Thursday, 18 June 2026

ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਸੰਦੋਆ ਦੀਆਂ ਮੁਸ਼ਕਲਾਂ ਵਧੀਆਂ

ਹੋਟਲ ਵਿਚ ਸੈਕਸ ਰੈਕੇਟ ਮਾਮਲੇ ’ਚ ਸਿੱਟ ਕਰੇਗੀ ਪੁੱਛਗਿੱਛ
ਰੋਪੜ/ਬਿਊਰੋ ਨਿਊਜ਼  
ਰੋਪੜ ਤੋਂ ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਪੁਲਿਸ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਇਕ ਹੋਟਲ ਵਿਚ ਫੜੇ ਗਏ ਸੈਕਸ ਰੈਕਟ ਦੇ ਮਾਮਲੇ ਵਿਚ ਸੰਦੋਆ ਨੂੰ ਸੰਮਨ ਜਾਰੀ ਕਰਕੇ ਪੁੱਛਗਿੱਛ ਲਈ ਤਲਬ ਕੀਤਾ ਹੈ। ਡੀਐਸਪੀ ਰੋਪੜ ਦੇ ਦਫਤਰ ਵਲੋਂ ਜਾਰੀ ਨਿਰਦੇਸ਼ਾਂ ਦੇ ਮੁਤਾਬਕ ਇਸ ਮਾਮਲੇ ਦੀ ਜਾਂਚ ਲਈ ਗਠਿਤ ਵਿਸ਼ੇਸ਼ ਜਾਂਚ ਟੀਮ ਦੇ ਸਾਹਮਣੇ ਸਾਬਕਾ ਵਿਧਾਇਕ ਸੰਦੋਆ ਨੂੰ ਆਉਂਦੀ 22 ਜੂਨ ਨੂੰ ਸਵੇਰੇ 11 ਵਜੇ ਪੇਸ਼ ਹੋਣਾ ਪਵੇਗਾ। ਪੁਲਿਸ ਨੇ ਸਥਾਨਕ ਥਾਣੇ ਨੂੰ ਨਿਰਦੇਸ਼ ਜਾਰੀ ਕਰਕੇ ਸੰਦੋਆ ਨੂੰ ਸੂਚਿਤ ਕਰਨ ਅਤੇ ਮਾਮਲੇ ਨਾਲ ਜੁੜੀ ਪੂਰੀ ਫਾਈਲ ਐਸ.ਆਈ.ਟੀ. ਦੇ ਸਾਹਮਣੇ ਪੇਸ਼ ਕਰਨ ਨੂੰ ਕਿਹਾ ਹੈ। ਜ਼ਿਕਰਯੋਗ ਹੈ ਕਿ ਲੰਘੀ 17 ਫਰਵਰੀ ਨੂੰ ਪੰਜਾਬ ਪੁਲਿਸ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਇਕ ਹੋਟਲ ’ਤੇ ਛਾਪੇਮਾਰੀ ਕੀਤੀ ਸੀ। ਇਸ ਛਾਪੇਮਾਰੀ ਦੌਰਾਨ ਪੁਲਿਸ ਨੇ ਉਥੇ ਚੱਲ ਰਹੇ ਇਕ ਵੱਡੇ ਸੈਕਸ ਰੈਕੇਟ ਦਾ ਪਰਦਾਫਾਸ਼ ਕੀਤਾ ਸੀ। ਇਸ ਕਾਰਵਾਈ ਤੋਂ ਬਾਅਦ ਪੁਲਿਸ ਨੇ ਸਬੰਧਤ ਹੋਟਲ ਅਤੇ ਆਰੋਪੀਆਂ ਖਿਲਾਫ ਕੇਸ ਦਰਜ ਕੀਤਾ ਸੀ। ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਇਸ ਰੈਕੇਟ ਵਿਚ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਦੇ ਕੁਨੈਕਸ਼ਨ ਅਤੇ ਉਨ੍ਹਾਂ ਦੀ ਭੂਮਿਕਾ ਦੀ ਜਾਂਚ ਕਰ ਰਹੀ ਹੈ, ਹਾਲਾਂਕਿ ਪੁਲਿਸ ਅਧਿਕਾਰੀਆਂ ਨੇ ਸੰਦੋਆ ਦੀ ਸਟੀਕ ਭੂਮਿਕਾ ’ਤੇ ਖੁੱਲ੍ਹ ਕੇ ਕੁਝ ਵੀ ਬੋਲਣ ਤੋਂ ਇਨਕਾਰ ਕੀਤਾ ਹੈ।

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.