਜ਼  

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ ਸਾਹਿਬ ਕੋਰੀਡੋਰ ਖੋਲ੍ਹਣ ਦੀ ਮੰਗ ਕੀਤੀ ਹੈ। ਸੀਐਮ ਮਾਨ ਨੇ ਚੰਡੀਗੜ੍ਹ ਵਿਚ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਆਰੋਪ ਲਗਾਇਆ ਕਿ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਸ੍ਰੀ ਕਰਤਾਰਪੁਰ ਸਾਹਿਬ ਅਤੇ ਸ੍ਰੀ ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਜਥਿਆਂ ਨੂੰ ਰੋਕਿਆ ਜਾ ਰਿਹਾ ਹੈ, ਜੋ ਕਿ ਪੰਜਾਬੀਆਂ ਦੀ ਆਸਥਾ ’ਤੇ ਹਮਲਾ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪਹਿਲਗਾਮ ਘਟਨਾ ਤੋਂ ਪਹਿਲਾਂ ਸ਼ੂਟਿੰਗ ਹੋਈ ਫਿਲਮ ਨੂੰ ਰਿਲੀਜ਼ ਹੋਣ ਤੋਂ ਰੋਕ ਦਿੱਤਾ ਸੀ, ਪਰ ਭਾਰਤ-ਪਾਕਿਸਤਾਨ ਦਾ ਕ੍ਰਿਕਟ ਮੈਚ ਲੰਘੇ ਦਿਨ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਹੁਣ ਕੇਂਦਰ ਸਰਕਾਰ ਨੇ ਪਾਕਿਸਤਾਨ ਵਿਚ ਪਹਿਲੀ ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮਨਾਉਣ ਵਾਸਤੇ ਜਾਣ ਵਾਲੇ ਸ਼ਰਧਾਲੂਆਂ ’ਤੇ ਪਾਬੰਦੀ ਲਗਾ ਦਿੱਤੀ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬੀਆਂ ਦੇ ਜ਼ਜਬਾਤਾਂ ਨਾਲ ਖੇਡ ਰਹੇ ਹਨ, ਜਦੋਂ ਕਿ ਪੰਜਾਬੀ ਤਾਂ ਸਰਬੱਤ ਦਾ ਭਲਾ ਮੰਗਣ ਵਾਲੀ ਕੌਮ ਹੈ। 

ਐਸਜੀਪੀਸੀ ਪ੍ਰਧਾਨ ਧਾਮੀ ਨੇ ਕਿਹਾ, ਦੋਸ਼ੀਆਂ ਖਿਲਾਫ ਹੋਵੇਗੀ ਕਾਰਵਾਈ

ਅੰਮਿ੍ਰਤਸਰ/ਬਿਊਰੋ ਨਿਊਜ਼

ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਲੰਘੇ ਕੱਲ੍ਹ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਲਈ ਪਹੁੰਚੇ ਸਨ। ਇਸੇ ਦੌਰਾਨ ਰਾਹੁਲ ਗਾਂਧੀ ਨੇ ਰਮਦਾਸ ਦੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਵੀ ਟੇਕਿਆ ਸੀ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਰਾਹੁਲ ਗਾਂਧੀ ਨੂੰ ਸਿਰੋਪਾ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਹ ਮਾਮਲਾ ਹੁਣ ਹੌਲੀ-ਹੌਲੀ ਚਰਚਾ ਦਾ ਵਿਸ਼ਾ ਬਣ ਗਿਆ ਹੈ। ਇਸੇ ਦੌਰਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਮਾਮਲੇ ਦੀ ਜਾਂਚ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਧਾਮੀ ਨੇ ਕਿਹਾ ਕਿ ਅੰਤਿ੍ਰੰਗ ਕਮੇਟੀ ਵਲੋਂ ਕੀਤੇ ਗਏ ਫੈਸਲੇ ਮੁਤਾਬਕ ਗੁਰਦੁਆਰਾ ਸਾਹਿਬਾਨਾਂ ਦੇ ਦਰਬਾਰ ਸਾਹਿਬ ਅੰਦਰ ਸਿਆਸੀ ਸਖਸ਼ੀਅਤਾਂ ਨੂੰ ਸਿਰੋਪਾ ਦੇਣ ’ਤੇ ਪਾਬੰਦੀ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਦੀ ਨਸਲਕੁਸ਼ੀ ਦੀ ਦੋਸ਼ੀ ਕਾਂਗਰਸ ਪਾਰਟੀ ਦੇ ਆਗੂ ਅਤੇ ਗਾਂਧੀ ਪਰਿਵਾਰ ਦੇ ਮੈਂਬਰ ਰਾਹੁਲ ਗਾਂਧੀ ਨੂੰ ਗੁਰਦੁਆਰਾ ਸਾਹਿਬ ਤੋਂ ਸਿਰੋਪਾ ਦੇਣਾ ਤਾਂ ਕਿਸੇ ਵੀ ਤਰ੍ਹਾਂ ਪ੍ਰਵਾਨ ਨਹੀਂ ਕੀਤਾ ਜਾ ਸਕਦਾ।  

ਕਿਹਾ : ਸਰਕਾਰ ਪੰਚਾਇਤਾਂ ਤੋਂ ਗਰਾਂਟਾਂ ਦੇ ਪੈਸੇ ਵਾਪਸ ਮੰਗਵਾਉਣ ਲੱਗੀ

ਜਲੰਧਰ/ਬਿਊਰੋ ਨਿਊਜ਼ 

ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ’ਤੇ ਸਵਾਲ ਚੁੱਕੇ ਹਨ। ਜਾਖੜ ਨੇ ਜਲੰਧਰ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦਾ ਰਵੱਈਆ ਠੀਕ ਨਹੀਂ ਹੈ। ਜਾਖੜ ਨੇ ਕਿਹਾ ਕਿ ਮੁੱਖ ਮੰਤਰੀ ਦੀ ਚਿੱਠੀ, ਜੋ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ 1 ਸਤੰਬਰ ਨੂੰ ਲਿਖੀ ਸੀ, ਉਹ ਇਕ ਕੋਝਾ ਮਜ਼ਾਕ ਸੀ। ਜਾਖੜ  ਨੇ ਕਿਹਾ ਅਜਨਾਲਾ ਦੇ ਹੜ੍ਹ ਪ੍ਰਭਾਵਿਤ ਖੇਤਰ ਵਿਚ ਮੈਂ ਗਿਆ ਸੀ ਅਤੇ ਇਸ ਮੁਸ਼ਕਲ ਦੀ ਘੜੀ ਵਿਚ ਸਿਆਸਤ ਤੋਂ ਉਪਰ ਉਠ ਕੇ ਸਾਨੂੰ ਇਕ ਹੋ ਕੇ ਚੱਲਣਾ ਚਾਹੀਦਾ ਹੈ। ਸੁਨੀਲ ਜਾਖੜ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਪੰਚਾਇਤਾਂ ਤੋਂ ਗਰਾਂਟਾਂ ਦੇ ਪੈਸੇ ਵਾਪਸ ਮੰਗਵਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਪਣੀ ਜ਼ਿੰਮੇਵਾਰੀ ਨਿਭਾਏ, ਇਸ ਮੁਸ਼ਕਲ ਦੀ ਘੜੀ ਵਿਚ ਸਿਆਸਤ ਨਾ ਕਰੇ।

ਹੜ੍ਹ ਪੀੜਤਾਂ ਦੀ ਪਹਿਲਾਂ ਵੀ ਸਹਾਇਤਾ ਕਰ ਰਹੇ ਹਨ ਫਿਲਮੀ ਕਲਾਕਾਰ

ਫਿਰੋਜ਼ਪੁਰ/ਬਿਊਰੋ ਨਿਊਜ਼

ਪੰਜਾਬ ਵਿਚ ਪਿਛਲੇ ਦਿਨੀਂ ਹੜ੍ਹਾਂ ਨੇ ਬਹੁਤ ਜ਼ਿਆਦਾ ਨੁਕਸਾਨ ਕੀਤਾ ਹੈ। ਇਸ ਨੁਕਸਾਨ ਦੀ ਭਰਪਾਈ ਕਰਨ ਲਈ ਬਹੁਤ ਸਾਰੇ ਫਿਲਮੀ ਕਲਾਕਾਰ ਤੇ ਸਮਾਜ ਸੇਵੀ ਜਥੇਬੰਦੀਆਂ ਹੜ੍ਹ ਪੀੜਤਾਂ ਦੀ ਮੱਦਦ ਕਰ ਰਹੀਆਂ ਹਨ। ਇਸਦੇ ਚੱਲਦਿਆਂ ਫਿਲਮੀ ਅਦਾਕਾਰ ਹੌਬੀ ਧਾਲੀਵਾਲ ਅਤੇ ਕੌਮਾਂਤਰੀ ਜੱਟ ਸਿੱਖ ਭਾਈਚਾਰਾ ਜਥੇਬੰਦੀ ਹੜ੍ਹ ਪੀੜਤਾਂ ਦੀ 200 ਏਕੜ ਜ਼ਮੀਨ ਊਪਜਾਊ ਬਣਾ ਕੇ ਦੇਵੇਗੀ। ਹੌਬੀ ਧਾਲੀਵਾਲ ਅਤੇ ਇਸ ਜਥੇਬੰਦੀ ਨੇ ਫਿਰੋਜ਼ਪੁਰ ਦੇ ਪਿੰਡ ਚੌਂਕੀ ਮਹੰਦੇ ਵਾਲੀ ਵਿਚ 25 ਪਰਿਵਾਰਾਂ ਦੀ 200 ਏਕੜ ਜ਼ਮੀਨ ਨੂੰ ਉਪਜਾਊ ਬਣਾ ਕੇ ਦੇਣ ਦਾ ਵਾਅਦਾ ਕੀਤਾ ਹੈ। ਇਸ ਤੋਂ ਪਹਿਲਾਂ ਵੀ ਜਥੇਬੰਦੀ ਨੇ ਆਪਣੇ ਮੈਂਬਰਾਂ ਅਤੇ ਹੌਬੀ ਧਾਲੀਵਾਲ ਨਾਲ ਮਿਲ ਕੇ ਫੀਡ, ਚਾਰੇ ਅਤੇ ਰਾਸ਼ਨ ਦੀ ਸੇਵਾ ਕੀਤੀ ਹੈ। ਦੱਸਣਯੋਗ ਹੈ ਕਿ ਬਹੁਤ ਸਾਰੇ ਕਲਾਕਾਰਾਂ ਅਤੇ ਫਿਲਮੀ ਅਦਾਕਾਰਾਂ ਨੇ ਪੰਜਾਬ ਵਿਚ ਹੜ੍ਹ ਪੀੜਤਾਂ ਦੀ ਮੱਦਦ ਕੀਤੀ ਹੈ ਅਤੇ ਹੋਰ ਵੀ ਮੱਦਦ ਕਰ ਰਹੇ ਹਨ।

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਤਿੱਖਾ ਸਿਆਸੀ ਹਮਲਾ ਕੀਤਾ ਹੈ। ਉਨ੍ਹਾਂ ਨੇ ਨਾ ਸਿਰਫ ਬਾਦਲ ਵਲੋਂ ਵੰਡੇ ਜਾ ਰਹੇ ਬੀਜ਼ਾਂ ਦੀ ਗੁਣਵੱਤਾ ’ਤੇ ਸਵਾਲ ਚੁੱਕੇ, ਸਗੋਂ ਅਕਾਲੀ ਦਲ ਦੇ ਕਾਰਜਕਾਲ ਦੌਰਾਨ ਹੋਏ ਇਕ ਵੱਡੇ ਬੀਜ ਘੁਟਾਲੇ ਦਾ ਵੀ ਖੁਲਾਸਾ ਕੀਤਾ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਉਹ ਸੁਖਬੀਰ ਬਾਦਲ ਵਲੋਂ ਵੰਡੇ ਜਾ ਰਹੇ ਬੀਜਾਂ ਦੀ ਵੀ ਜਾਂਚ ਕਰਵਾਉਣਗੇ ਅਤੇ ਜੇਕਰ ਕੋਈ ਵੀ ਦੋਸ਼ੀ ਪਾਇਆ ਗਿਆ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਵਲੋਂ ਹੜ੍ਹਾਂ ਅਤੇ ਹੋਰ ਮੁੱਦਿਆਂ ’ਤੇ ਕੀਤੇ ਗਏ ਸਿਆਸੀ ਹਮਲਿਆਂ ਦਾ ਵੀ ਕਰਾਰ ਜਵਾਬ ਦਿੱਤਾ ਹੈ।

ਅੰਤਰਰਾਸ਼ਟਰੀ ਯਾਤਰੀਆਂ ਨੂੰ ਹੋਵੇਗਾ ਫਾਇਦਾ

ਅੰਮਿ੍ਰਤਸਰ/ਬਿਊਰੋ ਨਿਊਜ਼

ਅੰਮਿ੍ਰਤਸਰ ਦੇ ਏਅਰਪੋਰਟ ਤੋਂ ਹੁਣ ਅੰਤਰਰਾਸ਼ਟਰੀ ਯਾਤਰੀ ਇਮੀਗਰੇਸ਼ਨ ਲਈ ਲੰਬੀਆਂ ਲਾਈਨਾਂ ਤੋਂ ਬਚ ਸਕਣਗੇ। ਹਵਾਈ ਅੱਡੇ ’ਤੇ ਫਾਸਟ ਟਰੈਕ ਇਮੀਗਰੇਸ਼ਨ ਪ੍ਰੋਗਰਾਮ ਦੀ ਸ਼ੁਰੂਆਤ ਹੋ ਚੁੱਕੀ ਹੈ। ਫਲਾਈ ਅੰਮਿ੍ਰਤਸਰ ਇਨੀਸ਼ੀਏਟਿਵ ਨੇ ਇਸ ਵਿਸ਼ਵ ਪੱਧਰੀ ਸਹੂਲਤ ਦੀ ਸ਼ੁਰੂਆਤ ਦਾ ਸਵਾਗਤ ਕੀਤਾ ਹੈ। ਹਵਾਈ ਅੱਡੇ ’ਤੇ ਹੁਣ ਅੱਠ ਆਟੋਮੈਟਿਡ ਈ-ਗੇਟ, ਚਾਰ ਆਗਮਨ ਲਈ ਅਤੇ ਚਾਰ ਰਵਾਨਗੀ ਲਈ ਲਗਾਏ ਗਏ ਹਨ। ਇਸਦੇ ਚੱਲਦਿਆਂ ਯਾਤਰੀ ਹੁਣ ਕੁਝ ਸਕਿੰਟਾਂ ਵਿਚ ਹੀ ਬਾਇਓ ਮੈਟਰਿਕ ਤਸਦੀਕ ਨਾਲ ਇਮੀਗਰੇਸ਼ਨ ਕਲੀਅਰ ਕਰ ਸਕਣਗੇ।  ਫਲਾਈ ਅੰਮਿ੍ਰਤਸਰ ਇਨੀਸ਼ੀਏਟਿਵ ਦੇ ਕਨਵੀਨਰ ਯੋਗੇਸ਼ ਕਾਮਰਾ ਨੇ ਕਿਹਾ ਹੈ ਕਿ ਅੰਮਿ੍ਰਤਸਰ ਲਈ ਇਹ ਇਕ ਇਤਿਹਾਸਕ ਕਦਮ ਹੈ। ਇਸ ਨਾਲ ਅੰਤਰਰਾਸ਼ਟਰੀ ਯਾਤਰੀਆਂ ਲਈ ਇਮੀਗਰੇਸ਼ਨ ਪ੍ਰਕਿਰਿਆ ਹੋਰ ਤੇਜ਼ ਅਤੇ ਸੁਚਾਰੂ ਹੋਵੇਗੀ।

ਕਿਹਾ : ਹੜ੍ਹਾਂ ਦੇ ਸਾਰੇ ਪੀੜਤਾਂ ਨੂੰ ਜਲਦ ਮਿਲੇਗਾ ਮੁਆਵਜ਼ਾ

ਚੰਡੀਗੜ੍ਹ/ਬਿਊਰੋ ਨਿਊਜ਼  

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਚ ਹੜ੍ਹਾਂ ਦੀ ਸਥਿਤੀ ਅਤੇ ਚੱਲ ਰਹੇ ਰਾਹਤ ਕਾਰਜਾਂ ਦੀ ਸਮੀਖਿਆ ਸਬੰਧੀ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਉਚ ਪੱਧਰੀ ਮੀਟਿੰਗ ਕੀਤੀ ਹੈ। ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹਾਂ ਦੇ ਸਾਰੇ ਪੀੜਤਾਂ ਨੂੰ  ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡੇ ਵਲੋਂ ਸਪੈਸ਼ਲ ਗਿਰਦਾਵਰੀ ਕਰਵਾਉਣ ਦੇ ਹੁਕਮ ਦਿੱਤੇ ਗਏ ਹਨ ਅਤੇ ਜਿਵੇਂ ਹੀ ਇਹ ਕਾਰਵਾਈ ਪੂਰੀ ਹੋ ਜਾਵੇਗੀ ਸਰਕਾਰ ਵਲੋਂ ਤੁਰੰਤ ਮੁਆਵਜ਼ਾ ਜਾਰੀ ਕਰ ਦਿੱਤਾ ਜਾਵੇਗਾ। ਸੀਐਮ ਮਾਨ ਨੇ ਕਿਹਾ ਕਿ ਅਧਿਕਾਰੀ ਪਿੰਡ-ਪਿੰਡ ਜਾ ਕੇ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣਗੇ ਅਤੇ ਫਸਲਾਂ ਦੇ ਹੋਏ ਨੁਕਸਾਨ ਲਈ 20 ਹਜ਼ਾਰ ਰੁਪਏ ਪ੍ਰਤੀ ਏਕੜ, ਮਕਾਨਾਂ ਦੇ ਹੋਏ ਨੁਕਸਾਨ ਲਈ 40 ਹਜ਼ਾਰ ਰੁਪਏ ਅਤੇ ਪਸ਼ੂਆਂ ਦੀ ਮੌਤ ਲਈ 37 ਹਜ਼ਾਰ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਹੜ੍ਹਾਂ ਦੌਰਾਨ ਜਾਨ ਗੁਆਉਣ ਵਾਲੇ 55 ਵਿਅਕਤੀਆਂ ਵਿਚੋਂ 42 ਵਿਅਕਤੀਆਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇ ਦਿੱਤਾ ਗਿਆ ਹੈ।

ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਵੀ ਰਾਹੁਲ ਨਾਲ ਰਹੀ ਹਾਜ਼ਰ

ਚੰਡੀਗੜ੍ਹ/ਬਿਊਰੋ ਨਿਊਜ਼ 

ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨੇ ਅੱਜ ਅੰਮਿ੍ਰਤਸਰ ਅਤੇ ਗੁਰਦਾਸਪੁਰ ਵਿਚ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਹੈ। ਇਸ ਮੌਕੇ ਰਾਹੁਲ ਨੇ ਹੜ੍ਹ ਤੋਂ ਪ੍ਰਭਾਵਿਤ ਵਿਅਕਤੀਆਂ ਨਾਲ ਗੱਲਬਾਤ ਵੀ ਕੀਤੀ । ਰਾਹੁਲ ਪਹਿਲਾਂ ਅੰਮਿ੍ਰਤਸਰ ਦੇ ਅਜਨਾਲਾ ਖੇਤਰ ਵਿਚ ਗਏ ਅਤੇ ਉਥੇ ਉਨ੍ਹਾਂ ਹੜ੍ਹਾਂ ਨਾਲ ਹੋਏ ਨੁਕਸਾਨ ਸਬੰਧੀ ਜਾਣਕਾਰੀ ਲਈ। ਇਸ ਤੋਂ ਬਾਅਦ ਰਾਹੁਲ ਗਾਂਧੀ ਗੁਰਦਾਸਪੁਰ ਜ਼ਿਲ੍ਹੇ ਵਿਚ ਡੇਰਾ ਬਾਬਾ ਨਾਨਕ ਹਲਕੇ ਦੇ ਪਿੰਡਾਂ ਵਿਚ ਪਹੁੰਚ ਗਏ। ਰਾਹੁਲ ਨੇ ਪਿੰਡਾਂ ਵਿਚ ਜਾ ਕੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ। ਇਸ ਮੌਕੇ ਪੰਜਾਬ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਵੀ ਰਾਹੁਲ ਗਾਂਧੀ ਦੇ ਨਾਲ ਹਾਜ਼ਰ ਰਹੀ। ਧਿਆਨ ਰਹੇ ਕਿ ਪਿਛਲੇ ਦਿਨੀਂ ਪੰਜਾਬ ਵਿਚ ਆਏ ਹੜ੍ਹਾਂ ਕਾਰਨ ਗੁਰਦਾਸਪੁਰ, ਪਠਾਨਕੋਟ, ਅੰਮਿ੍ਰਤਸਰ, ਫਿਰੋਜ਼ਪੁਰ ਅਤੇ ਕਪੂਰਥਲਾ ਖੇਤਰ ਵਿਚ ਭਾਰੀ ਨੁਕਸਾਨ ਹੋਇਆ ਹੈ। ਇਸਦੇ ਚੱਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅਤੇ ਪੰਜਾਬ ਦੀ ਸਮੁੱਚੀ ਲੀਡਰਸ਼ਿਪ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਦੌਰੇ ਕਰ ਚੁੱਕੀ ਹੈ। 

 

 

ਰਾਹੁਲ ਗਾਂਧੀ ਨੂੰ ਰਾਵੀ ਦਰਿਆ ਦੇ ਪਾਰਲੇ ਪਿੰਡਾਂ ’ਚ ਜਾਣ ਤੋਂ ਰੋਕਿਆ

ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਰਾਹੁਲ ਦੀ ਹੋ ਗਈ ਬਹਿਸ

ਗੁਰਦਾਸਪੁਰ/ਬਿਊਰੋ ਨਿਊਜ਼

ਰਾਹੁਲ ਗਾਂਧੀ ਅੱਜ ਗੁਰਦਾਸਪੁਰ ਦੇ ਕਸਬਾ ਦੀਨਾਨਗਰ ਨੇੜੇ ਰਾਵੀ ਦਰਿਆ ਦੇ ਮਕੌੜਾ ਪੱਤਣ ਵਿਖੇ ਵੀ ਪਹੁੰਚੇ ਅਤੇ ਇੱਥੇ ਵੀ ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ। ਇਸ ਮੌਕੇ ਗੁਰਦਾਸਪੁਰ ਦੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰਾਹੁਲ ਗਾਂਧੀ ਨੂੰ ਮਕੌੜਾ ਪੱਤਣ ਤੋਂ ਰਾਵੀ ਦਰਿਆ ਦੇ ਪਾਰ ਸਥਿਤ 7 ਪਿੰਡਾਂ ਵਿਚ ਜਾਣ ਤੋਂ ਰੋਕ ਦਿੱਤਾ ਗਿਆ। ਜਿਸ ਕਾਰਨ ਰਾਹੁਲ ਦੀ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਬਹਿਸ ਵੀ ਹੋ ਗਈ। ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਦੱਸਿਆ ਕਿ ਉਹ ਰਾਵੀ ਦਰਿਆ ਤੋਂ ਪਾਰ ਵਸੇ ਪਿੰਡਾਂ ਦੇ ਲੋਕਾਂ ਨੂੰ ਮਿਲਣਾ ਚਾਹੁੰਦੇ ਸਨ, ਪਰ ਉਨ੍ਹਾਂ ਨੂੰ ਮਿਲਣ ਤੋਂ ਕਿਉਂ ਰੋਕਿਆ ਜਾ ਰਿਹਾ ਹੈ। ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਇਹ ਬਹੁਤ ਦੁੱਖ ਦੀ ਗੱਲ ਹੈ ਕਿ ਰਾਹੁਲ ਨੂੰ ਰਾਵੀ ਦਰਿਆ ਤੋਂ ਪਾਰ ਜਾਣ ਤੋਂ ਰੋਕ ਦਿੱਤਾ ਗਿਆ, ਜਦੋਂ ਕਿ ਲੋਕ ਉਨ੍ਹਾਂ ਦਾ ਇੰਤਜ਼ਾਰ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਇਸਦਾ ਜਵਾਬ ਦੇਣਾ ਚਾਹੀਦਾ ਹੈ।

ਮੁਹਾਲੀ ਦੇ ਫੋਰਟਿਸ ਹਸਪਤਾਲ ’ਚ ਮੁੱਖ ਮੰਤਰੀ ਦਾ ਚੱਲ ਰਿਹਾ ਸੀ ਇਲਾਜ

ਚੰਡੀਗੜ੍ਹ/ਬਿਊਰੋ ਨਿਊਜ਼ 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅੱਜ ਮੁਹਾਲੀ ਦੇ ਫੋਰਟਿਸ ਹਸਪਤਾਲ ’ਚੋਂ ਛੁੱਟੀ ਮਿਲ ਗਈ ਹੈ। ਭਗਵੰਤ ਮਾਨ ਨੂੰ ਪਿਛਲੇ ਹਫਤੇ ਥਕਾਵਟ ਅਤੇ ਦਿਲ ਦੀ ਧੜਕਣ ਆਮ ਨਾ ਹੋਣ ਕਰਕੇ ਇਲਾਜ ਲਈ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਮੁੱਖ ਮੰਤਰੀ ਮਾਨ ਦਾ ਇਲਾਜ ਕਰ ਰਹੇ ਡਾਕਟਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਸਿਹਤ ਹੁਣ ਠੀਕ ਹੈ ਅਤੇ ਉਨ੍ਹਾਂ ਦੀਆਂ ਸਾਰੀਆਂ ਰਿਪੋਰਟਾਂ ਵੀ ਨਾਰਮਲ ਆਈਆਂ ਹਨ, ਜਿਸ ਤੋਂ ਬਾਅਦ ਮੁੱਖ ਮੰਤਰੀ ਨੂੰ ਹਸਪਤਾਲ ਵਿਚੋਂ ਛੁੱਟੀ ਦਿੱਤੀ ਗਈ ਹੈ। ਡਾਕਟਰਾਂ ਨੇ ਸੀਐਮ ਮਾਨ ਨੂੰ ਅਜੇ ਕੁਝ ਦਿਨ ਘਰ ਵਿਚ ਅਰਾਮ ਕਰਨ ਦੀ ਸਲਾਹ ਦਿੱਤੀ ਹੈ। ਧਿਆਨ ਰਹੇ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਮਾਨ ਨੇ ਹਸਪਤਾਲ ਵਿਚੋਂ ਹੀ ਵੀਡੀਓ ਕਾਨਫਰਸਿੰਗ ਜ਼ਰੀਏ ਕੈਬਨਿਟ ਮੀਟਿੰਗ ਦੀ ਅਗਵਾਈ ਕੀਤੀ ਸੀ। ਭਗਵੰਤ ਮਾਨ ਦੀ ਸਿਹਤ ਦਾ ਹਾਲ ਜਾਣਨ ਲਈ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ, ਹਰਿਆਣਾ ਦੇ ਸੀਐਮ ਨਾਇਬ ਸਿੰਘ ਸੈਣੀ ਅਤੇ ਆਮ ਆਦਮੀ ਪਾਰਟੀ ਦੇ ਕਈ ਸੀਨੀਅਰ ਆਗੂ ਹਸਪਤਾਲ ਪਹੁੰਚੇ ਸਨ। 

ਕਿਹਾ : ਕੇਂਦਰ ਸਰਕਾਰ ਆਪਣੇ ਫੈਸਲੇ ’ਤੇ ਮੁੜ ਕਰੇ ਵਿਚਾਰ

ਚੰਡੀਗੜ੍ਹ/ਬਿਊਰੋ ਨਿਊਜ਼ 

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ’ਚ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਜਾਣ ਵਾਲੇ ਸਿੱਖ ਜਥਿਆਂ ’ਤੇ ਭਾਰਤ ਸਰਕਾਰ ਨੇ ਸੁਰੱਖਿਆ ਦੇ ਨਾਮ ’ਤੇ ਰੋਕ ਲਗਾਈ ਹੈ। ਇਸਦੇ ਚੱਲਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਦੇ ਇਸ ਫੈਸਲੇ ’ਤੇ ਡੂੰਘੀ ਚਿੰਤਾ ਜ਼ਾਹਰ ਕੀਤੀ ਹੈ। ਸੁਖਬੀਰ ਬਾਦਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਮਾਮਲੇ ਵਿਚ ਤੁਰੰਤ ਦਖਲ ਦੇਣ। ਉਨ੍ਹਾਂ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ ਖੇਡ ਸਬੰਧ ਮੁੜ ਸ਼ੁਰੂ ਹੋ ਰਹੇ ਹਨ ਅਤੇ ਸਿੱਖ ਸ਼ਰਧਾਲੂਆਂ ਨੂੰ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਤੋਂ ਰੋਕਣ ਵਾਲਾ ਸਰਕਾਰ ਦਾ ਫੈਸਲਾ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਰਗਾ ਹੈ। 

ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ’ਚ ਮਜੀਠੀਆ ਹਨ ਜੇਲ੍ਹ ’ਚ

ਚੰਡੀਗੜ੍ਹ/ਬਿਊਰੋ ਨਿਊਜ਼  

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵਲੋਂ ਦਾਇਰ ਕੀਤੀ ਗਈ ਅਗਾਊਂ ਜ਼ਮਾਨਤ ਸਬੰਧੀ ਪਟੀਸ਼ਨ ’ਤੇ ਪੰਜਾਬ ਸਰਕਾਰ ਕੋਲੋਂ ਜਵਾਬ ਮੰਗਿਆ ਹੈ। ਹਾਈਕੋਰਟ ਨੇ ਸੂਬਾ ਸਰਕਾਰ ਕੋਲੋਂ 2 ਹਫਤਿਆਂ ਵਿਚ ਜਵਾਬ ਮੰਗਿਆ ਹੈ ਅਤੇ 23 ਸਤੰਬਰ ਲਈ ਨੋਟਿਸ ਵੀ ਜਾਰੀ ਕੀਤਾ ਹੈ। ਮਾਨਯੋਗ ਜਸਟਿਸ ਤਿ੍ਰਭੁਵਨ ਦਹੀਆ ਵਲੋਂ ਇਹ ਨਿਰਦੇਸ਼ ਮਜੀਠੀਆ ਦੀ ਪਟੀਸ਼ਨ ’ਤੇ ਜਾਰੀ ਕੀਤੇ ਗਏ ਹਨ। ਧਿਆਨ ਰਹੇ ਕਿ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਬਿਕਰਮ ਮਜੀਠੀਆ ਇਸ ਸਮੇਂ ਨਾਭਾ ਦੀ ਜੇਲ੍ਹ ਵਿਚ ਬੰਦ ਹਨ। ਇਸੇ ਦੌਰਾਨ ਮਜੀਠੀਆ ਦੇ ਵਕੀਲ ਵਲੋਂ ਲਗਾਤਾਰ ਇਹ ਦਲੀਲ ਦਿੱਤੀ ਜਾ ਰਹੀ ਹੈ ਕਿ ਇਹ ਕੇਸ ਰਾਜਨੀਤੀ ਤੋਂ ਪ੍ਰੇਰਿਤ ਹੈ ਅਤੇ ਮਜੀਠੀਆ ਨੂੰ ਝੂਠਾ ਫਸਾਇਆ ਜਾ ਰਿਹਾ ਹੈ। 

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.